Connect with us

Mohali

ਸਰਕਾਰ ਦੇ ਭਰਮ ਜਾਲ ਵਿਚ ਨਾ ਫਸਣ ਕਿਸਾਨ : ਬਲਬੀਰ ਸਿੰਘ ਸਿੱਧੂ

Published

on

 

 

ਮਾੜੀ ਮਾਲੀ ਹਾਲਤ ਕਾਰਨ ਪੰਜਾਹ ਹਜ਼ਾਰ ਅਤੇ ਇਕ ਲੱਖ ਰੁਪਏ ਮਹੀਨਾ ਮੁਆਵਜ਼ਾ ਦੇ ਹੀ ਨਹੀਂ ਸਕਦੀ ਸਰਕਾਰ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬਾ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਵਿਚ ਕੀਤੀਆਂ ਕਥਿਤ ਤਬਦੀਲੀਆਂ ਨੂੰ ਮਹਿਜ਼ ਭਰਮ ਜਾਲ ਗਰਦਾਨਦਿਆਂ ਕਿਸਾਨਾਂ ਨੂੰ ਇਸ ਵਿਚ ਨਾ ਫਸਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੀ ਮਾੜੀ ਮਾਲੀ ਹਾਲਤ ਕਾਰਨ ਜ਼ਮੀਨ ਮਾਲਕਾਂ ਨੂੰ ਪੰਜਾਹ ਹਜ਼ਾਰ ਅਤੇ ਇਕ ਲੱਖ ਰੁਪਏ ਮਹੀਨਾ ਮੁਆਵਜ਼ਾ ਦੇ ਹੀ ਨਹੀਂ ਸਕਦੀ।

ਸ਼੍ਰੀ ਸਿੱਧੂ ਨੇ ਕਿਹਾ ਕਿ ਸਰਕਾਰ ਦੀ ਮਾੜੀ ਹਾਲਤ ਦਾ ਅੰਦਾਜ ਇਸ ਨਾਲ ਲਗਾਇਆ ਜਾ ਸਕਦਾ ਹੈ ਕਿ ਇਹ ਸਰਕਾਰ ਨਾ ਤਾਂ ਔਰਤਾਂ ਨੂੰ 1000 ਰੁਪਏ ਮਹੀਨਾ ਦੇ ਸਕੀ ਅਤੇ ਨਾ ਹੀ ਅਸ਼ੂਮਾਨ ਸਕੀਮ ਤਹਿਤ ਪ੍ਰਾਈਵੇਟ ਹਸਪਤਾਲਾਂ ਦਾ ਪੈਸਾ ਦਿੱਤਾ ਗਿਆ। ਸਰਕਾਰ ਨੇ ਪੈਪਸੂ ਰੋਡਵੇਜ਼ ਨੂੰ ਔਰਤਾਂ ਨੂੰ ਮੁਫਤ ਸਫ਼ਰ ਦਾ ਬਕਾਇਆ ਨਹੀਂ ਦਿੱਤਾ ਨਾ ਹੀ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰ ਤੇ ਹਰਿਆਣਾ ਸਰਕਾਰ ਜਿੰਨ੍ਹਾਂ ਮਹਿੰਗਾਈ ਭੱਤਾ ਦਿੱਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਦੀ ਤਰਜ਼ ਉਤੇ ਐਮ. ਐਸ. ਪੀ. ਨਾ ਦੇਣ ਵਾਲੀ ਸਰਕਾਰ ਤੋਂ ਜ਼ਮੀਨ ਮਾਲਕਾਂ ਨੂੰ ਪੰਜਾਹ ਹਜ਼ਾਰ ਜਾਂ ਇਕ ਲੱਖ ਰੁਪਏ ਮੁਆਵਜ਼ਾ ਦੇਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਉਹਨਾਂ ਕਿਹਾ ਕਿ 65,000 ਏਕੜ ਲਈ ਕਿਸਾਨਾਂ ਨੂੰ ਜ਼ਮੀਨ ਦਾ ਕਬਜ਼ਾ ਲੈਣ ਤੱਕ 50,000 ਰੁਪਏ ਮਹੀਨਾ ਦੇ ਹਿਸਾਬ ਨਾਲ 3900 ਕਰੋੜ ਰੁਪਏ ਸਾਲਾਨਾ ਦੇ ਦੇਣਦਾਰੀ ਬਣ ਜਾਵੇਗੀ ਤੇ ਕਬਜ਼ਾ ਲੈਣ ਤੋਂ ਬਾਅਦ ਇਹ ਦੇਣਦਾਰੀ 7800 ਕਰੋੜ ਰੁਪਏ ਸਾਲਾਨਾ ਬਣ ਜਾਵੇਗੀ। ਉਹਨਾਂ ਕਿਹਾ ਕਿ ਸਾਧਾਰਣ ਤੋਂ ਸਾਧਾਰਣ ਆਦਮੀ ਵੀ ਇਹ ਅੰਦਾਜ਼ਾ ਲਾ ਸਕਦਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿਚ ਇੰਨਾ ਪੈਸਾ ਨਹੀਂ ਦੇ ਸਕਦੀ।

ਸਾਬਕਾ ਮੰਤਰੀ ਨੇ ਕਿਹਾ ਕਿ ਮਸਲਾ ਮਹਿਜ਼ ਮੁਆਵਜ਼ੇ ਜਾਂ ਪੈਸੇ ਦਾ ਨਹੀਂ ਹੈ ਬਲਕਿ ਕਿਸਾਨਾਂ ਦੀ ਹੋਂਦ ਨਾਲ ਜੁੜਿਆ ਹੋਇਆ ਹੈ ਜਿਹੜੀ ਇਸ ਲੈਂਡ ਪੂਲਿੰਗ ਪਾਲਿਸੀ ਦੇ ਲਾਗੂ ਨਾਲ ਖ਼ਤਮ ਹੋ ਜਾਣੀ ਹੈ। ਉਹਨਾਂ ਕਿਹਾ ਕਿ ਕਿਸਾਨ ਦੀ ਹੋਂਦ ਜ਼ਮੀਨ ਨਾਲ ਜੁੜੀ ਹੋਈ ਹੈ ਜਿਹੜੀ ਜ਼ਮੀਨ ਖੁੱਸਣ ਤੋਂ ਬਾਅਦ ਨਹੀਂ ਰਹਿਣੀ। ਉਹਨਾਂ ਅੱਗੇ ਕਿਹਾ ਕਿ 90 ਫੀਸਦੀ ਕਿਸਾਨ ਜੱਦੀ ਪੁੱਛਤੀ ਕਿੱਤਾ ਖੇਤੀ ਤੋਂ ਬਿਨਾਂ ਹੋਰ ਕੁਝ ਨਹੀਂ ਕਰ ਸਕਦੇ ਜਿਹੜੇ ਜ਼ਮੀਨ ਨਾ ਰਹਿਣ ਕਾਰਨ ਬੇਰੋਜ਼ਗਾਰ ਹੋ ਜਾਣੇ ਹਨ।

ਉਹਨਾਂ ਕਿਹਾ ਕਿ ਕਿਸਾਨਾਂ ਤੋਂ ਬਿਨਾਂ ਇਸ ਜ਼ਮੀਨ ਉਤੇ ਨਿਰਭਰ ਮਜ਼ਦੂਰਾਂ ਤੇ ਕਈ ਹੋਰ ਬੇਜ਼ਮੀਨੇ ਤਬਕਿਆਂ ਦੇ ਮੁੜ ਵਸੇਬੇ ਦਾ ਇਸ ਲੈਂਡ ਪੂਲਿੰਗ ਪਾਲਿਸੀ ਵਿਚ ਕੋਈ ਜ਼ਿਕਰ ਨਹੀਂ ਹੈ। ਉਹਨਾਂ ਕਿਹਾ ਕਿ ਐਨੀ ਵੱਡੀ ਪੱਧਰ ਉਤੇ ਜ਼ਮੀਨ ਖੇਤੀ ਹੇਠੋਂ ਨਿਕਲ ਜਾਣ ਕਾਰਨ ਜਿੱਥੇ ਅੰਨ ਦੀ ਪੈਦਾਵਾਰ ਘਟੇਗੀ ਉਥੇ ਜਾਨਵਰਾਂ, ਵੰਨਸਵੰਨੀ ਬਨਪਤੀ ਤੇ ਪਸ਼ੂ-ਪੰਛੀਆਂ ਦੇ ਹੋਣ ਵਾਲੇ ਖਾਤਮੇ ਨਾਲ ਸੂਬੇ ਦੇ ਕੁਦਰਤੀ ਵਾਤਾਵਰਣ ਉਤੇ ਵੀ ਬਹੁਤ ਮਾੜਾ ਅਸਰ ਪਵੇਗਾ। ਉਹਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸਰਕਾਰ ਵਲੋਂ 2013 ਵਿਚ ਲਿਆਂਦੇ ਗਏ ਭੂਮੀ ਗ੍ਰਹਿਣ ਕਾਨੂੰਨ ਵਿਚ ਇਹਨਾਂ ਸਾਰੇ ਮੁੱਦਿਆਂ ਸਬੰਧੀ ਸਰਕਾਰਾਂ ਦੀ ਜ਼ਿੰਮੇਵਾਰੀ ਤਹਿ ਕੀਤੀ ਹੋਈ ਹੈ ਜਿਸ ਤੋਂ ਭੱਜਣ ਲਈ ਪੰਜਾਬ ਸਰਕਾਰ ਇਹ ਨੀਤੀ ਲੈ ਕੇ ਆਈ ਹੈ।

ਸz. ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਇੰਨੇ ਵੱਡੇ ਹਾਊਸਿੰਗ ਤੇ ਸਨਅਤੀ ਪ੍ਰਾਜੈਕਟਾਂ ਦੀ ਉੱਕਾ ਹੀ ਕੋਈ ਲੋੜ ਨਹੀਂ ਹੈ ਕਿਉਂਕਿ ਪਹਿਲਾਂ ਹੀ ਪੰਜਾਬ ਵਿਚ ਹਜ਼ਾਰਾਂ ਰਿਹਾਇਸ਼ੀ ਅਤੇ ਸਨਅਤੀ ਪਲਾਟ ਖਾਲੀ ਪਏ ਹਨ। ਉਹਨਾਂ ਕਿਹਾ ਕਿ ਇਸੇ ਲਈ ਹੀ ਤਾਂ ਪੰਜਾਬ ਸਰਕਾਰ ਨੇ ਪਿੱਛੇ ਜਿਹੇ ਸਨਅਤੀ ਪਲਾਟਾਂ ਨੂੰ ਵਪਾਰਕ ਪਲਾਟਾਂ ਵਿਚ ਤਬਦੀਲ ਕਰਨ ਦੀ ਸਕੀਮ ਲਿਆਉਣੀ ਪਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਪਾਲਿਸੀ ਤੁਰੰਤ ਵਾਪਸ ਲੈ ਕੇ ਕਿਸੇ ਹਕੀਕੀ ਲੋੜ ਲਈ 2013 ਦੇ ਭੂਮੀ ਗ੍ਰਹਿਣ ਕਾਨੂੰਨ ਤਹਿਤ ਕਿਸਾਨਾਂ ਨੂੰ ਯਕਮੁਸ਼ਤ ਨਕਦ ਮੁਆਵਜ਼ਾ ਦੇ ਕੇ ਜ਼ਰੂਰਤ ਮੁਤਾਬਕ ਜ਼ਮੀਨ ਗ੍ਰਹਿਣ ਕਰਨੀ ਚਾਹੀਦੀ ਹੈ ਤਾਂ ਕਿ ਕਿਸਾਨ ਕਿਸੇ ਹੋਰ ਥਾਂ ਜ਼ਮੀਨ ਖਰੀਦ ਕੇ ਆਪਣੀ ਹੋਂਦ ਬਣਾਈ ਰੱਖ ਸਕੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending