Mohali
ਨਸ਼ੇੜੀ ਦਾ ਧੱਬਾ ਲਾਹ ਕੇ ਕਮਾਊ ਪੁੱਤ ਬਣਨਗੇ ਪੰਜਾਬ ਦੇ ਨੌਜਵਾਨ : ਡਾ. ਬਲਬੀਰ ਸਿੰਘ
ਸੈਕਟਰ 66 ਸਥਿਤ ਨਸ਼ਾ ਮੁਕਤੀ ਕੇਂਦਰ ਦੇ ਦੌਰੇ ਕਰਨ ਨਸ਼ਾ ਛੱਡਣ ਵਾਲਿਆਂ ਦਾ ਕੀਤਾ ਸਨਮਾਨ
ਐਸ ਏ ਐਸ ਨਗਰ, 5 ਸਤੰਬਰ (ਸ.ਬ.) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਹੈ ਕਿ ਉਹ ਦਿਨ ਦੂਰ ਨਹੀਂ ਹੈ ਜਦੋਂ ਪੰਜਾਬ ਦੇ ਨੌਜਵਾਨ ਨਸ਼ੇੜੀ ਦਾ ਧੱਬਾ ਲਾਹ ਕੇ ਕਮਾਊ ਪੁੱਤ ਬਣਨਗੇ। ਸਥਾਨਕ ਸੈਕਟਰ 66 ਵਿੱਚ ਸਥਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਨ ਮੌਕੇ ਨਸ਼ਾ ਛੱਡਣ ਵਾਲਿਆਂ ਦਾ ਸਨਮਾਨ ਕਰਨ ਮੌਕੇ ਉਹਨਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚੋਂ ਸਿਹਤਯਾਬ ਹੋ ਕੇ ਅਤੇ ਨਸ਼ਿਆਂ ਨੂੰ ਨਾਂਹ ਆਖ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਆਲੇ ਦੁਆਲੇ ਅਤੇ ਸਮਾਜ ਵਿੱਚ, ਨਸ਼ਿਆਂ ਦੇ ਹਨ੍ਹੇਰੇ ਵਿੱਚ ਭਟਕੇ ਆਪਣੇ ਵਰਗੇ ਹੋਰਨਾਂ ਨੌਜਵਾਨਾਂ ਨੂੰ ਵੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਲਿਆ ਸਕਣ।
ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨਾਂ ਦਾ ਕੇਵਲ ਨਸ਼ਾ ਮੁਕਤੀ ਦਾ ਇਲਾਜ ਹੀ ਨਹੀਂ ਕੀਤਾ ਜਾਂਦਾ ਬਲਕਿ ਨਸ਼ਾ ਮੁਕਤ ਹੋਣ ਤੋਂ ਬਾਅਦ ਸਬੰਧਤ ਨੌਜਵਾਨ ਨੂੰ ਆਪਣੀ ਅਗਲੀ ਜ਼ਿੰਦਗੀ ਸ਼ੁਰੂ ਕਰਨ ਲਈ ਪੁਨਰਵਸੇਬੇ ਦੇ ਤੌਰ ਤੇ ਸਕਿੱਲ ਟਰੇਨਿੰਗ ਵੀ ਕਰਵਾਈ ਜਾਂਦੀ ਹੈ ਤਾਂ ਜੋ ਉਹ ਮੋਬਾਈਲ ਰਿਪੇਅਰ, ਪਲੰਬਰ, ਕੰਪਿਊਟਰ ਜਾਂ ਫਿਟਰ ਵਰਗੇ ਕੋਰਸ ਕਰਕੇ ਆਪਣੇ ਪਰਿਵਾਰ ਲਈ ਕਮਾਊ ਪੁੱਤ ਬਣ ਸਕੇ। ਉਨ੍ਹਾਂ ਕਿਹਾ ਕਿ ਸੈਕਟਰ 66 ਦੇ ਨਸ਼ਾ ਮੁਕਤੀ ਕੇਂਦਰ ਵਿੱਚ ਸਨ ਫਾਊਂਡੇਸ਼ਨ ਅਤੇ ਹੋਰ ਸੰਸਥਾਵਾਂ ਵਲੋਂ ਨੌਜਵਾਨਾਂ ਦੀ ਸਕਿੱਲ ਟ੍ਰੇਨਿੰਗ ਵਿੱਚ ਸਹਿਯੋਗ ਦੇ ਕੇ, ਉਹਨਾਂ ਦੇ ਮੁੜ ਵਸੇਬੇ ਵਿੱਚ ਇਹਨਾਂ ਮਦਦ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਉਂਦੇ ਸਮੇਂ ਵਿੱਚ, ਨਸ਼ਾ ਛੱਡਣ ਤੋਂ ਬਾਅਦ ਪੁਨਰ ਵਸੇਬੇ ਲਈ ਸਕਿੱਲ ਟਰੇਨਿੰਗ ਹਾਸਿਲ ਕਰਨ ਵਾਲੇ ਨੌਜਵਾਨਾਂ ਵਾਸਤੇ ਸਵੈ-ਰੋਜ਼ਗਾਰ ਹਿਤ ਕਰਜ਼ਾ ਯੋਜਨਾਵਾਂ (ਜਿਨ੍ਹਾਂ ਵਿੱਚ ਸੀਡ ਮਨੀ ਅਤੇ ਸਬਸਿਡੀ ਵੀ ਸ਼ਾਮਿਲ ਹੋਵੇਗੀ) ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਹ ਪਰਿਵਾਰ ਲਈ ਜਿੰਮੇਵਾਰ ਬਣ ਸਕਣ। ਉਨ੍ਹਾਂ ਕਿਹਾ ਕਿ ਸਵੈਰੋਜ਼ਗਾਰ ਕੋਰਸਾਂ ਵਿੱਚ ਹਾਈ ਵੈਲਿਊ ਐਗਰੀਕਲਚਰ ਸਿਖਲਾਈ ਕੋਰਸ, ਸੈਲੂਨ, ਕੁਕਿੰਗ, ਕੰਪਿਊਟਰ, ਮੋਬਾਇਲ ਰਿਪੇਅਰ, ਡਾਟਾ ਐਂਟਰੀ ਆਪਰੇਟਰ, ਅਕਾਊਂਟਿੰਗ ਅਤੇ ਫਿਟਰ ਆਦਿ ਦੇ ਕੋਰਸ ਕਰਵਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਔਰਤਾਂ ਤੇ ਨਬਾਲਗਾਂ ਲਈ ਅਲੱਗ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸਮਾਜ ਵਿੱਚ ਕਿਸੇ ਨੂੰ ਵੀ ਨਸ਼ਾ ਮੁਕਤੀ ਦੇ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਨਸ਼ਾ ਮੁਕਤੀ ਕੇਂਦਰ ਮੁਹਾਲੀ ਵਿੱਚ ਕੇਵਲ ਪੰਜ ਜਾਂ ਦਸ ਮਰੀਜ਼ ਹੀ ਨਸ਼ਾ ਛੱਡਣ ਲਈ ਭਰਤੀ ਹੁੰਦੇ ਸਨ ਪਰ ਅੱਜ ਜਦੋਂ ਉਹ ਇਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਇੱਥੇ ਪੁੱਜੇ ਹਨ ਤਾਂ ਇਨ੍ਹਾਂ ਦੀ ਗਿਣਤੀ 55 ਹੋ ਚੁੱਕੀ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਸ ਮੌਕੇ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਕਰਵਾ ਰਹੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਇਲਾਜ ਸਬੰਧੀ ਫੀਡਬੈਕ ਵੀ ਲਿਆ। ਉਹਨਾਂ ਇਸ ਮੌਕੇ ਨਸ਼ਾ ਮੁਕਤੀ ਕੇਂਦਰ ਤੋਂ ਇਲਾਜ ਅਤੇ ਮੁੜ ਵਸੇਬਾ ਸਕਿਲ ਟ੍ਰੇਨਿੰਗ ਹਾਸਲ ਕਰਨ ਵਾਲੇ ਅਜਿਹੇ ਪੰਜ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਇਲਾਜ ਅਧੀਨ ਨੌਜਵਾਨਾਂ ਨੂੰ ਸਵਰਾਜ ਕੰਪਨੀ ਵੱਲੋਂ ਦਿੱਤੀਆਂ ਗਈਆਂ ਹਾਈਜੀਨ ਕਿੱਟਾਂ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਪ੍ਰੇਰਨਾਦਾਇਕ ਨਾਅਰਿਆਂ ਵਾਲੀਆਂ ਟੀ ਸ਼ਰਟਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਓ ਐਸ ਡੀ ਸ਼ਾਲੀਨ ਮਿੱਤਰਾ, ਐਸ ਪੀ (ਜਾਂਚ) ਸੌਰਵ ਜਿੰਦਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਅਤੇ ਨਸ਼ਾ ਮੁਕਤੀ ਕੇਂਦਰ ਦੇ ਮਨੋਰੋਗ ਮਾਹਰ ਅਤੇ ਡਾਕਟਰ, ਕੌਂਸਲਰ ਅਤੇ ਹੋਰ ਸਟਾਫ ਮੌਜੂਦ ਸਨ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International1 month ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
