Punjab
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਖੋਲ੍ਹਿਆ ਤਾਲਮੇਲ ਕੇਂਦਰ
ਅੰਮ੍ਰਿਤਸਰ, 30 ਸਤੰਬਰ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੀ ਮੰਗ, ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੰਗਲੈਂਡ ਦੇ ਬਰਮਿੰਘਮ ਵਿਖੇ ਤਾਲਮੇਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇਸ ਕੇਂਦਰ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਵੱਲੋਂ ਕੀਤੇ ਯਤਨਾਂ ਅਤੇ ਖਾਲਸਾ ਪੰਥ ਅਕੈਡਮੀ ਬਰਮਿੰਘਮ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਇਸ ਦਾ ਉਦਘਾਟਨੀ ਸਮਾਗਮ ਬੀਤੇ ਕੱਲ੍ਹ ਪੰਥਕ ਰਵਾਇਤਾਂ ਨਾਲ ਹੋਇਆ, ਜਿਸ ਵਿਚ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜੋਧ ਸਿੰਘ ਸਮਰਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਬੀਬੀ ਪਰਮਜੀਤ ਕੌਰ ਗੁਰੂ ਅੰਗਦ ਦੇਵ ਜੀ ਨਿਵਾਸ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੀ ਆਨਲਾਈਨ ਮੌਜੂਦਗੀ ਰਹੀ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰੈਸ ਨੂੰ ਜਾਰੀ ਕੀਤੀ ਗਈ ਜਾਣਕਾਰੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਕੇਂਦਰ ਵਿਦੇਸ਼ ਵਿੱਚ ਰਹਿੰਦੀ ਸਿੱਖ ਸੰਗਤ ਦੀ ਮੰਗ ਉਤੇ ਖੋਲ੍ਹਿਆ ਗਿਆ ਹੈ। ਇਹ ਯੂਕੇ ਦੇ ਨਾਲ ਨਾਲ ਪੂਰੇ ਯੂਰਪ ਦੀਆਂ ਸੰਗਤਾਂ ਲਈ ਬਹੁਤ ਹੀ ਮਹੱਤਵਪੂਰਣ ਸਾਬਤ ਹੋਵੇਗਾ। ਇਸ ਕੇਂਦਰ ਰਾਹੀਂ ਸੰਗਤਾਂ ਤਖ਼ਤ ਸਾਹਿਬਾਨ ਅਤੇ ਪੰਥ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਜੁੜਨਗੀਆਂ। ਉਨ੍ਹਾਂ ਦੱਸਿਆ ਕਿ ਯੂਰਪ ਅਤੇ ਇੰਗਲੈਂਡ ਦੀਆਂ ਸੰਗਤਾਂ ਜਦੋਂ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪੰਜਾਬ ਆਉਣਗੀਆਂ, ਤਾਂ ਇਸ ਤਾਲਮੇਲ ਕੇਂਦਰ ਰਾਹੀਂ ਉਨ੍ਹਾਂ ਲਈ ਰਿਹਾਇਸ਼, ਯਾਤਰਾ ਤੇ ਹੋਰ ਲੋੜੀਂਦੇ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਯਕੀਨੀ ਬਣਾਏ ਜਾਣਗੇ। ਇਸ ਨਾਲ ਸੰਗਤਾਂ ਨੂੰ ਦਰਸ਼ਨਾਂ ਅਤੇ ਸੇਵਾ ਸਮੇਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤਾਲਮੇਲ ਕੇਂਦਰ ਦੀ ਸੰਚਾਲਨ ਸੇਵਾ ਸ. ਗੁਰਿੰਦਰ ਸਿੰਘ ਬਾਵਾ ਨੂੰ ਸੌਂਪੀ ਗਈ ਹੈ, ਜੋ ਕਿ ਸ਼੍ਰੋਮਣੀ ਕਮੇਟੀ ਮੈਂਬਰ ਹੋਣ ਦੇ ਨਾਲ ਨਾਲ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਤਖਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਵੀ ਮੈਂਬਰ ਹਨ। ਸ. ਬਾਵਾ ਦੇ ਵਿਸ਼ੇਸ਼ ਉਪਰਾਲੇ ਅਤੇ ਸਮਰਪਣ ਦੇ ਸਦਕਾ ਹੀ ਭਾਰਤ ਤੋਂ ਬਾਹਰ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਤਾਲਮੇਲ ਕੇਂਦਰ ਖੋਲ੍ਹਿਆ ਗਿਆ ਹੈ। ਐਡਵੋਕੇਟ ਧਾਮੀ ਨੇ ਸ. ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਨੂੰ ਬਹੁਤ ਲਾਭ ਹੋਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੇ ਇਸ ਕਾਰਜ ਵਿਚ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਆਸਟਰੀਆ, ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਡਨ, ਖਾਲਸਾ ਦੀਵਾਨ ਸੁਸਾਇਟੀ ਲੰਡਨ, ਗੁਰੂ ਹਰਿਗੋਬਿੰਦ ਸਾਹਿਬ ਸੇਵਾ ਟਰੱਸਟ, ਗੁਰਦੁਆਰਾ ਗੁਰੂ ਅਮਰਦਾਸ ਜੀ, ਗੁਰਦੁਆਰਾ ਗੁਰੂ ਨਾਨਕ ਦਰਬਾਰ ਬੈਲਜ਼ੀਅਮ, ਗੁਰਦੁਆਰਾ ਗੁਰੂ ਹਰਿਰਾਇ ਸਾਹਿਬ ਕਿੰਗਸਟਨ, ਨਿਹਕਾਮੀ ਸੇਵਾ ਟਰੱਸਟ ਯੂਕੇ ਸਮੇਤ ਮੈਨ ਚੈਸਟਰ ਲੰਡਨ, ਲੈਸਟਰ, ਬੈਲਜ਼ੀਅਮ, ਜਰਮਨੀ ਅਤੇ ਹਾਲੈਂਡ, ਇਟਲੀ ਦੀਆਂ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਕੀਤਾ ਗਿਆ ਹੈ।
ਇਸ ਮੌਕੇ ਲਾਲ ਸਿੰਘ, ਭਾਈ ਓਂਕਾਰ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਮਰਮਾਰ, ਭਗਵਾਨ ਸਿੰਘ ਜੌਹਲ ਤੇ ਖਾਲਸਾ ਪੰਥ ਅਕੈਡਮੀ ਦੇ ਨੁਮਾਇੰਦੇ ਭਾਈ ਕਰਨਜੀਤ ਸਿੰਘ ਖ਼ਾਲਸਾ, ਭਾਈ ਤਲਵਿੰਦਰ ਸਿੰਘ ਮਸਤਾਨਾ, ਭਾਈ ਗੁਰਸੇਵਕ ਸਿੰਘ ਸ਼ੇਰਗਿੱਲ, ਭਾਈ ਗੁਲਿੰਦਰ ਸਿੰਘ, ਭਾਈ ਹਰਦੇਵ ਸਿੰਘ, ਭਾਈ ਜਸਵੰਤ ਸਿੰਘ, ਭਾਈ ਬਚਨ ਸਿੰਘ ਅਰੋੜਾ, ਭਾਈ ਸਵੇਰਾ ਸਿੰਘ, ਭਾਈ ਜਤਿੰਦਰ ਸਿੰਘ ਅਤੇ ਹੋਰ ਮੌਜੂਦ ਸਨ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
