Chandigarh
ਮੀਂਹ ਨਾਲ ਆਮ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਕਿਸਾਨਾਂ ਲਈ ਆਫ਼ਤ ਬਣ ਕੇ ਆਈ ਬਰਸਾਤ
ਚੰਡੀਗੜ੍ਹ, 6 ਅਕਤੂਬਰ (ਸ.ਬ.) ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਅੱਜ ਸਵੇਰ ਤੋਂ ਰੁਕ ਰੁਕ ਕੇ ਮੀਂਹ ਜਾਰੀ ਹੈ। ਮੀਂਹ ਨਾਲ ਆਮ ਲੋਕਾਂ ਨੂੰ ਜਿੱਥੇ ਗਰਮੀ ਤੇ ਹੁਮਸ ਭਰੇ ਮੌਸਮ ਤੋਂ ਰਾਹਤ ਮਿਲੀ ਹੈ, ਉਥੇ ਮੀਂਹ ਕਿਸਾਨਾਂ ਲਈ ਆਫ਼ਤ ਬਣ ਗਿਆ ਹੈ। ਕਿਸਾਨਾਂ ਨੂੰ ਮੀਂਹ ਨਾਲ ਦੋਹਰੀ ਮਾਰ ਪਈ ਹੈ। ਪਹਿਲਾਂ ਹੜ੍ਹਾਂ ਨੇ ਖੇਤਾਂ ਵਿਚ ਖੜੀ ਝੋਨੇ ਦੀ ਫ਼ਸਲ ਤਬਾਹ ਕਰ ਦਿੱਤੀ ਹੈ, ਹੁਣ ਝੋਨੇ ਦੀ ਵਾਢੀ ਤੇ ਮੰਡੀਆਂ ਵਿਚ ਲੱਗੇ ਝੋਨੇ ਦੇ ਢੇਰ ਨੇ ਕਿਸਾਨਾਂ ਨੂੰ ਫ਼ਿਕਰਾਂ ਵਿਚ ਪਾਇਆ ਹੋਇਆ ਹੈ।
ਪੰਜਾਬ ਦੇ ਇੱਕ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਅੱਜ ਸਵੇਰ ਤੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਕਹਿਰ ਜਾਰੀ ਹੈ। ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਜ਼ਿਆਦਾਤਰ ਕਿਸਾਨਾਂ ਨੂੰ ਝੋਨੇ ਦੀ ਵਾਢੀ ਨੂੰ ਲੈ ਕੇ ਫ਼ਿਕਰ ਸਤਾਉਣ ਲੱਗਾ ਹੈ। ਉਪਰੋਂ ਮੰਡੀਆਂ ਵਿੱਚ ਝੋਨਾ ਨਾ ਵਿਕਣ ਕਰਕੇ ਮੁਸ਼ਕਲਾਂ ਦਾ ਸਾਹਮਣਾ ਵੱਖਰਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੁਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਣੇ ਹੋਰਨਾਂ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ। ਮੀਂਹ ਦੇ ਨਾਲ ਹੀ ਚੱਲ ਰਹੀਆਂ ਤੇਜ਼ ਹਵਾਵਾਂ ਕਰਕੇ ਖੇਤਾਂ ਵਿੱਚ ਝੋਨੇ ਦੀ ਫਸਲ ਵਿਛ ਗਈ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਅਗਲੇ 48 ਘੰਟੇ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੁਹਾਲੀ, ਪੰਚਕੂਲਾ ਤੇ ਅੰਬਾਲਾ ਸਣੇ ਨੇੜਲੇ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀਆਂ ਰਿਪੋਰਟਾਂ ਹਨ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਬਿਜਲੀ ਦੀ ਗਰਜ ਨਾਲ ਦਰਮਿਆਨਾ ਮੀਂਹ ਪੈਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
ਮੀਂਹ ਕਰਕੇ ਹਾਲਾਂਕਿ ਕਈ ਇਲਾਕਿਆਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਮੌਸਮ ਵਿਚ ਠੰਢ ਵਧ ਗਈ ਹੈ। ਜੇਕਰ ਕਿਸਾਨਾਂ ਨੂੰ ਛੱਡ ਦੇਈਏ ਤਾਂ ਆਮ ਲੋਕਾਂ ਨੂੰ ਗਰਮੀ ਤੇ ਹੁਮਸ ਤੋਂ ਰਾਹਤ ਮਿਲੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਮੀਂਹ ਪੱਛਮੀ ਗੜਬੜੀ ਦੇ ਅਸਰ ਤੇ ਹੁਮਸ ਭਰੀ ਹਵਾਵਾਂ ਕਰਕੇ ਪੈ ਰਿਹਾ ਹੈ। ਅਗਲੇ ਇਕ ਦੋ ਦਿਨਾਂ ਤੱਕ ਪੰਜਾਬ ਤੇ ਹਰਿਆਣਾ ਵਿਚ ਕਈ ਥਾਵਾਂ ਤੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
ਪੰਜਾਬ ਵਿਚ ਬੀਤੇ ਦਿਨ ਸਵੇਰੇ ਵੀ ਮੀਂਹ ਪਿਆ ਸੀ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ। ਅਚਾਨਕ ਪਏ ਮੀਂਹ ਨਾਲ ਮੰਡੀਆਂ ਵਿੱਚ ਵਿਕਰੀ ਲਈ ਲਿਆਂਦੀ ਗਈ ਝੋਨੇ ਦੀ ਫਸਲ ਭਿੱਜ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਨੇ ਝੋਨੇ ਦੀ ਕਟਾਈ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਨ੍ਹਾਂ ਇਲਾਕਿਆਂ ਵਿੱਚ ਫਸਲ ਤਿਆਰ ਸੀ, ਉੱਥੇ ਖੇਤ ਪਾਣੀ ਨਾਲ ਭਰ ਗਏ ਹਨ, ਜਿਸ ਕਾਰਨ ਵਾਢੀ ਰੋਕਣੀ ਪਈ। ਕਈ ਮੰਡੀਆਂ ਵਿੱਚ ਗਿੱਲੀ ਫਸਲ ਕਾਰਨ ਅਨਾਜ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ।
ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਨੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਗਰਮੀ ਅਤੇ ਹੁਮਸ ਵਾਲੇ ਮੌਸਮ ਤੋਂ ਨਿਜਾਤ ਦਿਵਾਈ ਹੈ। ਕੌਮੀ ਰਾਜਧਾਨੀ ਵਿੱਚ ਸਤੰਬਰ ਅਤੇ ਅਕਤੂਬਰ ਦੇ ਸ਼ੁਰੂ ਵਿੱਚ ਅਸਧਾਰਨ ਉੱਚ ਤਾਪਮਾਨ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ, ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਔਸਤ ਤੋਂ ਦੋ ਡਿਗਰੀ ਘੱਟ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.1 ਡਿਗਰੀ ਸੈਲਸੀਅਸ ਸੀ।
ਦਿੱਲੀ ਵਿੱਚ ਕਈ ਥਾਵਾਂ ਤੇ ਮੀਂਹ ਦਰਜ ਕੀਤਾ ਗਿਆ। ਆਈਐਮਡੀ ਦੇ ਅੰਕੜਿਆਂ ਅਨੁਸਾਰ, ਸ਼ਹਿਰ ਦੇ ਬੇਸ ਆਬਜ਼ਰਵੇਟਰੀ, ਸਫਦਰਜੰਗ ਵਿੱਚ ਸਵੇਰੇ 8:30 ਵਜੇ ਤੱਕ 10.3 ਮਿਲੀਮੀਟਰ (ਐਮਐਮ) ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਲੋਧੀ ਰੋਡ ਤੇ 13.2 ਮਿਲੀਮੀਟਰ, ਪਾਲਮ ਵਿੱਚ 4.6 ਮਿਲੀਮੀਟਰ, ਰਿਜ ਵਿੱਚ 8.2 ਮਿਲੀਮੀਟਰ ਅਤੇ ਅਯਾਨਗਰ ਵਿੱਚ ਇਸੇ ਸਮੇਂ ਦੌਰਾਨ 5.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਿਨ ਵੇਲੇ ਅੰਸ਼ਕ ਤੌਰ ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ। ਵਿਭਾਗ ਨੇ ਦਿਨ ਭਰ ਅਤੇ ਸ਼ਾਮ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
