Connect with us

Mohali

ਜ਼ੀਰਕਪੁਰ ਨਗਰ ਕੌਂਸਲ ਨੂੰ ਮਿਲੇਗਾ ਕਾਰਪੋਰੇਸ਼ਨ ਦਾ ਦਰਜਾ

Published

on

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜੀਰਕਪੁਰ ਦੇ ਦੌਰੇ ਦੌਰਾਨ ਕੀਤਾ ਐਲਾਨ

ਐਸ ਏ ਐਸ ਨਗਰ, 29 ਮਈ (ਸ.ਬ.) ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜ਼ੀਰਕਪੁਰ ਦੇ ਆਪਣੇ ਦੌਰੇ ਦੌਰਾਨ ਨਗਰ ਕੌਂਸਲ ਜ਼ੀਰਕਪੁਰ ਨੂੰ ਕਾਰਪੋਰੇਸ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਨਗਰ ਕੌਂਸਲ ਰਾਹੀਂ ਸਥਾਨਕ ਸਰਕਾਰਾਂ ਵਿਭਾਗ ਨੂੰ ਇੱਕ ਰਸਮੀ ਪ੍ਰਸਤਾਵ ਪੇਸ਼ ਕਰਨ ਲਈ ਕਿਹਾ ਤਾਂ ਜੋ ਇਸ ਪ੍ਰਕਿਰਿਆ ਨੂੰ ਜਲਦੀ ਸ਼ੁਰੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਜ਼ੀਰਕਪੁਰ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਇਹ ਤਬਦੀਲੀ ਲਾਗੂ ਕੀਤੀ ਜਾਵੇਗੀ।

ਇਸ ਮੌਕੇ ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੇ ਤੇਜ਼ੀ ਨਾਲ ਸ਼ਹਿਰੀ ਵਿਸਥਾਰ ਨੂੰ ਧਿਆਨ ਵਿੱਚ ਰੱਖਦਿਆਂ ਇਥੇ ਹੋਰ ਮਜ਼ਬੂਤ ਸ਼ਾਸਨ ਦੀ ਲੋੜ ਹੈ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਟ੍ਰੀਟਮੈਂਟ ਅਤੇ ਸਫਾਈ ਵਰਗੀਆਂ ਨਾਗਰਿਕ ਸਹੂਲਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇੱਕ ਵੱਡੀ ਅਤੇ ਵਧੇਰੇ ਸ਼ਕਤੀਸ਼ਾਲੀ ਸਥਾਨਕ ਸੰਸਥਾ ਜ਼ਰੂਰੀ ਹੈ।

ਇਸ ਮੌਕੇ ਮੰਤਰੀ ਨੇ ਸੁਖਨਾ ਚੋਅ (ਜੋ ਚੰਡੀਗੜ੍ਹ ਵਾਲੇ ਪਾਸੇ ਤੋਂ ਤਰਲ ਰਹਿੰਦ-ਖੂੰਹਦ ਵੀ ਲੈ ਕੇ ਜਾਂਦਾ ਹੈ) ਦੇ ਬੰਦ ਹੋਣ ਤੇ ਚਿੰਤਾ ਪ੍ਰਗਟ ਕਰਦਿਆਂ ਨਗਰ ਕੌਂਸਲ ਨੂੰ ਮੀਂਹ ਤੋਂ ਪਹਿਲਾਂ ਡਰੇਨੇਜ ਵਿਭਾਗ ਦੀ ਮਦਦ ਨਾਲ ਇਸਦੀ ਸਫਾਈ ਲਈ ਤੁਰੰਤ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਅ ਵਿੱਚ ਕੂੜਾ ਨਾ ਸੁੱਟਣ ਜਿਸ ਨਾਲ ਵਹਾਅ ਰੁਕਣ ਕਰਕੇ ਹੜ੍ਹ ਦੀ ਸਥਿਤੀ ਬਣ ਸਕਦੀ ਹੈ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਬਲਟਾਣਾ ਵਿਖੇ ਸੁਖਨਾ ਚੋਅ ਤੇ ਜਲਦੀ ਹੀ 5.96 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਉੱਚ ਪੱਧਰੀ ਪੁਲ ਬਣਾਇਆ ਜਾ ਰਿਹਾ ਹੈ ਤਾਂ ਜੋ ਮੌਨਸੂਨ ਦੇ ਮੌਸਮ ਦੌਰਾਨ ਜਦੋਂ ਚੋਅ ਵਿੱਚ ਪਾਣੀ ਭਰ ਜਾਂਦਾ ਹੈ ਤਾਂ ਸਥਾਨਕ ਲੋਕਾਂ ਨੂੰ ਪਾਣੀ ਦੇ ਓਵਰ-ਫਲੋਅ ਤੋਂ ਰਾਹਤ ਮਿਲ ਸਕੇ। ਕੈਬਨਿਟ ਮੰਤਰੀ ਨੇ ਪੁਰਾਣੀ ਕਾਲਕਾ ਰੋਡ, ਢਕੌਲੀ ਦਾ ਨਿਰੀਖਣ ਕੀਤਾ ਅਤੇ ਸਫਾਈ ਕਾਰਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਗਲੀਆਂ ਦੀ ਖਸਤਾ ਹਾਲਤ ਸਥਾਨਕ ਲੋਕਾਂ ਦੀ ਸਿਹਤ ਲਈ ਚੰਗੀ ਨਹੀਂ ਹੈ।

ਨਵੇਂ ਸਥਾਪਤ ਕੀਤੇ ਜਾਣ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਦੋ ਐਸ ਟੀ ਪੀ, ਇੱਕ 47 ਐਮਐਲਡੀ ਦਾ ਅਤੇ ਦੂਜਾ 37 ਐਮ ਐਲ ਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਜਲਦੀ ਹੀ ਲਗਾਏ ਜਾ ਰਹੇ ਹਨ। ਸਨੌਲੀ ਵਿਖੇ 47 ਐਮ ਐਲ ਡੀ ਲਈ ਜਗ੍ਹਾ ਦੀ ਪਛਾਣ ਕੀਤੀ ਗਈ ਹੈ ਅਤੇ ਇਸਨੂੰ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਸੌਂਪ ਦਿੱਤਾ ਗਿਆ ਹੈ, ਜਦੋਂ ਕਿ ਦੂਜੇ 37 ਐਮ ਐਲ ਡੀ ਪਲਾਂਟ ਲਈ ਜਗ੍ਹਾ ਦੀ ਚੋਣ ਚੱਲ ਰਹੀ ਹੈ ਅਤੇ ਜਲਦੀ ਹੀ ਇਸਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਥਾਨਕ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨਾ ਅਧਿਕਾਰੀ/ਕਰਚਾਰੀਆਂ ਦੀ ਡਿਊਟੀ ਬਣਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਦੀ ਡਿਊਟੀ ਤੋਂ ਕੁਝ ਘੰਟੇ ਕੱਢ ਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਾ ਚਾਹੀਦਾ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਕਾਰਜਕਾਰੀ ਅਧਿਕਾਰੀ ਜਗਜੀਤ ਸਿੰਘ ਜੱਜ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending