Chandigarh
ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ, ਘੱਗਰ ਨਦੀ ਦਾ ਪਾਣੀ ਵਧਿਆ, ਨਾਲ ਲੱਗਦੇ ਖੇਤਰਾਂ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ
ਘੱਗਰ ਦਰਿਆ ਵਿੱਚ ਪਾਣੀ ਦਾ ਵਾਧਾ ਕੰਟਰੋਲ ਅਧੀਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ
ਚੰਡੀਗੜ੍ਹ, 29 ਅਗਸਤ (ਸ.ਬ.) ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਨੇੜਲੇ ਖੇਤਰਾਂ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜ਼ੀਰਕਪੁਰ ਵਿੱਚ, ਸੁਖਨਾ ਚੋਅ ਦਾ ਪਾਣੀ ਬਲਟਾਣਾ ਪੁਲ ਤੋਂ ਓਵਰਫਲੋ ਹੋ ਗਿਆ, ਜਦੋਂ ਕਿ ਮੁਬਾਰਿਕਪੁਰ ਕਾਜ਼ਵੇਅ ਵਿੱਚ ਵੀ ਇਸੇ ਤਰ੍ਹਾਂ ਹੜ੍ਹ ਆਇਆ। ਇਸ ਦੌਰਾਨ ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿੱਚੋਂ ਦੋ ਅੱਜ ਸਵੇਰੇ ਖੋਲ੍ਹ ਦਿੱਤੇ ਗਏ। ਇੱਕ ਗੇਟ ਸਵੇਰੇ 3:30 ਵਜੇ ਅਤੇ ਦੂਜਾ ਸਵੇਰੇ 4 ਵਜੇ ਖੋਲ੍ਹਿਆ ਗਿਆ ਕਿਉਂਕਿ ਝੀਲ ਦੇ ਪਾਣੀ ਦਾ ਪੱਧਰ 1,163 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਇਸ ਮੌਨਸੂਨ ਸੀਜ਼ਨ ਵਿੱਚ ਇਹ ਛੇਵੀਂ ਵਾਰ ਹੈ ਜਦੋਂ ਫਲੱਡ ਗੇਟ ਖੋਲ੍ਹੇ ਗਏ ਹਨ।
ਡੇਰਾ ਬੱਸੀ (ਮੁਹਾਲੀ ਜ਼ਿਲ੍ਹਾ) ਵਿੱਚ ਘੱਗਰ ਦੇ ਨਾਲ ਲੱਗਦੇ ਨੌਂ ਪਿੰਡਾਂ ਟਿਵਾਣਾ, ਖਜੂਰ ਮੰਡੀ, ਸਾਧਨਪੁਰ, ਸਰਸੀਣੀ, ਆਲਮਗੀਰ, ਡਾਂਗਢੇਹਰਾ, ਮੁਬਾਰਿਕਪੁਰ, ਮੀਰਪੁਰ ਅਤੇ ਬਾਕਰਪੁਰ ਨੂੰ ਹਾਈ ਅਲਰਟ ਤੇ ਰੱਖਿਆ ਗਿਆ ਹੈ। ਸਵੇਰੇ 8 ਵਜੇ ਘੱਗਰ ਵਿੱਚ ਪਾਣੀ ਦਾ ਵਹਾਅ 70,000 ਕਿਊਸਿਕ ਨੂੰ ਪਾਰ ਕਰ ਗਿਆ, ਜਿਸ ਨਾਲ ਸਥਾਨਕ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਪ੍ਰਭਾਵਿਤ ਖੇਤਰਾਂ ਵਿੱਚ ਪੁਲੀਸ, ਡਰੇਨੇਜ ਅਤੇ ਮਾਲ ਵਿਭਾਗ ਦੀਆਂ ਟੀਮਾਂ ਤਾਇਨਾਤ ਹਨ। ਅੱਜ ਸਵੇਰੇ ਸਥਿਤੀ ਗੰਭੀਰ ਹੋਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਲਾਲੜੂ ਇਲਾਕੇ ਵਿੱਚ ਘੱਗਰ ਦੇ ਟਿਵਾਣਾ ਬੰਨ੍ਹ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਮੌਜੂਦ ਪਿੰਡ ਦੇ ਲੋਕਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬੰਨ੍ਹ ਦੀ ਮਜ਼ਬੂਤੀ ਬਰਕਰਾਰ ਹੈ ਅਤੇ ਪ੍ਰਸ਼ਾਸਨਿਕ ਟੀਮਾਂ ਸਾਵਧਾਨ ਕੀਤੀਆਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਬੀਤੀ ਰਾਤ ਕੈਚਮੈਂਟ ਏਰੀਆ ਵਿੱਚ ਭਾਰੀ ਮੀਂਹ ਪੈਣ ਕਾਰਨ ਅਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾਣ ਨਾਲ ਅੱਜ ਸਵੇਰੇ ਲਗਭਗ 9 ਵਜੇ ਘੱਗਰ ਦਰਿਆ ਵਿੱਚ ਪਾਣੀ ਦਾ ਵਹਾਅ 70,000 ਕਿਊਸਕ ਤੱਕ ਪਹੁੰਚ ਗਿਆ ਸੀ। ਉਨ੍ਹਾਂ ਦੱਸਿਆ ਕਿ ਭਾਂਖਰਪੁਰ ਪੁਲ ਤੇ ਪਾਣੀ ਦਾ ਪੱਧਰ 10.5 ਫੁੱਟ ਹੋਣ ਕਾਰਨ ਪਾਣੀ ਵਧਣਾ ਹੋਣਾ ਸ਼ੁਰੂ ਹੋ ਗਿਆ ਸੀ, ਪਰ ਕੁਝ ਸਮੇਂ ਬਾਅਦ ਪੱਧਰ ਘਟਣਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਲਗਪਗ ਦੁਪਹਿਰ 12:30 ਵਜੇ ਪਾਣੀ ਦਾ ਵਹਾਅ ਘੱਟ ਕੇ 35,000 ਕਿਊਸਕ ਰਹਿ ਗਿਆ ਅਤੇ ਹੁਣ ਸਥਿਤੀ ਕੰਟਰੋਲ ਵਿੱਚ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਾਰੇ ਨਾਜ਼ੁਕ ਪੁਆਇੰਟਾਂ ਤੇ ਤਾਇਨਾਤ ਹਨ ਅਤੇ ਬਲਟਾਣਾ, ਭਾਂਖਰਪੁਰ, ਮੁਬਾਰਕਪੁਰ ਆਦਿ ਸਥਾਨਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਕੁਝ ਕਾਜਵੇਜ਼ ਉੱਤੇ ਪਾਣੀ ਆਉਣ ਕਾਰਨ ਆਵਾਜਾਈ ਨੂੰ ਅਸਥਾਈ ਤੌਰ ਤੇ ਬੰਦ ਕਰ ਟ੍ਰੈਫ਼ਿਕ ਨੂੰ ਡਾਇਵਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘੱਗਰ ਨੇੜਲੇ ਡੇਰਾਬੱਸੀ ਸਬ ਡਵੀਜ਼ਨ ਦੇ ਕੰਢਿਆਂ ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿੱਚ ਟਿਵਾਣਾ, ਖਜੂਰ ਮੰਡੀ, ਸਾਧਾਂਪੁਰ, ਸਰਸੀਨੀ, ਆਲਮਗੀਰ, ਡੰਗਢੇਰਾ, ਮੁਬਾਰਿਕਪੁਰ, ਮੀਰਪੁਰ, ਬਾਕਰਪੁਰ ਆਦਿ ਸ਼ਾਮਿਲ ਹਨ। ਨੀਵੇਂ ਇਲਾਕਿਆਂ ਤੇ ਦਰਿਆ ਕੰਢੇ ਰਹਿੰਦੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਪਡੇਟਸ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਘੱਗਰ ਨਦੀ ਹਿਮਾਚਲ ਪ੍ਰਦੇਸ਼ ਤੋਂ ਨਿਕਲਦੀ ਹੈ ਅਤੇ ਪੰਜਾਬ ਵਿੱਚੋਂ 165 ਕਿਲੋਮੀਟਰ ਦਾ ਰਸਤਾ ਤੈਅ ਕਰਦੀ ਹੈ ਤੇ ਮੁਹਾਲੀ ਦੇ ਮੁਬਾਰਿਕਪੁਰ ਪਿੰਡ ਵਿੱਚ ਸੂਬੇ ਵਿੱਚ ਦਾਖਲ ਹੁੰਦੀ ਹੈ, ਜਿੱਥੇ ਇਸ ਨੇ ਅੱਜ ਕੁਝ ਨੁਕਸਾਨ ਪਹੁੰਚਾਇਆ ਹੈ।
ਰਾਤ ਭਰ ਪਏ ਭਾਰੀ ਮੀਂਹ ਨੇ ਪੰਚਕੂਲਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਇੱਕ ਵਾਰ ਫਿਰ ਜਨਜੀਵਨ ਪ੍ਰਭਾਵਿਤ ਕੀਤਾ ਹੈ। ਬਰਵਾਲਾ ਨੇੜੇ ਸਥਿਤ ਖਤੌਲੀ ਪਿੰਡ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਸਥਾਨਕ ਪੁਲ ਨਾਲ ਲੱਗਦੀ ਸੜਕ ਢਹਿ ਗਈ।
Chandigarh
ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ : ਡਾ. ਬਲਬੀਰ ਸਿੰਘ
ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖੁਰਾਕੀ ਪਦਾਰਥਾਂ ਦੀ ਜਾਂਚ ਮੁਹਿੰਮ ਤੇਜ਼
ਚੰਡੀਗੜ੍ਹ, 21 ਸਤੰਬਰ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ।
ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ, ਬਾਰ ਵਿੱਚ ਨਕਲੀ ਅਤੇ ਮਾੜੀ ਗੁਣਵਤਾ ਵਾਲੇ ਸਾਮਾਨ ਦੀ ਸਪਲਾਈ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ ਕਿਹਾ ਕਿ ਸਾਰੇ ਖੁਰਾਕ ਕਾਰੋਬਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ ਪਦਾਰਥ ਬਣਾਉਣ।
ਉਨ੍ਹਾਂ ਖੁਰਾਕ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੁਚੱਜੀ ਸੰਭਾਲ ਯਕੀਨੀ ਬਣਾਉਣ, ਸਫਾਈ ਵਿਵਸਥਾ ਕਾਇਮ ਰੱਖਣ, ਮਿਲਾਵਟਖੋਰੀ ਤੋਂ ਬਚਣ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗੈਰ-ਮਿਆਰੀ ਕਾਰਵਾਈ ਤੋਂ ਸਖ਼ਤੀ ਨਾਲ ਗੁਰੇਜ਼ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੁਰਾਕ ਦੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਕਰਨ ਵਾਲਿਆਂ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਸੰਬੰਧੀ ਜ਼ਮੀਨੀ ਪੱਧਰ ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ, ਐਫ.ਡੀ.ਏ. (ਐਫਡੀਏ) ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਨਜ਼ਰਸਾਨੀ ਲਈ ਪੂਰੇ ਰਾਜ ਵਿੱਚ ਵਿਸ਼ੇਸ਼ ਮੁਹਿੰਮਾਂ ਦੀ ਇੱਕ ਲੜੀ ਸ਼ੁਰੂ ਕੀਤੀ ਗਈ ਹੈ। 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੌਰਾਨ 216 ਨਮੂਨੇ ਲਏ ਗਏ ਜਿਹੜੇ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਉਹਨਾਂ ਕਿਹਾ ਕਿ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੇ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਐਫ.ਡੀ. ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ਤੇ ਹੀ 20 ਚਲਾਨ ਕੱਟੇ ਗਏ।
ਉਹਨਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ ਦੀ ਅਪੀਲ ਕੀਤੀ ਹੈ।
Chandigarh
ਚੰਦ ਫ਼ਤਿਹਪੁਰੀ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਲਈ ਵੱਡਾ ਘਾਟਾ : ਕੇਂਦਰੀ ਪੰਜਾਬੀ ਲੇਖਕ ਸਭਾ
ਚੰਡੀਗੜ੍ਹ, 21 ਸਤੰਬਰ (ਸ.ਬ.) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਸੀਨੀਅਰ ਪੱਤਰਕਾਰ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਦੇ ਸੀਨੀਅਰ ਆਗੂ ਚੰਦ ਫ਼ਤਿਹਪੁਰੀ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਈ। ‘ਨਵਾਂ ਜ਼ਮਾਨਾ’ ਨਾਲ ਉਨ੍ਹਾਂ ਦਾ ਲੰਮਾ ਅਤੇ ਗਹਿਰਾ ਸਬੰਧ ਰਿਹਾ ਅਤੇ ਸੰਪਾਦਕ ਵਜੋਂ ਉਨ੍ਹਾਂ ਨੇ ਅਖ਼ਬਾਰ ਦੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ। ਆਪਣੀ ਲੇਖਣੀ ਰਾਹੀਂ ਉਨ੍ਹਾਂ ਨੇ ਲੋਕਾਂ ਦੇ ਦੁੱਖ-ਦਰਦ, ਸਮਾਜਕ ਸਰੋਕਾਰਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਆਵਾਜ਼ ਦਿੱਤੀ। ਖੱਬੀ ਲਹਿਰ ਨਾਲ ਜੁੜੇ ਇੱਕ ਸਰਗਰਮ ਆਗੂ ਵਜੋਂ ਵੀ ਉਨ੍ਹਾਂ ਦੀ ਲੰਮੀ ਭੂਮਿਕਾ ਰਹੀ।
ਉਨ੍ਹਾਂ ਕਿਹਾ ਕਿ ਚੰਦ ਫ਼ਤਿਹਪੁਰੀ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਲਈ ਹੀ ਨਹੀਂ, ਸਗੋਂ ਲੋਕ-ਪੱਖੀ ਸੋਚ ਅਤੇ ਸਮਾਜਕ ਸਰੋਕਾਰਾਂ ਲਈ ਵੀ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਚੰਦ ਫ਼ਤਿਹਪੁਰੀ ਨੇ ਪੱਤਰਕਾਰੀ ਨੂੰ ਸਿਰਫ਼ ਰੋਜ਼ਾਨਾ ਘਟਨਾਵਾਂ ਦੀ ਰਿਪੋਰਟਿੰਗ ਤੱਕ ਸੀਮਤ ਨਹੀਂ ਰੱਖਿਆ, ਸਗੋਂ ਇਸ ਨੂੰ ਲੋਕਾਂ ਦੇ ਸਵਾਲਾਂ ਅਤੇ ਸਮਾਜ ਦੀਆਂ ਹਕੀਕਤਾਂ ਨਾਲ ਜੋੜ ਕੇ ਦੇਖਿਆ। ਉਹ ਆਪਣੇ ਵਿਚਾਰਾਂ ਪ੍ਰਤੀ ਵਚਨਬੱਧ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰ ਸਨ।
ਸਭਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਲਿਖਤ, ਉਨ੍ਹਾਂ ਦੀ ਸੋਚ ਅਤੇ ਲੋਕ-ਪੱਖੀ ਪੱਤਰਕਾਰੀ ਦੀ ਰਵਾਇਤ ਉਨ੍ਹਾਂ ਦੀ ਯਾਦ ਨੂੰ ਜਿਊਂਦਾ ਰੱਖੇਗੀ। ਉਨ੍ਹਾਂ ਕਾਮਰੇਡ ਚੰਦ ਫ਼ਤਿਹਪੁਰੀ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।
Chandigarh
ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 19 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਸ਼ਾਮਿਲ ਕਰਾਇਆ।
ਇਸ ਮੌਕੇ ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਸੂਝਵਾਨ ਆਗੂ ਤੇ ਆਮ ਲੋਕ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ, ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਚੋਣ ਵੀ ਲੜ ਚੁੱਕੇ ਹਨ।
ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
Chandigarh1 month agoਚੰਡੀਗੜ੍ਹ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਦੀ ਧਾਰਮਿਕ ਯਾਤਰਾ ਦੀ 15ਵੀਂ ਬੱਸ ਰਵਾਨਾ
