Mohali
ਜਮੀਨੀ ਵਿਵਾਦ ਨੂੰ ਲੈ ਕੇ ਚੰਡੀਗੜ੍ਹ ਪੁਲੀਸ ਦੇ ਕਰਮਚਾਰੀ ਦੇ ਪੇਟ ਤੇ ਚਾਕੂ ਮਾਰਿਆ
ਇੱਕ ਮਹੀਨੇ ਬਾਅਦ ਵੀ ਦੋਸ਼ੀ ਨਹੀਂ ਗ੍ਰਿਫ਼ਤਾਰ, ਸ਼ਿਕਾਇਤਕਰਤਾ ਨੇ ਰਾਜਨੀਤਿਕ ਦਬਾਅ ਹੋਣ ਦਾ ਇਲਜਾਮ ਲਗਾਇਆ
ਐਸ ਏ ਐਸ ਨਗਰ, 13 ਜੂਨ (ਸ.ਬ.) ਬਨੂੜ ਨੇੜੇ ਸਥਿਤ ਹੁਲਕਾ ਪਿੰਡ ਦੇ ਰਹਿਣ ਵਾਲੇ ਚੰਡੀਗੜ੍ਹ ਪੁਲੀਸ ਦੇ ਇੱਕ ਕਾਂਸਟੇਬਲ ਨੇ ਇਲਜਾਮ ਲਗਾਇਆ ਹੈ ਕਿ ਇਸ ਜ਼ਮੀਨੀ ਵਿਵਾਦ ਨੂੰ ਲੈ ਕੇ ਉਸਤੇ ਚਾਕੂ ਨਾਲ ਹਮਲਾ ਕੀਤਾ ਗਿਆ। ਪਰ ਇਸ ਮਾਮਲੇ ਵਿੱਚ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪੁਲੀਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਸੁਖਦੀਪ ਸਿੰਘ ਨੇ ਦੱਸਿਆ ਕਿ ਉਹ ਚੰਡੀਗੜ੍ਹ ਪੁਲੀਸ ਦਾ ਕਰਮਚਾਰੀ ਹੈ ਅਤੇ 13 ਮਈ ਨੂੰ ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਆਪਣੇ ਪਿੰਡ ਵਾਪਸ ਆਇਆ, ਤਾਂ ਉਸਦੇ ਪੁੱਤਰ ਨੇ ਉਸਨੂੰ ਦੱਸਿਆ ਕਿ ਉਸੇ ਪਿੰਡ ਦੇ ਰਾਮ ਸਿੰਘ ਨੇ ਉਸਦੀ ਜ਼ਮੀਨ ਤੇ ਕੰਧ ਬਣਾਈ ਹੈ। ਜਦੋਂ ਉਹ ਆਪਣੇ ਪੁੱਤਰ ਅਤੇ ਭਰਾ ਰਾਮ ਸਿੰਘ ਨਾਲ ਉਨ੍ਹਾਂ ਨੂੰ ਰੋਕਣ ਗਿਆ ਤਾਂ ਉੱਥੇ ਉਸ ਦੇ ਤਿੰਨ ਪੁੱਤਰ ਅਤੇ ਦੋ ਪੋਤੇ ਮੌਜੂਦ ਸਨ, ਜਿਹਨਾਂ ਨੇ ਉਸ ਤੇ ਹਮਲਾ ਕਰ ਦਿੱਤਾ।
ਉਹਨਾਂ ਕਿਹਾ ਕਿ ਜਦੋਂ ਉਹ ਉਸਦੇ ਪੁੱਤਰ ਅਤੇ ਭਰਾ ਨੂੰ ਕੁੱਟ ਰਹੇ ਸਨ, ਤਾਂ ਉਸਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਵਿੱਚੋਂ ਇੱਕ ਨੇ ਉਸਦੇ ਸਿਰ ਤੇ ਲਾਠੀ ਨਾਲ ਵਾਰ ਕੀਤਾ ਜਦੋਂ ਕਿ ਰਾਮ ਸਿੰਘ ਦੇ ਪੁੱਤਰ ਸਿਕੰਦਰ ਸਿੰਘ ਨੇ ਉਸਦੇ ਪੇਟ ਵਿੱਚ ਦੋ ਵਾਰ ਚਾਕੂ ਮਾਰਿਆ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਏ ਅਤੇ ਉਨ੍ਹਾਂ ਨੂੰ ਬਨੂੜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਸਿਵਲ ਹਸਪਤਾਲ ਫੇਜ਼-6 ਰੈਫਰ ਕਰ ਦਿੱਤਾ ਗਿਆ। ਇੱਥੇ ਉਹ 15 ਦਿਨਾਂ ਤੱਕ ਵੈਂਟੀਲੇਟਰ ਤੇ ਰਿਹਾ ਅਤੇ ਆਪ੍ਰੇਸ਼ਨ ਤੋਂ ਬਾਅਦ ਲਗਭਗ 22 ਦਿਨਾਂ ਬਾਅਦ ਉਸਨੂੰ ਹੋਸ਼ ਆਇਆ।
ਸ਼ਿਕਾਇਤਕਰਤਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਵਲੋਂ ਹਲਾਵਰਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਸੰਬੰਧੀ ਉਸਨੇ ਬਨੂੜ ਥਾਣੇ ਦੇ ਐਸ ਐਚ ਓ ਨੂੰ ਮਿਲ ਕੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਕਿਹਾ ਪਰੰਤੂ ਪਹਿਲਾਂ ਤਾਂ ਉਸਨੂੰ ਟਾਲ ਦਿੱਤਾ ਗਿਆ ਅਤੇ ਫਿਰ ਪੁਲੀਸ ਨੇ ਬਹੁਤ ਹੀ ਹਲਕੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ, ਜਿਸਦਾ ਨਤੀਜਾ ਇਹ ਹੋਇਆ ਕਿ ਉਸਦੇ ਹਮਲਾਵਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ।
ਉਹਨਾਂ ਦੱਸਿਆ ਕਿ ਜਦੋਂ ਸਿਵਲ ਹਸਪਤਾਲ ਫੇਜ਼-6 ਤੋਂ ਡਾਕਟਰ ਦੀ ਰਿਪੋਰਟ ਆਈ ਤਾਂ ਪੁਲੀਸ ਨੂੰ ਮਾਮਲੇ ਵਿੱਚ ਇੱਕ ਧਾਰਾ ਜੋੜਨੀ ਪਈ। ਜਿਸ ਕਾਰਨ ਉਸਨੂੰ ਚਾਕੂ ਮਾਰਨ ਵਾਲੇ ਸਿਕੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ। ਪਰੰਤੂ ਫਿਰ ਵੀ ਪੁਲੀਸ ਨੇ ਉਸਨੂੰ ਗ੍ਰਿਫ਼ਤਾਰ ਨਹੀਂ ਕੀਤਾ।
ਸੁਖਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਆਸੀ ਦਬਾਓ ਪੈਣ ਕਾਰਨ ਪੁਲੀਸ ਵਲੋਂ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਸਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇ।
ਇਸ ਸੰਬੰਧੀ ਸੰਪਰਕ ਕਰਨ ਤੇ ਥਾਣਾ ਬਨੂੜ ਦੇ ਐਸਐਚਓ ਗੁਰਸੇਵਕ ਸਿੰਘ ਨੇ ਕਿਹਾ ਕਿ ਹੁਲਕਾ ਪਿੰਡ ਵਿੱਚ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿੱਚ ਸੁਖਦੀਪ ਸਿੰਘ ਦੇ ਬਿਆਨਾਂ ਤੇ ਧਾਰਾ 326 ਤਹਿਤ ਰਾਮ ਸਿੰਘ, ਸਕਿੰਦਰ ਸਿੰਘ ਸਮੇਤ 7 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਸੀ, ਜਿਸ ਵਿੱਚ ਸਕਿੰਦਰ ਸਿੰਘ ਨੂੰ ਛੱਡਕੇ ਬਾਕੀ ਲੋਕਾਂ ਨੂੰ ਜਮਾਨਤ ਵੀ ਮਿਲ ਗਈ ਹੈ। ਉਹਨਾਂ ਕਿਹਾ ਕਿ ਜੇਕਰ ਮੈਡੀਕਲ ਰਿਕਾਰਡ ਚੈਕ ਕਰਨ ਤੇ ਧਾਰਾ 307 ਦਾ ਵਾਧਾ ਕਰਨਾ ਪਿਆ ਉਹ ਵੀ ਕੀਤਾ ਜਾਵੇਗਾ। ਉਹਨਾਂ ਇਸ ਕੇਸ ਵਿੱਚ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਇਨਕਾਰ ਕੀਤਾ।
ਇਸ ਸੰਬੰਧੀ ਦੂਜੀ ਪਾਰਟੀ ਦੇ ਰਾਮ ਸਿੰਘ ਨੇ ਸੁਖਦੀਪ ਦੇ ਇਲਜ਼ਾਮਾਂ ਤੋਂ ਇੰਨਕਾਰ ਕਰਦਿਆਂ ਕਿਹਾ ਕਿ ਹਮਲਾ ਉਹਨਾਂ ਨੇ ਨਹੀਂ ਕੀਤਾ, ਬਲਕਿ ਉਨ੍ਹਾਂ ਨੇ ਸਾਡੇ ਉੱਤੇ ਕੀਤਾ ਹੈ। ਉਹਨਾਂ ਕਿਹਾ ਕਿ ਉਹ ਖੁਦ ਰਾਜਪੁਰਾ ਹਸਪਤਾਲ ਦਾਖਿਲ ਰਹੇ, ਫਿਰ ਹਾਲਾਤ ਗੰਭੀਰ ਹੋਣ ਕਾਰਨ ਪਟਿਆਲਾ ਰੈਫਰ ਕੀਤਾ ਗਿਆ। ਉਨ੍ਹਾਂ ਦੇ ਅੰਮ੍ਰਿਤਧਾਰੀ ਪੁੱਤਰ ਸਕਿੰਦਰ ਸਿੰਘ ਦੀ ਪਗੜੀ ਤੇ ਕੇਸਾਂ ਦੀ ਬੇਅਬਦੀ ਕੀਤੀ ਗਈ ਜਿਸਤੇ ਉਸਨੇ ਆਪਣੇ ਬਚਾਅ ਲਈ ਸਿਰੀ ਸਾਹਿਬ ਨਾਲ ਹਮਲਾ ਕੀਤਾ ਸੀ।
ਪਿੰਡ ਦੇ ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਰਾਸਤੇ ਨੂੰ ਲੈਕੇ ਹੋਏ ਝਗੜੇ ਵਿੱਚ ਨੁਕਸਾਨ ਦੋਵਾਂ ਧਿਰਾਂ ਦਾ ਹੋਇਆ ਹੈ, ਇਸ ਲਈ ਦੋਵਾਂ ਧਿਰਾਂ ਨੂੰ ਬਿਠਾ ਕੇ ਮਾਮਲਾ ਹੱਲ ਕਰਵਾਇਆ ਜਾਵੇਗਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
