Connect with us

Mohali

ਭਰਿਸ਼ਟਾਚਾਰ ਖਤਮ ਕਰਨ ਲਈ ਰਾਜਨੇਤਾਵਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਗਠਜੋੜ ਖਤਮ ਕਰਨਾ ਜਰੂਰੀ : ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ

Published

on

 

ਪੰਜਾਬ ਪੁਲੀਸ ਨੂੰ ਰਾਜਨੀਤਕ ਦਖਲ ਤੋਂ ਮੁਕਤ ਕਰਨ ਦੀ ਮੰਗ

ਐਸ ਏ ਐਸ ਨਗਰ, 26 ਮਈ (ਸ.ਬ.) ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਪੰਜਾਬ ਯੂਨਿਟ ਦੀ ਇੱਕ ਮੀਟਿੰਗ ਐਡਵੋਕੇਟ ਸੰਪੂਰਨ ਸਿੰਘ ਛਾਜਲੀ ਦੀ ਚੇਅਰਮੈਨਸ਼ਿਪ ਹੇਠ ਹੋਈ ਜਿਸ ਵਿੱਚ ਨਿਆਂਪਾਲਿਕਾ, ਵਕੀਲਾਂ, ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਵਿੱਚ ਕੁਝ ਰਾਜਨੀਤਕ ਨੇਤਾਵਾਂ ਅਤੇ ਭਰਿਸ਼ਟ ਉੱਚ ਅਧਿਕਾਰੀਆਂ ਦੇ ਗਠਜੋੜ ਤੋਂ ਇਲਾਵਾ 24 ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਇਸ ਬਾਰੇ ਅਗਲੀ ਰਣਨੀਤੀ ਤਿਆਰ ਕਰਕੇ ਇਨ੍ਹਾਂ ਨੂੰ ਹੱਲ ਕਰਨ ਲਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ।

ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਡਵੋਕੇਟ ਚੌਧਰੀ ਕਰਮਜੀਤ ਸਿੰਘ (ਮੈਬਰ ਬਾਰ ਕਾਉਂਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ), ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਜਸਪਾਲ ਸਿੰਘ ਦੱਪਰ ਅਤੇ ਅਮਰਜੀਤ ਸਿੰਘ ਲੌਂਗੀਆ ਨੇ ਕਿਹਾ ਕਿ ਸੂਬੇ ਵਿੱਚ ਕੁਝ ਰਾਜਸੀ ਨੇਤਾਵਾਂ ਅਤੇ ਉੱਚ ਅਧਿਕਾਰੀਆਂ ਦਾ ਇਕ ਗਠਜੋੜ ਚਲ ਰਿਹਾ ਹੈ, ਜੋ ਪਿਛਲੇ 25-30 ਸਾਲਾਂ ਤੋਂ ਜਾਰੀ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਇਸਦਾ ਟੁੱਟਣਾ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਭਰਿਸ਼ਟਾਚਾਰ ਖਤਮ ਕਰਨ ਲਈ ਵੱਡੇ ਅਹੁਦਿਆਂ ਤੇ ਬੈਠੇ ਲੋਕਾਂ ਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਇਹ ਪੱਕੇ ਤੌਰ ਤੇ ਖਤਮ ਕੀਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਇੱਕ ਸਾਬਕਾ ਮੰਤਰੀ, ਇੱਕ ਵਿਧਾਇਕ ਅਤੇ ਪੁਲੀਸ ਦੇ ਇੱਕ ਉੱਚ ਅਧਿਕਾਰੀ ਤੇ ਕਾਰਵਾਈ ਕਰਕੇ ਇਸ ਦੀ ਸ਼ੁਰੂਆਤ ਕਰਨ ਦੇ ਕੰਮ ਦਾ ਸੁਆਗਤ ਕਰਦਿਆਂ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਨੂੰ ਇਸ ਸਬਧੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਪੰਜਾਬ ਵਿਲੇਜ ਕਾਮਨ ਐਕਟ, ਪੰਜਾਬ ਲੈਂਡ ਰੈਵਿਨਊ ਐਕਟ, ਪੁੱਡਾ ਐਕਟ ਅਤੇ ਸੀਨੀਅਰ ਸਿਟੀਜ਼ਨ ਐਕਟ ਤੋਂ ਇਲਾਵਾ ਹੋਰ ਵੀ ਕਈ ਕਾਨੂੰਨ ਹਨ, ਜਿਨ੍ਹਾਂ ਵਿੱਚ ਸਿਵਲ ਦੇ ਪੀ. ਸੀ. ਐਸ. ਅਤੇ ਆਈ. ਏ. ਐਸ. ਅਧਿਕਰੀਆਂ ਨੂੰ ਅਦਾਲਤਾਂ ਦੀ ਸ਼ਕਤੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਤੋਂ ਤੁਰੰਤ ਖੋਹ ਕੇ ਦੀਵਾਨੀ ਅਦਾਲਤਾਂ ਨੂੰ ਦੇਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਉਕਤ ਐਕਟਾਂ ਅਧੀਨ ਸਰਕਾਰੀ ਅਧਿਕਾਰੀਆਂ ਨੂੰ ਿਦੱਤੀਆਂ ਸ਼ਕਤੀਆਂ ਕਾਰਨ ਲੋਕਾਂ ਨੂੰ ਇਨਸਾਫ ਨਹੀ ਮਿਲ ਰਿਹਾ ਕਿਉਂਕਿ ਜਿਆਦਾਤਰ ਕੇਸਾਂ ਵਿੱਚ ਰਿਸ਼ਵਤ ਲੈਕੇ ਜਾਂ ਰਾਜ ਨੇਤਾਵਾਂ ਦੀਆਂ ਸਿਫਾਰਸ਼ਾਂ ਨਾਲ ਫੈਸਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਇਹ ਵੀ ਮੰਗ ਕੀਤੀ ਗਈ ਕਿ ਲੋਕਾਂ ਨੂੰ ਜਲਦੀ ਇਨਸਾਫ ਦੇਣ ਲਈ ਮਾਨਯੋਗ ਹਾਈਕੋਰਟ ਦੇ ਜੱਜਾਂ ਦੀਆਂ ਖਾਲੀ ਪਈਆਂ 35 ਪੋਸਟਾਂ ਤੁਰੰਤ ਪੂਰੀਆਂ ਕਰਕੇ ਲੋਕਾਂ ਨੂੰ ਜਲਦੀ ਇਨਸਾਫ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਬੰਦੀ ਸਿੰਘਾਂ ਤੋਂ ਇਲਾਵਾ ਜੋ ਹਜਾਰਾਂ ਵਿਅਕਤੀ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਦੇਸ਼ ਵਿੱਚ ਜਿਹੜੇ ਨੇਤਾ, ਜੱਜਾਂ ਦੀ ਜਨਤਕ ਤੌਰ ਤੇ ਨੁਕਤਾਚੀਨੀ ਕਰਦੇ ਹਨ ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਜੋ ਛੋਟੀਆਂ ਅਤੇ ਕਥਿਤ ਗੈਰਕਾਨੂੰਨੀ ਕਲੋਨੀਆਂ ਦੀਆਂ ਰਜਿਸਟ ਰੀਆਂ ਬੰਦ ਕੀਤੀਆਂ ਗਈਆਂ ਹਨ, ਉਸ ਸਬੰਧੀ ਤੁਰੰਤ ਨਵਾਂ ਕਾਨੂੰਨ ਬਣਾ ਕੇ ਤੁਰੰਤ ਸ਼ੁਰੂ ਕੀਤੀ ਜਾਵੇ ਕਿਉਂਕਿ ਇਸ ਨਾਲ ਸੂਬੇ ਦੇ ਗਰੀਬ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਾਨ ਯੋਗ ਸੁਪਰੀਮ ਕੋਰਟ ਦੇ 2006 ਦੇ ਫੈਸਲੇ ਮੁਤਾਬਕ ਪੰਜਾਬ ਪੁਲੀਸ ਨੂੰ ਰਾਜਨੀਤਕ ਦਖਲ ਤੋਂ ਮੁਕਤ ਕਰਕੇ ਅਜਾਦ ਤੌਰ ਤੇ ਇੱਕ ਬੋਰਡ ਬਣਾ ਕੇ ਉਸ ਅਧੀਨ ਕਰਨਾ ਚਾਹੀਦਾ ਹੈ ਤਾਂ ਕਿ ਪੁਲੀਸ ਨਿਰਪੱਖ ਹੋ ਕੇ ਆਪਣੀ ਡਿਊਟੀ ਕਰ ਸਕੇ। ਸੂਬੇ ਵਿੱਚ ਜਿਨ੍ਹਾਂ ਲੋਕਾਂ ਨੂੰ ਬਿਨਾ ਕਿਸੇ ਕਾਰਨ ਤੋਂ ਸੁਰਖਿਆ ਦਿੱਤੀ ਹੋਈ ਹੈ, ਉਹਨਾਂ ਮੁਲਾਜਮਾਂ ਨੂੰ ਲੋਕਾਂ ਦੀ ਰੱਖਿਆ ਲਈ ਥਾਣਿਆਂ ਵਿੱਚ ਨਿਯੁਕਤ ਕੀਤਾ ਜਾਵੇ। ਉਹਨਾਂ ਕਿਹਾ ਕਿ ਹੇਠਲੇ ਪੱਧਰ ਤੇ ਵਕੀਲਾਂ ਅਤੇ ਹੋਰ ਲੋਕਾਂ ਨੂੰ ਪੁਲੀਸ ਵੱਲੋਂ ਆ ਰਹੀਆਂ ਜੋ ਸਮੱਸਿਆਵਾਂ ਬਾਰੇ ਬਹੁਤ ਜਲਦੀ ਡੀ. ਜੀ. ਪੀ.ਪੰਜਾਬ ਨੂੰ ਮਿਲਿਆ ਜਾਵੇਗਾ।

ਇਸ ਮੌਕੇ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਵਕਾਲਤ ਵਿੱਚ ਨਵੇਂ ਆ ਰਹੇ ਵਕੀਲਾਂ ਨੂੰ ਮਹੀਨਾਵਾਰ ਲਈ ਭੱਤਾ ਦੇਣ ਲਈ ਬਾਰ ਕਾਉਂਸਲ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਲਿਖ ਕੇ ਭੇਜਿਆ ਗਿਆ ਹੈ, ਜਿਸਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਵਕੀਲਾਂ ਦੀ ਸੁਰੱਖਿਆ ਲਈ ਐਡਵੋਕੇਟ ਪ੍ਰੋਟੈਕਸ਼ਨ ਐਕਟ ਦਾ ਮਸੌਦਾ ਕਾਉਂਸਲ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਹੋਇਆ ਹੈ, ਜਿਸ ਨੂੰ ਬਣਾਉਣ ਲਈ ਮੁੱਖ ਮੰਤਰੀ ਨਾਲ ਜਲਦੀ ਮੀਟਿੰਗ ਕੀਤੀ ਜਾਵੇਗੀ।

ਮੀਟਿੰਗ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਨਵਲ ਕੁਮਾਰ ਛਿੱਬੜ, ਕੇਂਦਰੀ ਕਮੇਟੀ ਦੇ ਸੀਨੀਅਰ ਆਗੂ ਐਡਵੋਕੇਟ ਹਰਚੰਦ ਸਿੰਘ ਬਾਠ, ਪਰਮਜੀਤ ਸਿੰਘ ਖੰਨਾ, ਹਾਕਮ ਸਿੰਘ ਬਰਨਾਲਾ, ਬਿਕਰਮ ਸਿੰਘ ਛਾਜਲੀ, ਬਾਰ ਕਾਉਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ, ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਅਤੇ ਸਕੱਤਰ ਸਿਮਰਦੀਪ ਸਿੰਘ ਤੋਂ ਇਲਾਵਾ ਹੋਰ ਮੈਂਬਰ ਵੀ ਹਾਜਰ ਸਨ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending