Connect with us

Punjab

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਦੁਪਹਿਰ 3 ਵਜੇ ਤੱਕ ਹੋਈ 41.04 ਫੀਸਦੀ ਪੋਲਿੰਗ

Published

on

 

 

ਆਪ, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਪਰਿਵਾਰਾਂ ਸਣੇ ਵੋਟ ਪਾਉਣ ਪੁੱਜੇ

ਲੁਧਿਆਣਾ, 19 ਜੂਨ (ਸ.ਬ.) ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ। ਦੁਪਹਿਰ 3 ਵਜੇ ਤੱਕ 41.04 ਫੀਸਦੀ ਵੋਟਿੰਗ ਹੋਈ ਸੀ। ਇਸ ਚੋਣ ਲਈ ਪੁਲੀਸ ਅਤੇ ਪ੍ਰਸ਼ਾਸਨ ਵਲੋਂ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ 1.74 ਲੱਖ ਵੋਟਰ ਹਨ।

ਇਸ ਦੌਰਾਨ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਸ਼ਾਮਲ ਹਨ, ਨੇ ਆਪੋ ਆਪਣੇ ਪਰਿਵਾਰਾਂ ਨਾਲ ਵੋਟ ਪਾਉਣ ਲਈ ਪੋਲਿੰਗ ਬੂਥਾਂ ਤੇ ਪੁੱਜੇ।

ਜ਼ਿਮਨੀ ਚੋਣ ਲਈ ਭਖੇ ਹੋਏ ਮਾਹੌਲ ਦੇ ਮੱਦੇਨਜ਼ਰ ਕੇਂਦਰੀ ਬਲਾਂ ਦੀਆਂ ਪੰਜ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਹਲਕੇ ਵਿੱਚ 1404 ਪੁਲੀਸ ਮੁਲਾਜ਼ਮ ਲਗਾਏ ਗਏ ਹਨ। ਜ਼ਿਮਨੀ ਚੋਣ ਨੂੰ ਦੇਖਦਿਆਂ 60 ਪੁਲੀਸ ਨਾਕੇ ਲਾਏ ਗਏ ਹਨ ਅਤੇ 19 ਗਸ਼ਤੀ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਅੱਜ ਲੁਧਿਆਣਾ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਇਸ ਦੌਰਾਨ ਜਨਰਲ ਅਬਜ਼ਰਵਰ ਦੀ ਅਗਵਾਈ ਹੇਠ 66 ਮਾਈਕਰੋ ਅਬਜ਼ਰਵਰ ਲਾਏ ਗਏ ਹਨ। ਆਪ ਅਤੇ ਕਾਂਗਰਸ ਵਿੱਚ ਸਿਰ-ਧੜ ਦੀ ਬਾਜ਼ੀ ਲੱਗੀ ਹੋਣ ਕਰਕੇ ਮਾਹੌਲ ਵਿੱਚ ਕਾਫ਼ੀ ਤਲਖ਼ੀ ਬਣੀ ਹੋਈ ਹੈ।

ਲੁਧਿਆਣਾ ਪੱਛਮੀ ਨਿਰੋਲ ਸ਼ਹਿਰੀ ਸੀਟ ਹੈ ਅਤੇ ਤਾਪਮਾਨ ਘਟਣ ਕਰਕੇ ਅੱਜ ਪੋਲਿੰਗ ਦਰ ਠੀਕ ਰਹਿਣ ਦੀ ਸੰਭਾਵਨਾ ਹੈ। ਪਹਿਲਾਂ ਵੀ ਕਦੇ ਇਸ ਹਲਕੇ ਦੀ ਪੋਲਿੰਗ ਦਰ 62 ਫ਼ੀਸਦੀ ਤੋਂ ਡਿੱਗੀ ਨਹੀਂ ਹੈ।

ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਮੈਦਾਨ ਵਿੱਚ ਇੱਕ ਮਹਿਲਾ ਸਮੇਤ ਕੁੱਲ 14 ਉਮੀਦਵਾਰ ਹਨ। ਵੋਟਾਂ ਪੈਣ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਹਲਕੇ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਸੀ। ਜਵਾਹਰ ਨਗਰ ਇਲਾਕੇ ਵਿੱਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਪੁਲੀਸ ਦਰਮਿਆਨ ਆਪਸੀ ਖਿੱਚੋਤਾਣ ਦੀ ਘਟਨਾ ਸਾਹਮਣੇ ਆਈ। ਆਸ਼ੂ ਨੇ ਕਿਹਾ ਕਿ ਉਨ੍ਹਾਂ ਦੇ ਵਰਕਰਾਂ ਨੇ ਰਾਸ਼ਨ ਵੰਡ ਰਹੇ ਇਕ ਵਿਅਕਤੀ ਨੂੰ ਫੜਿਆ ਅਤੇ ਪੁਲੀਸ ਨੇ ਆਪ ਸਰਕਾਰ ਦੇ ਇਸ਼ਾਰੇ ਤੇ ਧੱਕੇਸ਼ਾਹੀ ਸ਼ੁਰੂ ਕਰ ਦਿੱਤੀ।

ਜ਼ਿਮਨੀ ਚੋਣ ਵਿੱਚ ਲੜ ਰਹੇ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਇਹ ਪਹਿਲੀ ਵਿਧਾਨ ਸਭਾ ਚੋਣ ਹੈ ਜਦੋਂ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੋ ਵਾਰ ਪਹਿਲਾਂ ਵੀ ਚੋਣ ਜਿੱਤੇ ਚੁੱਕੇ ਹਨ। ਇਸ ਹਲਕੇ ਤੋਂ ਛੇ ਵਾਰ ਕਾਂਗਰਸ ਪਾਰਟੀ ਜੇਤੂ ਰਹੀ ਹੈ। ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵੱਕਾਰ ਵੀ ਹਲਕੇ ਨਾਲ ਜੁੜਿਆ ਹੋਇਆ ਹੈ ਜਿੱਥੋਂ ਭਾਜਪਾ ਦੇ ਜੀਵਨ ਗੁਪਤਾ ਮੈਦਾਨ ਵਿੱਚ ਹਨ। ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਕਈ ਦਿੱਗਜ ਆਗੂ ਆ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਪਾਰਟੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਵਿੱਚ ਹੰਭਲਾ ਮਾਰਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending