Connect with us

Chandigarh

ਪੁਲੀਸ ਵਲੋਂ ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ : ਡੀ ਜੀ ਪੀ ਗੌਰਵ ਯਾਦਵ

Published

on

ਕਤਲ ਕਰਨ ਉਪਰੰਤ ਫਰਾਰ ਹੋ ਗਏ ਸਨ ਨੇਪਾਲ, ਮੁੜ ਵਾਰਦਾਤ ਨੂੰ ਅੰਜਾਮ ਦੇਣ ਲਈ ਪੰਜਾਬ ਪਰਤੇ

ਚੰਡੀਗੜ੍ਹ, 14 ਅਗਸਤ (ਸ.ਬ.) ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9 ਐਮ ਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ (ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ ਤੇ ਕੰਮ ਕਰ ਰਹੇ ਸਨ।

ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਵਾਪਸ ਆਏ ਸਨ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨ ਡੀ ਪੀ ਐਸ ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏ ਡੀ ਜੀ ਪੀ, ਏ ਜੀ ਟੀ ਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲੀਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ ਜਿਸਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ।

ਗਿਰੋਹ ਵਲੋਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀ ਆਈ ਜੀ, ਏ ਜੀ ਟੀ ਐਫ ਗੁਰਮੀਤ ਚੌਹਾਨ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ।

ਇਸ ਸਬੰਧੀ ਐਸ ਏ ਐਸ ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਬੀ ਐਨ ਐਸ ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending