Connect with us

Mohali

ਲੈਕਚਰਾਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਧਰਨਾ 3 ਸਤੰਬਰ ਨੂੰ

Published

on

ਐਸ ਏ ਐਸ ਨਗਰ, 22 ਅਗਸਤ (ਸ.ਬ.) ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਸੇਵਾ ਨਿਭਾ ਰਹੇ ਲੈਕਚਰਾਰਾਂ ਵਲੋਂ 3 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।

ਪ੍ਰਭਾਵਿਤ ਲੈਕਚਰਾਰਾਂ ਭੁਪਿੰਦਰ ਸਿੰਘ ਸਮਰਾ, ਸੁਖਬੀਰ ਸਿੰਘ, ਮਨੋਜ ਕੁਮਾਰ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਸਿੱਧੂ, ਦੀਪਕ ਸ਼ਰਮਾ ਅਤੇ ਹੋਰਨਾਂ ਨੇ ਕਿਹਾ ਹੈ ਲੰਬੀ ਸੇਵਾ ਕਰਨ ਤੋਂ ਬਾਅਦ ਵੀ ਅਜੇ ਤੱਕ ਇਹਨਾਂ ਨੂੰ ਇੱਕ ਤਰੱਕੀ ਵੀ ਨਹੀਂ ਦਿੱਤੇ ਜਾਣ ਕਾਰਨ ਉਹਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ, ਜਦੋਂਕਿ ਪੰਜਾਬ ਦੇ ਸੀਨੀਅਰ ਸੈਂਕਡਰੀ ਸਕੂਲਾਂ ਵਿੱਚ 900 ਤੋਂ ਵੱਧ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ।

ਇਸ ਸੰਬੰਧੀ ਰਿਟਾਇਰ ਲੈਕਚਰਾਰ ਇੰਦਰਜੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਤਰੱਕੀ ਨੂੰ ਉਡੀਕਦੇ ਹੋਏ ਸੇਵਾ ਮੁਕਤ ਹੋ ਚੁੱਕੇ ਹਨ। ਪਰ ਸਿੱਖਿਆ ਵਿਭਾਗ ਅਤੇ ਸਿੱਖਿਆ ਮੰਤਰੀ ਵੱਲੋਂ ਕੀਤੇ ਗਏ ਵਾਅਦੇ ਅਜੇ ਵਫਾ ਨਹੀ ਹੋਏ। ਉਹਨਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਇਹ ਪ੍ਰਚਾਰ ਕਰ ਰਹੇ ਹਨ ਕਿ ਤਰੱਕੀਆਂ ਦਾ ਕੋਟਾ ਵਧਣ ਨਾਲ ਪੁਰਾਣੇ ਲੈਕਚਰਾਰਾਂ ਨੂੰ ਜਲਦੀ ਇਨਸਾਫ ਮਿਲ ਜਾਵੇਗਾ ਜਦੋਂ ਕਿ ਦੂਜੇ ਪਾਸੇ ਹਕੀਕਤ ਇਹ ਹੈ ਕਿ ਉਹਨਾਂ ਵਰਗੇ ਸੈਂਕੜੇ ਲੈਕਚਰਾਰ ਤਰੱਕੀਆਂ ਨੂੰ ਉਡੀਕਦੇ ਹੋਏ ਹੀ ਰਿਟਾਇਰ ਹੋ ਚੁੱਕੇ ਹਨ ਅਤੇ ਕੁੱਝ ਰਿਟਾਇਰਮੈਂਟ ਦੇ ਕੰਢੇ ਤੇ ਖੜੇ ਹਨ। ਉਹਨਾਂ ਕਿਹਾ ਕਿ ਜਦੋਂ ਸੀਨੀਅਰ ਲੈਕਚਰਾਰ ਤਰੱਕੀਆਂ ਉਡੀਕਦਿਆਂ ਹੀ ਰਿਟਾਇਰ ਹੋ ਗਏ ਤਾਂ ਫਿਰ ਸਿੱਖਿਆ ਮੰਤਰੀ ਇਨਸਾਫ ਕਿਸ ਨੂੰ ਦੇਣਗੇ।

ਉਹਨਾਂ ਕਿਹਾ ਕਿ ਲੈਕਚਰਾਰਾਂ ਦੇ ਪ੍ਰਿੰਸੀਪਲ ਵਜੋਂ ਪਦਉੱਨਤ ਨਾ ਹੋਣ ਦਾ ਕਾਰਨ ਸਿੱਖਿਆ ਸੇਵਾ ਨਿਯਮ 2018 ਦੱਸਿਆ ਜਾ ਰਿਹਾ ਹੈ, ਕਿਉਂਕਿ ਇਸ ਨਿਯਮ ਮੁਤਾਬਿਕ ਲੈਕਚਰਾਰਾਂ ਦਾ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ । ਇਸ ਸਾਲ ਅਪ੍ਰੈਲ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਸੀ ਕਿ ਪਿਛਲੀ ਸਰਕਾਰ ਸਮੇਂ ਕੀਤੀ ਹੋਈ ਗਲਤੀ ਨੂੰ ਸੁਧਾਰ ਕੇ ਇਹ ਕੋਟਾ ਫਿਰ 50 ਪ੍ਰਤੀਸ਼ਤ ਤੋਂ ਵਧਾ ਕੇ 75 ਪ੍ਰਤੀਸ਼ਤ ਕੀਤਾ ਜਾ ਰਿਹਾ ਹੈ। ਇਸ ਲਈ ਸਿੱਖਿਆ ਸੇਵਾ ਨਿਯਮ 2018 ਨੂੰ ਜਲਦੀ ਸੋਧ ਕੇ ਲੈਕਚਰਾਰਾਂ ਦੀਆਂ ਬਤੌਰ ਪ੍ਰਿੰਸੀਪਲ ਪਦ ਉਨਤੀਆਂ ਕਰ ਦਿੱਤੀਆਂ ਜਾਣਗੀਆਂ। ਇਸ ਨਾਲ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਭਰ ਜਾਣਗੀਆਂ। ਪਰ ਅਜੇ ਤੱਕ ਵੀ ਇਸ ਐਲਾਨ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ।

ਉਹਨਾਂ ਕਿਹਾ ਕਿ ਸਿੱਖਿਆ ਸੇਵਾ ਨਿਯਮ 2018 ਨੂੰ ਸੋਧਣ ਸਬੰਧੀ ਫਾਈਲ ਵੱਖ ਵੱਖ ਵਿਭਾਗਾਂ ਦੇ ਚੱਕਰ ਵਿੱਚ ਹੀ ਫਸੀ ਹੋਈ ਹੈ ਅਤੇ ਲਾਲ ਫੀਤਾ ਸ਼ਾਹੀ ਕਰਕੇ ਤਰੱਕੀਆਂ ਦੇ ਕੰਮ ਨੂੰ ਬਿਨਾਂ ਕਾਰਨ ਲਮਕਾਇਆ ਜਾ ਰਿਹਾ ਹੈ। ਇਸ ਵਰਤਾਰੇ ਨੂੰ ਲੈਕੇ ਪ੍ਰਭਾਵਿਤ ਲੈਕਚਰਾਰ ਸਰਕਾਰ ਦੇ ਲਾਰਿਆਂ ਤੋਂ ਅੱਕ ਚੁੱਕੇ ਹਨ। ਜੇਕਰ ਸਰਕਾਰ ਚਾਹੇ ਤਾਂ ਉਹ ਬਿਨ੍ਹਾਂ ਦੇਰੀ ਕੀਤੇ ਅਧਿਆਪਕ ਦਿਵਸ ਤੇ ਇਨ੍ਹਾਂ ਨੂੰ ਪਦਉੱਨਤ ਕਰ ਸਕਦੀ ਹੈ, ਪਰ ਅਜਿਹਾ ਹੁੰਦਾ ਨਹੀਂ ਜਾਪ ਰਿਹਾ, ਜਿਸ ਕਰਕੇ ਲੈਕਚਰਾਰਾਂ ਨੇ ਫੈਸਲਾ ਕੀਤਾ ਹੈ ਕਿ ਉਹ ਅਧਿਆਪਕ ਦਿਵਸ ਤੋਂ ਦੋ ਦਿਨ ਪਹਿਲਾਂ 3 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਰੋਸ ਧਰਨਾ ਦੇਣਗੇ। ਇਸ ਤੋਂ ਬਿਨ੍ਹਾਂ 5 ਸਤੰਬਰ ਨੂੰ ਅਧਿਆਪਕ ਦਿਵਸ ਤੇ ਕਿਸੇ ਸਖਤ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

 

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending