Mohali
ਮੁਹਾਲੀ ਕੋਆਪਰੇਟਿਵ ਬੈਂਕ ਦੀ ਐਮ ਡੀ ਅਤੇ ਹੋਰ ਅਫ਼ਸਰਾਂ ਖਿਲਾਫ ਪ੍ਰਦਰਸ਼ਨ ਕੀਤਾ
ਬੈਂਕ ਵਿੱਚ ਹੋਏ ਘਪਲਿਆਂ ਦੀ ਵਿਜੀਲੈਂਸ ਜਾਂਚ ਮੰਗੀ
ਐਸ ਏ ਐਸ ਨਗਰ, 20 ਸਤੰਬਰ (ਸ.ਬ.) ਸਮਾਜਸੇਵੀ ਸੰਸਥਾ ਪੰਜਾਬ ਅਗੇਂਸਟ ਕੁਰੱਪਸ਼ਨ ਅਤੇ ਲੋਕਹਿੱਤ ਮਿਸ਼ਨ ਦੇ ਨੁਮਾਇੰਦਿਆਂ ਨੇ ਅੱਜ ਇੱਥੇ ਮੁਹਾਲੀ ਕੋਆਪਰੇਟਿਵ ਬੈਂਕ ਦੀ ਐਮ ਡੀ ਅਤੇ ਹੋਰ ਅਫ਼ਸਰਾਂ ਖਿਲਾਫ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੈਂਕ ਵਿੱਚ ਹੋਏ ਭ੍ਰਿਸ਼ਟਚਾਰ ਵਿੱਚ ਕਥਿਤ ਤੌਰ ਤੇ ਸ਼ਾਮਿਲ ਰਹੀ ਬੈਂਕ ਦੀ ਮੌਜੂਦਾ ਐਮ ਡੀ ਨੂੰ ਬਦਲਿਆ ਜਾਵੇ ਅਤੇ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਤਨਾਮ ਦਾਊਂ, ਰਵਿੰਦਰ ਸਿੰਘ ਵਜੀਦਪੁਰ, ਗੁਰਮੀਤ ਸਿੰਘ ਸਾਂਟੂ, ਮਨਦੀਪ ਸਿੰਘ ਖਿਜਰਾਬਾਦ, ਭਗਤ ਸਿੰਘ ਭਗਤ ਮਾਜਰਾ, ਦਰਸ਼ਨ ਸਿੰਘ ਖੇੜਾ, ਨਛੱਤਰ ਸਿੰਘ ਬੈਦਵਾਨ, ਹਰਵਿੰਦਰ ਸਿੰਘ ਰਾਜੂ, ਐਡਵੋਕੇਟ ਤੇਜਿੰਦਰ ਸਿੰਘ, ਹਿਰਦੇਪਾਲ ਓਲਖ, ਮੈਡਮ ਬਲੋਸੋਮ ਸਿੰਘ, ਸੇਵਾ ਸਿੰਘ ਬੋਪਾਰਾਏ, ਦਿਆ ਸਿੰਘ ਬੋਪਾਰਾਏ ਅਤੇ ਹੋਰਨਾਂ ਨੇ ਕਿਹਾ ਕਿ ਮੁਹਾਲੀ ਜਿਲ੍ਹੇ ਵਿੱਚ ਇਸ ਬੈਂਕ ਦੀਆਂ 21 ਬਰਾਂਚਾਂ ਹਨ ਜਿਹਨਾਂ ਵਿੱਚ ਹੇਰਾਫੇਰੀ ਕਰਕੇ ਲੋਕਾਂ ਦੇ ਪੈਸੇ ਨੂੰ ਹੜੱਪਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਦੌਰਾਨ ਜਾਅਲੀ ਹੋਮ ਲੋਨ ਵੰਡੇ ਗਏ ਹਨ ਅਤੇ ਬਰਾਂਚਾਂ ਦੇ ਨਵੀਨੀਕਰਨ ਅਤੇ ਫਰਨੀਚਰ ਦੀ ਖਰੀਦੋ ਫਰੋਖਤ ਵਿੱਚ ਵੱਡੇ ਪੱਧਰ ਤੇ ਘਪਲੇ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਜਦੋਂ ਲੋਕਾਂ ਨੂੰ ਬੈਂਕ ਅਫ਼ਸਰਾਂ ਵੱਲੋਂ ਉਹਨਾਂ ਦੇ ਹੜੱਪੇ ਰੁਪਇਆ ਬਾਰੇ ਪਤਾ ਲੱਗਾ ਤਾਂ ਜਿਲ੍ਹੇ ਦੀ ਸਿਆਲਵਾ ਬਰਾਂਚ ਦੇ ਬਾਹਰ ਪੀੜਿਤ ਲੋਕਾਂ ਨੇ ਵੱਡੇ ਪੱਧਰ ਤੇ ਧਰਨੇ ਪ੍ਰਦਰਸ਼ਨ ਕੀਤੇ ਸਨ। ਰੌਲਾ ਪੈਣ ਤੇ ਬੈਂਕ ਦੇ ਆਡਿਟ ਅਫਸਰ ਵੱਲੋਂ ਕੀਤੀ ਜਾਂਚ ਵਿੱਚ ਪ੍ਰਗਤੀ ਜੱਗਾ ਅਤੇ ਜਸਵੀਰ ਸਿੰਘ ਨੂੰ ਦੋਸ਼ੀ ਪਾਇਆ ਗਿਆ ਸੀ ਪ੍ਰੰਤੂ ਮਿਲੀਭੁਗਤ ਨਾਲ ਸਿਰਫ ਜਸਵੀਰ ਸਿੰਘ ਅਤੇ ਪ੍ਰਾਪਰਟੀ ਡੀਲਰ ਰਣਜੋਧ ਸਿੰਘ ਅਤੇ ਰਾਜੂ ਸਿੰਘ ਖਿਲਾਫ ਪਰਚਾ ਦਰਜ਼ ਕਰਵਾ ਦਿੱਤਾ ਗਿਆ ਸੀ।
ਉਹਨਾਂ ਕਿਹਾ ਕਿ ਹੁਣ ਤੱਕ ਉਸ ਬ੍ਰਾਂਚ ਵੱਲੋਂ ਠੱਗੇ ਗਏ 145 ਪੀੜਿਤਾਂ ਵਿੱਚੋਂ 88 ਲੋਕਾਂ ਦੇ 281.53 ਲੱਖ ਮੂਲ ਅਤੇ 16.04 ਲੱਖ ਵਿਆਜ ਸਮੇਤ ਵਾਪਿਸ ਕੀਤੇ ਗਏ ਹਨ ਅਤੇ ਹੋਰ ਦਰਜਨਾਂ ਪੀੜਿਤਾਂ ਦੇ ਕਰੋੜਾਂ ਰੁਪਏ ਵਾਪਿਸ ਹੋਣੇ ਬਾਕੀ ਹਨ। ਉਹਨਾਂ ਕਿਹਾ ਕਿ ਸਾਇਦ ਭਵਿੱਖ ਵਿੱਚ ਇਹ ਹੋਰ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ। ਉਹਨਾਂ ਕਿਹਾ ਕਿ ਇਹ ਘਪਲਾ ਸਿਰਫ ਸਿਆਲਵਾ ਬਰਾਂਚ ਅੰਦਰ ਹੀ ਨਹੀਂ ਹੈ ਬਲਕਿ ਮੁਹਾਲੀ ਜਿਲ੍ਹੇ ਦੀ ਮਿਲਕ ਪਲਾਂਟ ਬ੍ਰਾਂਚ ਵਿੱਚੋਂ ਵੀ ਕਾਲਪਨਿਕ ਪਲਾਟਾਂ ਅਤੇ ਹੋਰਾਂ ਦੇ ਜਾਲੀ ਤਰੀਕੇ ਨਾਲ ਮਿਲੀ ਭੁਗਤ ਕਰਕੇ ਲੋਨ ਵੀ ਵੰਡੇ ਗਏ ਹਨ।
ਬੁਲਾਰਿਆਂ ਨੇ ਬੈਂਕ ਦੀ 9 ਅਕਤੂਬਰ 2018 ਦੀ ਰਿਪੋਰਟ ਦੀ ਕਾਪੀ ਮੀਡੀਆ ਨੂੰ ਜਾਰੀ ਕਰਦੇ ਹੋਏ ਦੱਸਿਆ ਕਿ ਮੌਜੂਦਾ ਐਮਡੀ ਜੋ ਪਹਿਲਾਂ ਵੀ ਇਸੇ ਜਿਲ੍ਹੇ ਵਿੱਚ ਉੱਚ ਅਫਸਰ ਰਹੇ ਹਨ ਨੇ ਬਰਾਂਚਾਂ ਦੀ ਨਵੀਨੀਕਰਨ ਅਤੇ ਫਰਨੀਚਰ ਖਰੀਦਣ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕੀਤੀ ਸੀ। ਇਸ ਰਿਪੋਰਟ ਵਿੱਚ ਇਹ ਵੀ ਲਿਖਿਆ ਗਿਆ ਸੀ ਕਿ ਘਪਲਾ ਕਰਨ ਲਈ ਇੱਕ ਹੀ ਲਿਖਾਈ ਨਾਲ ਅਲੱਗ ਅਲੱਗ ਥਾਂ ਤੋਂ ਕੁਟੇਸ਼ਨ ਮੰਗਵਾਈਆਂ ਸਨ ਪਰੰਤੂ ਫੇਰ ਵੀ ਜ਼ਿੰਮੇਵਾਰ ਅਫ਼ਸਰਾਂ ਖਿਲਾਫ ਕਾਰਵਾਈ ਨੂੰ ਖੁਰਦ ਬੁਰਦ ਕਰਵਾ ਕੇ ਦੋਸ਼ੀਆਂ ਨੂੰ ਬਚਾ ਲਿਆ ਗਿਆ ਸੀ।
ਬੁਲਾਰਿਆਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ 21 ਬਰਾਂਚਾਂ ਵਿੱਚ ਦਰਜਣਾਂ ਅਫਸਰ ਅਤੇ ਮੁਲਾਜ਼ਮ ਕੰਮ ਕਰਦੇ ਹਨ। ਜਿਸ ਤਰੀਕੇ ਨਾਲ ਪਿਛਲੇ ਸਾਲਾਂ ਦੌਰਾਨ ਇਹਨਾਂ ਵਿੱਚੋ ਕੁੱਝ ਬਰਾਂਚਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਹੋਈ ਹੈ ਅਤੇ ਲੋਕਾਂ ਨਾਲ ਠੱਗੀ ਹੋਈ ਹੈ, ਇਸ ਤਰੀਕੇ ਨਾਲ ਇਹ ਬੈਂਕ ਦਿਵਾਲੀਆ ਹੋ ਸਕਦਾ ਹੈ ਅਤੇ ਇਸ ਵਿੱਚ ਕੰਮ ਕਰਦੇ ਅਫਸਰ ਅਤੇ ਮੁਲਾਜ਼ਮ ਬੇਰੁਜ਼ਗਾਰ ਹੋ ਸਕਦੇ ਹਨ। ਉਹਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਪਲੇ ਦੀ ਵਿਜੀਲੈਂਸ ਬਿਊਰੋ ਕੋਲੋ ਜਾਂਚ ਕਰਵਾਈ ਜਾਵੇ।
ਇਸ ਮੌਕੇ ਰਵਿੰਦਰ ਸਿੰਘ ਵਜੀਦਪੁਰ, ਗੁਰਮੀਤ ਸਿੰਘ ਸਾਂਟੂ, ਮਨਦੀਪ ਸਿੰਘ ਖਿਜਰਾਬਾਦ, ਭਗਤ ਸਿੰਘ ਭਗਤ ਮਾਜਰਾ, ਦਰਸਨ ਸਿੰਘ ਖੇੜਾ, ਨਛੱਤਰ ਸਿੰਘ ਬੈਦਵਾਨ ਬੀ ਕੇ ਯੂ ਲੱਖੇਵਾਲ, ਸਤਨਾਮ ਦਾਊਂ, ਹਰਵਿੰਦਰ ਸਿੰਘ ਰਾਜੂ, ਐਡਵੋਕੇਟ ਤੇਜਿੰਦਰ ਸਿੰਘ ਅਤੇ ਹਿਰਦੇਪਾਲ ਓਲਖ ਅਤੇ ਮੈਡਮ ਬਲੋਸੋਮ ਸਿੰਘ, ਸੇਵਾ ਸਿੰਘ ਬੋਪਾਰਾਏ, ਦਿਆ ਸਿੰਘ ਬੋਪਾਰਾਏ ਆਦਿ ਮੌਜੂਦ ਸਨ।
ਐਮ ਡੀ ਨੇ ਖੁਦ ਤੇ ਲਗਾਏ ਇਲਜਾਮਾਂ ਨੂੰ ਬੇਬਨਿਆਦ ਦੱਸਿਆ
ਇਸ ਸੰਬੰਧੀ ਸੰਪਰਕ ਕਰਨ ਤੇ ਬੈਂਕ ਦੀ ਐਮ ਡੀ ਪ੍ਰਗਤੀ ਜੱਗਾ ਨੇ ਕਿਹਾ ਕਿ ਉਹਨਾਂ ਦੇ ਖਿਲਾਫ ਲਗਾਏ ਗਏ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਸਿਆਲਵਾ ਬ੍ਰਾਂਚ ਵਿੱਚ ਘਪਲੇ ਦਾ ਇੱਕ ਮਾਮਲਾ ਸਾਮ੍ਹਣੇ ਆਇਆ ਸੀ ਜਿਸਦੀ ਜਾਂਚ ਤੋਂ ਬਾਅਦ ਸੰਬੰਧਿਤ ਕਰਮਚਾਰੀ ਦੇ ਖਿਲਾਫ ਮਾਮਲਾ ਵੀ ਦਰਜ ਹੋਇਆ ਸੀ। ਫਰਨੀਚਰ ਦੀ ਖਰੀਦ ਅਤੇ ਰੈਨੇਵੋਸ਼ਨ ਤੇ ਹੋਏ ਖਰਚ ਬਾਰੇ ਉਹਨਾਂ ਕਿਹਾ ਕਿ ਇਸ ਮਾਮਲੇ ਦੀ ਵਿਭਾਗੀ ਜਾਂਚ ਹੋ ਚੁੱਕੀ ਹੈ ਅਤੇ ਇਹ ਮਾਮਲਾ ਫਾਈਲ ਕੀਤਾ ਜਾ ਚੁੱਕਿਆ ਹੈ। ਬੈਂਕ ਵਲੋਂ ਦਿੱਤੇ ਗਏ ਕਰਜਿਆਂ ਬਾਰੇ ਉਹਨਾਂ ਕਿਹਾ ਕਿ ਬੈਂਕ ਵਲੋਂ ਕਰਜਾ ਦੇਣ ਵੇਲੇ ਪੂਰੇ ਕਾਗਜ ਤਿਆਰ ਕੀਤੇ ਜਾਂਦੇ ਹਨ ਅਤੇ ਜਦੋਂ ਤਕ ਕਾਗਜ ਪੂਰੇ ਨਾ ਹੋਣ ਕਰਜੇ ਨੂੰ ਮੰਜੂਰੀ ਨਹੀਂ ਮਿਲਦੀ ਅਤੇ ਸਾਰਾ ਕੰਮ ਪਾਰਦਰਸ਼ੀ ਤਰੀਕੇ ਨਾਲ ਹੁੰਦਾ ਹੈ।
ਜਦੋਂ ਸੁਖਦੇਵ ਸਿੰਘ ਪਟਵਾਰੀ ਨਾਲ ਉਲਝੇ ਪ੍ਰਦਰਸ਼ਨਕਾਰੀ
ਪ੍ਰਦਰਸ਼ਨਕਾਰੀਆਂ ਵਲੋਂ ਮੀਡੀਆ ਨਾਲ ਗੱਲਬਾਤ ਕੀਤੇ ਜਾਣ ਦੌਰਾਨ ਬੈਂਕ ਦੇ ਡਾਇਰੈਕਟਰ ਰਹੇ ਇੱਕ ਵੈਬ ਚੈਨਲ ਦੇ ਪੱਤਰਕਾਰ ਸੁਖਦੇਵ ਸਿੰਘ ਪਟਵਾਰੀ ਵਲੋਂ ਇਹ ਕਹੇ ਜਾਣ ਕਿ ਐਮ ਡੀ ਨਿਰਦੋਸ਼ ਹਨ ਅਤੇ ਇਹ ਘਪਲਾ ਕਿਸੇ ਹੋਰ ਵਲੋਂ ਕੀਤਾ ਗਿਆ ਹੈ ਜਿਸਦਾ ਕੋਈ ਨਾਮ ਨਹੀਂ ਲੈ ਰਿਹਾ, ਪ੍ਰਦਰਸ਼ਨਕਾਰੀਆਂ ਵਲੋਂ ਪਟਵਾਰੀ ਨੂੰ ਕਿਹਾ ਗਿਆ ਕਿ ਜਾਂ ਤਾਂ ਬੈਂਕ ਦਾ ਪੱਖ ਰੱਖਣ ਜਾਂ ਪੱਤਰਕਾਰੀ ਕਰਨ। ਇਸ ਦੌਰਾਨ ਇਹ ਵੀ ਇਲਜਾਮ ਲਗਾਇਆ ਗਿਆ ਕਿ ਪਟਵਾਰੀ ਦੇ ਬੈਂਕ ਦਾ ਵਾਈਸ ਚੇਅਰਮੈਨ ਹੋਣ ਦੌਰਾਨ ਵੀ ਘਪਲੇ ਹੋਏ ਜਿਹਨਾਂ ਖਿਲਾਫ ਉਹਨਾਂ ਨੇ ਕੋਈ ਕਾਰਵਾਈ ਨਹੀਂ ਕੀਤੀ।
ਇਸ ਦੌਰਾਨ ਸz. ਸਤਨਾਮ ਸਿੰਘ ਦਾਉਂ ਨੇ ਵਿੱਚ ਬਚਾਅ ਕਰਕੇ ਮਾਮਲਾ ਸ਼ਾਤ ਕਰਵਾਇਆ। ਇਸ ਮੌਕੇ ਸz. ਪਟਵਾਰੀ ਨੇ ਕਿਹਾ ਕਿ ਜੇਕਰ ਕੋਈ ਘਪਲਾ ਹੋਇਆ ਹੈ ਤਾਂ ਉਸਦੀ ਜਾਂਚ ਹੋ ਕੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
