Chandigarh
ਪੰਜਾਬ ਵਿੱਚ ਸਿਆਸੀ ਉਥਲ-ਪੁਥਲ, ਪੁਲੀਸ ਨੇ ਕਈ ਵੱਡੇ ਬੀ ਜੇ ਪੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 21 ਅਗਸਤ (ਸ.ਬ.) ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਰਾਜਨੀਤਿਕ ਟਕਰਾਅ ਸੜਕਾਂ ਤੇ ਆ ਗਿਆ ਹੈ। ਪੁਲੀਸ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਲਈ ਪਿੰਡਾਂ ਵਿੱਚ ਡੇਰੇ ਲਾ ਰਹੇ ਕਈ ਵੱਡੇ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਸ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਗਰਮੀ ਆ ਗਈ ਹੈ। ਭਾਜਪਾ ਨੇ ਇਸਨੂੰ ਸਰਕਾਰ ਦੀ ਤਾਨਾਸ਼ਾਹੀ ਕਿਹਾ ਹੈ, ਜਦੋਂ ਕਿ ‘ਆਪ’ ਸਰਕਾਰ ਨੇ ਇਸਨੂੰ ਲੋਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਲਈ ਚੁੱਕਿਆ ਗਿਆ ਕਦਮ ਦੱਸਿਆ ਹੈ।
ਇਹ ਵਿਵਾਦ ਉਸ ਸਮੇਂ ਹੋਰ ਵਧ ਗਿਆ ਜਦੋਂ ਪੁਲੀਸ ਨੇ ਜਲੰਧਰ ਦਿਹਾਤੀ ਦੇ ਸ਼ਾਹਕੋਟ ਵਿੱਚ ਇੱਕ ਭਾਜਪਾ ਕੈਂਪ ਤੇ ਵੱਡੀ ਕਾਰਵਾਈ ਕੀਤੀ। ਭਾਜਪਾ ਦੀ ਜਨ ਸੰਪਰਕ ਮੁਹਿੰਮ ਦੇ ਹਿੱਸੇ ਵਜੋਂ, ਜਦੋਂ ਸਾਬਕਾ ਵਿਧਾਇਕ ਕੇ ਡੀ ਭੰਡਾਰੀ ਅਤੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ ਸ਼ਾਹਕੋਟ ਦੇ ਰੂਪੇਵਾਲ ਪਿੰਡ ਦੇ ਬਾਜ਼ਾਰ ਵਿੱਚ ਕੈਂਪ ਲਗਾਉਣ ਲਈ ਪਹੁੰਚੇ, ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਡੀ ਐਸ ਪੀ ਓਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਕੀਤੀ ਗਈ ਇਹ ਕਾਰਵਾਈ ਦੌਰਾਨ ਕੇਡੀ ਭੰਡਾਰੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਮੌਕੇ ਤੇ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸ਼ਾਹਕੋਟ ਤੋਂ ਇਲਾਵਾ ਆਦਮਪੁਰ ਤੋਂ ਸੁਸ਼ੀਲ ਰਿੰਕੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਭਾਜਪਾ ਪੰਜਾਬ ਭਰ ਵਿੱਚ ‘ਭਾਜਪਾ ਦੇ ਸੇਵਾਦਾਰ, ਤੁਹਾਡੇ ਦੁਆਰ’ ਨਾਮ ਦੀ ਇੱਕ ਮੁਹਿੰਮ ਚਲਾ ਰਹੀ ਹੈ। ਇਸ ਤਹਿਤ ਭਾਜਪਾ ਵਰਕਰ ਆਯੁਸ਼ਮਾਨ ਕਾਰਡ, ਕਿਸਾਨ ਸਨਮਾਨ ਨਿਧੀ ਅਤੇ ਆਵਾਸ ਯੋਜਨਾ ਵਰਗੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਲਈ ਲੋਕਾਂ ਨੂੰ ਮੁਫਤ ਵਿੱਚ ਆਨਲਾਈਨ ਰਜਿਸਟਰ ਕਰ ਰਹੇ ਸਨ। ਪੰਜਾਬ ਦੀ ਆਪ ਸਰਕਾਰ ਨੇ ਇਨ੍ਹਾਂ ਕੈਂਪਾਂ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਾਬੰਦੀ ਲਗਾ ਦਿੱਤੀ ਹੈ।
ਭਾਜਪਾ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਉਸਦੀ ਵੱਧਦੀ ਲੋਕਪ੍ਰਿਯਤਾ ਤੋਂ ਡਰਦੀ ਹੈ। ਜਦੋਂ ਸਰਕਾਰ ਨੇ ਦੇਖਿਆ ਕਿ ਪਿੰਡਾਂ ਦੇ ਲੋਕ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਵਿੱਚ ਸ਼ਾਮਲ ਹੋ ਰਹੇ ਹਨ, ਤਾਂ ਉਹ ਘਬਰਾ ਗਏ ਅਤੇ ਪੁਲੀਸ ਦੀ ਵਰਤੋਂ ਕਰਕੇ ਕੈਂਪ ਬੰਦ ਕਰਵਾ ਦਿੱਤੇ।
ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਕਾਰਵਾਈ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਸੀ। ਸਰਕਾਰ ਦਾ ਦੋਸ਼ ਹੈ ਕਿ ਭਾਜਪਾ ਵਰਕਰ ਇਨ੍ਹਾਂ ਕੈਂਪਾਂ ਦੀ ਆੜ ਵਿੱਚ ਲੋਕਾਂ ਦਾ ਨਿੱਜੀ ਅਤੇ ਸੰਵੇਦਨਸ਼ੀਲ ਡੇਟਾ (ਜਿਵੇਂ ਕਿ ਆਧਾਰ ਕਾਰਡ, ਬੈਂਕ ਵੇਰਵੇ) ਗੈਰ-ਕਾਨੂੰਨੀ ਤੌਰ ਤੇ ਇਕੱਠਾ ਕਰ ਰਹੇ ਸਨ, ਜਿਸਦੀ ਭਵਿੱਖ ਵਿੱਚ ਦੁਰਵਰਤੋਂ ਹੋ ਸਕਦੀ ਹੈ। ਸਰਕਾਰ ਨੇ ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ, 2023 ਦਾ ਹਵਾਲਾ ਦਿੰਦੇ ਹੋਏ ਇਸ ਕਾਰਵਾਈ ਨੂੰ ਜਾਇਜ਼ ਠਹਿਰਾਇਆ ਹੈ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
Mohali1 month agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
