Connect with us

Mohali

ਡਿਪਟੀ ਕਮਿਸ਼ਨਰ ਨੇ ਉਦਯੋਗਿਕ ਐਸੋਸੀਏਸ਼ਨਾਂ ਦੀਆਂ ਮੁਸ਼ਕਿਲਾਂ ਸੁਣੀਆਂ

Published

on

 

ਸਮੱਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ

ਐਸ ਏ ਐਸ ਨਗਰ, 21 ਜੁਲਾਈ (ਸ.ਬ.) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਅਤੇ ਫੋਕਲ ਪੁਆਇੰਟਾਂ ਦੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਆਪਣੇ ਦਫਤਰ ਵਿੱਚ ਮੀਟਿੰਗ ਕੀਤੀ ਜਿਸ ਦੌਰਾਨ ਉਦਯੋਗਿਕ ਐਸੋਸੀਏਸ਼ਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਮਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿੱਚ ਪੀ ਐਸ ਆਈ ਈ ਸੀ, ਉਦਯੋਗ ਵਿਭਾਗ ਅਤੇ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।

ਉਦਯੋਗਿਕ ਅਦਾਰਿਆਂ ਦੇ ਨੁਮਾਇੰਦਿਆਂ ਭਰੋਸਾ ਦਿਵਾਉਂਦਿਆਂ ਡੀ ਸੀ ਮਿੱਤਲ ਨੇ ਕਿਹਾ ਕਿ ਉਠਾਏ ਗਏ ਸਾਰੇ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਜਾਵੇਗਾ। ਉਹਨਾਂ ਕਿਹਾ ਕਿ ਸਥਾਨਕ ਪੱਧਰ ਤੇ ਹੱਲ ਕੀਤੇ ਜਾ ਸਕਣ ਵਾਲੇ ਮਾਮਲਿਆਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ, ਜਦੋਂ ਕਿ ਜਿਨ੍ਹਾਂ ਮਾਮਲਿਆਂ ਲਈ ਰਾਜ ਸਰਕਾਰ ਦੇ ਦਖਲ ਦੀ ਲੋੜ ਹੈ, ਉਨ੍ਹਾਂ ਨੂੰ ਉੱਚ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ।

ਡੇਰਾਬਸੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਉਠਾਏ ਗਏ ਮੁੱਖ ਮੁੱਦੇ ਜਿਨ੍ਹਾਂ ਵਿੱਚ ਡੇਰਾਬਸੀ-ਬਰਵਾਲਾ ਸੜਕ ਨੂੰ ਪੂਰਾ ਕਰਨਾ ਅਤੇ ਚੱਲ ਰਹੇ ਸਟੋਰਮ ਸੀਵਰ ਦੇ ਕੰਮ, ਫੋਕਲ ਪੁਆਇੰਟ ਵਿੱਚ ਸੀਵਰ ਲਾਈਨਾਂ ਦੀ ਸਫਾਈ, ਲੈਂਡਸਕੇਪਿੰਗ ਅਤੇ ਈ ਐਸ ਆਈ ਡਿਸਪੈਂਸਰੀ ਦੇ ਰੱਖ-ਰਖਾਅ, ਫੋਕਲ ਪੁਆਇੰਟ ਸੜਕਾਂ ਤੇ ਸਟੋਰਮ ਸੀਵਰ ਸਿਸਟਮ ਦੀ ਜ਼ਰੂਰਤ ਸ਼ਾਮਲ ਹੈ। ਇਸ ਦੇ ਜਵਾਬ ਵਿੱਚ, ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦੱਸਿਆ ਕਿ ਮੁਬਾਰਕਪੁਰ ਤੋਂ ਰਾਮਗੜ੍ਹ ਸੜਕ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਮੌਜੂਦਾ ਈ ਐਸ ਆਈ ਡਿਸਪੈਂਸਰੀ ਨੂੰ ਇੱਕ ਪੂਰਨ ਹਸਪਤਾਲ ਵਿੱਚ ਅਪਗ੍ਰੇਡ ਕਰਨ ਤੇ ਸਰਗਰਮ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਦਰਮਿਆਨ ਈ ਐਸ ਆਈ ਅਤੇ ਰਾਜ ਸਿਹਤ ਵਿਭਾਗ ਵਿਚਕਾਰ ਸਮਝੌਤਾ ਹੋਣ ਉਪਰੰਤ ਇਸ ਸਮੇਂ ਈ ਐਸ ਆਈ ਦੇ ਉੱਚ ਅਧਿਕਾਰੀਆਂ ਦੁਆਰਾ ਪ੍ਰਵਾਨਗੀ ਲਈ ਲੰਬਿਤ ਹੈ।

ਡੀ ਸੀ ਨੇ ਬਰਵਾਲਾ ਰੋਡ ਅਤੇ ਫੀਡਰ ਲਾਈਨ ਦੇ ਨਾਲ ਬਿਜਲੀ ਲਾਈਨ ਦੇ ਰੱਖ ਰਖਾਅ ਦੇ ਮੁੱਦੇ ਨੂੰ ਪਾਵਰਕਾਮ ਅਧਿਕਾਰੀਆਂ ਨਾਲ ਉਠਾਉਣ, ਭਾਂਖਰਪੁਰ ਪੁਲ ਦੀ ਉਸਾਰੀ ਤੋਂ ਪ੍ਰਭਾਵਿਤ ਸਰਵਿਸ ਰੋਡ ਤੇ ਟ੍ਰੈਫਿਕ ਭੀੜ ਨੂੰ ਹੱਲ ਕਰਨ ਲਈ ਟ੍ਰੈਫਿਕ ਪੁਲੀਸ ਅਤੇ ਐਨ ਐਚ ਏ ਆਈ ਨਾਲ ਤਾਲਮੇਲ ਕਰਨ ਲਈ ਵੀ ਵਚਨਬੱਧਤਾ ਪ੍ਰਗਟਾਈ। ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦੇ ਨਕਸ਼ੇ ਦੀ ਲੰਬਿਤ ਪ੍ਰਵਾਨਗੀ ਨੂੰ ਹੱਲ ਕਰਨ ਦਾ ਵੀ ਭਰੋਸਾ ਦਿੱਤਾ।

ਚਨਾਲੋ ਫੋਕਲ ਪੁਆਇੰਟ ਦੇ ਨੁਮਾਇੰਦਿਆਂ ਨੇ ਸਟੋਰਮ ਸੀਵਰ ਸਥਾਪਨਾ ਅਤੇ ਡੀ ਸਿਲਟਿੰਗ, ਐਸ ਟੀ ਪੀ ਤੋਂ ਟ੍ਰੀਟ ਕੀਤੇ ਪਾਣੀ ਦੀ ਕੁਸ਼ਲ ਵਰਤੋਂ, ਮਹਿਲਾ ਕਰਮਚਾਰੀਆਂ ਲਈ ਸਮਰਪਿਤ ਬੱਸ ਸਟਾਪ ਦੀ ਜ਼ਰੂਰਤ ਅਤੇ ਬਿਹਤਰ ਕੂੜਾ ਇਕੱਠਾ ਕਰਨ ਦੇ ਢੰਗਾਂ ਨਾਲ ਸਬੰਧਤ ਚਿੰਤਾਵਾਂ ਉਠਾਈਆਂ। ਡੀ ਸੀ ਨੇ ਚਨਾਲੋ ਫੋਕਲ ਪੁਆਇੰਟ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਵਿੱਚੋਂ ਹਰੇਕ ਮੁੱਦੇ ਤੇ ਵਿਚਾਰ ਕੀਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਟ੍ਰੈਫਿਕ ਭੀੜ ਨੂੰ ਘਟਾਉਣ ਲਈ ਏਅਰਪੋਰਟ ਰੋਡ ਦੇ ਸਮਾਨਾਂਤਰ ਰਸਤੇ ਵਿਕਸਤ ਕਰਨ, ਬਿਜਲੀ ਦੀਆਂ ਲਾਈਨਾਂ ਵਿੱਚ ਵਿਘਨ ਨੂੰ ਰੋਕਣ ਲਈ ਰੁੱਖਾਂ ਦੀ ਛਾਂਟੀ, ਕੂੜਾ ਇਕੱਠਾ ਕਰਨ ਅਤੇ ਪਾਰਕਾਂ ਦੀ ਦੇਖਭਾਲ ਵਿੱਚ ਸੁਧਾਰ ਅਤੇ ਸੜਕਾਂ ਤੇ ਪਾਣੀ ਭਰਨ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ ਨੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਨੂੰ ਦੱਸਿਆ ਕਿ ਸੜਕ ਦੀ ਭੀੜ ਘਟਾਉਣ ਲਈ ਪਹਿਲਾਂ ਹੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨਾਈਪਰ ਤੋਂ ਬਲੌਂਗੀ ਰੋਡ ਤੱਕ ਦਾ ਰਸਤਾ ਅਤੇ ਫੇਜ਼ 1 ਤੋਂ ਫੇਜ਼ 8 ਤੱਕ ਸ਼ਹਿਰ ਦੀ ਸੜਕ ਨੂੰ ਚੌੜਾ ਕਰਨਾ ਵਿਚਾਰ ਅਧੀਨ ਹੈ। ਹੋਰ ਮੁੱਦਿਆਂ ਨੂੰ ਤੁਰੰਤ ਕਾਰਵਾਈ ਲਈ ਨਗਰ ਨਿਗਮ ਮੁਹਾਲੀ ਨੂੰ ਭੇਜਿਆ ਜਾਵੇਗਾ।

ਇਸ ਤੋਂ ਇਲਾਵਾ, ਡੀਸੀ ਨੇ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਦੇ ਪ੍ਰਤੀਨਿਧੀ ਬਿਕਰਮਜੀਤ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਪੀ ਐਸ ਆਈ ਈ ਸੀ ਦੇ ਦਾਇਰੇ ਅਧੀਨ ਆਉਂਦੇ ਸਾਰੇ ਮੁੱਦਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ।

ਮੀਟਿੰਗ ਵਿੱਚ ਏ ਡੀ ਸੀ (ਜ) ਗੀਤਿਕਾ ਸਿੰਘ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਬਾਂਸਲ, ਜਨਰਲ ਸਕੱਤਰ ਦਿਲਪ੍ਰੀਤ ਸਿੰਘ ਬੋਪਾਰਾਏ, ਡੇਰਾਬੱਸੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਮਿੱਤਲ, ਜਨਰਲ ਸਕੱਤਰ ਰਾਕੇਸ਼ ਅਗਰਵਾਲ, ਚਨਾਲੋ ਇੰਡਸਟਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸ਼ੇਖਰ ਜਿੰਦਲ ਅਤੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਅਰਸ਼ਜੀਤ ਸਿੰਘ ਸ਼ਾਮਲ ਹੋਏ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending