Connect with us

Chandigarh

ਹੜ੍ਹਾਂ ਦੇ ਮੁੱਦੇ ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੱਤਾਧਾਰੀਆਂ ਅਤੇ ਵਿਰੋਧੀਆਂ ਨੇ ਲਗਾਏ ਇੱਕ ਦੂਜੇ ਨੂੰ ਰਗੜੇ

Published

on

ਚੰਡੀਗੜ੍ਹ, 26 ਸਤੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਿਸ ਦੌਰਾਨ ਮੈਂਬਰਾਂ ਨੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ. ਐਲ. ਡੀ. ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਆਪਣੀ ਸੀਟਾਂ ਤੇ ਖੜ੍ਹ ਕੇ ਦੋ ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਇਸ ਉਪਰੰਤ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੜ੍ਹਾਂ ਦੇ ਮੁੱਦੇ ਤੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਸਾਰੇ ਵਿਰੋਧੀ ਦਲ ਇਸ ਚਰਚਾ ਵਿਚ ਹਿੱਸਾ ਲੈਣ। ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਚਰਚਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਇਕ ਬਹੁਤ ਵੱਡੀ ਤ੍ਰਾਸਦੀ ਹੈ ਅਤੇ ਕਿਸੇ ਨੇ ਵੀ ਆਪਣੇ ਜੀਵਨ ਕਾਲ ਵਿਚ ਅਜਿਹੀ ਸਥਿਤੀ ਨਹੀਂ ਦੇਖੀ। 1988 ਦੇ ਹੜ੍ਹ ਵੇਲੇ 1.12 ਮਿਲੀਅਨ ਕਿਊਸਿਕ ਪਾਣੀ ਆਇਆ ਸੀ, ਪਰ ਇਸ ਵਾਰ 1.411 ਮਿਲੀਅਨ ਕਿਊਸਿਕ ਪਾਣੀ ਆਇਆ। ਉਹਨਾਂ ਕਿਹਾ ਕਿ ਹੜ੍ਹਾਂ ਵਿਚ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਪਾਕਿਸਤਾਨ ਦਾ ਪਾਣੀ ਦਰਿਆਵਾਂ ਅਤੇ ਨਹਿਰਾਂ ਰਾਹੀਂ ਪੰਜਾਬ ਦੇ ਦਰਿਆਵਾਂ ਵਿਚ ਵਹਿ ਰਿਹਾ ਸੀ, ਜਿਸਨੇ ਪੰਜਾਬ ਵਿੱਚ ਤਬਾਹੀ ਮਚਾਈ। ਦਸ ਮਿਲੀਅਨ ਘਣ ਫੁੱਟ ਪਾਣੀ ਦਰਿਆਵਾਂ ਵਿਚੋਂ ਲੰਘਿਆ।

ਬਹਿਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਨੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਨਿਸ਼ਾਨੇ ਤੇ ਲਿਆ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਨਵਰੀ ਤੋਂ ਹੜ੍ਹਾਂ ਸੰਬੰਧੀ ਮੀਟਿੰਗਾਂ ਹੋ ਰਹੀਆਂ ਹਨ। ਮੁੱਖ ਮੰਤਰੀ ਜੂਨ ਵਿਚ ਆਏ ਅਤੇ ਇਕ ਮੀਟਿੰਗ ਕੀਤੀ। ਤੁਸੀਂ ਬੀ. ਬੀ. ਐਮ. ਬੀ. ਨਾਲ ਲੜ ਰਹੇ ਹੋ, ਆਪਣੇ ਆਪ ਨੂੰ ਪਾਣੀ ਦਾ ਰਖਵਾਲਾ ਕਹਿੰਦੇ ਹੋ ਅਤੇ ਤੁਸੀਂ ਕੇਂਦਰੀ ਬਲਾਂ ਨੂੰ ਆਉਣ ਨਹੀਂ ਦੇ ਰਹੇ ਹੋ, ਪਰ ਬਲ ਆ ਗਏ ਹਨ। ਉਨ੍ਹਾਂ ਕਿਹਾ ਕਿ ਤੁਸੀਂ ਭਾਖੜਾ ਅਤੇ ਪੌਂਗ ਡੈਮਾਂ ਦੀ ਜ਼ਿੰਮੇਵਾਰੀ ਮੰਗਦੇ ਹੋ, ਪਰ ਤੁਸੀਂ ਰਣਜੀਤ ਸਾਗਰ ਡੈਮ ਨੂੰ ਨਹੀਂ ਸੰਭਾਲ ਸਕਦੇ। ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬਰਿੰਦਰ ਕੁਮਾਰ ਗੋਇਲ ਅਤੇ ਕ੍ਰਿਸ਼ਨ ਕੁਮਾਰ ਨੂੰ ਮੁਅੱਤਲ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਦੀ ਵਜ੍ਹਾ ਨਾਲ ਮਾਧੋਪੁਰ ਦੇ ਗੇਟ ਟੁੱਟ ਗਏ। ਪੂਰਾ ਇਲਾਕਾ ਡੁੱਬ ਗਿਆ। ਹੜ੍ਹ ਦੇ ਗੇਟ ਟੁੱਟ ਗਏ ਤੇ ਜਿਸ ਦਿਨ ਪ੍ਰਧਾਨ ਮੰਤਰੀ ਆਏ, ਮੁੱਖ ਮੰਤਰੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕਹਿੰਦੇ ਸਨ ਕਿ ਉਹ ਬਿਨਾਂ ਜ਼ਮੀਨ ਦੇ ਸਰਵੇਖਣ ਵਾਲੇ ਕਿਸਾਨਾਂ ਨੂੰ 20,000 ਰੁਪਏ ਮੁਆਵਜ਼ਾ ਦੇਣਗੇ ਅਤੇ ਬਾਅਦ ਵਿਚ 30,000 ਰੁਪਏ ਦੇਣਗੇ। ਪਰ ਅਜੇ ਤੱਕ ਕੁਝ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਬੱਕਰੀਆਂ ਅਤੇ ਮੁਰਗੀਆਂ ਲਈ ਭੁਗਤਾਨ ਕਰਨ ਦਾ ਦਾਅਵਾ ਕੀਤਾ ਸੀ, ਪਰ ਕੁਝ ਨਹੀਂ ਹੋਇਆ। ਉਹਨਾਂ ਮੰਗ ਕੀਤੀ ਕਿ ਸਾਨੂੰ ਦੱਸਿਆ ਜਾਵੇ ਕਿ ਸਰਕਾਰ ਮੁਆਵਜ਼ਾ ਕਦੋਂ ਦੇਵੇਗੀ। ਤੁਹਾਡੇ ਕੋਲ 12,000 ਕਰੋੜ ਰੁਪਏ ਪਏ ਹਨ। ਸਾਨੂੰ ਦੱਸਿਆ ਜਾਣਾ ਚਾਹੀਦਾ ਹੈ ਕਿ ਉਹ ਪੈਸਾ ਕਿੱਥੇ ਹੈ। ਸਾਨੂੰ ਸ਼ੱਕ ਹੈ ਕਿ ਪੈਸਾ ਕਿਤੇ ਹੋਰ ਮੋੜਿਆ ਜਾ ਸਕਦਾ ਹੈ।

ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕੀਤਾ ਜਾਂਦਾ ਹੈ, ਪਰ ਉਨ੍ਹਾਂ ਨੇ ਪੰਜਾਬ ਨੂੰ ਕੰਗਾਲ ਬਣਾ ਦਿੱਤਾ ਹੈ। ਬਾਜਵਾ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੁਆਰਾ ਫੰਡ ਲਈ ਸਥਾਪਤ ਕੀਤੇ ਖਾਤੇ ਵਿਚ ਪੈਸੇ ਜਮਾ ਨਾ ਕਰਵਾਉਣ। ਉਨ੍ਹਾਂ ਨੂੰ ਸਿੱਧੇ ਲੋਕਾਂ ਨੂੰ ਪੈਸੇ ਦੇਣੇ ਚਾਹੀਦੇ ਹਨ।

ਇਸ ਤੋਂ ਬਾਅਦ ਮੰਤਰੀ ਬਰਿੰਦਰ ਗੋਇਲ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਦਾ ਵਿਰੋਧ ਕੀਤਾ, ਜਿਸ ਕਾਰਨ ਸਦਨ ਵਿਚ ਹੰਗਾਮਾ ਹੋਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੜ੍ਹ ਦੇ ਮੁੱਦੇ ਪ੍ਰਤੀ ਗੰਭੀਰ ਨਹੀਂ ਹੈ। ਉਹਨਾਂ ਕਿਹਾ ਕਿ ਵਿਰੋਧੀ ਧਿਰ ਲਾਸ਼ਾਂ ਤੇ ਸਿਆਸਤ ਕਰ ਰਹੀ ਹੈ।

ਇਸ ਮੌਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਤੇ ਚੀਮਾ ਦੇ ਭਾਸ਼ਣ ਵਿਚ ਵਿਘਨ ਪਾਇਆ। ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਕੇਂਦਰੀ ਰਾਹਤ ਫੰਡ ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਰਾਹਤ ਫੰਡਾਂ ਲਈ ਦਿੱਤੇ ਗਏ 1600 ਕਰੋੜ ਵਿੱਚੋਂ ਇੱਕ ਪੈਸਾ ਵੀ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਨਹੀਂ ਆਇਆ। ਚੀਮਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬ ਦਾ 20 ਹਜ਼ਾਰ ਕਰੋੜ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਭਾਜਪਾ ਨੂੰ ਬਚਾਉਣ ਵਿਚ ਲੱਗੀ ਹੈ। ਕਾਂਗਰਸ ਦੱਸੇ ਐਸ ਡੀ ਆਰ ਐਫ ਦਾ ਪੈਸਾ ਕਿਥੇ ਵਰਤਿਆ। ਉਨ੍ਹਾਂ ਕਿਹਾ ਕਿ ਹੜ੍ਹਾਂ ਉਤੇ ਵੀ ਸਿਆਸਤ ਕੀਤੀ ਜਾ ਰਹੀ ਹੈ। ਆਫ਼ਤ ਪ੍ਰਬੰਧਨ ਫੰਡ ਬਾਰੇ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਹੁਣ ਤੱਕ 2,061 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਸ ਵਿਚੋਂ ਮੌਜੂਦਾ ਸਰਕਾਰ ਨੇ 1,600 ਕਰੋੜ ਰੁਪਏ ਖਰਚ ਕੀਤੇ ਹਨ।

ਚੀਮਾ ਨੇ ਪ੍ਰਧਾਨ ਮੰਤਰੀ ਦੀ ਚੁੱਪੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਹੜ੍ਹਾਂ ਤੋਂ ਇਕ ਮਹੀਨੇ ਬਾਅਦ ਪੰਜਾਬ ਆਏ ਸਨ ਅਤੇ 1600 ਕਰੋੜ ਰੁਪਏ ਦਾ ਐਲਾਨ ਕਰਕੇ ਚਲੇ ਗਏ, ਪਰ ਅੱਜ ਤੱਕ ਇਕ ਵੀ ਰੁਪਿਆ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਫ਼ਗਾਨਿਸਤਾਨ ਵਿਚ ਭੂਚਾਲ ਦੌਰਾਨ ਸਹਾਇਤਾ ਪ੍ਰਦਾਨ ਕੀਤੀ, ਪਰ ਦੇਸ਼ ਲਈ ਹਮੇਸ਼ਾ ਕੁਰਬਾਨੀਆਂ ਦੇਣ ਵਾਲੇ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਗਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸੱਚ ਹੈ ਕਿ ਪੰਜਾਬ ਜਿਸ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਉਹ ਕੋਈ ਲੁਕੀ ਹੋਈ ਗੱਲ ਨਹੀਂ ਹੈ। ਕੀ ਸਾਡੇ ਰਾਜਨੀਤਿਕ ਭਾਈਚਾਰੇ ਨੇ ਇਨ੍ਹਾਂ ਹਾਲਾਤ ਦਾ ਮਜ਼ਾਕ ਨਹੀਂ ਉਡਾਇਆ? ਸਰਕਾਰ ਨੇ ਖੁਦ ਇਹ ਸੈਸ਼ਨ ਬੁਲਾਇਆ ਪਰ ਅਸੀਂ ਇਸ ਸੈਸ਼ਨ ਵਿਚ ਕਿਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਾਂ? ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਸਭ ਤੋਂ ਅੱਗੇ ਰਹਿਣ ਵਾਲੇ ਪੰਜਾਬ ਦੀ ਅੱਜ ਕੀ ਹਾਲਤ ਹੈ? ਬਾਜਵਾ ਸਾਹਿਬ ਇਕ ਬਹੁਤ ਸੀਨੀਅਰ ਨੇਤਾ ਹਨ, ਰਾਜ ਸਭਾ ਵਿਚ ਵੀ ਸੇਵਾ ਨਿਭਾਅ ਚੁੱਕੇ ਹਨ। ਸਿੰਚਾਈ ਮੰਤਰੀ ਨੇ ਤੱਥਾਂ ਅਤੇ ਅੰਕੜਿਆਂ ਨਾਲ ਆਪਣਾ ਪੱਖ ਪੇਸ਼ ਕੀਤਾ। ਕੁਲਦੀਪ ਸਿੰਘ ਧਾਲੀਵਾਲ ਨੇ ਚੰਗਾ ਕੰਮ ਕੀਤਾ। ਪਾਹੜਾ ਸਾਹਿਬ ਨੇ ਵੀ ਕੰਮ ਕੀਤਾ। ਮਨਕੀਰਤ ਔਲਖ ਨੇ ਵੀ ਕੰਮ ਕੀਤਾ ਪਰ ਅੱਜ ਰਾਜਨੀਤੀ ਕਿਸ ਪੱਧਰ ਤੇ ਪਹੁੰਚ ਗਈ ਹੈ? ਮੁੱਖ ਮੰਤਰੀ ਬੀਮਾਰ ਹੋ ਗਏ ਅਤੇ ਇਸ ਤੇ ਵੀ ਇਤਰਾਜ਼ ਕੀਤਾ ਜਾ ਰਿਹਾ ਹੈ।

ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਗਭਗ 30 ਪਿੰਡਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਲੋਕਾਂ ਦੇ ਖੇਤ 30 ਫੁੱਟ ਡੂੰਘੇ ਰੇਤ ਨਾਲ ਢੱਕੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਹਮੇਸ਼ਾ ਉਨ੍ਹਾਂ ਤੇ ਕੰਮ ਨਾ ਕਰਨ ਦਾ ਦੋਸ਼ ਲਗਾਉਂਦੀ ਹੈ, ਪਰ ਇਹ ਦੱਸੋ ਕਿ ਉਨ੍ਹਾਂ ਨੇ ਖੁਦ ਕੀ ਕੀਤਾ ਹੈ। ਲੋਕਾਂ ਦੇ ਖੇਤ ਮਾਰੂਥਲ ਬਣ ਗਏ ਹਨ। ਪਹਿਲਾਂ ਲੜਾਈ ਤੋਂ ਨੁਕਸਾਨ ਹੋਇਆ ਸੀ ਅਤੇ ਹੁਣ ਹੜ੍ਹਾਂ ਨੇ ਲੋਕਾਂ ਦੇ ਘਰਾਂ ਅਤੇ ਖੇਤਾਂ ਨੂੰ ਵਹਾਅ ਦਿੱਤਾ ਹੈ ਪਰ ਸਿਆਸਤਦਾਨ ਅਜੇ ਵੀ ਵੋਟ-ਪ੍ਰੇਰਿਤ ਰਾਜਨੀਤੀ ਖੇਡ ਰਹੇ ਹਨ। ਉਹਨਾਂ ਸਵਾਲ ਕੀਤਾ ਕਿ ਕੰਡਿਆਲੀ ਤਾਰ ਦੇ ਪਿੱਛੇ ਰੇਤ ਕਿਵੇਂ ਕੱਢੀ ਜਾ ਸਕਦੀ ਹੈ, ਜਿਥੇ ਬੀ. ਐਸ. ਐਫ. ਦੇ ਗੇਟ ਲਗਾਏ ਗਏ ਹਨ? ਲੋਕ ਖੁਦ ਦਰਿਆ ਵਿਚ ਡੁੱਬੇ ਆਪਣੇ ਟਰੈਕਟਰਾਂ ਨੂੰ ਬਾਹਰ ਕੱਢ ਰਹੇ ਹਨ। ਸੁਲਤਾਨਪੁਰ ਲੋਧੀ, ਫਿਰੋਜ਼ਪੁਰ ਅਤੇ ਪੱਟੀ ਦੇ ਲੋਕ ਇੰਤਜ਼ਾਰ ਕਰ ਰਹੇ ਹਨ ਕਿ ਸਦਨ ਉਨ੍ਹਾਂ ਬਾਰੇ ਕੀ ਕਹਿੰਦਾ ਹੈ।

ਕਾਰਵਾਈ ਮੁਲਤਵੀ ਹੋਣ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਦੇ ਬਾਹਰ ਕਿਹਾ ਕਿ ਕਾਂਗਰਸ ਵਿਧਾਨ ਸਭਾ ਵਿਚ ਪ੍ਰਧਾਨ ਮੰਤਰੀ ਦੇ ਏਜੰਟ ਵਜੋਂ ਕੰਮ ਕਰ ਰਹੀ ਹੈ ਤੇ ਭਾਜਪਾ ਦੇ ਪ੍ਰੋਜੈਕਟ ਨੂੰ ਚਲਾ ਰਹੀ ਹੈ। ਦੋਵੇਂ ਭਾਜਪਾ ਵਿਧਾਇਕ ਸੈਸ਼ਨ ਤੋਂ ਗੈਰ-ਹਾਜ਼ਰ ਸਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ 1600 ਕਰੋੜ ਰੁਪਏ ਸਿਰਫ਼ ਇਕ ਚਾਲ ਸੀ ਕਿਉਂਕਿ ਪ੍ਰਧਾਨ ਮੰਤਰੀ ਦੇ ਦੌਰੇ ਤੋਂ 20 ਦਿਨ ਬਾਅਦ ਵੀ ਉਨ੍ਹਾਂ ਨੇ ਇਕ ਵੀ ਰੁਪਿਆ ਨਹੀਂ ਭੇਜਿਆ ਸੀ। ਪਹਿਲਾਂ ਆਏ 240 ਕਰੋੜ ਰੁਪਏ ਮਨਜ਼ੂਰਸ਼ੁਦਾ ਬਜਟ ਰਕਮ ਸੀ।

ਸੱਤਾ ਧਿਰ ਦੇ ਵਿਧਾਇਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਰੇਬਾਜ਼ੀ

ਸੈਸ਼ਨ ਦੌਰਾਨ ਪਹਿਲੀ ਵਾਰ, ਸੱਤਾ ਧਿਰ ਦੇ ਵਿਧਾਇਕ ਕੇਂਦਰ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦੇ ਹੋਏ ਵੈਲ ਵਿੱਚ ਦਾਖ਼ਲ ਹੋ ਗਏ। ਪੰਜਾਬ ਵਿਧਾਨ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਹੋਈ। ਸੱਤਾ ਧਿਰ ਦੇ ਵਿਧਾਇਕ ਇਸ ਗੱਲ ਤੋਂ ਨਾਰਾਜ਼ ਸਨ ਕਿ ਕੇਂਦਰ ਸਰਕਾਰ ਨੇ ਹੜ੍ਹ ਦੇ ਵਿੱਤੀ ਮੁਆਵਜ਼ੇ ਦੇ ਮਾਮਲੇ ਵਿੱਚ ਪੰਜਾਬ ਨਾਲ ਪੱਖਪਾਤ ਕੀਤਾ ਹੈ।

ਇਸ ਦੌਰਾਨ ਮੈਂਬਰਾਂ ਵੱਲੋਂ ‘ਮੋਦੀ ਜੀ ਜੁਮਲੇ ਬੰਦ ਕਰੋ’ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਸਿਰਫ ਮੁੱਖ ਮੰਤਰੀ ਤੇ ਵਿੱਤ ਮੰਤਰੀ ਸਮੇਤ ਦੋ ਹੋਰ ਮੰਤਰੀ ਹੀ ਆਪਣੀਆਂ ਸੀਟਾਂ ਤੇ ਬੈਠੇ ਹੋਏ ਸਨ। ਸਪੀਕਰ ਨੇ ਸਾਰੇ ਵਿਧਾਇਕਾਂ ਨੂੰ ਆਪਣੀਆਂ ਸੀਟਾਂ ਤੇ ਬੈਠਣ ਦੀ ਅਪੀਲ ਕੀਤੀ।

 

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending