Connect with us

Mohali

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

Published

on

 

ਲੰਬੀਆਂ ਕਤਾਰਾਂ ਅਤੇ ਵਿਚੋਲਿਆਂ ਦਾ ਦੌਰ ਖਤਮ ਹੋਇਆ, ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ : ਭਗਵੰਤ ਸਿੰਘ ਮਾਨ

ਐਸ ਏ ਐਸ ਨਗਰ, 26 ਮਈ (ਸ.ਬ.) ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।

ਇਸ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।

ਉਹਨਾਂ ਕਿਹਾ ਕਿ ਹੁਣ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਬਲਕਿ ਲੋਕ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ।

ਉਹਨਾਂ ਕਿਹਾ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ। ਉਹਨਾਂ ਕਿਹਾ ਕਿ ਹੁਣ ਬੇਯਕੀਨੀ ਦਾ ਦੌਰ ਖਤਮ ਹੋ ਗਿਆ ਹੈ ਜਿਸ ਨਾਲ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ।

ਉਹਨਾਂ ਕਿਹਾ ਕਿ ਇਸ ਵਿਵਸਥਾ ਨਾਲ ਏਜੰਟ ਕਲਚਰ ਦਾ ਖਾਤਮਾ ਹੋ ਗਿਆ ਹੈ ਕਿਉਂਕਿ ਹੁਣ ਨਗਦੀ ਦੀ ਬਜਾਏ ਆਨਲਾਈਨ ਫੀਸ ਦਾ ਭੁਗਤਾਨ ਹੋਵੇਗਾ। ਉਹਨਾਂ ਕਿਹਾ ਕਿ ਰਿਸ਼ਵਤ ਮੰਗਣ ਬਾਰੇ ਸ਼ਿਕਾਇਤ ਦੇਣ ਲਈ ਵਟਸਐਪ ਨੰਬਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋਣਗੀਆਂ ਜਿਸ ਨਾਲ ਲੋਕਾਂ ਨੂੰ ਸੇਲ ਡੀਡ ਤਿਆਰ ਕਰਨ ਲਈ ਪ੍ਰਾਈਵੇਟ ਲੋਕਾਂ ਅਤੇ ਵਿਚੋਲਿਆਂ ਰਾਹੀਂ ਵਸੂਲੀਆਂ ਜਾਂਦੀਆਂ ਮੋਟੀਆਂ ਫੀਸਾਂ ਨਹੀਂ ਦੇਣੀਆਂ ਪੈਣਗੀਆਂ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਜਿਸਟਰੀ ਦੀ ਫੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਸਾਰੀਆਂ ਫੀਸਾਂ (ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫੀਸ) ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ। ਉਹਨਾਂ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ਤੇ ਵਿੱਤੀ ਬੱਚਤ ਵੀ ਹੋਵੇਗੀ।

ਉਹਨਾਂ ਕਿਹਾ ਕਿ 15 ਜੁਲਾਈ ਤੋਂ ਇਸ ਪ੍ਰਣਾਲੀ ਦੀ ਸੂਬੇ ਭਰ ਵਿੱਚ ਸ਼ੁਰੂਆਤ ਹੋਵੇਗੀ ਅਤੇ ਹਰ ਜਿਲ੍ਹੇ ਵਿੱਚ 15 ਜੁਲਾਈ ਤੋਂ 1 ਅਗਸਤ ਤੱਕ ਇਸ ਪ੍ਰਣਾਲੀ ਦਾ ਟ੍ਰਾਇਲ ਕੀਤਾ ਜਾਵੇਗਾ। 1 ਅਗਸਤ ਤੋਂ ਇਹ ਪ੍ਰਣਾਲੀ ਪੂਰੇ ਸੂਬੇ ਵਿੱਚ ਪੂਰਨ ਤੌਰ ਤੇ ਲਾਗੂ ਹੋ ਜਾਵੇਗੀ। ਉਹਨਾਂ ਕਿਹਾ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਜੇਕਰ ਸਬ-ਰਜਿਸਟਰਾਰ/ ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਜਿਹੇ ਸੀਨੀਅਰ ਅਧਿਕਾਰੀ ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ।

ਉਹਨਾਂ ਕਿਹਾ ਕਿ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਅਤੇ ਗੁੰਝਲਦਾਰ ਹਨ ਪਰ ਇਹ ਪ੍ਰਣਾਲੀ ਇਸ ਅਲਾਮਤ ਦੇ ਖਾਤਮੇ ਵੱਲ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਇੰਨੀ ਮਜ਼ਬੂਤ ਰਜਿਸਟ੍ਰੇਸ਼ਨ ਪ੍ਰਣਾਲੀ ਨਹੀਂ ਹੈ ਅਤੇ ਇਹ ਪ੍ਰਣਾਲੀ ਜਨਤਕ ਸਹੂਲੀਅਤ ਲਈ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending