Chandigarh
ਕਿਸਾਨ ਜੱਥੇਬੰਦੀਆਂ ਅਤੇ ਕੌਮੀ ਇਨਸਾਫ ਮੋਰਚੇ ਨੇ ਕੀਤੀ ਸਾਂਝੀ ਮੀਟਿੰਗ
ਸਰਕਾਰ ਦੇ ਰਵਈਏ ਵਿਰੁੱਧ 15 ਮਈ ਨੂੰ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਉੱਤੇ ਰੋਸ ਮਾਰਚ ਕਰਨ ਦਾ ਐਲਾਨ
ਚੰਡੀਗੜ੍ਹ, 17 ਅਪ੍ਰੈਲ (ਸ.ਬ.) ਕੌਮੀ ਇਨਸਾਫ ਮੋਰਚਾ ਵਲੋਂ ਪਿਛਲੇ 30 ਮਹੀਨਿਆਂ ਤੋਂ ਚੰਡੀਗੜ੍ਹ ਦੀ ਹੱਦ ਤੇ ਚਲ ਰਹੇ ਸੰਘਰਸ਼ ਦੇ ਸਮਰਥਨ ਵਿੱਚ ਵੱਖ ਵੱਖ ਧਾਰਮਿਕ ਸ਼ਖਸ਼ੀਅਤਾਂ, ਕਿਸਾਨ ਯੂਨੀਅਨਾਂ, ਮਜ਼ਦੂਰ ਯੂਨੀਅਨਾਂ, ਵਪਾਰਕ ਜਥੇਬੰਦੀਆਂ ਅਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਪ੍ਰਮੁੱਖ ਆਗੂ ਪ੍ਰੋ. ਮਨਜੀਤ ਸਿੰਘ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ, ਬਾਪੂ ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਨਿਹੰਗ ਸਿੰਘ ਰਾਜਾ ਰਾਜ ਸਿੰਘ, ਬਲਵਿੰਦਰ ਸਿੰਘ ਫਿਰੋਜ਼ਪੁਰ, ਕਿਸਾਨ ਆਗੂ ਡਾ. ਦਰਸ਼ਨ ਪਾਲ ਸਿੰਘ, ਬਲਵੀਰ ਸਿੰਘ ਰਾਜੇਵਾਲ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਹਿਰੂ, ਜਸਬੀਰ ਸਿੰਘ ਸਿੱਧੂਪੁਰ, ਰੇਸ਼ਮ ਸਿੰਘ ਕਾਦੀਆਂ, ਮਜ਼ਦੂਰ ਆਗੂ ਤਰਸੇਮ ਯੋਧਾਂ ਵੀ ਸ਼ਾਮਿਲ ਹੋਏ।
ਮੀਟਿੰਗ ਵਿੱਚ ਕੌਮੀ ਇਨਸਾਫ ਮੋਰਚੇ ਦੀਆਂ ਤਿੰਨ ਮੰਗਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਤੇ ਕਾਨੂੰਨ ਬਣਾਉਣਾ, ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਅਤੇ ਬਹਿਬਲ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਇਹਨਾਂ ਮੰਗਾਂ ਬਾਰੇ ਕਿਸੇ ਵੀ ਧਰਨੇ ਜਾਂ ਮੰਗ ਪੱਤਰਾਂ ਦੀ ਜਰੂਰਤ ਨਹੀਂ ਹੈ ਅਤੇ ਇਹ ਸਰਕਾਰ ਦੇ ਮੁੱਢਲੇ ਫਰਜ਼ ਬਣਦੇ ਹਨ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੰਗਾ ਚਿੱਠਾ ਝੂਠ ਬੋਲ ਰਹੀ ਹੈ ਕਿ ਇਹ ਕੇਵਲ ਕੇਂਦਰ ਸਰਕਾਰ ਦਾ ਮਾਮਲਾ ਹੈ ਜਦੋਂਕਿ ਪੰਜਾਬ ਸਰਕਾਰ ਜਥੇਦਾਰ ਜਗਤਾਰ ਸਿੰਘ ਹਵਾਰਾ, ਸz.ਬਲਵੰਤ ਸਿੰਘ ਰਾਜੋਆਣਾ, ਪਰਮਜੀਤ ਸਿੰਘ ਭਿਓਰਾ ਅਤੇ ਹੋਰਨਾਂ ਦੀਆਂ ਰਿਹਾਈਆਂ ਅਤੇ ਪੈਰੋਲ ਸਬੰਧੀ ਉੱਚ ਅਦਾਲਤਾਂ ਅਤੇ ਕੇਂਦਰ ਸਰਕਾਰ ਨੂੰ ਰਿਹਾਈਆਂ ਦੇ ਵਿਰੋਧ ਵਿੱਚ ਰਿਪੋਰਟਾਂ ਭੇਜ ਰਹੀ ਹੈ। ਸਰਕਾਰ ਬਹਿਬਲ ਗੋਲੀ ਕਾਂਡ ਦੇ ਕੇਸ ਵਿੱਚ ਆਪਣੀ ਬਣਾਈ ਹੋਈ ਸਿੱਟ ਦੀ ਰਿਪੋਰਟ ਵੀ ਲਾਗੂ ਨਹੀਂ ਕਰ ਰਹੀ ਅਤੇ ਪਿਛਲੀਆਂ ਸਰਕਾਰਾਂ ਦੇ ਰਸਤੇ ਤੇ ਚਲਦਿਆਂ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਪਰੋਲ ਕਰ ਸਕਦੀ ਹੈ ਅਤੇ ਕੇਂਦਰ ਸਰਕਾਰ ਨੂੰ ਰਿਹਾਈਆਂ ਦੀ ਸਿਫਾਰਿਸ਼ ਕਰ ਸਕਦੀ ਹੈ ਪਰ ਸਰਕਾਰ ਇਸ ਪਾਸੇ ਨਹੀਂ ਵੱਧ ਰਹੀ। ਸਰਕਾਰ 30 ਮਹੀਨਿਆਂ ਤੋਂ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ ਹੈ। ਇਹ ਸਰਕਾਰ ਦੀ ਤਾਨਾਸ਼ਾਹੀ ਅਤੇ ਹੰਕਾਰ ਦਾ ਪ੍ਰਤੀਕ ਹੈ।
ਇਸ ਮੌਕੇ ਕਿਹਾ ਗਿਆ ਕਿ ਸਰਕਾਰ ਦੇ ਰਵਈਏ ਵਿਰੁੱਧ 15 ਮਈ ਨੂੰ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਉੱਤੇ ਰੋਸ ਮਾਰਚ ਕੀਤੇ ਜਾਣਗੇ ਅਤੇ ਐਸ ਡੀ ਐਮ ਨੂੰ ਪੰਜਾਬ ਦੇ ਰਾਜਪਾਲ ਅਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਚਿਤਾਵਨੀ ਪੱਤਰ ਦਿੱਤੇ ਜਾਣਗੇ। ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਸੱਦ ਕੇ ਗ੍ਰਿਫਤਾਰ ਕਰਨ ਦੀ ਕਾਰਵਾਈ ਦੀ ਨਿਖੇਧੀ ਕੀਤੀ ਗਈ ਅਤੇ ਕਿਹਾ ਗਿਆ ਕਿ ਕਿਸਾਨਾਂ ਸਿਰ ਸੜਕਾਂ ਤੇ ਰਸਤੇ ਬੰਦ ਕਰਨ ਦਾ ਮੜਿਆ ਗਿਆ ਦੋਸ਼ ਪੂਰੀ ਤਰ੍ਹਾਂ ਗਲਤ ਸੀ ਜਦੋਂ ਕਿ ਰਸਤਾ ਹਰਿਆਣਾ ਦੀ ਸਰਕਾਰ ਵੱਲੋਂ ਬੰਦ ਕੀਤਾ ਗਿਆ ਸੀ।
ਬੁਲਾਰਿਆਂ ਨੇ ਕਿਹਾ ਕਿ ਜਮਹੂਰੀ ਢੰਗ ਨਾਲ ਦਿੱਤੇ ਜਾ ਰਹੇ ਧਰਨੇ ਉੱਤੇ ਪੁਲੀਸ ਨੇ ਵਿਦੇਸ਼ੀ ਹਮਲਾਵਰਾਂ ਵਾਂਗ ਹਮਲਾ ਕੀਤਾ ਅਤੇ ਕਿਸਾਨਾਂ ਦਾ ਸਮਾਨ ਚੋਰੀ ਕੀਤਾ ਤੇ ਕਰਵਾਇਆ। ਪੰਜਾਬ ਦੀ ਜਨਤਾ ਨੂੰ ਇਸ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਅਤੇ ਕਿਸਾਨਾਂ ਦੇ ਨੁਕਸਾਨ ਦੀ ਪੂਰਨ ਤੌਰ ਤੇ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਜਿਵੇਂ ਦੇਸ਼ ਦੇ ਦੂਜੇ ਰਾਜਾਂ ਵਿੱਚ ਪਾਕਿਸਤਾਨ ਨਾਲ ਵਪਾਰ ਚੱਲ ਰਿਹਾ ਹੈ ਇਸੇ ਤਰ੍ਹਾਂ ਪੰਜਾਬ ਨਾਲ ਲੱਗਦੇ ਵਪਾਰਕ ਰਸਤੇ ਖੋਲ੍ਹੇ ਜਾਣ।
ਇਸ ਮੌਕੇ ਸੁਖਜੀਤ ਸਿੰਘ ਖੋਸਾ, ਰਵਿੰਦਰ ਸਿੰਘ ਵਜੀਦਪੁਰ, ਬਲਵਿੰਦਰ ਸਿੰਘ ਕਾਲਾ ਝਾੜ, ਬੂਟਾ ਸਿੰਘ ਰਨਸ਼ੀਹ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਐਡਵੋਕੇਟ ਗੁਰਸ਼ਰਨ ਸਿੰਘ, ਇਕਬਾਲ ਸਿੰਘ ਦਿੱਲੀ, ਦਲਜੀਤ ਸਿੰਘ, ਹਰੀ ਸਿੰਘ ਅਕਾਲ ਫੌਜ, ਕਰਮਜੀਤ ਸਿੰਘ ਨੰਬਰਦਾਰ ਚਿੱਲਾ, ਪਾਲ ਸਿੰਘ ਘੜੂੰਆਂ, ਗੁਰਦੀਪ ਸਿੰਘ ਭੱਟੀ ਕਿਸਾਨ ਮਜਦੂਰ ਆਗੂ, ਮਨੋਜ ਸ਼ੇਖਾਵਤ ਖਾਪ ਪੰਚਾਇਤ, ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ, ਬਲਬੀਰ ਸਿੰਘ ਬੈਰਮਪੁਰ, ਬਲਜੀਤ ਸਿੰਘ ਭਾਊ, ਰਾਜਾ ਸਿੰਘ ਜਾਟ ਮਹਾਂ ਸਭਾ ਸਮੇਤ ਹੋਰ ਆਗੂ ਹਾਜਰ ਸਨ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Chandigarh
ਮੁੱਖ ਮੰਤਰੀ ਮਾਨ ਦੇ ਓ ਐਸ ਡੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਸੀ. ਬੀ. ਆਈ. ਦੀ ਐਫ਼. ਆਈ. ਆਰ. ਅਤੇ ਉਨ੍ਹਾਂ ਦੇ ਜੱਦੀ ਘਰ ਦੀ ਤਲਾਸ਼ੀ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੂਰਾ ਕੇਸ ਅਗਲੇਰੀ ਕਾਰਵਾਈ ਅਤੇ ਦਿਸ਼ਾ-ਨਿਰਦੇਸ਼ਾਂ ਲਈ ਹਾਈ ਕੋਰਟ ਦੇ ਮਾਨਯੋਗ ਚੀਫ਼ ਜਸਟਿਸ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇ. ਐਸ. ਬੇਦੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਬੈਂਚ ਸਾਹਮਣੇ ਸੁਣਵਾਈ ਲਈ ਢੁੱਕਵਾਂ ਨਹੀਂ ਹੈ, ਕਿਉਂਕਿ ਸੰਬੰਧਿਤ ਐਫ਼. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਦਿੱਤੇ ਸਨ। ਅਦਾਲਤ ਨੇ ਪਟੀਸ਼ਨਰ ਨੂੰ ਢੁੱਕਵੇਂ ਮੰਚ ਤੇ ਜਾਣ ਦੀ ਸਲਾਹ ਦਿੱਤੀ।
ਘੁੰਮਣ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਤਹਿਤ ਪੰਜਾਬ ਸਰਕਾਰ ਤੋਂ ਲਾਜ਼ਮੀ ਅਗੇਤੀ ਮੰਨਜ਼ੂਰੀ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੀ.ਬੀ.ਆਈ. ਦੀ ਜਾਂਚ ਸਰਕਾਰੀ ਕੰਮਕਾਜ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਨਾਲ ਜੁੜੇ ਕਥਿਤ ਫ਼ੈਸਲਿਆਂ ਬਾਰੇ ਹੈ, ਇਸ ਲਈ ਇਸ ਮਾਮਲੇ ਵਿਚ ਉਕਤ ਧਾਰਾ ਦੀ ਸੁਰੱਖਿਆ ਲਾਗੂ ਹੁੰਦੀ ਹੈ।
Chandigarh
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ
ਮੁੱਖ ਮੰਤਰੀ ਦਫ਼ਤਰ ਵਿੱਚ ਸੀ ਬੀ ਆਈ ਜਾਂਚ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਮੁਲਤਵੀ
ਚੰਡੀਗੜ੍ਹ, 8 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁੱਕਰਵਾਰ ਤੱਕ ਟਲ ਗਈ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਕੱਲ੍ਹ ਕੀਤੀ ਜਾਵੇਗੀ, ਕਿਉਂਕਿ ਜਸਟਿਸ ਸ਼ੀਲ ਨਾਗੂ ਨੂੰ ਸੰਬੰਧਿਤ ਫਾਈਲ ਦੇਰ ਨਾਲ ਪ੍ਰਾਪਤ ਹੋਈ ਹੈ।
ਮਾਮਲੇ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਹੋਈ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੀ. ਬੀ. ਆਈ. ਵੱਲੋਂ ਕਿਸੇ ਵੀ ਤਤਕਾਲੀ ਕਾਰਵਾਈ ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਮੌਕਾ ਹੀ ਨਹੀਂ ਮਿਲਿਆ ਹੈ ਤਾਂ ਅੰਤਰਿਮ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ।
ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮ ਦੇ ਖ਼ਿਲਾਫ਼ ਵਿਸ਼ੇਸ਼ ਇਜਾਜ਼ਤ ਪਟੀਸ਼ਨ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (ਓ. ਐਸ. ਡੀ.) ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਵੀ ਨਿਰਪੱਖ ਜਾਂਚ ਲਈ ਸੀ. ਬੀ. ਆਈ. ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦਾ ਹੁਕਮ ਦਿੱਤਾ ਸੀ। ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਦਿੱਤਾ ਗਿਆ ਸੀ।
ਜਨਹਿਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੰਜਾਬ ਪੁਲੀਸ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਸੰਬੰਧ ਵਿੱਚ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਨੇ ਉਚਿਤ ਕਾਰਵਾਈ ਨਹੀਂ ਕੀਤੀ। ਸੁਣਵਾਈ ਦੌਰਾਨ ਸਾਹਮਣੇ ਆਇਆ ਸੀ ਕਿ ਈ.ਡੀ. ਨੇ ਨਿਤਿਨ ਗੋਹਲ ਨਾਮਕ ਵਿਅਕਤੀ ਨਾਲ ਜੁੜੇ ਦੋਸ਼ਾਂ ਨੂੰ ਵੀ ਚਿੰਨ੍ਹਿਤ ਕੀਤਾ ਸੀ। ਦੋਸ਼ ਹੈ ਕਿ ਉਹ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਲਾਭ ਲੈਣ ਦੇ ਇੱਛੁਕ ਲੋਕਾਂ ਅਤੇ ਸੰਬੰਧਿਤ ਧਿਰਾਂ ਵਿਚਕਾਰ ਵਿਚੋਲੇ ਵਜੋਂ ਕੰਮ ਕਰਦਾ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਤਬਾਲਿਆਂ ਵਿੱਚ ਮਦਦ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਦਿਵਾਉਣ, ਹਥਿਆਰਾਂ ਦੇ ਲਾਇਸੈਂਸ ਹਾਸਲ ਕਰਵਾਉਣ ਅਤੇ ਹੋਰ ਲਾਭ ਦਿਵਾਉਣ ਵਰਗੀਆਂ ਗੱਲਾਂ ਸ਼ਾਮਲ ਹਨ। ਹਾਈ ਕੋਰਟ ਨੇ ਉਪਲਬਧ ਸਮੱਗਰੀ ਤੇ ਵਿਚਾਰ ਕਰਨ ਤੋਂ ਬਾਅਦ ਸੀ. ਬੀ. ਆਈ. ਨੂੰ ਅਪਰਾਧਿਕ ਮਾਮਲਾ ਦਰਜ ਕਰਕੇ ਜਾਂਚ ਦੇ ਨਿਰਦੇਸ਼ ਦਿੱਤੇ ਸਨ।
ਇਸ ਉਪਰੰਤ ਮੰਗਲਵਾਰ ਨੂੰ, ਸੀਨੀਅਰ ਵਕੀਲ ਵਿਕਾਸ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਰਾਜਨੀਤਿਕ ਤੌਰ ਤੇ ਪ੍ਰੇਰਿਤ ਹੈ ਅਤੇ ਰਾਜ ਵਿਧਾਨਸਭਾ ਚੋਣਾਂ ਨੇੜੇ ਆਉਣ ਕਾਰਨ ਇਸਦੀ ਪੈਰਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਦੇ ਵਿਜੇ ਮਦਨਲਾਲ ਚੌਧਰੀ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਦੇ ਉਲਟ ਦੱਸਦਿਆਂ ਚੁਣੌਤੀ ਦਿੱਤੀ ਹੈ। ਮੁੱਖ ਜੱਜ ਨੇ ਮੰਗਲਵਾਰ ਨੂੰ ਉਸੇ ਦਿਨ ਸੁਣਵਾਈ ਦੀ ਮੰਗ ਸਵੀਕਾਰ ਨਹੀਂ ਕੀਤੀ ਸੀ ਪਰ ਵੀਰਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਤੇ ਸਹਿਮਤੀ ਜਤਾਈ ਸੀ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਤੇ ਕੱਲ੍ਹ ਸੁਣਵਾਈ ਹੋਵੇਗੀ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
