Editorial
ਖਾੜੀ ਦੇਸ਼ ਮੁੜ ਬਣ ਰਹੇ ਹਨ ਪੰਜਾਬੀਆਂ ਦੀ ਪਹਿਲੀ ਪਸੰਦ
ਖਾੜੀ ਦੇਸ਼ ਇੱਕ ਵਾਰ ਫੇਰ ਪੰਜਾਬੀਆਂ ਦੀ ਪਹਿਲੀ ਪਸੰਦ ਬਣਦੇ ਜਾ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਅਮਰੀਕਾ, ਕੈਨੇਡਾ ਅਤੇ ਹੋਰ ਦੇਸ਼ਾਂ ਨੇ ਆਪਣੇ ਵੀਜ਼ਾ ਨਿਯਮ ਬਹੁਤ ਸਖਤ ਕਰ ਦਿਤੇ ਹਨ। ਇਸ ਤੋਂ ਇਲਾਵਾ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਅਮਰੀਕਾ ਜਾਣ ਲਈ ਡੌਂਕੀ ਲਗਾਉਣਾ ਵੀ ਬਹੁਤ ਮੁਸ਼ਕਿਲ ਹੋ ਗਿਆ ਹੈ ਅਤੇ ਉਥੇ ਗੈਰ ਕਾਨੂੰਨੀ ਪਰਵਾਸੀਆਂ ਦਾ ਰਹਿਣਾ ਵੀ ਔਖਾ ਹੈ ਕਿਉਂਕਿ ਅਨੇਕਾਂ ਗੈਰ ਕਾਨੂੰਨੀ ਪਰਵਾਸੀਆਂ ਨੂੰ ਟਰੰਪ ਵੱਲੋਂ ਉਹਨਾਂ ਦੇ ਦੇਸ਼ਾਂ ਵਿੱਚ ਵਾਪਸ ਭੇਜਿਆ ਜਾ ਚੁੱਕਿਆ ਹੈ।
ਅਮਰੀਕਾ ਅਤੇ ਕੈਨੇਡਾ ਅਜਿਹੇ ਦੇਸ਼ ਹਨ, ਜੋ ਕਿ ਪੰਜਾਬੀਆਂ ਦੀ ਕਿਸੇ ਸਮੇਂ ਸੁਪਨ ਨਗਰੀ ਹੁੰਦੇ ਸਨ ਅਤੇ ਹਰ ਪੰਜਾਬੀ ਨੌਜਵਾਨ ਇਹਨਾਂ ਦੇਸ਼ਾਂ ਵਿੱਚ ਜਾਣ ਦਾ ਸੁਪਨਾ ਲੈਂਦਾ ਸੀ ਅਤੇ ਵੱਡੀ ਗਿਣਤੀ ਨੌਜਵਾਨ ਇਹਨਾਂ ਦੇਸ਼ਾਂ ਵਿੱਚ ਜਾਣ ਵਿੱਚ ਸਫਲ ਵੀ ਹੋ ਗਏ ਸਨ ਪਰ ਹੁਣ ਇਹਨਾਂ ਦੇਸ਼ਾਂ ਵੱਲੋਂ ਸਖ਼ਤ ਕਾਨੂੰਨ ਬਣਾਉਣ ਕਾਰਨ ਇਹਨਾਂ ਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀਆਂ ਦੀ ਗਿਣਤੀ ਘੱਟ ਰਹੀ ਹੈ ਪਰ ਖਾੜੀ ਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਕੁਝ ਦਹਾਕੇ ਪਹਿਲਾਂ ਖਾੜੀ ਦੇਸ਼ ਪੰਜਾਬੀਆਂ ਦੀ ਪਹਿਲੀ ਪਸੰਦ ਹੁੰਦੇ ਸਨ ਅਤੇ ਜਿਆਦਾਤਰ ਪੰਜਾਬੀ ਖਾੜੀ ਦੇਸ਼ਾਂ ਵਿੱਚ ਜਾਂਦੇ ਸਨ ਅਤੇ ਉਥੇ 15 ਤੋਂ 20 ਸਾਲ ਕੰਮ ਕਰਕੇ ਮੋਟੀ ਕਮਾਈ ਕਰਕੇ ਵਾਪਸ ਪੰਜਾਬ ਆ ਜਾਂਦੇ ਸਨ। ਬਾਅਦ ਵਿੱਚ ਪੰਜਾਬੀਆਂ ਦਾ ਰੁਝਾਨ ਕੈਨੇਡਾ ਤੇ ਅਮਰੀਕਾ ਵੱਲ ਜ਼ਿਆਦਾ ਹੋ ਗਿਆ ਜਿਸ ਕਰਕੇ ਖਾੜੀ ਦੇਸ਼ਾਂ ਵੱਲ ਜਾਣ ਦਾ ਰੁਝਾਨ ਘੱਟ ਗਿਆ, ਪਰ ਹੁਣ ਇੱਕ ਵਾਰ ਫੇਰ ਪੰਜਾਬੀਆਂ ਨੇ ਖਾੜੀ ਦੇਸ਼ਾਂ ਵੱਲ ਦਾ ਰੁੱਖ ਕੀਤਾ ਹੈ।
ਪ੍ਰਾਪਤ ਰਿਪੋਰਟਾਂ ਅਨੁਸਾਰ ਬੀਤੇ ਸਾਢੇ ਚਾਰ ਸਾਲਾਂ ਵਿੱਚ 52,643 ਪੰਜਾਬੀ ਅਰਬ ਮੁਲਕਾਂ ਵਿੱਚ ਮਜ਼ਦੂਰੀ ਲਈ ਗਏ ਹਨ। ਵਿਦੇਸ਼ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਸਾਲ 2020 ਤੋਂ 30 ਜੂਨ 2025 ਤੱਕ ਪੂਰੇ ਭਾਰਤ ਵਿਚੋਂ 16.06 ਲੱਖ ਵਰਕਰ 18 ਮੁਲਕਾਂ ਵੱਲ ਗਏ ਹਨ, ਜਿਨ੍ਹਾਂ ਵਿੱਚ ਪੰਜਾਬ ਦਾ ਹਿੱਸਾ ਵੀ ਚੰਗਾ-ਖਾਸਾ ਹੈ। ਪਰ ਗੱਲ ਇੱਥੇ ਦਿਲਚਸਪ ਇਹ ਹੈ ਕਿ ਜਿੱਥੇ ਪੰਜਾਬੀ ਮਜ਼ਦੂਰ ਖਾੜੀ ਦੇਸ਼ਾਂ ਵਿੱਚ ਜਾਣ ਲਈ ਅੱਗੇ-ਅੱਗੇ ਨੇ, ਉੱਥੇ ਹਰਿਆਣੇ ਦੇ ਲੋਕ ਇਸ ਮਾਮਲੇ ਵਿੱਚ ਕਾਫੀ ਪਿੱਛੇ ਨੇ। ਸਾਢੇ ਚਾਰ ਸਾਲਾਂ ਵਿੱਚ ਹਰਿਆਣੇ ਵਿਚੋਂ ਸਿਰਫ 5,589 ਵਰਕਰ ਹੀ ਖਾੜੀ ਮੁਲਕਾਂ ਵਿੱਚ ਗਏ, ਜਦਕਿ ਉੱਤਰ ਪ੍ਰਦੇਸ਼ 5.49 ਲੱਖ ਵਰਕਰਾਂ ਨਾਲ ਪਹਿਲੇ ਨੰਬਰ ਤੇ ਹੈ ਤੇ ਬਿਹਾਰ 2.84 ਲੱਖ ਨਾਲ ਦੂਜੇ ਨੰਬਰ ਤੇ।
ਪੰਜਾਬੀ ਵਰਕਰ 18 ਮੁਲਕਾਂ ਵਿੱਚ ਜਾ ਰਹੇ ਹਨ, ਜਿਨ੍ਹਾਂ ਵਿੱਚ ਅਫਗਾਨਿਸਤਾਨ, ਬਹਿਰੀਨ, ਇੰਡੋਨੇਸ਼ੀਆ, ਇਰਾਕ, ਜਾਰਡਨ, ਕੁਵੈਤ, ਲਿਬੀਆ, ਮਲੇਸ਼ੀਆ, ਓਮਾਨ, ਕਤਰ, ਸਾਊਦੀ ਅਰਬ, ਸੂਡਾਨ, ਸੀਰੀਆ, ਥਾਈਲੈਂਡ, ਯੂਏਈ ਤੇ ਯਮਨ ਸ਼ਾਮਲ ਹਨ। ਇਨ੍ਹਾਂ ਮੁਲਕਾਂ ਲਈ ਇਮੀਗਰੇਸ਼ਨ ਚੈਕ ਰਿਕੁਆਇਰਡ (ਈਸੀਆਰ) ਪਾਸਪੋਰਟ ਜਾਰੀ ਹੁੰਦੇ ਨੇ, ਜੋ ਜ਼ਿਆਦਾਤਰ ਅਨਪੜ੍ਹ ਜਾਂ ਘੱਟ ਪੜ੍ਹੇ-ਲਿਖੇ ਵਰਕਰਾਂ ਨੂੰ ਦਿੱਤੇ ਜਾਂਦੇ ਨੇ। ਸਾਲ 2020 ਵਿੱਚ 30 ਜੂਨ ਤੱਕ 8,609 ਪੰਜਾਬੀ ਵਰਕਰ ਅਰਬ ਮੁਲਕਾਂ ਵਿੱਚ ਗਏ, ਜਦਕਿ 2024 ਵਿੱਚ ਇਹ ਗਿਣਤੀ 12,575 ਸੀ। ਇਨ੍ਹਾਂ ਮੁਲਕਾਂ ਵਿਚੋਂ ਕਈ ਦੇ ਹਾਲਾਤ ਨਾਜ਼ੁਕ ਹਨ, ਪਰ ਫਿਰ ਵੀ ਪੰਜਾਬੀ ਮੁੰਡੇ-ਕੁੜੀਆਂ ਨੂੰ ਰੋਟੀ-ਰੋਜ਼ੀ ਦੀ ਖਾਤਰ ਖਤਰੇ ਝਲਣੇ ਪੈਂਦੇ ਹਨ।
ਪੰਜਾਬ ਵਿੱਚ ਵੱਡੀ ਗਿਣਤੀ ਪੰਜਾਬੀਆਂ ਦਾ ਦਿਲ ਨਹੀਂ ਲੱਗਦਾ। ਇਸ ਤੋਂ ਇਲਾਵਾ ਪੰਜਾਬ ਵਿੱਚ ਫੈਲਿਆ ਨਸ਼ਾ, ਅਮਨ ਕਾਨੂੰਨ ਦੀ ਗੰਭੀਰ ਹੁੰਦੀ ਸਥਿਤੀ, ਪੁਲੀਸ ਦੀ ਆਮ ਨਾਗਰਿਕਾਂ ਖਾਸ ਕਰਕੇ ਦਸਤਾਰਧਾਰੀ ਸਿੱਖ ਨੌਜਵਾਨਾਂ ਪ੍ਰਤੀ ਸਖ਼ਤੀ ਵੀ ਪੰਜਾਬੀ ਨੌਜਵਾਨਾਂ ਨੂੰ ਪਰਵਾਸ ਕਰਨ ਲਈ ਮਜਬੂਰ ਕਰ ਰਹੀ ਹੈ। ਪਹਿਲਾਂ ਤਾਂ ਸਿਰਫ ਵਿਦਿਆਰਥੀ ਅਤੇ ਪੜੇ ਲਿਖੇ ਨੌਜਵਾਨ ਹੀ ਵਿਦੇਸ਼ ਜਾਂਦੇ ਸਨ ਪਰ ਹੁਣ ਤਾਂ ਅੱਧਪੜ ਅਤੇ ਅਨਪੜ ਨੌਜਵਾਨ ਖਾਸ ਕਰਕੇ ਮਜਦੂਰ ਤਬਕਾ ਵੀ ਵਿਦੇਸ਼ ਜਾ ਰਿਹਾ ਹੈ। ਇਸ ਵਰਗ ਦੇ ਲੋਕਾਂ ਦਾ ਕਹਿਣਾ ਹੈ ਕਿ ਜਿੰਨੀ ਮਿਹਨਤ ਉਹ ਪੰਜਾਬ ਵਿੱਚ ਕਰਦੇ ਹਨ, ਉਸ ਦੀ ਕਦਰ ਨਹੀਂ ਪੈਂਦੀ ਪਰ ਵਿਦੇਸ਼ਾਂ ਵਿੱਚ ਉਹਨਾਂ ਨੂੰ ਉਹਨਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲ ਜਾਂਦਾ ਹੈ। ਖਾੜੀ ਦੇਸ਼ਾਂ ਵਿੱਚ ਜਾਣ ਲਈ ਖਰਚਾ ਵੀ ਅਮਰੀਕਾ ਕੈਨੇਡਾ ਜਾਣ ਨਾਲੋਂ ਘੱਟ ਹੁੰਦਾ ਹੈ। ਇਸ ਕਰਕੇ ਹੁਣ ਖਾੜੀ ਦੇਸ਼ ਇੱਕ ਵਾਰ ਮੁੜ ਪੰਜਾਬੀਆਂ ਦੀ ਪਹਿਲੀ ਪਸੰਦ ਬਣਦੇ ਜਾ ਰਹੇ ਹਨ।
ਬਿਊਰੋ
Editorial
ਮੁੱਖ ਸੜਕਾਂ ਕਿਨਾਰੇ ਖੜ੍ਹਦੇ ਵਾਹਨਾਂ ਦੀ ਸਮੱਸਿਆ ਤੇ ਕਾਬੂ ਕਰਨ ਲਈ ਸਖਤ ਕਾਰਵਾਈ ਕਰੇ ਪ੍ਰਸ਼ਾਸ਼ਨ
ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਖੜ੍ਹਦੇ ਵਾਹਨਾਂ ਦੀ ਸਮੱਸਿਆ ਲਗਾਤਾਰ ਵੱਧਦੀ ਰਹੀ ਹੈ ਅਤੇ ਹਾਲਤ ਇਹ ਹਨ ਕਿ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮੁੱਖ ਸੜਕਾਂ ਦੇ ਕਿਨਾਰੇ ਲੋਕਾਂ ਵਲੋਂ ਆਪਣੇ ਵਾਹਨ ਖੜ੍ਹੇ ਕਰਨ ਦੀ ਕਾਰਵਾਈ ਆਮ ਦਿਖਦੀ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਖੜ੍ਹਦੇ ਇਹਨਾਂ ਵਾਹਨਾਂ ਕਾਰਨ ਜਿੱਥੇ ਸੜਕ ਤੇ ਹੋਰਨਾਂ ਵਾਹਨਾਂ ਦੇ ਲਾਂਘੇ ਲਈ ਰਾਹ ਘੱਟ ਹੋ ਜਾਂਦਾ ਹੈ, ਉੱਥੇ ਇਸ ਕਾਰਨ ਅਜਿਹੇ ਹਾਦਸਿਆਂ ਦੀ ਆਸ਼ੰਕਾ ਹੋਰ ਵੀ ਵੱਧ ਜਾਂਦੀ ਹੈ। ਅੱਜਕੱਲ ਦਿਨ ਵੀ ਛੋਟੇ ਹੋਣ ਲੱਗ ਗਏ ਹਨ ਅਤੇ ਪਹਿਲਾਂ ਦੇ ਮੁਕਾਬਲੇ ਦਿਨ ਵੀ ਛੇਤੀ ਛੁਪ ਜਾਂਦਾ ਹੈ ਅਤੇ ਇਸਦੇ ਨਾਲ ਹੀ ਸੜਕਾਂ ਤੇ ਦੇਖਣ ਦੀ ਸਮਰਥਾ ਵੀ ਘੱਟ ਜਾਂਦੀ ਹੈ। ਅਜਿਹੇ ਸਮੇਂ ਦੌਰਾਨ ਜਦੋਂ ਸੜਕ ਤੇ ਵੇਖਣ ਦੀ ਸਮਰਥਾ ਘੱਟ ਜਾਂਦੀ ਹੈ, ਸੜਕ ਹਾਦਸਿਆਂ ਦਾ ਖਤਰਾ ਕਾਫੀ ਵੱਧ ਜਾਂਦਾ ਹੈ ਅਤੇ ਸੜਕ ਤੇ ਕਿਸੇ ਕਿਸਮ ਦੀ ਰੁਕਾਵਟ ਵੀ ਖਤਰੇ ਦਾ ਕਾਰਨ ਬਣਦੀ ਹੈ।
ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਲੋਕਾਂ ਵਲੋਂ ਆਪਣੀਆਂ ਗੱਡੀਆਂ ਖੜ੍ਹੀਆਂ ਕਰਨ ਦੀ ਸਮੱਸਿਆ ਕਾਫੀ ਸਮੇਂ ਤੋਂ ਚਲਦੀ ਆ ਰਹੀ ਹੈ ਅਤੇ ਇਸ ਕਾਰਨ ਕਈ ਵਾਰ ਜਾਮ ਤਕ ਲਗਣ ਦੀ ਨੌਬਤ ਆ ਜਾਂਦੀ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਆਪਣੇ ਵਾਹਨ ਖੜ੍ਹੇ ਕਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੜਕਾਂ ਕਿਨਾਰੇ ਗੱਡੀਆਂ ਖੜ੍ਹਾਉਣ ਦੀ ਇਹ ਕਾਰਵਾਈ ਉਹਨਾਂ ਥਾਵਾਂ ਤੇ ਜਿਆਦਾ ਦਿਖਦੀ ਹੈ ਜਿੱਥੇ ਸੜਕ ਕਿਨਾਰੇ ਬਣੀਆਂ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਕੰਮ ਆਏ ਵਿਅਕਤੀ ਮਾਰਕੀਟ ਦੀ ਪਾਰਕਿੰਗ ਵਿੱਚ ਜਾ ਕੇ ਗੱਡੀ ਖੜ੍ਹਾਉਣ ਦੀ ਥਾਂ ਮੁੱਖ ਸੜਕ ਦੇ ਕਿਨਾਰੇ ਤੇ ਆਪਣੀ ਗੱਡੀ ਖੜ੍ਹੀ ਕਰ ਦਿੰਦੇ ਹਨ ਅਤੇ ਖੁਦ ਮਾਰਕੀਟ ਵਿੱਚ ਚਲੇ ਜਾਂਦੇ ਹਨ। ਸ਼ਹਿਰ ਦੀ ਸਭ ਤੋਂ ਵਿਅਸਤ ਸੜਕ (ਜਿਹੜੀ ਫੇਜ਼ 1 ਨੂੰ ਫੇਜ਼ 11 ਨਾਲ ਜੋੜਦੀ ਹੈ) ਦਾ ਮਾਰਕੀਟਾਂ ਦੇ ਸਾਮ੍ਹਣੇ ਪੈਂਦਾ ਖੇਤਰ ਇਸ ਸਮੱਸਿਆ ਦਾ ਸਭ ਤੋਂ ਵੱਧ ਸ਼ਿਕਾਰ ਹੈ। ਫੇਜ਼ 1 ਵਿੱਚ ਪੁਰਾਣੇ ਬੈਰੀਅਰ ਤੋਂ ਲੈ ਕੇ ਫਰੈਂਕੋ ਹੋਟਲ ਦੇ ਸਾਮਣੇ ਤਕ ਦੀ ਸੜਕ, ਫੇਜ਼ 5 ਦੇ 3-5 ਚੌਂਕ ਦੇ ਨਾਲ ਲੱਗਦੇ ਬੂਥਾਂ ਦੇ ਸਾਮ੍ਹਣੇ, ਫੇਜ਼ 7 ਦੀ ਮਾਰਕੀਟ ਦਾ ਉਹ ਹਿੱਸਾ ਜਿੱਥੇ ਵਿੱਚ ਵੱਡੀ ਗਿਣਤੀ ਬੈਂਕ ਮੌਜੂਦ ਹਨ, ਫੇਜ਼ 7 ਦੇ ਐਚ ਐਮ ਕਵਾਟਰਾਂ ਦੇ ਸਾਮ੍ਹਣੇ ਵਾਲੀ ਥਾਂ ਅਤੇ ਫੇਜ਼ 11 ਵਿੱਚ ਮਾਰਕੀਟ ਦੇ ਸਾਮ੍ਹਣੇ ਇਹ ਸਮੱਸਿਆ ਕਾਫੀ ਜਿਆਦਾ ਦਿਖਦੀ ਹੈ।
ਹਾਲਾਂਕਿ ਇਹ ਵੀ ਹਕੀਕਤ ਹੈ ਕਿ ਇਸ ਸਮੱਸਿਆ ਲਈ ਖੁਦ ਸ਼ਹਿਰਵਾਸੀ ਹੀ ਜਿੰਮੇਵਾਰ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਲੋਕ ਸੜਕਾਂ ਕਿਨਾਰੇ ਖੜ੍ਹਦੀਆਂ ਗੱਡੀਆਂ ਕਾਰਨ ਟ੍ਰੈਫਿਕ ਸਮੱਸਿਆ ਦੀ ਬਦਹਾਲੀ ਦੀ ਸ਼ਿਕਾਇਤ ਤਾਂ ਕਰਦੇ ਹਨ ਪਰੰਤੂ ਉਹ ਖੁਦ ਵੀ ਅਜਿਹਾ ਹੀ ਕਰਦੇ ਦਿਖਦੇ ਹਨ। ਸ਼ਹਿਰ ਵਾਸੀ ਕਿਸੇ ਹੋਰ ਵਲੋਂ ਕੀਤੀ ਜਾਂਦੀ ਕਾਨੂੰਨ ਦੀ ਉਲੰਘਣਾ ਤੇ ਤਾਂ ਇਤਰਾਜ ਕਰਦੇ ਦਿਖਦੇ ਹਨ ਪਰੰਤੂ ਜਦੋਂ ਖੁਦ ਤੇ ਗੱਲ ਆਉਂਦੀ ਹੈ ਤਾਂ ‘ਬਸ ਦੋ ਮਿਨਟ ਦਾ ਕੰਮ ਹੈ’ ਵਰਗੇ ਬਹਾਨੇ ਬਣਾ ਕੇ ਖੁਦ ਨੂੰ ਜਾਇਜ ਕਰਾਰ ਦੇਣ ਦੀ ਕੋਸ਼ਿਸ਼ ਵਿੱਚ ਲੱਗ ਜਾਂਦੇ ਹਨ। ਇਸਨੂੰ ਇੰਝ ਵੀ ਕਿਹਾ ਜਾ ਸਕਦਾ ਹੈ ਕਿ ਸਾਡੇ ਸ਼ਹਿਰ ਦੇ ਵਸਨੀਕਾਂ ਦੀ ਮਾਨਸਿਕਤਾ ਹੀ ਕੁੱਝ ਅਜਿਹੀ ਹੋ ਗਈ ਜਾਪਦੀ ਹੈ ਕਿ ਆਪਣੀ ਖੁਦ ਦੀ ਸਹੂਲੀਅਤ ਲਈ ਉਹ ਇਸ ਗੱਲ ਦੀ ਬਿਲਕੁਲ ਵੀ ਪਰਵਾਹ ਨਹੀਂ ਕਰਦੇ ਕਿ ਉਹਨਾਂ ਦੀ ਕੋਈ ਕਾਰਵਾਈ ਹੋਰਨਾਂ ਸ਼ਹਿਰੀਆਂ ਲਈ ਕਿੰਨੀ ਵੱਡੀ ਪਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਸ਼ਹਿਰਵਾਸੀ ਖੁਦ ਲਈ ਅਤਿ ਆਧੁਨਿਕ ਸੁਵਿਧਾਵਾਂ ਦੀ ਮੰਗ ਤਾਂ ਕਰਦੇ ਹਨ ਪਰੰਤੂ ਅਕਸਰ ਉਹਨਾਂ ਦੀਆਂ ਖੁਦ ਦੀਆਂ ਕਾਰਵਾਈਆਂ ਹੀ ਉਹਨਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੇ ਰਾਹ ਦੀ ਰੁਕਾਵਟ ਬਣ ਜਾਂਦੀਆਂ ਹਨ।
ਮੁੱਖ ਸੜਕਾਂ ਦੇ ਕਿਨਾਰੇ ਵਾਹਨ ਖੜ੍ਹਾਉਣ ਦੀ ਇਹ ਕਾਰਵਾਈ ਕਾਨੂੰਨ ਦੀ ਸਿੱਧੀ ਉਲੰਘਣਾ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਕੁੱਝ ਸਾਲ ਪਹਿਲਾਂ ਤਕ ਟ੍ਰੈਫਿਕ ਪੁਲੀਸ ਵਲੋਂ ਅਜਿਹੇ ਵਾਹਨ ਚਾਲਕਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਂਦੀ ਰਹੀ ਹੈ ਜਿਸਦੇ ਤਹਿਤ ਪੁਲੀਸ ਵਲੋਂ ਅਜਿਹੀਆਂ ਗੱਡੀਆਂ ਨੂੰ ਕ੍ਰੇਨ ਨਾਲ ਚੁਕਵਾ ਕੇ ਥਾਣੇ ਪਹੁੰਚਾ ਦਿੱਤਾ ਜਾਂਦਾ ਸੀ ਅਤੇ ਫਿਰ ਜੁਰਮਾਨਾ ਵਸੂਲਣ ਤੋਂ ਬਾਅਦ ਹੀ ਇਹਨਾਂ ਨੂੰ ਛੱਡਿਆ ਜਾਂਦਾ ਸੀ, ਪਰੰਤੂ ਪਿਛਲੇ ਕਾਫੀ ਸਮੇਂ ਤੋਂ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਬੰਦ ਹੈ ਅਤੇ ਇਸ ਕਾਰਨ ਸੜਕਾਂ ਕਿਨਾਰੇ ਖੜ੍ਹਦੀਆਂ ਇਹਨਾਂ ਗੱਡੀਆਂ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ।
ਸਥਾਨਕ ਪ੍ਰਛਾਛਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਛਹਿਰ ਦੀਆਂ ਸੜਕਾਂ ਦੇ ਕਿਨਾਰੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਏ ਅਤੇ ਇਸ ਸਮੱਸਿਆ ਦੇ ਹਲ ਲਈ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਸੰਬੰਧੀ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਸੜਕਾਂ ਕਿਨਾਰੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਣੀ ਚਾਹੀਦੀ ਹੈ ਤਾਂ ਜੋ ਇਸ ਕਾਰਨ ਪੇਸ਼ ਆਉਂਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਤੋਂ ਛੁਟਕਾਰਾ ਹਾਸਿਲ ਹੋ ਸਕੇ।
Editorial
ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਨਾਲ ਪੰਜਾਬ ਦੇ ਖੇਡ ਜਗਤ ਨੂੰ ਮਿਲੇਗਾ ਹੁਲਾਰਾ
ਪੰਜਾਬ ਦੀ ਧਰਤੀ ਤੇ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਕਰਵਾਈ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ-2026 ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਦਿਖ ਰਿਹਾ ਹੈ ਅਤੇ ਇਸ ਚੈਂਪੀਅਨ ਟਰਾਫੀ ਨਾਲ ਉਭਰਦੇ ਹਾਕੀ ਖਿਡਾਰੀ ਵੀ ਉਤਸ਼ਾਹ ਵਿੱਚ ਹਨ। ਇਸ ਟਰਾਫੀ ਵਿੱਚ ਭਾਰਤ, ਬੰਗਲਾਦੇਸ਼, ਚੀਨ, ਜਪਾਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਪੰਜਾਬ ਦੇ ਉਭਰਦੇ ਹਾਕੀ ਖਿਡਾਰੀ ਵੱਖ ਵੱਖ ਦੇਸ਼ਾਂ ਦੀਆਂ ਟੀਮਾਂ ਦੇ ਸੀਨੀਅਰ ਖਿਡਾਰੀਆਂ ਨੂੰ ਨੇੜਿਓਂ ਖੇਡਦਾ ਵੇਖ ਕੇ ਆਪਣੀ ਖੇਡ ਕਲਾ ਵਿੱਚ ਹੋਰ ਨਿਖਾਰ ਲਿਆਉਣ ਦਾ ਯਤਨ ਕਰਨ ਦੀ ਤਿਆਰੀ ਵਿੱਚ ਹਨ। ਸੀਨੀਅਰ ਖਿਡਾਰੀਆਂ ਦੇ ਖੇਡ ਗੁਰਾਂ ਤੋਂ ਉਭਰਦੇ ਖਿਡਾਰੀ ਬਹੁਤ ਕੁਝ ਸਿੱਖਦੇ ਹਨ।
ਇਸ ਸਮੇਂ ਦੇਸ਼ ਵਿਦੇਸ਼ ਵਿੱਚ ਰਹਿੰਦੇ ਹਾਕੀ ਪ੍ਰੇਮੀਆਂ ਦੀਆਂ ਨਜ਼ਰਾਂ ਵੀ ਚੈਂਪੀਅਨ ਟਰਾਫ਼ੀ ਵੱਲ ਲੱਗੀਆਂ ਹੋਈਆਂ ਹਨ। ਵਿਦੇਸ਼ ਰਹਿੰਦੇ ਹਾਕੀ ਪ੍ਰੇਮੀ ਵੱਖ- ਵੱਖ ਟੀਮਾਂ ਵਿਚਾਲੇ ਹੁੰਦੇ ਮੈਚਾਂ ਨੂੰ ਦਰਸ਼ਕ ਬਹੁਤ ਧਿਆਨ ਨਾਲ ਵੇਖਦੇ ਹਨ ਅਤੇ ਆਪਣੇ ਵਿਚਾਰ ਵੀ ਪ੍ਰਗਟ ਕਰਦੇ ਹਨ। ਪੰਜਾਬ ਵਿੱਚ ਅੰਤਰਰਾਸ਼ਟਰੀ ਹਾਕੀ ਮੈਚ ਹੋਣ ਨਾਲ ਹੁਣ ਹਰ ਪਾਸੇ ਹਾਕੀ ਦੀਆਂ ਗੱਲਾਂ ਹੋ ਰਹੀਆਂ ਹਨ।
ਜਲੰਧਰ ਅਤੇ ਐਸ.ਏ.ਐਸ.ਨਗਰ ਮੁਹਾਲੀ ਦੇ ਵਸਨੀਕਾਂ ਵਿੱਚ ਇਸ ਟਰਾਫ਼ੀ ਲਈ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ ਕਿਉਂਕਿ ਇਸ ਟਰਾਫ਼ੀ ਦੇ ਲੀਗ ਮੈਚ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਮੈਦਾਨ ਵਿੱਚ ਹੋ ਰਹੇ ਹਨ ਅਤੇ ਸੈਮੀਫਾਈਨਲ ਅਤੇ ਫਾਈਨਲ ਮੈਚ ਐਸ.ਏ.ਐਸ. ਨਗਰ ਮੁਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਮੈਦਾਨ ਵਿੱਚ ਖੇਡੇ ਜਾਣਗੇ। ਇਹਨਾਂ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਨੂੰ ਸੀਨੀਅਰ ਹਾਕੀ ਖਿਡਾਰੀਆਂ ਨੂੰ ਨੇੜਿਓਂ ਖੇਡਦੇ ਵੇਖਣ ਦਾ ਮੌਕਾ ਮਿਲ ਰਿਹਾ ਹੈ, ਜਿਸ ਕਰਕੇ ਇਹਨਾਂ ਸ਼ਹਿਰਾਂ ਅਤੇ ਇਹਨਾਂ ਸ਼ਹਿਰਾਂ ਦੇ ਨੇੜਲੇ ਇਲਾਕਿਆਂ ਦੇ ਲੋਕ ਬਹੁਤ ਉਤਸ਼ਾਹਿਤ ਹਨ।
ਭਾਰਤ ਵਾਸੀ ਭਾਰਤੀ ਹਾਕੀ ਟੀਮ ਤੋਂ ਬਹੁਤ ਉਮੀਦਾਂ ਲਗਾ ਰਹੇ ਹਨ। ਭਾਰਤੀਆਂ ਨੂੰ ਉਮੀਦ ਹੈ ਕਿ ਭਾਰਤੀ ਹਾਕੀ ਟੀਮ ਇਹ ਟਰਾਫ਼ੀ ਜਰੂਰ ਜਿੱਤੇਗੀ। ਅੰਤਰਰਾਸ਼ਟਰੀ ਮੈਚ ਅਸਲ ਵਿੱਚ ਵੱਖ ਵੱਖ ਦੇਸ਼ਾਂ ਦੇ ਖਿਡਾਰੀਆਂ ਵਿੱਚ ਭਾਈਚਾਰਕ ਸਾਂਝ ਪੈਦਾ ਕਰਦੇ ਹਨ ਅਤੇ ਖਿਡਾਰੀਆਂ ਨੂੰ ਵੱਖ ਵੱਖ ਸਭਿਆਚਾਰਾਂ ਨੂੰ ਜਾਣਨ ਦਾ ਮੌਕਾ ਮਿਲਦਾ ਹੈ। ਜਿਸ ਤਰੀਕੇ ਨਾਲ ਇਸ ਚੈਂਪੀਅਨ ਟਰਾਫ਼ੀ ਦੌਰਾਨ ਵੱਖ ਵੱਖ ਦੇਸ਼ਾਂ ਦੇ ਕੁਝ ਖਿਡਾਰੀ ਅਤੇ ਕੋਚ ਪੰਜਾਬੀ ਦੇ ਕੁਝ ਸ਼ਬਦ ਬੋਲਣ ਦਾ ਯਤਨ ਕਰ ਰਹੇ ਹਨ ਉਸ ਨਾਲ ਵੀ ਉਹਨਾਂ ਦੇ ਹਾਕੀ ਨਾਲ ਅਤੇ ਪੰਜਾਬ ਨਾਲ ਪਿਆਰ ਦਾ ਪਤਾ ਚਲ ਜਾਂਦਾ ਹੈ।
ਕੋਈ ਸਮਾਂ ਹੁੰਦਾ ਸੀ ਜਦੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੂਰੇ ਭਾਰਤ ਵਿੱਚ ਸਰਦਾਰੀ ਹੁੰਦੀ ਸੀ। ਉਸ ਸਮੇਂ ਰਾਸ਼ਟਰੀ ਖੇਡ ਟੀਮਾਂ ਵਿੱਚ ਪੰਜਾਬੀ ਖਿਡਾਰੀਆਂ ਦੀ ਬਹੁਤਾਤ ਹੁੰਦੀ ਸੀ। ਪਰੰਤੂ ਪਿਛਲੇ ਦਹਾਕਿਆਂ ਦੌਰਾਨ ਜਦੋਂ ਪੰਜਾਬ ਵਿੱਚ ਹਾਲਾਤ ਖਰਾਬ ਹੋ ਗਏ ਸਨ ਅਤੇ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਸੀ, ਉਦੋਂ ਪੰਜਾਬ ਵਿੱਚ ਖੇਡਾਂ ਵੱਲ ਵਿਸ਼ੇਸ਼ ਧਿਆਨ ਨਾ ਦਿੱਤਾ ਜਾ ਸਕਿਆ ਅਤੇ ਪੰਜਾਬ ਖੇਡਾਂ ਵਿੱਚ ਪਿਛੜ ਗਿਆ। ਉਸ ਤੋਂ ਬਾਅਦ ਆਈਆਂ ਸਰਕਾਰਾਂ ਨੇ ਆਪਣੇ ਰਾਜ ਦੌਰਾਨ ਖੇਡਾਂ ਨੂੰ ਵਿਕਸਤ ਕਰਨ ਦੇ ਉਪਰਾਲੇ ਕੀਤੇ। ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵੀ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਵਿਸ਼ੇਸ਼ ਯਤਨ ਕਰਨ ਦਾ ਦਾਅਵਾ ਕਰ ਰਹੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੈਂਪੀਅਨ ਟਰਾਫ਼ੀ ਦੇ ਮੈਚ ਪੰਜਾਬ ਵਿੱਚ ਕਰਵਾਏ ਜਾਣਾ ਵੀ ਉਸ ਦੀ ਖੇਡ ਨੀਤੀ ਦਾ ਹਿੱਸਾ ਹੈ।
ਪੰਜਾਬ ਵਿੱਚ ਅੰਤਰਰਾਸ਼ਟਰੀ ਹਾਕੀ ਮੈਚ ਹੋਣ ਕਾਰਨ ਪੰਜਾਬੀਆਂ ਵਿੱਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ। ਖੇਡ ਮਾਹਿਰ ਕਹਿੰਦੇ ਹਨ ਕਿ ਇਸ ਟਰਾਫ਼ੀ ਦੇ ਮੈੇਚ ਪੰਜਾਬ ਵਿੱਚ ਹੋਣ ਕਾਰਨ ਪੰਜਾਬ ਦੇ ਹਰ ਵਰਗ ਵਿੱਚ ਹਾਕੀ ਪ੍ਰਤੀ ਦਿਲਚਸਪੀ ਵੱਧ ਰਹੀ ਹੈ।
ਬਿਊਰੋ
Editorial
ਮਾਲਵਾ ਇਲਾਕੇੇ ਵਿੱਚ ਤੇਜ਼ ਹੋਈਆਂ ਸਿਆਸੀ ਸਰਗਰਮੀਆਂ
ਪੰਜਾਬ ਦੀ ਰਾਜਨੀਤੀ ਉੱਤੇ ਵੱਡਾ ਅਸਰ ਪਾਉਂਦਾ ਹੈ ਮਾਲਵੇ ਦਾ ਇਲਾਕਾ
ਪੰਜਾਬ ਵਿੱਚ ਇਸ ਵੇਲੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਵੱਖ- ਵੱਖ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੇ ਮਾਲਵਾ ਇਲਾਕੇ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਲਵਾ ਇਲਾਕੇ ਦਾ ਦੌਰਾ ਕਰਕੇ ਗਏ ਹਨ, ਭਾਵੇਂ ਕਿ ਉਹਨਾਂ ਨੇ ਮਾਨਸਾ ਵਿਖੇ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਹੋਰਨਾਂ ਪੀੜਤ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਦਾ ਦੁੱਖ ਵੰਡਾਇਆ।
ਹੁਣ ਕਾਂਗਰਸ ਵੱਲੋਂ ਨਵੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਮਾਲਵੇ ਦੇ ਮੁੱਖ ਸ਼ਹਿਰ ਸੰਗਰੂਰ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਆ ਰਹੇ ਹਨ। ਕੌਮੀ ਪੱਧਰ ਦੇ ਦੋ ਨੇਤਾਵਾਂ ਦੀਆਂ ਸਰਗਰਮੀਆਂ ਨਾਲ ਮਾਲਵਾ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਸਿਖਰਾਂ ਨੂੰ ਛੋਹ ਗਈਆਂ ਹਨ। ਕਾਂਗਰਸ ਵੱਲੋਂ ਤਾਂ ਸੰਗਰੂਰ ਰੈਲੀ ਤੋਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਕਰਕੇ ਮਾਲਵਾ ਇਲਾਕਾ ਇੱਕਦਮ ਹੀ ਸੁਰਖ਼ੀਆਂ ਵਿੱਚ ਆ ਗਿਆ ਹੈ।
ਮਾਲਵਾ ਪੰਜਾਬ ਦਾ ਸਭ ਤੋਂ ਵੱਡਾ ਇਲਾਕਾ ਹੈ, ਜੋ ਕਿ 15 ਜ਼ਿਲ੍ਹਿਆਂ ਵਿੱਚ ਫੈਲਿਆ ਹੋਇਆ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ 69 ਸੀਟਾਂ ਇਕੱਲੇ ਮਾਲਵਾ ਖੇਤਰ ਵਿੱਚ ਹਨ। ਇਹ ਰਾਜ ਦਾ ਸਭ ਤੋਂ ਵੱਡਾ ਅਤੇ ਸਿਆਸੀ ਤੌਰ ਤੇ ਸਭ ਤੋਂ ਮਹੱਤਵਪੂਰਨ ਖੇਤਰ ਮੰਨਿਆ ਜਾਂਦਾ ਹੈ ਕਿਉਂਕਿ ਇਥੋਂ ਚਲਣ ਵਾਲੀ ਸਿਆਸੀ ਲਹਿਰ ਦਾ ਅਸਰ ਪੂਰੇ ਪੰਜਾਬ ਦੇ ਚੋਣ ਨਤੀਜਿਆਂ ਤੇ ਪੈਂਦਾ ਹੈ। ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਗਵੰਤ ਮਾਨ ਵਰਗੇ ਪ੍ਰਮੁੱਖ ਮੁੱਖ ਮੰਤਰੀ ਇਸੇ ਖੇਤਰ ਨਾਲ ਸਬੰਧਿਤ ਰਹੇ ਹਨ।
ਸਾਲ 2022 ਵਿੱਚ ‘ਆਪ’ ਨੇ ਮਾਲਵਾ ਦੀਆਂ 69 ਵਿਚੋਂ 66 ਸੀਟਾਂ ਜਿੱਤ ਕੇ ਹੂੰਝਾ ਫੇਰਿਆ ਸੀ, ਜਦੋਂਕਿ ਕਾਂਗਰਸ ਨੂੰ 2 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ 1 ਸੀਟ ਮਿਲੀ ਸੀ। ਇਸ ਵਾਰ ਕਿਸਾਨ ਅਤੇ ਕਿਸਾਨੀ ਨਾਲ ਜੁੜੇ ਮੁੱਦੇ, ਜ਼ਮੀਨ ਹੇਠਲਾ ਪਾਣੀ, ਕੈਂਸਰ ਬੈਲਟ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦਾ ਵਿਦੇਸ਼ ਵੱਲ ਪਲਾਇਨ ਮੁੱਖ ਮੁੱਦਿਆਂ ਵਿੱਚ ਸ਼ਾਮਲ ਹਨ। ਸਾਰੀਆਂ ਪਾਰਟੀਆਂ ਮਾਲਵਾ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ਤੇ ਕੰਮ ਕਰ ਰਹੀਆਂ ਹਨ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਨੇ ਜਿੱਥੇ ਸੂਬੇ ਦੇ ਸਿਆਸੀ ਮਾਹੌਲ ਨੂੰ ਭਖ਼ਾ ਦਿੱਤਾ ਹੈ, ਉੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਮਾਲਵਾ ਵਿੱਚ ਕੀਤੇ ਜਾ ਰਹੇ ਦੌਰਿਆਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।
ਸਿਆਸੀ ਮਾਹਿਰ ਕਹਿੰਦੇ ਹਨ ਕਿ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਪਿਛਲੇ ਸਮੇਂ ਦੌਰਾਨ ਵੱਖ- ਵੱਖ ਲਹਿਰਾਂ ਉਭਰੀਆਂ, ਜਿਹਨਾਂ ਨੇ ਪੂਰੇ ਪੰਜਾਬ ਨੂੰ ਹੀ ਪ੍ਰਭਾਵਿਤ ਕੀਤਾ। ਸਿਆਸੀ ਪਾਰਟੀਆਂ ਵੀ ਇਸ ਤੱਥ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ। ਇਸ ਕਾਰਨ ਪੰਜਾਬ ਦੇ ਮਾਲਵਾ ਇਲਾਕੇ ਵੱਲ ਸਿਆਸੀ ਪਾਰਟੀਆਂ ਵੱਲੋਂ ਹਰ ਚੋਣਾਂ ਵੇਲੇ ਵਿਸ਼ੇਸ਼ ਤਵੱਜੋ ਦਿੱਤੀ ਜਾਂਦੀ ਹੈ। ਕਿਹਾ ਤਾਂ ਇਹ ਵੀ ਜਾਂਦਾ ਹੈ ਕਿ ਮਾਲਵਾ ਇਲਾਕੇ ਵਿੱਚ ਜਿਹੜੀ ਸਿਆਸੀ ਪਾਰਟੀ ਨੂੰ ਬਹੁਮਤ ਮਿਲ ਜਾਂਦਾ ਹੈ, ਉਸ ਪਾਰਟੀ ਦੀ ਹੀ ਪੰਜਾਬ ਵਿੱਚ ਸਰਕਾਰ ਹੋਂਦ ਵਿੱਚ ਆ ਜਾਂਦੀ ਹੈ।
ਮਾਲਵਾ ਇਲਾਕੇ ਵਿਚੋਂ ਉਠਦੀ ਆਵਾਜ਼ ਅਤੇ ਲਹਿਰ ਨੂੰ ਅਣਗੋਲਿਆ ਕਰਨਾ ਸਿਆਸੀ ਪਾਰਟੀਆਂ ਲਈ ਸੰਭਵ ਨਹੀਂ ਹੁੰਦਾ, ਇਹੋ ਕਾਰਨ ਹੈ ਕਿ ਵੱਖ ਵੱਖ ਸਿਆਸੀ ਪਾਰਟੀਆਂ ਇਸ ਇਲਾਕੇ ਵਿੱਚ ਵੱਡੀਆਂ ਸਰਗਰਮੀਆਂ ਕਰਦੀਆਂ ਹਨ। ਇਸ ਸਮੇਂ ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ। ਜਿਸ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਕੁਝ ਕਲਾਕਾਰ ਵੀ ਆਪਣੀ ਹਾਜ਼ਰੀ ਲਵਾ ਕੇ ਗਏ ਹਨ।
ਇਸ ਧਰਨੇ ਵਿੱਚ ਪਹੁੰਚੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਧਰਨੇ ਤੋਂ ਪੰਜਾਬ ਵਿੱਚ ਮੌਜੂਦਾ ਸਰਕਾਰ ਵਿਰੁੱਧ ਨਵੀਂ ਲੋਕ ਲਹਿਰ ਸ਼ੁਰੂ ਹੋ ਰਹੀ ਹੈ। ਕਿਸਾਨ ਆਗੂ ਤਾਂ ਇਹ ਵੀ ਕਹਿੰਦੇ ਹਨ ਕਿ ਉਹ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਹੀ ਨਹੀਂ ਮੰਨਦੇ। ਜਿਸ ਤਰੀਕੇ ਨਾਲ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਹੋ ਰਹੀਆਂ ਹਨ, ਉਸ ਤੋਂ ਮਹਿਸੂਸ ਹੁੰਦਾ ਹੈ ਕਿ ਪੰਜਾਬ ਦਾ ਮਾਲਵਾ ਇਲਾਕਾ ਇਸ ਸਮੇਂ ਸਿਆਸੀ ਸਰਗਰਮੀਆਂ ਦਾ ਗੜ੍ਹ ਬਣਿਆ ਹੋਇਆ ਹੈ।
ਬਿਊਰੋ
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
International3 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
