Connect with us

Chandigarh

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਮਾਮਲੇ ਵਿੱਚ ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

Published

on

ਚੰਡੀਗੜ੍ਹ, 5 ਅਗਸਤ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰ ਟੀ ਏ, ਗੁਰਦਾਸਪੁਰ ਵਿਖੇ ਡਾਟਾ ਐਂਟਰੀ ਆਪਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੇ ਆਧਾਰ ਤੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈ ਪੀ ਸੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ ਆਈ ਆਰ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਐਸ ਆਈ ਏ ਡੀ ਐਸ ਸੈਂਟਰ ਮਹੂਆਣਾ ਦੁਆਰਾ ਜਾਰੀ ਕੀਤੇ ਗਏ 51 ਡਰਾਈਵਿੰਗ ਸਿਖਲਾਈ ਸਰਟੀਫਿਕੇਟਾਂ ਵਿੱਚੋਂ 23 ਜਾਅਲੀ ਪਾਏ ਗਏ ਕਿਉਂਕਿ ਸਿਰਫ਼ 27 ਜਾਇਜ਼ ਸਰਟੀਫਿਕੇਟ ਨੰਬਰ ਰਿਕਾਰਡ ਵਿੱਚ ਸਨ। ਦੱਸਣਯੋਗ ਹੈ ਕਿ ਸਿਸਟਮ ਜਨਰੇਟਿਡ ਫੀਲਡ ਜਿਵੇਂ ਵਿਲੱਖਣ ਸਰਟੀਫਿਕੇਟ ਨੰਬਰ, ਕਿਊਆਰ ਕੋਡ ਅਤੇ ਰਸੀਦ ਨੰਬਰ ਵਿੱਚ ਸ਼ਾਮਲ ਮੋਬਾਈਲ ਨੰਬਰ (ਜੋ ਕਿ ਪ੍ਰਮਾਣਿਕਤਾ ਦੇ ਮਹੱਤਵਪੂਰਨ ਮਾਪਦੰਡ ਹਨ) ਨੂੰ ਸਿਰਫ਼ ਸੰਸਥਾ ਦੇ ਮੁਲਾਜ਼ਮਾਂ ਦੁਆਰਾ ਹੀ ਬਦਲਿਆ ਜਾ ਸਕਦਾ ਸੀ। ਇਨ੍ਹਾਂ ਮਾਪਦੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਧੋਖਾਧੜੀ ਦੇ ਅਮਲ ਦਾ ਪਤਾ ਲਗਦਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਜਾਂਚ ਵਿੱਚ ਕੁਲਬੀਰ ਡਾਕੂਮੈਂਟਸ ਸੈਂਟਰ, ਸ਼ੈਲੀ ਡਾਕੂਮੈਂਟਸ ਸੈਂਟਰ, ਜੀਐਮਡੀ ਡਾਕੂਮੈਂਟਸ ਸੈਂਟਰ ਅਤੇ ਪੰਜਾਬ ਡਾਕੂਮੈਂਟਸ ਸਮੇਤ ਪ੍ਰਾਈਵੇਟ ਏਜੰਟਾਂ ਦੀ ਭੂਮਿਕਾ ਦਾ ਪਤਾ ਲੱਗਾ ਹੈ, ਜਿਨ੍ਹਾਂ ਨੇ ਰਿਸ਼ਵਤ ਬਦਲੇ ਬਿਨੈਕਾਰਾਂ ਨੂੰ ਜਾਅਲੀ ਦਸਤਾਵੇਜ਼ ਦੇਣ ਵਿੱਚ ਮਦਦ ਕੀਤੀ। ਵਿੱਤੀ ਲੈਣ-ਦੇਣ ਤੋਂ ਪਤਾ ਲੱਗਿਆ ਕਿ ਇਨ੍ਹਾਂ ਏਜੰਟਾਂ ਵੱਲੋਂ ਸਾਬਕਾ ਆਰ ਟੀ ਏ ਡੇਟਾ ਐਂਟਰੀ ਆਪਰੇਟਰ ਰਾਕੇਸ਼ ਕੁਮਾਰ, ਜੋ ਹੁਣ ਐਸ ਡੀ ਐਮ ਦਫਤਰ ਬਟਾਲਾ ਵਿਖੇ ਤਾਇਨਾਤ ਹੈ ਅਤੇ ਪ੍ਰਤਿਭਾ ਸ਼ਰਮਾ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਕੀਤੇ ਗਏ ਸਨ। ਐਸ ਆਈ ਏ ਡੀ ਐਸ ਮਹੂਆਣਾ ਵਿਖੇ ਲਾਈਟ ਮੋਟਰ ਵਹੀਕਲ (ਐਲਐਮਵੀ) ਇੰਸਟ੍ਰਕਟਰ ਅਤੇ ਜੀ ਆਈ ਡਰਾਈਵਿੰਗ ਇੰਚਾਰਜ, ਸੁਖਦੇਵ ਸਿੰਘ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਲਈ ਸਿਸਟਮ ਤੱਕ ਆਪਣੀ ਪਹੁੰਚ ਦੀ ਦੁਰਵਰਤੋਂ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਪ੍ਰਤੀ ਸਰਟੀਫਿਕੇਟ 430 ਰੁਪਏ ਵਸੂਲ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਚਾਰ ਮੁੱਖ ਮੁਲਜ਼ਮਾਂ-ਗੁਰਦਾਸਪੁਰ ਦੇ ਪਿੰਡ ਮੈਦੋਵਾਲ ਕਲਾਂ ਦਾ ਵਸਨੀਕ ਅਤੇ ਐਮਵੀਆਈ ਅਤੇ ਜੀਆਈ ਡਰਾਈਵਿੰਗ ਇੰਚਾਰਜ ਐਸ ਆਈ ਏ ਡੀ ਐਸ ਸੈਂਟਰ ਸੁਖਦੇਵ ਸਿੰਘ, ਸ਼ੈਲੀ ਡਾਕੂਮੈਂਟ ਸੈਂਟਰ ਦੇ ਅਮਿਤ ਕੁਮਾਰ ਉਰਫ ਸ਼ੈਲੀ, ਪੰਜਾਬ ਡਾਕੂਮੈਂਟ ਦੇ ਜਗਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ, ਜੋ ਕਿ ਇਸ ਸਮੇਂ ਬਟਾਲਾ ਵਿੱਚ ਤਾਇਨਾਤ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਕੁਲਬੀਰ ਡਾਕੂਮੈਂਟ ਸੈਂਟਰ ਦੇ ਕੁਲਬੀਰ ਸਿੰਘ, ਜੀ ਐਮ ਡੀ ਡਾਕੂਮੈਂਟ ਸੈਂਟਰ ਦੇ ਰਾਕੇਸ਼ ਕੁਮਾਰ ਅਤੇ ਆਰ ਟੀ ਏ ਗੁਰਦਾਸਪੁਰ ਦੀ ਪ੍ਰਤਿਭਾ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending