Connect with us

Punjab

ਨਸ਼ਿਆਂ ਖ਼ਿਲਾਫ਼ ਰਾਜਪਾਲ ਦਾ ਪੈਦਲ ਮਾਰਚ ਅੰਮ੍ਰਿਤਸਰ ਪੁੱਜਾ

Published

on

 

ਅੰਮ੍ਰਿਤਸਰ, 7 ਅਪ੍ਰੈਲ (ਸ.ਬ.) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤਾ ਗਿਆ ਪੈਦਲ ਮਾਰਚ ਅੱਜ ਪੰਜਵੇਂ ਦਿਨ ਅੰਮ੍ਰਿਤਸਰ ਸ਼ਹਿਰ ਵਿੱਚ ਦਾਖਲ ਹੋਇਆ। ਮਾਰਚ ਦੀ ਅਗਵਾਈ ਕਰ ਰਹੇ ਰਾਜਪਾਲ ਨੇ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਯੋਧਿਆਂ, ਪੈਗੰਬਰਾਂ, ਖਿਡਾਰੀਆਂ, ਦੇਸ਼ ਭਗਤਾਂ ਦੀ ਧਰਤੀ ਹੈ ਅਤੇ ਇਸ ਦੀ ਇਹੀ ਪਛਾਣ ਬਣੀ ਰਹਿਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਉੱਤੇ ਕੋਈ ਸੰਕਟ ਪਿਆ ਹੈ ਤਾਂ ਪੰਜਾਬ ਵਾਸੀਆਂ ਨੇ ਅੱਗੇ ਹੋ ਕੇ ਇਸ ਦਾ ਸਾਹਮਣਾ ਕੀਤਾ। ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਵੀ ਪੰਜਾਬ ਦੇ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਨਸ਼ੇ ਦਾ ਘੁਣ ਪੰਜਾਬ ਨੂੰ ਲੱਗਾ ਹੈ ਜਿਸ ਨੂੰ ਖਤਮ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕਾਂ ਦਾ ਸਾਥ ਨਹੀਂ ਮਿਲਦਾ ਨਸ਼ਿਆਂ ਵਿਰੁੱਧ ਯੁੱਧ ਵਿੱਚ ਜਿੱਤ ਅਸੰਭਵ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਆਪਣੇ ਬੱਚਿਆਂ, ਪਰਿਵਾਰ ਦੇ ਨਾਲ ਨਾਲ ਆਪਣੇ ਆਂਢੀਆਂ- ਗੁਆਂਢੀਆਂ ਦੇ ਬੱਚਿਆਂ ਪ੍ਰਤੀ ਵੀ ਚੇਤੰਨ ਰਹੋ। ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡ ਮੈਦਾਨਾਂ ਤੱਕ ਵੀ ਪਹੁੰਚ ਦਿਓ ਤਾਂ ਜੋ ਉਹ ਮੋਬਾਈਲ ਤੋਂ ਦੂਰ ਰਹਿ ਕੇ ਸਮਾਜ ਨਾਲ ਜੁੜਨ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਖੇਡਾਂ ਦੇ ਵਿਸ਼ਵ ਪੱਧਰੀ ਮੈਦਾਨ ਤਿਆਰ ਕਰਨੇ ਚਾਹੀਦੇ ਹਨ ਤਾਂ ਕਿ ਬੱਚੇ ਖੇਡਾਂ ਲਈ ਉਤਸ਼ਾਹਤ ਹੋਣ। ਇਸ ਤੋਂ ਇਲਾਵਾ ਮਾਪਿਆਂ ਦਾ ਫਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਖੇਤੀ, ਆਪਣੇ ਵਪਾਰ ਨਾਲ ਜੋੜ ਕੇ ਉਨ੍ਹਾਂ ਨੂੰ ਕਿਰਤ ਦੀ ਆਦਤ ਪਾਉਣ, ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਹੁਨਰ ਸਿਖਾਇਆ ਜਾ ਸਕਦਾ ਹੈ ਤਾਂ ਕਿ ਬੱਚੇ ਅੱਗੇ ਚੱਲ ਕੇ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ।

ਉਨ੍ਹਾਂ ਕਿਹਾ ਕਿ ਨਸ਼ਾ ਕੇਵਲ ਪੰਜਾਬ ਦੀ ਸਮੱਸਿਆ ਲਈ ਇਹ ਸਾਰੇ ਦੇਸ਼ ਵਿੱਚ ਹੀ ਹੈ ਪਰ ਪੰਜਾਬ ਵਿੱਚ ਇਹ ਸਮੱਸਿਆ ਥੋੜਾ ਜ਼ਿਆਦਾ ਹੈ। ਸਰਹੱਦੀ ਸੂਬਾ ਹੋਣ ਕਰ ਕੇ ਇੱਥੇ ਨਸ਼ੇ ਦੀ ਮੌਜੂਦਗੀ ਵੱਧ ਹੈ, ਜਿਸ ਕਰਕੇ ਸਾਨੂੰ ਧਿਆਨ ਦੇਣ ਦੀ ਲੋੜ ਹੈ।

ਅੱਜ ਇਸ ਮਾਰਚ ਵਿੱਚ ਕੌਮਾਂਤਰੀ ਹਾਕੀ ਖਿਡਾਰੀ ਤੇਜਵੀਰ ਸਿੰਘ ਹੁੰਦਲ ਅਤੇ ਜੁਗਰਾਜ ਸਿੰਘ ਨੇ ਵੀ ਹਿੱਸਾ ਲਿਆ। ਇਸ ਤੋਂ ਇਲਾਵਾ ਸੰਸਦ ਮੈਂਬਰ ਵਿਕਰਮਜੀਤ ਸਾਹਨੀ, ਅਵਿਨਾਸ਼ ਰਾਏ ਖੰਨਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਕਰਮਜੀਤ ਸਿੰਘ, ਲਕਸ਼ਮੀ ਕਾਂਤਾ ਚਾਵਲਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਰਲਡ ਪੰਜਾਬੀ ਆਰਗਨਾਈਜ਼ੇਸ਼ਨ ਦੇ ਮੀਤ ਪ੍ਰਧਾਨ ਕਰਨ ਗਲਹੋਤਰਾ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਪੈਦਲ ਮਾਰਚ ਵਿੱਚ ਸ਼ਾਮਿਲ ਹੋਈਆਂ। ਰਸਤੇ ਵਿੱਚ ਸ਼ਹਿਰ ਦੀਆਂ ਟਰੇਡ, ਸਨਅਤ ਅਤੇ ਕਾਰੋਬਾਰ ਨਾਲ ਹੋਰ ਜੁੜੀਆਂ ਐਸੋਸੀਏਸ਼ਨ ਵੱਲੋਂ ਰਾਜਪਾਲ ਪੰਜਾਬ ਦਾ ਸਨਮਾਨ ਕੀਤਾ ਗਿਆ।

ਇਸ ਤੋਂ ਬਾਅਦ ਰਾਜਪਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੇਂਡੂ ਸੁਰੱਖਿਆ ਕਮੇਟੀਆਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੱਦਾ ਦਿੱਤਾ ਕਿ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਕਮੇਟੀਆਂ ਨੂੰ ਸੁਰੱਖਿਆ ਏਜੰਸੀਆਂ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਪ੍ਰਸ਼ਾਸਨ ਨੂੰ ਵੀ ਕਿਹਾ ਕਿ ਸੁਰੱਖਿਆ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਇਹ ਹਰੇਕ ਤਰ੍ਹਾਂ ਦੀ ਮੁਸ਼ਕਿਲ ਦਾ ਮੁਕਾਬਲਾ ਕਰ ਸਕਣ।

Continue Reading

Chandigarh

ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ

Published

on

By

ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।

ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।

ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।

Continue Reading

Chandigarh

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ

Published

on

By

ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।

ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।

ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।

ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।

Continue Reading

Punjab

ਅਕਾਲੀ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫ਼ਾਇਆ: ਸੁਖਬੀਰ ਬਾਦਲ

Published

on

By

ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਹੋਵੇਗਾ ਪਹਿਲਾ ਮੁੱਦਾ

ਬਰਨਾਲਾ, 29 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ। ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਸਥਾਨਕ ਨਿੱਜੀ ਪੈਲੇਸ ਵਿੱਚ ਵਪਾਰੀਆਂ ਨਾਲ ਕੀਤੀ ਗਈ ਮਿਲਨੀ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ।

ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ਹੋਵੇਗੀ। ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।

ਗੈਂਗਸਟਰਵਾਦ ਦੇ ਮੁੱਦੇ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮੁੜ ਬਹਾਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।

ਵਪਾਰੀਆਂ ਨਾਲ ਤਾਲਮੇਲ ਦੀ ਮਹੱਤਤਾ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਪਾਰੀਆਂ ਦੀ ਤਰੱਕੀ ਨਾਲ ਹੀ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

Continue Reading

Latest News

Trending