Connect with us

Mohali

ਪੰਜਾਬ ਵਿੱਚ ਵਿੱਤੀ ਸਮਾਵੇਸ਼ ਸਕੀਮਾਂ ਲਈ 1 ਜੁਲਾਈ ਤੋਂ ਆਰੰਭ ਹੋਈ 3 ਮਹੀਨਿਆਂ ਦੀ ਸ਼ਮੂਲੀਅਤ ਮੁਹਿੰਮ ਜਾਰੀ

Published

on

 

ਐਸ ਏ ਐਸ ਨਗਰ, 17 ਜੁਲਾਈ (ਸ.ਬ.) ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ, ਵੱਲੋਂ ਵਿਤੀ ਸਮਾਵੇਸ਼ ਯੋਜਨਾਵਾਂ ਵਿੱਚ, ਸਾਰੇ ਵਾਂਝੇ ਲੋਕਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ 1 ਜੁਲਾਈ ਤੋਂ 30 ਸਤੰਬਰ ਤੱਕ ਗ੍ਰਾਮ ਪੰਚਾਇਤ ਪੱਧਰ ਤੇ 3 ਮਹੀਨੇ ਦੀ ਸੰਤ੍ਰਿਪਤ ਮੁਹਿੰਮ ਤਹਿਤ ਵਿਸ਼ੇਸ਼ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਅਤੇ ਸਟੇਟ ਲੈਵਲ ਬੈਂਕਰਜ਼ ਕਮੇਟੀ, ਪੰਜਾਬ ਦੇ ਡਿਪਟੀ ਕਨਵੀਨਰ, ਰਾਮ ਕਿਸ਼ੋਰ ਮੀਨਾ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਦੀ ਹਰੇਕ ਗ੍ਰਾਮ ਪੰਚਾਇਤ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸੰਬੰਧੀ ਬੀਤੀ 24 ਜੂਨ ਨੂੰ ਰਾਜ ਦੇ ਪ੍ਰਮੁੱਖ ਸਕੱਤਰ (ਵਿੱਤ) ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਬੈਂਕਰਜ਼ ਕਮੇਟੀ, ਪੰਜਾਬ ਦੀ ਵਿਸ਼ੇਸ਼ ਮੀਟਿੰਗ ਵੀ ਆਯੋਜਿਤ ਕੀਤੀ ਗਈ ਸੀ ਜਿਸ ਵਿੱਚ ਸਾਰੇ ਬੈਂਕਾਂ ਅਤੇ ਜ਼ਿਲ੍ਹਾ ਕਲੈਕਟਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਉਹਨਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਵਿੱਚ ਕੈਂਪ ਦੌਰਾਨ, ਨੇੜਲੇ ਬੈਂਕਾਂ ਦੇ ਸ਼ਾਖਾ ਪ੍ਰਬੰਧਕ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਾਲਗਾਂ ਕੋਲ ਹੁਣ ਤੱਕ ਬੈਂਕ ਖਾਤਾ ਨਹੀਂ ਹੈ, ਉਨ੍ਹਾਂ ਦਾ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਧੀਨ ਖਾਤਾ ਖੋਲ੍ਹਣਾ ਯਕੀਨੀ ਬਣਾਉਣਾ ਹੈ। ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਅਤੇ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਵਿੱਚ ਰਜਿਸਟ੍ਰੇਸ਼ਨ ਅਤੇ ਯੋਗ ਵਿਅਕਤੀਆਂ ਦੀ ਅਟਲ ਪੈਨਸ਼ਨ ਯੋਜਨਾ ਵਿੱਚ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

ਇਸਦੇ ਨਾਲ ਹੀ ਡਿਜੀਟਲ ਧੋਖਾਧੜੀ ਤੋਂ ਬਚਣ ਦੇ ਉਪਾਅ ਦੱਸਣੇ, ਦਾਅਵਾ ਨਾ ਕੀਤੀਆਂ ਰਕਮਾਂ ਬਾਰੇ ਜਾਣਕਾਰੀ, 10 ਸਾਲ ਤੋਂ ਵੱਧ ਪੁਰਾਣੀਆਂ ਜਮ੍ਹਾਂ ਰਕਮਾਂ ਨੂੰ ਕਿਵੇਂ ਪ੍ਰਾਪਤ ਕਰਨਾ ਹੈ, ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ ਅਤੇ 2014 ਤੋਂ 2016 ਤੱਕ ਖੋਲ੍ਹੇ ਗਏ ਪ੍ਰਧਾਨ ਮੰਤਰੀ ਜਨ-ਧਨ ਖਾਤਿਆਂ ਦਾ ਪੁਨਰ-ਕੇ ਵਾਈ ਸੀ ਕੀਤਾ ਜਾਵੇਗਾ।

ਸ਼੍ਰੀ ਮੀਨਾ ਨੇ ਦੱਸਿਆ ਕਿ ਆਗਾਮੀ ਹਰੇਕ ਕੈਂਪ ਦੌਰਾਨ, ਬੈਂਕ ਅਧਿਕਾਰੀ ਮੌਜੂਦ ਰਹਿਣਗੇ ਅਤੇ ਵੱਖ-ਵੱਖ ਜਾਣਕਾਰੀ ਦੇਣ ਦੇ ਨਾਲ-ਨਾਲ ਜਨਤਕ ਸੁਰੱਖਿਆ ਯੋਜਨਾਵਾਂ ਅਤੇ ਅਕਿਰਿਆਸ਼ੀਲ ਖਾਤਿਆਂ ਵਿੱਚ ਕੇ ਵਾਈ ਸੀ ਦਸਤਾਵੇਜ਼ ਵੀ ਮੌਕੇ ਤੇ ਪ੍ਰਾਪਤ ਕੀਤੇ ਜਾਣਗੇ। ਵਿੱਤੀ ਲੈਣ-ਦੇਣ ਵਿੱਚ ਸਾਵਧਾਨੀ ਅਤੇ ਧੋਖਾਧੜੀ ਤੋਂ ਬਚਣ ਦੇ ਉਪਾਵਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।

ਸ਼੍ਰੀ ਮੀਨਾ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ, ਰਾਜ ਪੱਧਰੀ ਬੈਂਕਰਜ਼ ਕਮੇਟੀ, ਪੰਜਾਬ ਦੇ ਕੋਆਰਡੀਨੇਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਰਾਜ ਵਿੱਚ ਕੰਮ ਕਰ ਰਹੀਆਂ 7551 ਬੈਂਕ ਸ਼ਾਖਾਵਾਂ ਦੁਆਰਾ ਸਾਰੀਆਂ ਸਰਕਾਰੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਸ੍ਰੀ ਪੰਕਜ ਆਨੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਤਹਿਤ 18 ਤੋਂ 70 ਸਾਲ ਦੀ ਉਮਰ ਵਰਗ ਲਈ 20 ਰੁਪਏ ਸਾਲਾਨਾ ਪ੍ਰੀਮੀਅਮ ਦਾ ਭੁਗਤਾਨ ਕਰਕੇ 2 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਅਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਤਹਿਤ 18 ਤੋਂ 50 ਸਾਲ ਦੀ ਉਮਰ ਵਰਗ ਲਈ 436 ਰੁਪਏ ਸਾਲਾਨਾ ਪ੍ਰੀਮੀਅਮ ਦਾ ਭੁਗਤਾਨ ਕਰਕੇ 2 ਲੱਖ ਰੁਪਏ ਤੱਕ ਦਾ ਮੌਤ ਬੀਮਾ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਅਟਲ ਪੈਨਸ਼ਨ ਯੋਜਨਾ ਵਿੱਚ 60 ਸਾਲਦੀ ਉਮਰ ਤੋਂ ਬਾਅਦ 1000 ਤੋਂ 5000 ਰੁਪਏ ਤੱਕ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰਨ ਦੀ ਵਿਵਸਥਾ ਹੈ ਜਿਸ ਲਈ 18 ਤੋਂ 40 ਸਾਲ ਦੇ ਲੋਕ ਯੋਗ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending