Mohali
ਜਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਦੇ ਖੇਤਰ ਵਿੱਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦਖੂੰਹਦ ਸੁੱਟਣ ਤੇ ਪਾਬੰਦੀ, ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਜਰੂਰੀ
ਐਸ ਏ ਐਸ ਨਗਰ, 21 ਅਪ੍ਰੈਲ (ਸ.ਬ.) ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਨੇ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਅਤੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਦੇ ਖੇਤਰ ਵਿੱਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦਖੂੰਹਦ ਸੁੱਟਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸਦੇ ਨਾਲ ਹੀ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਜਰੂਰੀ ਕੀਤਾ ਗਿਆ ਹੈ। ਇਹ ਹੁਕਮ 11 ਅਪ੍ਰੈਲ 2025 ਤੋਂ 10 ਜੂਨ 2025 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂਹੰਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪਾਬੰਦੀ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸਦੇ ਨਾਲ ਹੀ ਜਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ ਕਰਨ ਸੰਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲੀਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲੀਸ ਨੂੰ ਨਹੀਂ ਦਿੱਤਾ ਹੈ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
