Connect with us

Punjab

ਸਬ ਇੰਸਪੈਕਟਰ ਕਤਲ ਮਾਮਲਾ : ਆਪ ਦੇ ਸਰਪੰਚ ਸਣੇ 50 ਦੇ ਕਰੀਬ ਵਿਅਕਤੀਆਂ ਖਿਲਾਫ਼ ਕੇਸ ਦਰਜ

Published

on

 

ਮੁੱਖ ਮੰਤਰੀ ਵੱਲੋਂ 2 ਕਰੋੜ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ

ਸ੍ਰੀ ਗੋਇੰਦਵਾਲ ਸਾਹਿਬ, 10 ਅਪ੍ਰੈਲ (ਸ.ਬ.) ਬੀਤੀ ਦੇਰ ਰਾਤ ਪਿੰਡ ਕੋਟ ਮੁਹੰਮਦ ਖਾ ਵਿੱਚ ਦੋ ਧਿਰਾਂ ਦੇ ਝਗੜੇ ਨੂੰ ਸੁਲਝਾਉਣ ਗਈ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਪਾਰਟੀ ਤੇ ਹੋਏ ਹਮਲੇ ਦੌਰਾਨ ਮਾਰੇ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਮਾਮਲੇ ਵਿੱਚ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ ਐਸ ਪੀ ਅਤੁਲ ਸੋਨੀ ਦੇ ਬਿਆਨਾਂ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸਮੇਤ 50 ਵਿਅਕਤੀਆਂ ਖਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਪਿੰਡ ਕੋਟ ਮੁਹੰਮਦ ਖਾ ਦੇ ਸਰਪੰਚ ਕੁਲਦੀਪ ਸਿੰਘ, ਰਾਜਬੀਰ ਸਿੰਘ, ਅਮਨਦੀਪ ਸਿੰਘ, ਗੁਰਦਿਆਲ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਹਰਮਨਜੀਤ ਸਿੰਘ, ਰਾਜਦੀਪ ਸਿੰਘ, ਗੁਰਸੇਵਕ ਸਿੰਘ, ਪਲਵਿੰਦਰ ਸਿੰਘ, ਜ਼ੋਰਾਵਰ ਸਿੰਘ, ਸਤਨਾਮ ਸਿੰਘ, ਅਰਸ਼ਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਚਮਕੌਰ ਸਿੰਘ, ਜਸ਼ਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ ਤੋਂ ਇਲਾਵਾ 40/50 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਐਸ ਪੀ ਡੀ ਅਜੈਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਸ ਦਿਨ ਤੋਂ ਪਿੰਡ ਕੋਟ ਮੁਹੰਮਦ ਖਾਂ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਦਾ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਦੇ ਲੜਕੇ ਨਾਲ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਅਰਸ਼ਦੀਪ ਸਿੰਘ ਦੀ ਧਿਰ ਨੇ ਸਰਪੰਚ ਕੁਲਦੀਪ ਸਿੰਘ ਖਿਲਾਫ ਥਾਣਾ ਗੋਇੰਦਵਾਲ ਸਾਹਿਬ ਵਿਖੇ ਕਾਰਵਾਈ ਲਈ ਲਿਖਤੀ ਸ਼ਿਕਾਇਤ ਦਿੱਤੀ ਸੀ। ਹਾਲਾਂਕਿ ਗੋਇੰਦਵਾਲ ਪੁਲੀਸ ਕਥਿਤ ਸਿਆਸੀ ਦਬਾਅ ਦੇ ਚੱਲਦਿਆਂ ਸਰਪੰਚ ਕੁਲਦੀਪ ਸਿੰਘ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਸੀ।

ਬੀਤੀ ਰਾਤ ਦੋਵਾਂ ਧਿਰਾਂ ਦਰਮਿਆਨ ਝਗੜਾ ਵੱਧ ਗਿਆ। ਸਬ-ਇੰਸਪੈਕਟਰ ਚਰਨਜੀਤ ਸਿੰਘ ਮਸਲੇ ਦੇ ਨਿਪਟਾਰੇ ਲਈ ਆਪਣੀ ਟੀਮ ਨਾਲ ਉਥੇ ਪੁੱਜੇ ਤਾਂ ਸਰਪੰਚ ਕੁਲਦੀਪ ਸਿੰਘ ਦੀ ਧਿਰ ਨੇ ਡੀ ਐਸ ਪੀ ਅਤੁਲ ਸੋਨੀ ਦੇ ਸਾਹਮਣੇ ਸਬ ਇੰਸਪੈਕਟਰ ਚਰਨਜੀਤ ਸਿੰਘ ਕੋਲੋਂ ਉਸ ਦਾ ਹੀ ਡਿਊਟੀ ਰਿਵਾਲਵਰ ਖੋਹ ਕੇ ਗੋਲੀ ਮਾਰ ਦਿੱਤੀ। ਚਰਨਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਖੂਨੀ ਝੜਪ ਦੌਰਾਨ ਸਹਾਇਕ ਏਐਸ ਆਈ ਜਸਬੀਰ ਸਿੰਘ ਵੀ ਬੁਰੀ ਤਰ੍ਹਾ ਜ਼ਖਮੀ ਹੋ ਗਿਆ, ਜਿਸ ਦੀ ਇੱਕ ਬਾਂਹ ਟੁੱਟੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਲਈ 2 ਕਰੋੜ ਰੁਪਏ ਦੀ ਐਕਸ- ਗਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਪੋਸਟ ਵਿਚ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਵੇਗੀ, ਜਦੋਂ ਕਿ ਐਚ ਡੀ ਐਫ ਸੀ ਬੈਂਕ ਪੰਜਾਬ ਪੁਲੀਸ ਭਲਾਈ ਬੀਮਾ ਤੋਂ 1 ਕਰੋੜ ਰੁਪਏ ਦਾ ਭੁਗਤਾਨ ਕਰੇਗਾ। ਉਨ੍ਹਾਂ ਲਿਖਿਆ ਕਿ ਤਰਨਤਾਰਨ ਵਿਚ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਹਾਦਰ ਅਫਸਰ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਹਮੇਸ਼ਾ ਯਾਦ ਰੱਖੀ ਜਾਵੇਗੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Latest News

Trending