Chandigarh
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 18 ਅਗਸਤ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਅਤੇ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕਰਨ ਲਈ ਉਹਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ।
ਪੀ. ਐਸ. ਪੀ. ਸੀ. ਐਲ ਗੈਸਟ ਹਾਊਸ ਵਿਖੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟੂਅਲ ਇੰਪਲਾਈਜ਼ ਯੂਨੀਅਨ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ ਅਤੇ ਪੀ. ਐਸ. ਪੀ. ਸੀ. ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ. ਕੇ. ਸਿਨਹਾ ਵੀ ਸ਼ਾਮਲ ਹੋਏ। ਵਿੱਤ ਮੰਤਰੀ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਸੰਬੰਧੀ ਇੱਕ ਪ੍ਰਸਤਾਵ ਤਿਆਰ ਕਰਨ ਅਤੇ ਅੱਗੇ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਲਈ ਵਿੱਤ ਅਤੇ ਪ੍ਰਸੋਨਲ ਵਿਭਾਗਾਂ ਨਾਲ ਇਸ ਤੇ ਚਰਚਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਨਰਲ ਸਕੱਤਰ ਟੇਕ ਚੰਦ ਅਤੇ ਪ੍ਰੈਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਕੀਤੀ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰਜ਼ ਐਸੋਸੀਏਸ਼ਨ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਯੂਨੀਅਨਾਂ ਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਦੋਵਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿੱਤ ਵਿਭਾਗ ਨੂੰ ਸੌਂਪਣ।
ਇਸ ਮੌਕੇ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਹਾਜ਼ਰੀਨ ਵਿੱਚ ਸਰਪ੍ਰਸਤ ਡਾ. ਸੰਜੀਵ ਗੋਇਲ, ਪ੍ਰਧਾਨ ਡਾ. ਅਮਨਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਡਾ. ਰਾਜੀਵ ਮਹਿਤਾ ਸ਼ਾਮਲ ਸਨ। ਹੋਮਿਓਪੈਥਿਕ ਮੈਡੀਕਲ ਅਫਸਰਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਸਰਪ੍ਰਸਤ ਡਾ. ਰਾਜੀਵ, ਪ੍ਰਧਾਨ ਡਾ. ਬਲਵਿੰਦਰ ਕੁਮਾਰ, ਜਨਰਲ ਸਕੱਤਰ ਡਾ. ਹਰਿੰਦਰ ਪਾਲ ਸਿੰਘ ਅਤੇ ਉਪ ਪ੍ਰਧਾਨ ਡਾ. ਰਿਚਾ ਨੇ ਕੀਤੀ।
Chandigarh
ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।
ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
Chandigarh
31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।
ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।
Chandigarh
ਵਿਜੀਲੈਂਸ ਵੱਲੋਂ ਲੁਧਿਆਣਾ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।
ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
International3 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
