Connect with us

Chandigarh

ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਤਹਿਤ ਡਿਫਾਲਟਰਾਂ ਨੂੰ 31 ਦਸੰਬਰ 2025 ਤੱਕ ਮਿਲੇਗੀ ਦੰਡ ਵਿਆਜ ਤੋਂ 100 ਫੀਸਦੀ ਛੂਟ : ਤਰੁਨਪ੍ਰੀਤ ਸਿੰਘ ਸੌਂਦ

Published

on

 

ਪੀ. ਐਸ. ਆਈ. ਈ. ਸੀ. ਵੱਲੋਂ ਬਿਨੈਕਾਰਾਂ ਦੀ ਸਹੂਲੀਅਤ ਲਈ ਸਥਾਪਤ ਕੀਤੇ ਜਾਣਗੇ ਵਿਸ਼ੇਸ਼ ਹੈਲਪ ਡੈਕਸ

ਚੰਡੀਗੜ੍ਹ, 11 ਮਾਰਚ (ਸ.ਬ.) ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪਿਛਲੇ ਹਫਤੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਨਅਤਕਾਰਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਮੰਜੂਰ ਕੀਤੀ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਤਹਿਤ ਡਿਫਾਲਟਰਾਂ ਨੂੰ 31 ਦਸੰਬਰ 2025 ਤੱਕ ਦੰਡ ਵਿਆਜ ਤੋਂ 100 ਫੀਸਦੀ ਛੂਟ ਦਿੱਤੀ ਜਾਵੇਗੀ।

ਸz. ਸੌਂਦ ਨੇ ਕਿਹਾ ਕਿ ਇਸ ਸਕੀਮ ਅਨੁਸਾਰ ਸਰਕਾਰ ਨੇ ਡਿਫਾਲਟਰਾਂ ਨੂੰ ਦੰਡ ਵਿਆਜ ਦੀ 100 ਫੀਸਦੀ ਛੋਟ ਦੇ ਨਾਲ ਨਾਲ ਅੱਠ ਫੀਸਦੀ ਦੀ ਮਾਮੂਲੀ ਸਰਲ ਵਿਆਜ ਦਰ ਨਾਲ ਬਕਾਏ ਦੇ ਭੁਗਤਾਨ ਦੀ ਇਜਾਜ਼ਤ ਦੇ ਕੇ ਵਿੱਤੀ ਰਾਹਤ ਪ੍ਰਦਾਨ ਕੀਤੀ ਹੈ। ਇਸ ਸਕੀਮ ਦੀ ਅੰਤਮ ਮਿਤੀ 31 ਦਸੰਬਰ, 2025 ਹੈ ਤਾਂ ਜੋ ਡਿਫਾਲਟਰਾਂ ਨੂੰ ਆਪਣੇ ਬਕਾਏ ਦੇ ਭੁਗਤਾਨ ਲਈ ਚੰਗਾ-ਖਾਸਾ ਸਮਾਂ ਮਿਲ ਸਕੇ।

ਉਦਯੋਗ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਉਨ੍ਹਾਂ ਡਿਫਾਲਟਰ ਪਲਾਟ ਧਾਰਕਾਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਅਸਲ ਅਲਾਟਮੈਂਟ ਪਹਿਲੀ ਜਨਵਰੀ, 2020 ਜਾਂ ਇਸ ਤੋਂ ਪਹਿਲਾਂ ਹੋਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਲਗਭਗ 1145 ਉਦਯੋਗਪਤੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ, ਜਿਸ ਨਾਲ ਉਹ ਆਪਣੇ ਬਕਾਏ ਕਲੀਅਰ ਕਰ ਸਕਣਗੇ ਅਤੇ ਆਪਣੇ ਕਾਰੋਬਾਰਾਂ ਵਿੱਚ ਮੁੜ ਨਿਵੇਸ਼ ਕਰ ਸਕਣਗੇ।

ਉਹਨਾਂ ਕਿਹਾ ਕਿ ਇਨ੍ਹਾਂ ਸਾਰੇ ਉਦਯੋਗਪਤੀਆਂ ਨੂੰ 30 ਅਪ੍ਰੈਲ, 2025 ਤੱਕ ਨੋਟਿਸ ਜਾਰੀ ਕਰ ਦਿੱਤੇ ਜਾਣਗੇ, ਤਾਂ ਜੋ ਉਹ 31 ਦਸੰਬਰ ਤੱਕ ਪੈਸੇ ਜਮ੍ਹਾਂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਦੀ ਸਹੂਲੀਅਤ ਤੇ ਸਮੁੱਚੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਨਅਤਕਾਰਾਂ ਦੇ ਸਹਿਯੋਗ ਲਈ ਪੀ ਐਸ ਆਈ ਈ ਸੀ ਵੱਲੋਂ ਵਿਸ਼ੇਸ਼ ਹੈਲਪ ਡੈਕਸ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਪੰਜਾਬ ਭਰ ਵਿੱਚ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ ਵੱਲੋਂ ਵਿਕਸਤ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਉਦਯੋਗਿਕ ਪਲਾਟਾਂ, ਸ਼ੈੱਡਾਂ, ਕਮਰਸ਼ੀਅਲ ਪਲਾਟ ਅਤੇ ਰਿਹਾਇਸ਼ੀ ਪਲਾਟਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਲਾਟ ਧਾਰਕਾਂ ਦੀ ਅਲਾਟਮੈਂਟ ਰੱਦ ਹੋ ਗਈ ਸੀ ਪਰ ਜਿਸ ਦਾ ਕਬਜ਼ਾ ਹਾਲੇ ਪੀ. ਐਸ. ਆਈ. ਈ. ਸੀ. ਨੇ ਨਹੀਂ ਲਿਆ ਸੀ (ਜਿਹੜੇ ਅੱਗੇ ਅਲਾਟ ਨਹੀਂ ਹੋਏ ਸਨ), ਉਨ੍ਹਾਂ ਨੂੰ ਆਪਣੇ ਬਕਾਇਆ ਦੇ ਭੁਗਤਾਨ ਨਾਲ ਆਪਣਾ ਕਾਰੋਬਾਰ ਮੁੜ ਸ਼ੁਰੂ ਕਰਨ ਅਤੇ ਵਿਕਾਸ ਕਰਨ ਦਾ ਮੌਕਾ ਮਿਲੇਗਾ।

ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਇਕੱਤਰ ਮਾਲੀਏ ਨੂੰ ਸਨਅਤੀ ਬੁਨਿਆਦੀ ਢਾਂਚੇ ਵਿੱਚ ਮੁੜ ਨਿਵੇਸ਼ ਕੀਤਾ ਜਾਵੇਗਾ, ਜਿਸ ਨਾਲ ਫੋਕਲ ਪੁਆਇੰਟਾਂ ਦੀ ਹਾਲਤ ਸੁਧਰੇਗੀ ਅਤੇ ਨਵੇਂ ਸਨਅਤੀ ਪਾਰਕਾਂ ਦਾ ਵਿਕਾਸ ਕਰ ਕੇ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦਿੱਤਾ ਜਾਵੇਗਾ।

 

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending