Connect with us

Chandigarh

ਭਿਵਾਨੀ ਦੇ ਜੱਦੀ ਪਿੰਡ ਵਿੱਚ ਹੋਇਆ ਮਨੀਸ਼ਾ ਦਾ ਸੰਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ

Published

on

ਚੰਡੀਗੜ੍ਹ, 21 ਅਗਸਤ (ਸ.ਬ.) ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ ਲਾਸ਼ 13 ਅਗਸਤ ਨੂੰ ਭਿਵਾਨੀ ਦੇ ਇੱਕ ਖੇਤ ਵਿੱਚੋਂ ਮਿਲੀ ਸੀ। ਉਹ 11 ਅਗਸਤ ਨੂੰ ਸਕੂਲ ਗਈ ਸੀ ਤੇ ਉਥੋਂ ਉਹ ਕਥਿਤ ਨਰਸਿੰਗ ਕਾਲਜ ਵਿੱਚ ਦਾਖਲੇ ਬਾਰੇ ਪੁੱਛਗਿੱਛ ਲਈ ਨਿਕਲੀ ਤੇ ਲਾਪਤਾ ਹੋ ਗਈ।

ਬੁੱਧਵਾਰ ਦੁਪਹਿਰ ਨੂੰ ਦਿੱਲੀ ਦੇ ਏਮਜ਼ ਵਿੱਚ ਤੀਜੇ ਪੋਸਟਮਾਰਟਮ ਤੋਂ ਬਾਅਦ, ਮਨੀਸ਼ਾ ਦੀ ਲਾਸ਼ ਬੀਤੀ ਦੇਰ ਸ਼ਾਮ ਭਿਵਾਨੀ ਪਹੁੰਚੀ। ਇਸ ਤੋਂ ਪਹਿਲਾਂ ਭਿਵਾਨੀ ਸਿਵਲ ਹਸਪਤਾਲ ਅਤੇ ਰੋਹਤਕ ਦੇ ਪੀਜੀਆਈਐਮਐਸ ਹਸਪਤਾਲ ਵਿੱਚ ਪੋਸਟਮਾਰਟਮ ਜਾਂਚ ਕੀਤੀ ਗਈ ਸੀ। ਅੱਜ ਸਵੇਰੇ ਭਿਵਾਨੀ ਦੇ ਉਸ ਦੇ ਜੱਦੀ ਪਿੰਡ ਧਾਨੀ ਲਕਸ਼ਮਣ ਵਿੱਚ ਵੱਡੀ ਗਿਣਤੀ ਲੋਕਾਂ ਦੀ ਹਾਜ਼ਰੀ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਮਨੀਸ਼ਾ ਦੇ ਪਿਤਾ ਸੰਜੇ ਨੇ ਮਨੀਸ਼ਾ ਦੀ ਚਿਖਾ ਨੂੰ ਅਗਨੀ ਦਿੱਤੀ।

ਸੂਬੇ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਲੰਘੇ ਦਿਨ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਸੂਬਾ ਸਰਕਾਰ ਨੇ ਭਿਵਾਨੀ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ, ਬਲਕ ਐਸਐਮਐਸ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਅਤੇ ਵੁਆਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਨੈਟਵਰਕਾਂ ਤੇ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਡੋਂਗਲ ਸੇਵਾਵਾਂ ਦੀ ਮੁਅੱਤਲੀ ਸਵੇਰੇ 11 ਵਜੇ ਤੋਂ ਅਗਲੇ 24 ਘੰਟਿਆਂ ਲਈ ਵਧਾ ਦਿੱਤੀ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੇ ਦਿਨ ਕਿਹਾ ਸੀ ਕਿ ਮਹਿਲਾ ਅਧਿਆਪਕਾ ਦੇ ਪਰਿਵਾਰ ਦੀ ਮੰਗ ਦੇ ਆਧਾਰ ਤੇ ਸਰਕਾਰ ਉਸ ਦੀ ਮੌਤ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਵੇਗੀ। ਇਸ ਤੋਂ ਪਹਿਲਾਂ, ਹਰਿਆਣਾ ਸਰਕਾਰ ਨੇ ਅਧਿਆਪਕਾ ਦੀ ਮੌਤ ਤੇ ਜਨਤਕ ਰੋਸ ਦਰਮਿਆਨ ਮੰਗਲਵਾਰ ਸਵੇਰੇ 11 ਵਜੇ ਤੋਂ ਭਿਵਾਨੀ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਬਲਕ ਐਸਐਮਐਸ ਅਤੇ ਡੋਂਗਲ ਸੇਵਾਵਾਂ ਨੂੰ 48 ਘੰਟਿਆਂ ਲਈ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਸਨ। ਅੱਜ ਸਰਕਾਰ ਨੇ ਸਿਰਫ਼ ਭਿਵਾਨੀ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਦੀ ਮੁਅੱਤਲੀ ਵਧਾ ਦਿੱਤੀ।

ਵਧੀਕ ਮੁੱਖ ਸਕੱਤਰ, ਗ੍ਰਹਿ, ਸੁਮਿਤਾ ਮਿਸ਼ਰਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਹ ਹੁਕਮ ਸਿਰਫ਼ ਜ਼ਿਲ੍ਹਾ ਭਿਵਾਨੀ ਦੇ ਅਧਿਕਾਰ ਖੇਤਰ ਵਿੱਚ ਅਗਲੇ 24 ਘੰਟਿਆਂ ਲਈ, ਯਾਨੀ ਕਿ 21 ਅਗਸਤ ਨੂੰ ਸਵੇਰੇ 11:00 ਵਜੇ ਤੋਂ ਸ਼ਾਂਤੀ ਅਤੇ ਜਨਤਕ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਵਧਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਅਧਿਆਪਕ ਦੀ ਮੌਤ ਨੇ ਭਾਰੀ ਰੋਸ ਪੈਦਾ ਕੀਤਾ, ਲੋਕਾਂ ਨੇ ਜ਼ਿਲ੍ਹੇ ਵਿੱਚ ਸੜਕਾਂ ਜਾਮ ਕਰ ਦਿੱਤੀਆਂ, ਅਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending