Connect with us

Mohali

1993 ਦੇ ਝੂਠੇ ਪੁਲੀਸ ਮੁਕਾਬਲੇ ਦੇ ਮਾਮਲੇ ਵਿੱਚ 32 ਸਾਲ ਬਾਅਦ ਮਿਲਿਆ ਇਨਸਾਫ਼

Published

on

ਸੇਵਾਮੁਕਤ ਐਸ ਐਸ ਪੀ ਤੇ ਡੀ ਐਸ ਪੀ ਸਮੇਤ 5 ਨੂੰ ਉਮਰ ਕੈਦ ਦੀ ਸਜ਼ਾ

ਐਸ ਏ ਐਸ ਨਗਰ, 4 ਅਗਸਤ (ਸ.ਬ.) 1993 ਵਿੱਚ ਤਰਨਤਾਰਨ ਵਿੱਚ ਹੋਏ ਝੂਠੇ ਪੁਲੀਸ ਮੁਕਾਬਲਾ ਮਾਮਲੇ ਵਿੱਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਪੀੜਤਾਂ ਨੂੰ ਇਸ ਮਾਮਲੇ ਵਿੱਚ 32 ਸਾਲਾਂ ਬਾਅਦ ਇਨਸਾਫ ਦਿੰਦਿਆਂ ਸੇਵਾਮੁਕਤ ਐਸ. ਐਸ. ਪੀ. ਭੁਪਿੰਦਰਜੀਤ ਸਿੰਘ ਅਤੇ ਸੇਵਾਮੁਕਤ ਡੀ.ਐਸ.ਪੀ. ਦਵਿੰਦਰ ਸਿੰਘ ਸਮੇਤ 5 ਪੁਲੀਸ ਅਫ਼ਸਰਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਹੈ। ਅਦਾਲਤ ਨੇ ਸਾਰਿਆਂ ਨੂੰ ਕਤਲ ਅਤੇ ਅਪਰਾਧਿਕ ਸਾਜ਼ਿਸ਼ (ਆਈ.ਪੀ.ਸੀ. ਦੀ ਧਾਰਾ 302 ਅਤੇ 120-ਬੀ) ਤਹਿਤ ਦੋਸ਼ੀ ਕਰਾਰ ਦਿੱਤਾ ਹੈ।

ਇਹ ਮਾਮਲਾ 1993 ਦਾ ਹੈ, ਜਦੋਂ 7 ਨੌਜਵਾਨਾਂ ਨੂੰ ਦੋ ਵੱਖ-ਵੱਖ ਪੁਲੀਸ ਮੁਕਾਬਲਿਆਂ ਵਿੱਚ ਮਾਰਿਆ ਹੋਇਆ ਦਿਖਾਇਆ ਗਿਆ ਸੀ। ਇਨ੍ਹਾਂ ਵਿੱਚੋਂ 4 ਤਾਂ ਸਪੈਸ਼ਲ ਪੁਲੀਸ ਅਫਸਰ ਵਜੋਂ ਤਾਇਨਾਤ ਸਨ। ਪੁਲੀਸ ਵਲੋਂ 27 ਜੂਨ 1993 ਨੂੰ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਕੇ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ। ਬਾਅਦ ਵਿੱਚ (28 ਜੁਲਾਈ 1993 ਨੂੰ) ਡੀ.ਐਸ.ਪੀ. ਭੁਪਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਦੋ ਵੱਖ-ਵੱਖ ਥਾਣਿਆਂ (ਵੈਰੋਵਾਲ ਅਤੇ ਸਹਿਰਾਲੀ) ਵਿੱਚ ਫਰਜ਼ੀ ਮੁਕਾਬਲਿਆਂ ਦੀਆਂ ਐਫ.ਆਈ.ਆਰ. ਦਰਜ ਕੀਤੀਆਂ ਗਈਆਂ, ਜਿਸ ਵਿੱਚ 7 ਲੋਕਾਂ ਨੂੰ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ ਦਿਖਾਇਆ ਗਿਆ।

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 1996 ਵਿੱਚ ਇਹ ਕੇਸ ਸੀ. ਬੀ. ਆਈ. ਨੂੰ ਸੌਂਪਿਆ ਗਿਆ। ਸੀ. ਬੀ. ਆਈ. ਦੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਇਹ ਮੁਕਾਬਲੇ ਝੂਠੇ ਸਨ। ਪੋਸਟਮਾਰਟਮ ਰਿਪੋਰਟਾਂ ਤੋਂ ਪਤਾ ਲੱਗਾ ਕਿ ਮਾਰੇ ਜਾਣ ਤੋਂ ਪਹਿਲਾਂ ਇਨ੍ਹਾਂ ਲੋਕਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਪੀੜਤਾਂ ਦੀ ਪਛਾਣ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਕਹਿ ਕੇ ਸਸਕਾਰ ਕਰ ਦਿੱਤਾ ਗਿਆ ਸੀ। ਸੀ. ਬੀ. ਆਈ. ਨੇ 1999 ਵਿੱਚ ਮ੍ਰਿਤਕ ਸ਼ਿੰਦਰ ਸਿੰਘ ਦੀ ਪਤਨੀ ਨਰਿੰਦਰ ਕੌਰ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਸੀ।

ਮ੍ਰਿਤਕ ਸੁਖਦੇਵ ਸਿੰਘ ਦੀ ਵਿਧਵਾ ਨੇ ਦੱਸਿਆ ਕਿ ਜਦੋਂ ਉਸਦੇ ਪਤੀ ਨੂੰ ਮਾਰਿਆ ਗਿਆ, ਉਹ ਉਸ ਸਮੇਂ ਗਰਭਵਤੀ ਸੀ। ਉਨ੍ਹਾਂ ਨੇ ਦੱਸਿਆ ਕਿ ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਮਜ਼ਦੂਰੀ ਕਰਕੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ। ਮ੍ਰਿਤਕ ਛਿੰਦਾ ਸਿੰਘ ਦੀ ਪਤਨੀ ਨਰਿੰਦਰ ਕੌਰ ਨੇ ਦੱਸਿਆ ਕਿ ਪੁਲੀਸ ਉਸਦੇ ਪਤੀ ਨੂੰ ਘਰ ਦੀ ਛੱਤ ਤੋਂ ਲੈ ਗਈ ਸੀ ਅਤੇ ਫਿਰ ਉਨ੍ਹਾਂ ਦੀ ਲਾਸ਼ ਵੀ ਨਹੀਂ ਦਿੱਤੀ ਗਈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ 32 ਸਾਲਾਂ ਬਾਅਦ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਜਾਗੀ ਹੈ। ਉਨ੍ਹਾਂ ਨੂੰ ਖੁਸ਼ੀ ਹੈ ਕਿ ਅਦਾਲਤ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਪਾਏ ਗਏ 5 ਪੁਲੀਸ ਅਫਸਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

 

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending