Chandigarh
ਵਿਧਾਨਸਭਾ ਵਿੱਚ ਬੇਅਦਬੀ ਬਾਰੇ ਬਿਲ ਤੇ ਹੋਈ ਭਰਵੀਂ ਬਹਿਸ
ਚੰਡੀਗੜ੍ਹ, 15 ਜੁਲਾਈ (ਸ.ਬ.) ਵਿਧਾਨਸਭਾ ਵਿੱਚ ਬੇਅਦਬੀ ਕਾਨੂੰਨ ਬਾਰੇ ਭਰਵੀਂ ਬਹਿਸ ਹੋਈ ਅਤੇ ਸਾਰੀਆਂ ਹੀ ਪਾਰਟੀਆਂ ਵਲੋਂ ਇਸ ਵਿੱਚ ਭਾਗ ਲੈਂਦਿਆਂ ਆਪਣੇ ਵਿਚਾਰ ਪੇਸ਼ ਕੀਤੇ ਗਏ।
ਕੈਬਿਨਟ ਮੰਤਰੀ ਅਮਨ ਅਰੋੜਾ ਨੇ ਬੇਅਦਬੀ ਕਾਨੂੰਨ ਬਾਰੇ ਕਿਹਾ ਕਿ ਜਦੋਂ ਬਰਗਾੜੀ ਵਿਚ ਬੇਅਦਬੀ ਬਿੱਲ ਬਣਾਇਆ ਗਿਆ ਸੀ, ਤਾਂ ਕੇਂਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਾਮ ਦਰਜ ਕੀਤਾ ਗਿਆ ਸੀ ਪਰ ਹੋਰ ਧਰਮਾਂ ਦਾ ਕੋਈ ਜ਼ਿਕਰ ਨਹੀਂ ਸੀ। ਕਾਂਗਰਸ ਦੇ ਸਮੇਂ ਆਈ.ਪੀ.ਸੀ. ਦੀ ਧਾਰਾ 295 ਵਿਚ ਸੋਧ ਕੀਤੀ ਗਈ ਸੀ, ਪਰ ਕੁੱਝ ਨਹੀਂ ਹੋਇਆ।
ਉਹਨਾਂ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਨੇ ਇਹ ਅਭਿਆਸ ਸ਼ੁਰੂ ਕੀਤਾ ਤਾਂ ਪਤਾ ਲੱਗਾ ਕਿ ਆਈ. ਪੀ. ਸੀ. ਨੂੰ ਖਤਮ ਕਰਕੇ ਬੀ.ਐਨ.ਐਸ. ਬਣਾਈ ਗਈ ਹੈ। ਇਸ ਲਈ, ਇਹ ਪ੍ਰਕਿਰਿਆ ਨਵੇਂ ਸਿਰੇ ਤੋਂ ਸ਼ੁਰੂ ਹੋਈ। ਉਹਨਾਂ ਕਿਹਾ ਕਿ ਇਸ ਕਾਨੂੰਨ ਅਨੁਸਾਰ ਜੇ ਕਿਤੇ ਬੇਅਦਬੀ ਹੁੰਦੀ ਹੈ, ਤਾਂ ਧਾਰਮਕ ਗ੍ਰੰਥਾਂ ਨੂੰ ਮਾਲਖ਼ਾਨੇ ਵਿਚ ਨਹੀਂ ਰੱਖਿਆ ਜਾਵੇਗਾ, ਬਲਕਿ ਇਸ ਦੀ ਵੀਡੀਉਗ੍ਰਾਫੀ ਕੀਤੀ ਜਾਵੇਗੀ ਅਤੇ ਫਿਰ ਇਸ ਨੂੰ ਸਬੰਧਤ ਲੋਕਾਂ ਨੂੰ ਸੌਂਪ ਦਿਤਾ ਜਾਵੇਗਾ।
ਅਮਨ ਅਰੋੜਾ ਨੇ ਕਿਹਾ ਕਿ ਇਸ ਬਿੱਲ ਵਿੱਚ ਸਜ਼ਾਵਾਂ ਨੂੰ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਘਟਨਾ ਸਮੇਂ ਵੀ ਬਿੱਲ ਲਿਆਂਦਾ ਗਿਆ ਸੀ ਪਰ ਕੇਂਦਰ ਨੇ ਇਹ ਕਹਿ ਕੇ ਬਿੱਲ ਮੋੜ ਦਿਤਾ ਕਿ ਇਸ ਵਿਚ ਸਿਰਫ਼ ਇੱਕ ਧਰਮ ਦੀ ਗੱਲ ਹੈ। ਕਾਂਗਰਸ ਵਲੋਂ ਲਿਆਂਦੇ ਬਿੱਲ ਤੇ ਵੀ ਕੇਂਦਰ ਨੇ ਕੋਈ ਧਿਆਨ ਨਹੀਂ ਦਿਤਾ। ਉਨ੍ਹਾਂ ਕਿਹਾ ਕਿ 60 ਦਿਨਾਂ ਯਾਨੀ ਦੋ ਮਹੀਨਿਆਂ ਵਿਚ, ਡੀ.ਐਸ.ਪੀ. ਪੱਧਰ ਦਾ ਅਧਿਕਾਰੀ ਇਸ ਮਾਮਲੇ ਦੀ ਜਾਂਚ ਪੂਰੀ ਕਰੇਗਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਚਲਾਨ ਪੇਸ਼ ਕਰੇਗਾ।
ਉਹਨਾਂ ਕਿਹਾ ਕਿ ਬਹਿਬਲ ਕਲਾਂ ਮਾਮਲੇ ਵਿਚ 4 ਚਲਾਨ ਪੇਸ਼ ਕੀਤੇ ਗਏ ਹਨ। ਇਹ ਚਾਰੇ ਚਲਾਨ ਕਾਂਗਰਸ ਸਰਕਾਰ ਦੌਰਾਨ ਪੇਸ਼ ਕੀਤੇ ਗਏ ਸਨ। ਇਨ੍ਹਾਂ ਵਿਚ ਅਮਰਜੀਤ ਸਿੰਘ, ਬਿਕਰਮਜੀਤ ਸਿੰਘ ਅਤੇ ਸੁਮੇਧ ਸਿੰਘ ਸੈਣੀ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ ਪਰ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਨਾਮ ਚਲਾਨ ਵਿਚ ਨਹੀਂ ਸਨ। ਸਾਡੀ ਸਰਕਾਰ ਨੇ ਚਲਾਨ ਪੇਸ਼ ਕੀਤਾ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਸੀ। ਕੋਟਕਪੂਰਾ ਮਾਮਲੇ ਵਿਚ ਚਰਨਜੀਤ ਸਿੰਘ ਸ਼ਰਮਾ ਨੇ ਕੇਸ ਨੂੰ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਸੁਣਵਾਈ 23 ਜੁਲਾਈ ਨੂੰ ਹੈ। ਕੇਸ 31 ਜੁਲਾਈ ਨੂੰ ਫ਼ਰੀਦਕੋਟ ਦੀ ਅਦਾਲਤ ਵਿਚ ਤੈਅ ਹੈ।
ਰਾਜ ਨਹੀਂ ਸੇਵਾ ਕਹਿਣ ਵਾਲਿਆਂ ਨੇ ਰੋਲੇ ਗੁਰੂ ਸਾਹਿਬ ਦੇ ਅੰਗ : ਬੈਂਸ
ਬੇਅਦਬੀ ਬਿੱਲ ਤੇ ਬਹਿਸ ਦੌਰਾਨ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਦਰਬਾਰ ਸਾਹਿਬ ਤੇ ਸਾਡੀ ਹੀ ਹਕੂਮਤ ਨੇ ਹਮਲਾ ਕਰਵਾਇਆ। ਉਨ੍ਹਾਂ ਕਿਹਾ ਕਿ ਰਾਜ ਨਹੀਂ ਸੇਵਾ ਕਹਿਣ ਵਾਲਿਆਂ ਨੇ ਗੁਰੂ ਸਾਹਿਬ ਦੇ ਅੰਗ ਰੋਲ ਦਿਤੇ ਤੇ ਰੋਸ ਵਜੋਂ ਧਰਨਾ ਦੇ ਰਹੀ ਸੰਗਤ ਤੇ ਗੋਲੀ ਚਲਵਾ ਦਿਤੀ ਤੇ ਹੁਣ ਵੀ ਉਹ ਅਕਾਲ ਤਖ਼ਤ ਸਾਹਿਬ ਵਿਚ ਦਖ਼ਲ ਦੇ ਰਹੇ ਹਨ।
ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਪਾਸ ਕਰਨ ‘ਬੇਅਦਬੀ ਬਿੱਲ : ਇਆਲੀ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜੀਵੰਤ ਗੁਰੂ ਮੰਨਦੇ ਹਾਂ। ਜਦੋਂ ਗੁਰਬਾਣੀ ਦਾ ਨਿਰਾਦਰ ਹੁੰਦਾ ਹੈ ਤਾਂ ਇਹ ਬਹੁਤ ਦੁਖਦਾਈ ਹੁੰਦਾ ਹੈ। ਇਆਲੀ ਨੇ ਕਿਹਾ ਕਿ ਗੁਰੂ ਸਾਹਿਬ ਖੁਦ ਸਜ਼ਾ ਦੇਣ ਦੇ ਸਮਰੱਥ ਹਨ। ਪਿਛਲੀਆਂ ਸਰਕਾਰਾਂ ਦੀ ਗੱਲ ਸੀ, ਪਰ ਮੈਂ ਕਹਿੰਦਾ ਹਾਂ ਕਿ ਕੋਈ ਵੀ ਸਰਕਾਰ ਜਾਣ ਬੁੱਝ ਕੇ ਨਿਰਾਦਰ ਨਹੀਂ ਕਰ ਸਕਦੀ। ਉਨ੍ਹਾਂ ਇਹ ਕਾਨੂੰਨ ਅਕਾਲੀ ਦਲ ਦੇ ਸਮੇਂ ਸ੍ਰੀ ਗੁਰੂ ਸਾਹਿਬ ਲਈ ਭੇਜਿਆ ਗਿਆ ਸੀ ਅਤੇ ਇਹ 2018 ਵਿਚ ਕਾਂਗਰਸ ਸਰਕਾਰ ਦੌਰਾਨ ਪਾਸ ਹੋਇਆ ਸੀ। ਇਸ ਲਈ, ਸਾਰੀਆਂ ਪਾਰਟੀਆਂ ਨੂੰ ਇਕ ਜੁੱਟ ਹੋ ਕੇ ਕਾਨੂੰਨ ਪਾਸ ਕਰਵਾਉਣਾ ਚਾਹੀਦਾ ਹੈ।
ਹਰਪਾਲ ਚੀਮਾ ਤੇ ਸੁਖਪਾਲ ਖਹਿਰਾ ਵਿਚਾਲੇ ਹੋਈ ਬਹਿਸ
ਬੇਅਦਬੀ ਬਿੱਲ ਤੇ ਬਹਿਸ ਦੌਰਾਨ ਹਰਪਾਲ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਖਹਿਰਾ ਆਹਮੋ ਸਾਹਮਣੇ ਹੋ ਗਏ ਤੇ ਸਦਨ ਵਿੱਚ ਰੌਲਾ ਰੱਪਾ ਪੈ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 2015 ਅਤੇ 16 ਵਿਚ ਬਰਗਾੜੀ ਅਤੇ ਬਹਿਬਲ ਕਲਾਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ। 1986 ਵਿਚ ਨਕੋਦਰ ਵਿਚ ਪੰਜ ਪਵਿੱਤਰ ਬੀੜਾਂ ਨੂੰ ਅੱਗ ਲਗਾ ਦਿਤੀ ਗਈ ਸੀ। ਸੁਰਜੀਤ ਸਿੰਘ ਬਰਨਾਲਾ ਉਸ ਸਮੇਂ ਮੁੱਖ ਮੰਤਰੀ ਸਨ। ਕੈਪਟਨ ਕੰਵਲਜੀਤ ਗ੍ਰਹਿ ਮੰਤਰੀ ਸਨ, ਸੁਖਜਿੰਦਰ ਸਿੰਘ ਸਿਖਿਆ ਮੰਤਰੀ ਸਨ ਪਰ ਕੋਈ ਕਾਰਵਾਈ ਜਾਂ ਐਫ਼.ਆਈ.ਆਰ. ਨਹੀਂ ਕੀਤੀ ਗਈ। ਇਸ ਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿੱਤ ਮੰਤਰੀ ਗਲਤ ਤੱਥ ਪੇਸ਼ ਕਰ ਰਹੇ ਹਨ। ਜਿਨ੍ਹਾਂ ਲੋਕਾਂ ਬਾਰੇ ਜਾਣਕਾਰੀ ਦਿਤੀ ਜਾ ਰਹੀ ਹੈ, ਉਹ ਇਸ ਦੁਨੀਆਂ ਵਿਚ ਨਹੀਂ ਹਨ।
‘ਆਪ’ ਨੇ ਬੇਅਦਬੀ ਦਾ ਮੁੱਦਾ ਚੁੱਕਣ ਵਾਲੇ ਕੁੰਵਰ ਵਿਜੇ ਪ੍ਰਤਾਪ ਨੂੰ ਨਹੀਂ ਦਿਤਾ ਬੋਲਣ ਦਾ ਮੌਕਾ : ਬਾਜਵਾ
ਬੇਅਦਬੀ ਬਿੱਲ ਤੇ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਸਾਹਿਬ ਨੇ ਕਿਹਾ ਸੀ ਕਿ ਜੇਕਰ ਤੁਸੀਂ ਬਹਿਸ ਲਈ ਸਮਾਂ ਮੰਗਦੇ ਹੋ, ਤਾਂ ਇਸ ਦਾ ਮਤਲਬ ਹੈ ਕਿ ਤੁਸੀਂ ਤਿਆਰ ਨਹੀਂ ਹੋ। ਪਰ ਜਦੋਂ ਤੁਹਾਡੀ ਸਰਕਾਰ ਨਹੀਂ ਬਣੀ ਸੀ, ਤਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ। ਪਰ ਜਿਨ੍ਹਾਂ ਨੇ ਦੋਸ਼ੀਆਂ ਨੂੰ 24 ਘੰਟਿਆਂ ਵਿਚ ਸਜ਼ਾ ਦੇਣ ਦਾ ਦਾਅਵਾ ਕੀਤਾ ਸੀ, ਉਹ 1144 ਦਿਨ ਅਤੇ 27 ਹਜ਼ਾਰ 56 ਘੰਟਿਆਂ ਵਿਚ ਕੁਝ ਨਹੀਂ ਕਰ ਸਕੇ। ਕਾਂਗਰਸ ਸਰਕਾਰ ਵਿਚ ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋਇਆ ਸੀ। ਪਰ ਕੀ ਤੁਸੀਂ ਇਸ ਬਾਰੇ ਰਾਸ਼ਟਰਪਤੀ ਜਾਂ ਕੇਂਦਰ ਨੂੰ ਮਿਲੇ ਹੋ?
ਬਾਜਵਾ ਨੇ ਕਿਹਾ ਕਿ ਜਿਨ੍ਹਾਂ ਨੂੰ ਇਸ ਮਾਮਲੇ ਵਿਚ ਦੋਸ਼ੀ ਮੰਨਿਆ ਗਿਆ ਸੀ, ਉਨ੍ਹਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਨਾਮ ਸੀ। ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿਚ ਚਲਾਨ ਪੇਸ਼ ਨਹੀਂ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਨਾਮ ਇੱਕ ਮਾਮਲੇ ਵਿਚ ਹੈ, ਜਦੋਂ ਕਿ ਦੂਜੇ ਮਾਮਲੇ ਵਿਚ ਉਨ੍ਹਾਂ ਦਾ ਨਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਸਰਕਾਰ ਵਿਚ ਸਨ।
ਉਹਨਾਂ ਕਿਹਾ ਕਿ ‘ਆਪ’ ਨੇ ਬੇਅਦਬੀ ਦਾ ਮੁੱਦਾ ਉਠਾਉਣ ਵਾਲੇ ਕੁੰਵਰ ਪ੍ਰਤਾਪ ਸਿੰਘ ਨੂੰ ਬੋਲਣ ਦਾ ਮੌਕਾ ਵੀ ਨਹੀਂ ਦਿੱਤਾ। ਹਾਲਾਂਕਿ, ਸਪੀਕਰ ਨੇ ਕਿਹਾ ਕਿ ਮੈਂ ਪੂਰਾ ਸਮਾਂ ਦਿੱਤਾ ਹੈ। ਬਾਜਵਾ ਨੇ ਅੱਗੇ ਕਿਹਾ ਕਿ ਅੱਜ ਬਾਦਲ ਵੀ ਸਦਨ ਤੋਂ ਬਾਹਰ ਹਨ ਅਤੇ ਕੁੰਵਰ ਪ੍ਰਤਾਪ ਸਿੰਘ ਵੀ ਬਾਹਰ ਹਨ। ਇਹ ਕੋਈ ਸਮਝੌਤਾ ਨਹੀਂ ਹੈ। ਚਾਰ ਏ. ਜੀ. ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿਚੋਂ ਦੋ ਏ.ਜੀ. ਅਜਿਹੇ ਹਨ, ਜਿਨ੍ਹਾਂ ਨੇ ਮੁਲਜ਼ਮਾਂ ਦਾ ਬਚਾਅ ਕੀਤਾ ਹੈ।
ਇਸ ਤੋਂ ਬਾਅਦ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਨੂੰ ਲੈ ਕੇ ਸਦਨ ਵਿੱਚ ਬਹਿਸ ਸ਼ੁਰੂ ਹੋਈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਭ ਤੋਂ ਪਹਿਲਾਂ ਬਿਲ ਤੇ ਆਪਣੇ ਵਿਚਾਰ ਰੱਖੇ। ਬਹਿਸ ਲਈ ਦੋ ਘੰਟੇ ਰੱਖੇ ਗਏ ਸਨ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Chandigarh
ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ-ਧਮਕਾਉਣ ਲਈ ਕੇਂਦਰੀ ਏਜੰਸੀਆਂ ਅਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ 6 ਨਵੰਬਰ (ਸ.ਬ.) ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਤੇ ਇਲਜਾਮ ਲਗਾਇਆ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਨੂੰ ਹਥਿਆਰ ਵਜੋਂ ਵਰਤ ਰਹੀ ਹੈ ਅਤੇ ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਸਬੰਧਤ ਕਈ ਟਿਕਾਣਿਆਂ ਤੇ ਲਗਭਗ 48 ਘੰਟੇ ਚੱਲੀ ਈਡੀ ਦੀ ਛਾਪੇਮਾਰੀ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਏਜੰਸੀ ਖਾਲੀ ਹੱਥ ਪਰਤੀ ਹੈ ਅਤੇ ਇੱਕ ਵੀ ਪੈਸਾ ਬਰਾਮਦ ਨਹੀਂ ਕਰ ਸਕੀ।
ਉਹਨਾਂ ਕਿਹਾ ਕਿ ਭਾਜਪਾ ‘ਆਪ’ ਵਿਧਾਇਕਾਂ ਨੂੰ ਮੰਤਰੀ ਅਹੁਦਿਆਂ ਅਤੇ ਰਾਜ ਸਭਾ ਮੈਂਬਰਸ਼ਿਪ ਦਾ ਲਾਲਚ ਦੇ ਕੇ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਨੇਤਾਵਾਂ ਨੇ ਅਜਿਹੇ ਲਾਲਚਾਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਹੈ। ‘ਆਪ’ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਵੀ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ।
ਉਹਨਾਂ ਕਿਹਾ ਕਿ ਭਾਜਪਾ ‘ਆਪ’ ਆਗੂਆਂ ਨੂੰ ਇਸ ਲਈ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਪੰਜਾਬ, ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚਟਾਨ ਵਾਂਗ ਖੜ੍ਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਧਮਕਾਉਣ ਅਤੇ ਵੰਡ ਪਾਊ ਰਾਜਨੀਤੀ ਤਹਿਤ ਲੋਕਤੰਤਰ ਨੂੰ ਕਮਜ਼ੋਰ ਕਰਨ, ਵਿਰੋਧੀ ਪਾਰਟੀਆਂ ਨੂੰ ਅਸਥਿਰ ਕਰਨ ਅਤੇ ਲੋਕਾਂ ਦੇ ਫਤਵੇ ਨੂੰ ਢਾਹ ਲਾਉਣ ਦੀ ਹਰ ਕੋਸ਼ਿਸ਼ ਦਾ ਢੁੱਕਵਾਂ ਜਵਾਬ ਦੇਣਗੇ।
ਇਸ ਦੌਰਾਨ ‘ਆਪ’ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਈਡੀ ਨੇ ਉਹਨਾਂ ਅਤੇ ਉਹਨਾਂ ਦੇ ਪਰਿਵਾਰ ਨਾਲ ਸਬੰਧਤ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਉਹਨਾਂ ਦੀ ਰਿਹਾਇਸ਼, ਦਫ਼ਤਰ, ਹਸਪਤਾਲ ਅਤੇ ਉਹਨਾਂ ਦੇ ਮਾਤਾ-ਪਿਤਾ, ਭਰਾ ਤੇ ਰਿਸ਼ਤੇਦਾਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਅਧਿਕਾਰੀਆਂ ਨੇ ਲਗਭਗ 42 ਤੋਂ 48 ਘੰਟਿਆਂ ਤੱਕ ਆਪਣੀ ਤਲਾਸ਼ੀ ਅਤੇ ਪੁੱਛਗਿੱਛ ਜਾਰੀ ਰੱਖੀ, ਪਰ ਅੰਤ ਵਿੱਚ ਇੱਕ ਵੀ ਦਸਤਾਵੇਜ਼ ਜਾਂ ਪੈਸਾ ਬਰਾਮਦ ਕੀਤੇ ਬਿਨਾਂ ਹੀ ਵਾਪਸ ਪਰਤ ਗਏ।
ਉਹਨਾਂ ਕਿਹਾ ਕਿ ਉਹਨਾਂ ਨੂੰ ਮੰਤਰੀ ਪਦ ਸਮੇਤ ਕਈ ਅਹੁਦਿਆਂ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਪਰ ਉਹਨਾਂ ਇਹ ਲਾਲਚ ਠੁਕਰਾ ਦਿੱਤੇ। ਉਹਨਾਂ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਲਈ ਕੰਮ ਕਰਨ ਲਈ ਰਾਜਨੀਤੀ ਵਿੱਚ ਆਏ ਹਨ, ਅਹੁਦੇ, ਚੋਣ ਟਿਕਟਾਂ ਜਾਂ ਨਿੱਜੀ ਮਨਸੂਬਿਆਂ ਨੂੰ ਪੂਰਾ ਕਰਨ ਲਈ ਨਹੀਂ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕੋਈ ਵੀ ਡਰਾਵਾ, ਦਬਾਅ ਜਾਂ ਪ੍ਰੇਸ਼ਾਨੀ ਉਹਨਾਂ ਨੂੰ ਜਾਂ ‘ਆਪ’ ਦੀਆਂ ਮਹਿਲਾ ਨੇਤਾਵਾਂ ਦੇ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕਦੀ।
Chandigarh
ਪੀ ਪੀ ਐਸ ਸੀ ਭਰਤੀ ਵਿੱਚ ਉੱਠੇ ਸਵਾਲਾਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ : ਅਮਨਜੋਤ ਕੌਰ ਰਾਮੂਵਾਲੀਆ
ਭਗਵੰਤ ਮਾਨ ਤੇ ਕੇਜਰੀਵਾਲ ਦੀ ਜੋੜੀ ਦੇ ਬਿਨਾਂ ਪੈਸੇ, ਬਿਨਾਂ ਸਿਫ਼ਾਰਸ਼ ਨੌਕਰੀ ਦੇਣ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ
ਚੰਡੀਗੜ੍ਹ, 6 ਨਵੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮੰਗ ਕੀਤੀ ਹੈ ਕਿ ਪੀ ਪੀ ਐਸ ਸੀ ਭਰਤੀ ਵਿੱਚ ਉੱਠੇ ਸਵਾਲਾਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਜਾਂਚ ਪੂਰੀ ਹੋਣ ਤੱਕ ਇੰਟਰਵਿਊ ਪ੍ਰਕਿਰਿਆ ਰੋਕੀ ਜਾਵੇ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਵਿੱਚ ਬਿਨਾਂ ਪੈਸੇ ਅਤੇ ਬਿਨਾਂ ਸਿਫ਼ਾਰਸ਼ ਨੌਕਰੀਆਂ ਦੇਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਅੱਜ ਭਰਤੀ ਪ੍ਰਣਾਲੀ ਉੱਤੇ ਹੀ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਪੀ ਪੀ ਐਸ ਸੀ ਦੀ ਪੀ ਸੀ ਐਸ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸਾਹਮਣੇ ਆਏ ਮਾਮਲੇ ਨੇ ਹਜ਼ਾਰਾਂ ਨੌਜਵਾਨਾਂ ਦੀ ਚਿੰਤਾ ਵਧਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਹੈ। ਇੱਕੋ ਪ੍ਰੀਖਿਆ ਕੇਂਦਰ ਤੋਂ 24 ਫ਼ੀਸਦੀ ਤੋਂ ਵੱਧ ਉਮੀਦਵਾਰਾਂ ਦੀ ਚੋਣ, ਇੱਕੋ ਕਮਰੇ ਵਿੱਚੋਂ 10 ਤੋਂ 11 ਉਮੀਦਵਾਰਾਂ ਦਾ ਪਾਸ ਹੋਣਾ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਚੋਣ ਵਰਗੇ ਮਾਮਲਿਆਂ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਕਿਹਾ ਕਿ ਇਹ ਵੀ ਦੋਸ਼ ਲੱਗ ਰਹੇ ਹਨ ਕਿ ਗੈਰ-ਹਾਜ਼ਰ ਉਮੀਦਵਾਰਾਂ ਦੇ ਰੋਲ ਨੰਬਰ ਨਤੀਜੇ ਵਿੱਚ ਆਏ ਹਨ ਅਤੇ ਇਹਨਾਂ ਦੋਸ਼ਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੀ ਪੀ ਐਸ ਸੀ ਵੱਲੋਂ ਭਾਵੇਂ ਆਪਣਾ ਪੱਖ ਰੱਖਿਆ ਗਿਆ ਹੈ, ਪਰ ਸਿਰਫ਼ ਬਿਆਨ ਦੇਣ ਨਾਲ ਲੋਕਾਂ ਦੇ ਸ਼ੱਕ ਦੂਰ ਨਹੀਂ ਹੋਣਗੇ। ਜੇਕਰ ਸਭ ਕੁਝ ਠੀਕ ਹੈ ਤਾਂ ਹਾਜ਼ਰੀ ਰਿਕਾਰਡ, ਬਾਇਓਮੈਟ੍ਰਿਕ ਡਾਟਾ, ਸੀ ਸੀ ਟੀ ਵੀ ਫੁਟੇਜ ਅਤੇ ਉੱਤਰ-ਪੱਤਰੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਨਾਇਬ ਤਹਿਸੀਲਦਾਰ ਅਤੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੀਆਂ ਭਰਤੀਆਂ ਨੂੰ ਲੈ ਕੇ ਵੀ ਪਹਿਲਾਂ ਸਵਾਲ ਉੱਠ ਚੁੱਕੇ ਹਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
