Connect with us

Punjab

ਬਿਆਸ ਦਰਿਆ ਦੇ ਜ਼ਮੀਨਦੋਜ਼ ਟੋਇਆਂ ਵਿੱਚ ਤਰਪਾਲਾਂ ਵਿੱਚ ਲੁਕਾਈ 5 ਹਜ਼ਾਰ ਕਿਲੋ ਲਾਹਣ ਬਰਾਮਦ

Published

on

 

 

ਗੁਰਦਾਸਪੁਰ, 25 ਜੂਨ (ਸ.ਬ.) ਥਾਣਾ ਭੈਣੀ ਮੀਆਂ ਖਾਨ ਅਧੀਨ ਪੈਂਦੇ ਪਿੰਡ ਮੌਚਪੁਰ ਵਿੱਚ ਆਬਕਾਰੀ ਵਿਭਾਗ ਅਤੇ ਪੁਲੀਸ ਵੱਲੋਂ ਸਾਂਝੀ ਕਾਰਵਾਈ ਦੌਰਾਨ ਬਿਆਸ ਦਰਿਆ ਦੇ ਕੰਢੇ ਜ਼ਮੀਨਦੋਜ਼ ਟੋਇਆਂ ਵਿੱਚ ਤਰਪਾਲਾਂ ਵਿੱਚ ਲੁਕਾਈ ਪੰਜ ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਟੀਮ ਵੱਲੋਂ ਇਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ।

ਬਰਾਮਦਗੀ ਕਰਨ ਵਾਲੀ ਟੀਮ ਵਿੱਚ ਆਬਕਾਰੀ ਇੰਸਪੈਕਟਰ ਦੀਪਕ ਕੁਮਾਰ ਅਤੇ ਥਾਣਾ ਭੈਣੀ ਮੀਆਂ ਖਾਨ ਇੰਚਾਰਜ ਸਰਬਜੀਤ ਸਿੰਘ ਸ਼ਾਮਲ ਸਨ। ਇਸ ਦੌਰਾਨ ਏ ਐਸ ਆਈ ਜਸਵਿੰਦਰਪਾਲ ਸਿੰਘ ਨੇ ਪੁਲੀਸ ਪਾਰਟੀ ਸਮੇਤ ਬਿਆਸ ਦਰਿਆ ਦੇ ਕੰਢੇ ਮੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਸਾਂਝੇ ਆਪ੍ਰੇਸ਼ਨ ਦੌਰਾਨ ਜ਼ਮੀਨਦੋਜ਼ ਟੋਇਆਂ ਵਿੱਚ 25 ਤਰਪਾਲਾਂ ਵਿੱਚ ਲੁਕਾਈ ਪੰਜ ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਏਐਸ ਆਈ ਰਾਕੇਸ਼ ਕੁਮਾਰ ਨੇ ਪੁਲੀਸ ਅਤੇ ਆਬਕਾਰੀ ਵਿਭਾਗ ਦੀ ਟੀਮ ਨਾਲ ਮਿਲ ਕੇ ਸਰਕੰਢਿਆਂ ਵਿੱਚ ਲੁਕਾਏ ਪਲਾਸਟਿਕ ਦੇ ਕੈਨਾਂ ਵਿੱਚੋਂ 90 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Continue Reading

Chandigarh

ਹੰਗਾਮੇ ਭਰਿਆ ਰਿਹਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਆਖ਼ਰੀ ਦਿਨ

Published

on

By

ਕਾਂਗਰਸੀ ਵਿਧਾਇਕਾਂ ਨੇ ਸਰਕਾਰ ਵਿਰੁੱਧ ਵੱਖ-ਵੱਖ ਮੁੱਦਿਆਂ ਤੇ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ

ਚੰਡੀਗੜ੍ਹ, 27 ਅਕਤੂਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਪੰਜਾਬ ਵਿਧਾਨ ਸਭਾ ਇਜਲਾਸ ਦੀ ਆਖਰੀ ਬੈਠਕ ਤੋਂ ਪਹਿਲਾਂ, ਕਾਂਗਰਸੀ ਵਿਧਾਇਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਵੱਖ-ਵੱਖ ਮੁੱਦਿਆਂ ਤੇ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦਾ ਚੋਣ ਨਿਸ਼ਾਨ ‘ਝਾੜੂ’ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਉੱਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਸ ਨੂੰ ਸਾਂਭਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਨਹੀਂ ਮਿਲ ਪਾ ਰਿਹਾ ਹੈ, ਜਦੋਂਕਿ ਲੰਘੇ ਦਿਨ ਮੋਗਾ ਵਿੱਚ ਹੋਏ ਕਤਲਾਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਇਸ ਦੌਰਾਨ ਪੱਤਰਕਾਰ ਗੈਲਰੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕ ਉਸ ਵੇਲੇ ਆਪਸ ਵਿਚ ਭਿੜ ਗਏ ਜਦੋਂ ਕੁਲਦੀਪ ਸਿੰਘ ਧਾਲੀਵਾਲ ਪੱਤਰਕਾਰਾਂ ਨਾਲ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ । ਇਸ ਮੌਕੇ ਸੱਤਾ ਧਿਰ ਦੇ ਵਿਧਾਇਕ ਇਹ ਵੀ ਦੋਸ਼ ਲਗਾਇਆ ਕਿ ਪ੍ਰਤਾਪ ਬਾਜਵਾ ਨੇ ਉਨ੍ਹਾਂ ਨੂੰ ਕੂਹਣੀ ਮਾਰੀ ਹੈ।

ਦੂਜੇ ਪਾਸੇ ਕਾਂਗਰਸ ਨੇ ਦੋਸ਼ ਲਗਾਇਆ ਕਿ ਸੱਤਾਧਿਰ ਪੋਡੀਅਮ ਤੇ ਧੱਕੇ ਨਾਲ ਕਬਜ਼ਾ ਕਰਵਾ ਰਹੀ ਹੈ। ਸਰਕਾਰ ਚਾਹੁੰਦੀ ਹੈ ਕਿ ਅੰਦਰ ਵੀ ਸਾਡਾ ਕਬਜ਼ਾ ਰਹੇ ਅਤੇ ਬਾਹਰ ਵੀ ਅਸੀਂ ਬੋਲੀਏ। ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਕੰਮਕਾਜ ਤੇ ਸਵਾਲ ਚੁੱਕਦਿਆਂ ਸਰਕਾਰ ਦੀ ਕਾਰਗੁਜ਼ਾਰੀ ਨੂੰ ਘੇਰਿਆ ਅਤੇ ਸੁਖਪਾਲ ਖਹਿਰਾ ਖ਼ਿਲਾਫ ਪਾਸ ਕੀਤੇ ਮਤੇ ਦੀ ਕਾਪੀ ਵੀ ਪਾੜ ਕੇ ਸੁੱਟ ਦਿੱਤੀ।

ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਯਮੁਨਾ ਦੇ ਪਾਣੀਆਂ ਵਿੱਚ ਰਾਜ ਦੇ ਹੱਕੀ ਅਤੇ ਜਾਇਜ਼ ਹਿੱਸੇ ਦੀ ਪ੍ਰਾਪਤੀ ਲਈ ਇੱਕ ਵਿਸ਼ੇਸ਼ ਮਤਾ ਪੇਸ਼ ਕੀਤਾ। ਮਤੇ ਵਿੱਚ ਕਿਹਾ ਗਿਆ ਹੈ ਕਿ 1966 ਵਿੱਚ ਪੰਜਾਬ ਦੇ ਪੁਨਰਗਠਨ ਤੋਂ ਪਹਿਲਾਂ ਯਮੁਨਾ ਨਦੀ ਅਣਵੰਡੇ ਪੰਜਾਬ ਵਿੱਚੋਂ ਵਗਦੀ ਸੀ, ਜਿਸ ਕਰਕੇ ਪੰਜਾਬ ਦਾ ਇਸ ਦੇ ਪਾਣੀਆਂ ਉੱਤੇ ਇਤਿਹਾਸਕ ਅਤੇ ਕਾਨੂੰਨੀ ਹੱਕ ਬਣਦਾ ਹੈ। ਬਰਿੰਦਰ ਗੋਇਲ ਨੇ ਸਦਨ ਵਿੱਚ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਸਥਿਤ ਸਿੰਚਾਈ ਹੈਡਵਰਕਸ ਦੇ ਪ੍ਰਬੰਧ ਅਤੇ ਸੰਚਾਲਨ ਨੂੰ ਪੰਜਾਬ ਸਰਕਾਰ ਦੇ ਅਧੀਨ ਕਰਨ ਲਈ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 79(1)(ਸੀ) ਵਿੱਚ ਸੋਧ ਕਰਨ ਸਬੰਧੀ ਮਤਾ ਪੇਸ਼ ਕੀਤਾ। ਮਤੇ ਵਿੱਚ ਕਿਹਾ ਗਿਆ ਹੈ ਕਿ ਇਹ ਹੈਡਵਰਕਸ ਪੰਜਾਬ ਦੀ ਭੂਗੋਲਿਕ ਹੱਦ ਅੰਦਰ ਆਉਂਦੇ ਹਨ, ਇਸ ਲਈ ਇਨ੍ਹਾਂ ਦਾ ਨਿਯੰਤਰਣ (ਕੰਟਰੋਲ) ਪੰਜਾਬ ਕੋਲ ਹੀ ਹੋਣਾ ਚਾਹੀਦਾ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 79 ਤਹਿਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਭਭੰਭ) ਨੂੰ ਇਨ੍ਹਾਂ ਹੈਡਵਰਕਸ ਦਾ ਪ੍ਰਬੰਧ ਸੌਂਪਣਾ ਸੰਵਿਧਾਨ ਦੀ ਸੱਤਵੀਂ ਅਨੁਸੂਚੀ (ਰਾਜ ਸੂਚੀ) ਦੀ ਐਂਟਰੀ 17 ਦੇ ਵਿਰੁੱਧ ਹੈ, ਕਿਉਂਕਿ ਪਾਣੀ ਨੂੰ ਨਿਯਮਿਤ ਕਰਨ ਦਾ ਅਧਿਕਾਰ ਰਾਜ ਕੋਲ ਹੀ ਹੈ। ਦੇਸ਼ ਦੇ ਹੋਰਨਾਂ ਸੂਬਿਆਂ (ਜਿਵੇਂ ਹਰਿਆਣਾ ਦਾ ਹਥਨੀਕੁੰਡ ਬੈਰੇਜ, ਰਾਜਸਥਾਨ ਦਾ ਕੋਟਾ ਬੈਰੇਜ ਅਤੇ ਦਿੱਲੀ ਦਾ ਓਖਲਾ ਬੈਰੇਜ) ਵਿੱਚ ਹੈਡਵਰਕਸ ਦੀ ਮਲਕੀਅਤ ਅਤੇ ਸੰਚਾਲਨ ਉਸੇ ਸੂਬੇ ਕੋਲ ਹੈ, ਜਿੱਥੇ ਉਹ ਸਥਿਤ ਹਨ। ਉਹਨਾਂ ਕਿਹਾ ਕਿ ਇਨ੍ਹਾਂ ਹੈਡਵਰਕਸ ਨੂੰ ਪੰਜਾਬ ਦੇ ਹਵਾਲੇ ਕਰਨ ਨਾਲ ਹਰਿਆਣਾ ਦੇ ਹਿੱਤ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਇੱਥੋਂ ਹਰਿਆਣਾ ਨੂੰ ਕੋਈ ਪਾਣੀ ਸਪਲਾਈ ਨਹੀਂ ਕੀਤਾ ਜਾਂਦਾ ਅਤੇ ਹਰੀਕੇ ਵਿਖੇ ਰਾਜਸਥਾਨ ਦੇ ਪਾਣੀ ਦੀ ਨਿਗਰਾਨੀ ਪਹਿਲਾਂ ਹੀ ਸਾਂਝੇ ਤੌਰ ਤੇ ਕੀਤੀ ਜਾਂਦੀ ਹੈ।

ਇਸ ਤੋਂ ਪਹਿਲਾਂ ਸਦਨ ਵਿੱਚ ਸਿਫ਼ਰ ਕਾਲ ਦੌਰਾਨ ਵਿਧਾਇਕ ਹਰਮੀਤ ਸਿੰਘ ਨੇ ਚੋਣਾਂ ਵਿੱਚ ਡਰੱਗ ਮਨੀ ਦੀ ਵਰਤੋਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਅਜਿਹੀ ਮਹਿਲਾ ਨੂੰ ਹਲਕਾ ਇੰਚਾਰਜ ਬਣਾਇਆ ਹੈ, ਜਿਸ ਦੇ ਪਤੀ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਡਰੱਗ ਮਨੀ ਦੀ ਵਰਤੋਂ ਹੋਈ ਹੈ ਅਤੇ ਹਲਕੇ ਦੇ ਕਈ ਸਰਪੰਚਾਂ ਦੇ ਕਤਲ ਹੋਏ ਹਨ, ਇਸ ਲਈ ਇਸ ਪੂਰੇ ਮਾਮਲੇ ਦੀ ਜਾਂਚ ਸਿੱਟ ਗਠਿਤ ਕਰ ਕੇ ਕੀਤੀ ਜਾਵੇ। ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਦਾ ਨਾਂ ਭਾਈ ਘਨੱਈਆ ਜੀ ਦੇ ਨਾਂ ਤੇ ਰੱਖਣ ਦੀ ਮੰਗ ਕੀਤੀ ਹੈ।

ਇਸ ਦੌਰਾਨ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਟੱਲੀ ਵਾਲੀ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੋਤਲ ਦਿਖਾ ਕੇ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ਤੇ ਘੇਰਦਿਆਂ ਦਾਅਵਾ ਕੀਤਾ ਕਿ ਉਹ ਇਸ ਬੋਤਲ ਰਾਹੀਂ ਮੁੱਖ ਮੰਤਰੀ ਦੀ ਪਸੰਦ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਉਠਾ ਰਹੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਪਹਿਲਾਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਗਏ ਸਨ ਪਰ ਉਨ੍ਹਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹੁਣ ਉਹ ਵਿਧਾਨ ਸਭਾ ਦੇ ਬਾਹਰ ਬੋਤਲ ਲੈ ਕੇ ਪਹੁੰਚੇ ਹਨ।

ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਧਿਰ ਕਾਂਗਰਸ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ ਤੇ ਮਤਾ ਲਿਆਉਣ ਸਮੇਂ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚੋਂ ਚਲੇ ਗਏ, ਜਦਕਿ ਉਨ੍ਹਾਂ ਦੀ ਸਰਕਾਰ ਪਾਣੀਆਂ ਦੀ ਰਾਖੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਸ ਦੇ ਆਗੂ ਰੋਜ਼ਾਨਾ ਸਦਨ ਵਿੱਚ ਆ ਕੇ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ਤੇ ਵੋਟ ਚੋਰੀ ਦਾ ਮੁੱਦਾ ਉਠਾਉਣ ਵਾਲੇ ਵਿਰੋਧੀ ਧਿਰ ਦੇ ਆਗੂ ਇੱਥੇ ਬਹਿਸ ਦਾ ਸਾਹਮਣਾ ਨਹੀਂ ਕਰ ਰਹੇ ਸਨ।

Continue Reading

Mohali

ਮੁਹਾਲੀ ਦੀ ਖਿਡਾਰਨ ਜੋਆਏ ਬੈਦਵਾਣ ਨੇ ਵਰਲਡ ਸਕੂਲ ਖੇਡਾਂ ਬ੍ਰਾਜ਼ੀਲ ਲਈ ਭਾਰਤ ਵਲੋਂ ਸੀਟ ਪੱਕੀ ਕੀਤੀ

Published

on

By

ਅਕਾਲੀ ਦਲ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ

ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਮੁਹਾਲੀ ਦੇ ਪਿੰਡ ਮਟੌਰ ਦੀ ਵਸਨੀਕਾਂ ਅਤੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ ਦੀ ਧੀ ਜੁਆਏ ਬੈਦਵਾਣ ਨੇ ਮਦਰਾਸ ਵਿਖੇ ਹੋ ਰਹੀਆਂ ਜੂਨੀਅਰ ਨੈਸ਼ਨਲ ਗੇਮਜ਼ ਅੰਡਰ 18 ਵਿੱਚ ਸ਼ਾਟਪੁੱਟ ਦੇ ਮੁਕਾਬਲੇ ਵਿੱਚ ਇੱਕ ਵਾਰ ਫੇਰ ਗੋਲਡ ਮੈਡਲ ਜਿੱਤ ਕੇ ਬਰਾਜ਼ੀਲ ਵਿੱਚ 3 ਦਸੰਬਰ ਤੋਂ ਹੋਣ ਜਾ ਰਹੀਆਂ ਇੰਟਰਨੈਸ਼ਨਲ ਸਕੂਲ ਗੇਮਜ਼ ਵਾਸਤੇ ਕੁਆਲੀਫਾਈ ਕਰ ਲਿਆ ਹੈ ਅਤੇ ਹੁਣ ਉਹ ਭਾਰਤ ਵੱਲੋਂ ਕੁਆਲੀਫਾਈ ਕਰਕੇ ਬ੍ਰਾਜ਼ੀਲ ਖੇਡਣ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈਆਂ ਨੈਸ਼ਨਲ ਸਕੂਲ ਗੇਮਜ਼ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਐਸ. ਜੀ. ਐਫ. ਆਈ ਇੰਟਰਨੈਸ਼ਨਲ ਸਕੂਲ ਗੋਆ ਅੰਡਰ 17 ਵਿੱਚ ਵੀ ਉਸਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਜੋਆਏ ਬੈਦਵਾਣ ਨੇ ਗੱਲਬਾਤ ਕਰਦੇ ਦੱਸਿਆ ਕਿ ਉਸਦੀ ਮਿਹਨਤ ਅਤੇ ਸਫ਼ਲਤਾ ਪਿੱਛੇ ਸਭ ਤੋਂ ਵੱਡਾ ਹੱਥ ਉਹਨਾਂ ਦੇ ਪਿਤਾ ਅਤੇ ਕੋਚ ਸਾਹਿਬ ਦਾ ਹੈ ਜੋ ਉਸ ਲਈ ਹਮੇਸ਼ਾ ਹਰ ਤਰੀਕੇ ਨਾਲ ਖੜੇ ਰਹਿੰਦੇ ਹਨ।

ਜੋਆਏ ਦੀ ਇਸ ਪ੍ਰਾਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਇਕਾਈ ਦੇ ਪ੍ਰਧਾਨ ਸ. ਪਰਵਿੰਦਰ ਸਿੰਘ ਸੋਹਾਣਾ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਭੁਪਿੰਦਰ ਕੌਰ ਗੋਸਲ , ਬੀਬੀ ਬਲਜਿੰਦਰ ਕੌਰ, ਬੀਬੀ ਹਰਜਿੰਦਰ ਕੌਰ ਸਮੇਤ ਕਈ ਹੋਰ ਮਹਿਲਾਵਾਂ ਵੀ ਮੌਜੂਦ ਸਨ।

ਜੋਆਏ ਬੈਦਵਾਨ ਦੇ ਪਿਤਾ ਸz. ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਜੁਆਏ ਬੈਦਵਾਨ ਨੇ 2023 ਵਿੱਚ ਵੀ ਅੰਡਰ 14 ਇੰਡੀਆ ਸ਼ਾਟਪੁੱਟ ਵਿੱਚ ਵੀ ਰਿਕਾਰਡ ਬਣਾ ਕੇ ਗੋਲਡ ਮੈਡਲ ਜਿੱਤਿਆ ਸੀ। ਉਸ ਤੋਂ ਬਾਅਦ 2024 ਵਿੱਚ ਅੰਡਰ 17 ਵਿੱਚ ਵੀ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ। ਇਸਤੋਂ ਬਾਅਦ 2025 ਵਿੱਚ ਹੋਈਆਂ ਯੂਥ ਗੇਮਜ਼ ਵਿੱਚ ਉਸਨੇ ਗੋਲਡ ਮੈਡਲ ਆਪਣੇ ਨਾਮ ਕੀਤਾ।

ਦੱਸਣਯੋਗ ਹੈ ਕਿ ਜੋਆਏ ਬੈਦਵਾਣ ਨੇ ਇਸਤੋਂ ਪਹਿਲਾਂ ਵੀ ਬਹਿਰੀਨ ਅਤੇ ਸਾਊਦੀ ਅਰਬ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਪੰਜਾਬ ਸਮੇਤ ਭਾਰਤ ਦਾ ਨਾਮ ਰੌਸ਼ਨ ਕੀਤਾ ਸੀ। ਸ਼ਾਟਪੁੱਟ ਖੇਡਾਂ ਦੇ ਨਾਲ ਨਾਲ ਜੋਆਏ ਬੈਦਵਾਣ ਵੱਲੋਂ ਆਪਣੀ ਪੜਾਈ ਵੀ ਡੀ.ਏ.ਵੀ ਸੈਕਟਰ 8 ਤੋਂ ਕੀਤੀ ਜਾ ਰਹੀ ਹੈ।

Continue Reading

Mohali

ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਪਾਲ ਸਿੰਘ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਹੀਪਾਲ ਸਿੰਘ ਹਜੂਰੀ ਰਾਗੀ ਸ੍ਰੀ ਅਕਾਲ ਤਖਤ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਸ੍ਰੀ ਖਡੂਰ ਸਾਹਿਬ ਵਾਲਿਆਂ ਵਲੋਂ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਪਾਲਜੀਤ ਕੌਰ ਲੁਧਿਆਣੇ ਵਾਲਿਆਂ ਦਾ ਢਾਡੀ ਜੱਥਾ, ਭਾਈ ਬਲਜਿੰਦਰ ਸਿੰਘ ਸ਼੍ਰੀ ਫਹਿਤਗੜ੍ਹਸਾਹਿਬ, ਭਾਈ ਸੁਖਜੀਤ ਸਿੰਘ ਗੁ ਬਾਉਲੀ ਸਾਹਿਬ, ਭਾਈ ਕੁਲਵਿੰਦਰ ਸਿੰਘ ਰਾਜਪੁਰਾ, ਭਾਈ ਸੁਰਿੰਦਰ ਸਿੰਘ ਗੁ ਸ੍ਰੀ ਫਤਿਹਗੜ੍ਹ ਸਾਹਿਬ, ਸ੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਭਾਈ ਜਗਸੀਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।

ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

ਗੁਰੂਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 8 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Latest News

Trending