Connect with us

Mohali

ਸਰਕਾਰੀ ਟਾਈਲਾਂ ਚੋਰੀ ਕਰਨ ਦੇ ਦੋਸ਼ ਵਿੱਚ ਸੈਕਟਰ 70 ਦੀ ਕੌਂਸਲਰ ਅਤੇ ਪਤੀ ਖਿਲਾਫ ਮਾਮਲਾ ਦਰਜ

Published

on

 

ਕੌਂਸਲਰ ਦੇ ਪਤੀ ਨੇ ਸਿਆਸੀ ਬਦਾਲਾਖੋਰੀ ਦਾ ਇਲਜਾਮ ਲਗਾਇਆ, ਅਦਾਲਤ ਤੋਂ ਦੋਵਾਂ ਨੂੰ ਮਿਲੀ ਜਮਾਨਤ

ਐਸ ਏ ਐਸ ਨਗਰ, 13 ਮਾਰਚ (ਪਰਵਿੰਦਰ ਕੌਰ ਜੱਸੀ) ਥਾਣਾ ਮਟੌਰ ਦੀ ਪੁਲੀਸ ਨੇ ਨਗਰ ਨਿਗਮ ਮੁਹਾਲੀ ਦੀਆਂ ਸਰਕਾਰੀ ਟਾਇਲਾਂ ਮੁਹਾਲੀ ਵਿੱਚੋਂ ਚੁੱਕ ਕੇ ਆਪਣੇ ਫਾਰਮ ਹਾਊਸ ਤੇ ਵਰਤਣ ਦੇ ਦੋਸ਼ ਹੇਠ ਵਾਰਡ ਨੰਬਰ 9 (ਸੈਕਟਰ 70 ਅਤੇ ਫੇਜ਼ 7) ਦੀ ਮਿਉਂਸਪਲ ਕੌਂਸਲਰ ਬਲਰਾਜ ਕੌਰ ਧਾਲੀਵਾਲ ਅਤੇ ਉਸ ਦੇ ਪਤੀ ਗਗਨ ਧਾਲੀਵਾਲ ਖਿਲਾਫ ਧਾਰਾ 303(2) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕੌਂਸਲਰ ਅਤੇ ਉਸਦੇ ਪਤੀ ਦੀ ਜਮਾਨਤ ਹੋ ਗਈ ਹੈ।

ਇਸ ਸੰਬੰਧੀ ਗੁਰਜੀਤ ਸਿੰਘ ਵਾਸੀ ਪਿੰਡ ਮਟੌਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਸੀ ਕਿ ਪਿਛਲੇ ਸਮੇਂ ਦੌਰਾਨ ਸੈਕਟਰ 70 ਮੁਹਾਲੀ ਵਿਖੇ ਫੁਟਪਾਥਾਂ ਅਤੇ ਪਾਰਕਾਂ ਵਿਚ ਨਗਰ ਨਿਗਮ ਵਲੋਂ ਇੰਟਰਲਾਕਿੰਗ ਟਾਈਲਾਂ ਦਾ ਸਰਕਾਰੀ ਕੰਮ ਕਰਵਾਇਆ ਗਿਆ ਸੀ ਅਤੇ ਇਹ ਕੰਮ ਰੁਟੀਨ ਵਿਚ ਚਲਦਾ ਰਹਿੰਦਾ ਹੈ। ਇਹਨਾਂ ਕੰਮਾਂ ਵਾਸਤੇ ਕਾਫੀ ਮਾਤਰਾ ਵਿੱਚ ਇੰਟਰਲਾਕਿੰਗ ਟਾਈਲਾਂ ਸੈਕਟਰ 70 ਵਿਖੇ ਆਈਆਂ ਸਨ।

ਸ਼ਿਕਾਇਤਕਰਤਾ ਅਨੁਸਾਰ ਇਹਨਾਂ ਸਰਕਾਰੀ ਇੰਟਰਲਾਕਿੰਗ ਟਾਇਲਾਂ ਵਿੱਚੋਂ ਕਾਫੀ ਮਾਤਰਾ ਵਿੱਚ ਟਾਈਲਾਂ ਇਸ ਇਲਾਕੇ ਦੀ ਕੌਂਸਲਰ ਬਲਰਾਜ ਕੌਰ ਧਾਲੀਵਾਲ ਅਤੇ ਉਸ ਦੇ ਪਤੀ ਗਗਨ ਧਾਲੀਵਾਲ ਵਲੋਂ ਚੁਕਵਾ ਕੇ ਆਪਣੇ ਨਿਜੀ ਫਾਰਮ ਹਾਊਸ (ਜੋ ਪਿੰਡ ਝੰਝੇੜੀ ਦੇ ਨੇੜੇ ਹੈ), ਵਿਚ ਰਖਵਾ ਲਈਆਂ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਦੀ ਇਕ ਟੀਮ ਕੌਂਸਲਰ ਬਲਰਾਜ ਕੌਰ ਧਾਲੀਵਾਲ ਦੇ ਪਿੰਡ ਝੰਜੇੜੀ ਸਥਿਤ ਫਾਰਮ ਹਾਊਸ ਤੇ ਪਹੁੰਚੀ। ਪੁਲੀਸ ਨੇ ਦੇਖਿਆ ਕਿ ਉਕਤ ਫਾਰਮ ਹਾਊਸ ਤੇ ਕਾਫੀ ਮਾਤਰਾ ਵਿਚ ਇੰਟਰਲਾਕਿੰਗ ਟਾਈਲਾਂ ਪਈਆਂ ਸਨ। ਜਿਸ ਵੇਲੇ ਪੁਲੀਸ ਦੀ ਟੀਮ ਮੌਕੇ ਤੇ ਪਹੁੰਚੀ ਉਸ ਵੇਲੇ ਬਲਰਾਜ ਕੌਰ ਧਾਲੀਵਾਲ ਅਤੇ ਉਸ ਦਾ ਪਤੀ ਵੀ ਮੌਜੂਦ ਸੀ। ਪੁਲੀਸ ਨੇ ਉਨਾਂ ਨੂੰ ਉਕਤ ਇੰਟਰਲਾਕਿੰਗ ਟਾਇਲਾਂ ਦੇ ਫਾਰਮ ਹਾਊਸ ਵਿੱਚ ਰੱਖਣ ਸਬੰਧੀ ਪੁੱਛਗਿੱਛ ਕੀਤੀ ਤਾਂ ਉਹ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕੇ।

ਇਸ ਸਬੰਧੀ ਥਾਣਾ ਮਟੌਰ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਟਾਈਲਾਂ ਬਾਰੇ ਕੌਂਸਲਰ ਬਲਰਾਜ ਕੌਰ ਧਾਲੀਵਾਲ ਅਤੇ ਉਸ ਦੇ ਪਤੀ ਨੇ ਆਪਣੀਆਂ ਨਿਜੀ ਟਾਈਲਾਂ ਹੋਣ ਬਾਰੇ ਸਬੂਤ ਪੇਸ਼ ਕਰਨ ਲਈ ਕਿਹਾ ਪ੍ਰੰਤੂ ਉਹ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ, ਜਿਸ ਤੋਂ ਬਾਅਦ ਉਨਾਂ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਸੰਬੰਧੀ ਸੰਪਰਕ ਕਰਨ ਤੇ ਕੌਂਸਲਰ ਦੇ ਪਤੀ ਸ੍ਰੀ ਗਗਨ ਧਾਲੀਵਾਲ ਨੇ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਖਿਲਾਫ ਸਿਆਸੀ ਕਿੜ ਕੱਢਣ ਲਈ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਆਪਣੀ ਟਾਈਲ ਫੈਕਟਰੀ ਸੀ ਅਤੇ ਇਹ ਟਾਈਲਾਂ ਉਹਨਾਂ ਦੀ ਫੈਕਟ੍ਰੀਆਂ ਦੀਆਂ ਹੀ ਬਣੀਆਂ ਹਨ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਕਿਸੇ ਵੀ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਵਲੋਂ ਟਾਈਲਾਂ ਚੋਰੀ ਦੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ ਅਤੇ ਇਹ ਸਾਰਾ ਕੁੱਝ ਸਿਆਸੀ ਦਬਾਓ ਹੇਠ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸ਼ਿਕਾਇਤਕਰਤਾ ਗੁਰਜੀਤ ਸਿੰਘ ਆਮ ਆਦਮੀ ਪਾਰਟੀ ਦਾ ਸਰਗਰਮ ਆਗੂ ਹੈ। ਇਹ ਵਿਅਕਤੀ ਨਾ ਤਾਂ ਉਹਨਾਂ ਦੇ ਵਾਰਡ ਦਾ ਵਸਨੀਕ ਹੈ ਅਤੇ ਨਾ ਹੀ ਉਸਦੀ ਉਹਨਾਂ ਨਾਲ ਕੋਈ ਜਾਣ ਪਛਾਣ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ ਅਤੇ ਇਸ ਮਾਮਲੇ ਵਿੱਚ ਉਹ ਸਾਫ ਹੋ ਕੇ ਨਿਕਲਣਗੇ। ਉਹਨਾਂ ਕਿਹਾ ਕਿ ਉਹਨਾਂ ਨੂੰ ਸਿਆਸੀ ਦਬਾਉ ਕਾਰਨ ਤਿੰਨ ਮਾਰਚ ਦੀ ਜਮਾਨਤ ਮਿਲੀ ਹੋਈ ਹੈ ਪਰੰਤੂ ਇਸ ਦੇ ਬਾਵਜੂਦ ਮਟੌਰ ਪੁਲੀਸ ਉਹਨਾਂ ਨੂੰ ਸ਼ਾਮਿਲ ਤਫਤੀਸ਼ ਨਹੀਂ ਕਰ ਰਹੀ ਜਦੋਂ ਕਿ ਉਹ ਚਾਰ ਪੰਜ ਵਾਰ ਥਾਣੇ ਜਾ ਚੁੱਕੇ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending