Mohali
ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮਨਾਉਣ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ ਮੀਟਿੰਗ
ਸਮਾਗਮ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲੰਗਰ, ਠਹਿਰਨ, ਟ੍ਰੈਫਿਕ ਵਿਵਸਥਾ ਅਤੇ ਸੁਰੱਖਿਆ ਸਬੰਧੀ ਢੁੱਕਵੇਂ ਪ੍ਰੰਬਧਾਂ ਤੇ ਦਿੱਤਾ ਜ਼ੋਰ
ਐਸ ਏ ਐਸ ਨਗਰ, 30 ਸਤੰਬਰ (ਸ.ਬ.) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਉਲੀਕੇ ਸਮਾਗਮਾਂ ਦੀ ਲੜੀ ਵਿੱਚ ਐਸ ਏ ਐਸ ਨਗਰ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਹੀਦੀ ਸਮਾਗਮਾਂ ਲਈ ਚੱਲ ਰਹੀਆਂ ਤਿਆਰੀਆਂ ਸਬੰਧੀ ਸੌਪੀਆਂ ਗਈਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਇੰਨ੍ਹਾਂ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਸਬੰਧੀ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ 20 ਨਵੰਬਰ ਤੋਂ 22 ਨਵੰਬਰ ਤੱਕ ਚਾਰ ਯਾਤਰਾਵਾਂ ਆਉਣਗੀਆਂ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੀਆਂ। ਇਹਨਾਂ ਵਿੱਚੋਂ ਮਾਲਵਾ-2 ਰੂਟ ਤਹਿਤ ਇੱਕ ਯਾਤਰਾ ਜ਼ਿਲ੍ਹਾ ਪਟਿਆਲਾ ਤੋਂ ਹੁੰਦੇ ਹੋਏ ਰਾਜਪੁਰਾ ਤੋਂ ਬਨੂੰੜ ਤੋਂ ਮੁਹਾਲੀ ਤੋਂ ਕੁਰਾਲੀ ਤੋਂ ਰੂਪਨਗਰ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਪੰਹੁਚੇਗੀ। ਇਹ ਯਾਤਰਾ 21 ਨਵੰਬਰ ਨੂੰ ਗੁਰਦੁਆਰਾ ਅਕਾਲ ਗੜ੍ਹ ਬਨੂੜ ਵਿਖੇ ਪੁੱਜੇਗੀ ਅਤੇ ਸ਼ਾਮ ਨੂੰ ਇਹ ਯਾਤਰਾ ਮੁਹਾਲੀ ਵਿਖੇ ਪੁੱਜੇਗੀ ਅਤੇ ਰਾਤ ਦਾ ਠਹਿਰਾਅ ਗੁਰਦੁਆਰਾ ਸੁਹਾਣਾ ਸਾਹਿਬ ਵਿਖੇ ਹੋਵੇਗਾ ਅਤੇ ਫਿਰ ਇਹ ਯਾਤਰਾ ਗੁਰਦੁਆਰਾ ਕਰਤਾਰਸਰ ਸਾਹਿਬ, ਪਡਿਆਲਾ, ਕੁਰਾਲੀ ਵਿਖੇ ਪਹੁੰਚੇਗੀ।
ਉਨ੍ਹਾਂ ਦੱਸਿਆ ਕਿ ਚਰਨਛੋਹ ਸਥਾਨਾਂ ਤੇ ਪਾਰਕਿੰਗ, ਰੌਸ਼ਨੀ, ਸੁਰੱਖਿਆ ਅਤੇ ਮੀਡੀਆ ਪ੍ਰਬੰਧਾਂ ਦੇ ਨਾਲ ਕੀਰਤਨ ਸਮਾਗਮ/ਕਵੀ ਦਰਬਾਰਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਪਿੰਡ ਮੋਟੇਮਾਜਰਾ, ਡੇਰਾਬਸੀ ਅਤੇ ਘੜੂੰਆਂ ਵਿਖੇ ਕੀਰਤਨ ਦਰਬਾਰ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਯਾਦਗਾਰੀ ਥੀਮ ਅਨੁਸਾਰ ਸੱਭਿਆਚਾਰਕ ਅਤੇ ਵਿਰਾਸਤੀ ਗਤੀਵਿਧੀਆਂ (ਜਿਸ ਵਿੱਚ ਸਥਾਨਕ ਸਕੂਲ, ਕਾਲਜ ਅਤੇ ਸੱਭਿਆਚਾਰਕ ਸਮਾਜ ਸ਼ਾਮਲ ਹਨ) ਕਰਵਾਈਆਂ ਜਾਣਗੀਆਂ।
ਉਨ੍ਹਾਂ ਸਮਾਰੋਹ ਦੌਰਾਨ ਯਾਤਰਾਵਾਂ ਦੇ ਰੁਕਣ ਵਾਲੀਆਂ ਥਾਵਾਂ ਤੇ ਭੀੜ ਕੰਟਰੋਲ ਕਰਨ, ਬੈਰੀਕੈਡਿੰਗ, ਸਾਈਨੇਜ ਅਤੇ ਵਲੰਟੀਅਰਾਂ ਦੀ ਤਾਇਨਾਤੀ, ਰੂਟ ਮੈਪ ਅਨੁਸਾਰ ਸੜਕਾਂ ਦੀ ਸਾਫ ਸਫਾਈ, ਤੁਰੰਤ ਮੁਰੰਮਤ ਅਤੇ ਰੱਖ ਰਖਾਅ, ਯਾਤਰਾ ਰੂਟਾਂ ਦਾ ਨਿਰੀਖਣ ਅਤੇ ਕਲੀਅਰੈਂਸ, ਨਿਸ਼ਾਨਦੇਹੀ, ਪਾਣੀ ਦਾ ਛਿੜਕਾਅ, ਸਟਰੀਟ ਲਾਇਟਾਂ, ਦਰੱਖਤਾਂ ਦੀ ਛੰਗਾਈ, ਸੰਗਤਾਂ ਲਈ ਲੰਗਰ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਵਾਸ਼ਰੂਮ ਦੀ ਸਹੂਲਤ, ਮੱਛਰਾਂ ਤੋਂ ਬਚਾਅ ਲਈ ਫੋਗਿੰਗ, ਸ਼ਰਧਾਲੂਆਂ ਦੇ ਠਹਿਰਨ ਲਈ ਉਚਿੱਤ ਪ੍ਰਬੰਧ ਕਰਨ, ਸੀਵਰੇਜ ਦੀ ਚੈਕਿੰਗ, ਸਿਵਲ ਤੇ ਪੁਲੀਸ ਕੰਟਰੋਲ ਰੂਮ ਸਥਾਪਿਤ ਕਰਨ, ਟ੍ਰੈਫ਼ਿਕ ਪ੍ਰਬੰਧ, ਪਾਰਕਿੰਗ ਦੀ ਸੁਵਿਧਾ, ਸਫਾਈ-ਸੈਨੀਟੇਸ਼ਨ, ਬਿਜਲੀ ਤੇ ਰੌਸ਼ਨੀ ਦੇ ਪੱਕੇ ਪ੍ਰਬੰਧ ਕਰਨ, ਐਂਬੂਲੈਂਸਾਂ ਦੀ ਤਾਇਨਾਤੀ, ਫੂਡ ਸੇਫਟੀ ਟੀਮ, ਫਸਟ-ਏਡਪੋਸਟਾਂ, ਫਾਇਰ ਬ੍ਰਿਗੇਡ, ਆਦਿ ਅਹਿਮ ਪ੍ਰਬੰਧ ਵੀ ਯਕੀਨੀ ਬਣਾਉਣ ਦੀ ਹਦਾਇਤ ਜਾਰੀ ਕੀਤੀ।
ਉਨ੍ਹਾਂ ਦੱਸਿਆ ਕਿ ਸਮਾਰੋਹਾਂ ਦੌਰਾਨ ਅਮਨ-ਕਾਨੂੰਨ ਬਹਾਲ ਰੱਖਣ ਲਈ ਪੁਲੀਸ ਫੋਰਸ, ਡਿਊਟੀ ਮੈਜਿਸਟਰੇਟ ਅਤੇ ਵੱਖ-ਵੱਖ ਸੈਕਟਰ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਰੋਹ ਸਿੱਖ ਇਤਿਹਾਸ ਅਤੇ ਰੂਹਾਨੀ ਪ੍ਰੰਪਰਾਵਾਂ ਨਾਲ ਜੁੜਿਆ ਮਹੱਤਵਪੂਰਨ ਮੌਕਾ ਹੈ, ਜਿਸ ਨੂੰ ਸੰਗਤਾਂ ਦੀ ਸਹੂਲਤ ਅਤੇ ਯਾਦਗਾਰੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ.ਡੀ.ਐਮ, ਮੁਹਾਲੀ, ਦਮਨਦੀਪ ਕੌਰ, ਐਸ.ਡੀ.ਐਮ,ਖਰੜ ਦਿਵਿਆ ਪੀ, ਡੀ ਈ ਓ ਸੈਕੰਡਰੀ ਡਾ. ਗਿੰਨੀ ਦੁੱਗਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Mohali
ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।
ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।
ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
Mohali
ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Mohali
ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।
ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
Chandigarh1 month agoਚੰਡੀਗੜ੍ਹ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਦੀ ਧਾਰਮਿਕ ਯਾਤਰਾ ਦੀ 15ਵੀਂ ਬੱਸ ਰਵਾਨਾ
