Connect with us

Chandigarh

ਪੰਜਾਬ ਦੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗੀ ਲੈਂਡ ਪੂਲਿੰਗ ਨੀਤੀ : ਰਾਜਾ ਵੜਿੰਗ

Published

on

 

ਪਾਰਟੀ ਨੂੰ ਮਜ਼ਬੂਤ ਕਰਨ ਲਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਸਮਰਥਨ ਕੀਤਾ

ਚੰਡੀਗੜ੍ਹ, 3 ਜੂਨ (ਸ.ਬ.) ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਇਹ ਪੰਜਾਬ ਦੀ ਖੇਤੀਬਾੜੀ ਅਰਥ ਵਿਵਸਥਾ ਨੂੰ ਤਬਾਹ ਕਰ ਦੇਵੇਗੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂਆਂ ਨੂੰ ਕਾਂਗਰਸ ਵਿੱਚ ਦੁਬਾਰਾ ਸ਼ਾਮਲ ਕਰਨ ਦਾ ਵੀ ਜ਼ੋਰਦਾਰ ਸਮਰਥਨ ਕੀਤਾ ਅਤੇ ਕਿਹਾ ਕਿ ਇਸ ਮੁੱਦੇ ਤੇ ਕੋਈ ਮਤਭੇਦ ਨਹੀਂ ਹਨ ਅਤੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਹੈ।

ਅੱਜ ਇੱਥੇ ਪ੍ਰਦੇਸ਼ ਕਾਂਗਰਸ ਦਫ਼ਤਰ ਵਿਖੇ ਹਲਕਾ ਕੋਆਰਡੀਨੇਟਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ, ਪੱਤਰਕਾਰਾਂ ਨਾਲ ਗੈਰਰਸਮੀ ਗੱਲਬਾਤ ਵਿੱਚ ਵੜਿੰਗ ਨੇ ਕਿਹਾ ਕਿ ‘ਲੈਂਡ ਪੂਲਿੰਗ’ ਨੀਤੀ ਸਿਰਫ ਪੈਸਾ ਇਕੱਠਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ 24,000 ਏਕੜ ਖੇਤੀਬਾੜੀ ਜ਼ਮੀਨ ਅਕੁਆਇਰ ਕਰਨ ਨਾਲ ਸੂਬੇ ਦੀ ਖੇਤੀਬਾੜੀ ਆਰਥਿਕਤਾ ਹਿੱਲ ਜਾਵੇਗੀ ਅਤੇ ਇਹ ਅੰਤ ਵਿੱਚ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੁੱਚੀ ਆਰਥਿਕਤਾ, ਵਪਾਰ ਅਤੇ ਉਦਯੋਗ ਖੇਤੀਬਾੜੀ ਤੇ ਨਿਰਭਰ ਕਰਦਾ ਹੈ, ਜੋ ਆਰਥਿਕਤਾ ਨੂੰ ਚਲਦਿਆਂ ਰੱਖਦੀ ਹੈ। ਜਦੋਂ ਤੁਸੀਂ ਆਧਾਰ ਨੂੰ ਕਮਜ਼ੋਰ ਕਰਦੇ ਹੋ, ਤਾਂ ਪੂਰੀ ਆਰਥਿਕ ਇਮਾਰਤ ਢਹਿ ਜਾਵੇਗੀ।

ਉਹਨਾਂ ਕਿਹਾ ਕਿ ਸਰਕਾਰ ਨੇ ਹਿੱਸੇਦਾਰਾਂ ਨੂੰ ਵਿਸ਼ਵਾਸ ਵਿੱਚ ਨਹੀਂ ਲਿਆ। ਉਨ੍ਹਾਂ ਪੁੱਛਿਆ ਕਿ ਕੀ ਇਸ ਨੀਤੀ ਦੀ ਅਸਲ ਵਿੱਚ ਕੋਈ ਲੋੜ ਸੀ, ਜਦੋਂ ਕਿ ਕਿਤੇ ਵੀ ਰਿਹਾਇਸ਼ੀ ਜਾਂ ਉਦਯੋਗਿਕ ਪਲਾਟਾਂ ਦੀ ਮੰਗ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬਿਲਡਰਾਂ ਵਲੋਂ ਵੱਡੀ ਗਿਣਤੀ ਵਿੱਚ ਰਿਹਾਇਸ਼ੀ ਕਲੋਨੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਬਹੁਤ ਸਾਰੇ ਪਲਾਟ ਬਿਨਾਂ ਵਿਕਣ ਦੇ ਰਹਿ ਗਏ ਹਨ। ਰਿਹਾਇਸ਼ੀ ਅਪਾਰਟਮੈਂਟਾਂ ਦਾ ਵੀ ਇਹੀ ਹਾਲ ਹੈ। ਜਿਸ ਤੇ ਉਨ੍ਹਾਂ ਪੁੱਛਿਆ ਕਿ ਜਦੋਂ ਰਿਹਾਇਸ਼ੀ ਪਲਾਟਾਂ ਦੀ ਬਹੁਤਾਤ ਪਹਿਲਾਂ ਹੀ ਹੈ, ਤਾਂ ਹੋਰ ਬਣਾਉਣ ਦੀ ਲੋੜ ਕਿੱਥੇ ਹੈ?

ਦੂਜੀਆਂ ਪਾਰਟੀਆਂ ਦੇ ਲੋਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਨੂੰ ਲੈ ਕੇ ਪਾਰਟੀ ਅੰਦਰ ਦਰਸਾਏ ਜਾ ਰਹੇ ਮਤਭੇਦਾਂ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦੇ ਹੋਏ, ਵੜਿੰਗ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਕਿਤੇ ਵੀ ਕੋਈ ਫ਼ਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਪਾਰਟੀ ਆਪਣਾ ਆਧਾਰ ਵਧਾਉਣਾ ਅਤੇ ਆਪਣੇ ਆਪ ਨੂੰ ਮਜ਼ਬੂਤ ਕਰਨਾ ਪਸੰਦ ਕਰਦੀ ਹੈ ਅਤੇ ਜਿੰਨਾ ਜ਼ਿਆਦਾ ਲੋਕ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ, ਓਨਾ ਹੀ ਬਿਹਤਰ ਹੁੰਦਾ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਬਾਰੇ ਉਹਨਾਂ ਦਾਅਵਾ ਕੀਤਾ ਕਿ ਕਾਂਗਰਸ ਦੂਜਿਆਂ ਤੋਂ ਬਹੁਤ ਅੱਗੇ ਹੈ ਅਤੇ ਪਾਰਟੀ ਜਿਮਨੀ ਚੋਣਾਂ ਨੂੰ ਰਿਕਾਰਡ ਅੰਤਰ ਨਾਲ ਜਿੱਤੇਗੀ।

ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਬਾਰੇ ਕੀਤੀਆਂ ਟਿੱਪਣੀਆਂ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਇਹ ਦੋਵੇਂ ਭਾਜਪਾ ਦੀ ਕਿਸ਼ਤੀ ਨੂੰ ਡੋਬਣ ਲਈ ਕਾਫ਼ੀ ਹਨ, ਜਿਵੇਂ ਇਨ੍ਹਾਂ ਨੇ ਕੁਝ ਸਾਲ ਪਹਿਲਾਂ ਕਾਂਗਰਸ ਦੀ ਕਿਸ਼ਤੀ ਨੂੰ ਡੁੱਬਾਇਆ ਸੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending