Connect with us

Mohali

ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਲਈ ਨੋਟਿਫਿਕੇਸ਼ਨ ਜਾਰੀ, ਨਵੇਂ ਸੈਕਟਰਾਂ ਨੂੰ ਸ਼ਾਮਿਲ ਕਰਨ ਦੀ ਤਜਵੀਜ

Published

on

 

 

ਬਲੌਂਗੀ, ਬੜਮਾਜਰਾ ਅਤੇ ਟੀ ਡੀ ਆਈ ਨਹੀਂ ਹੋਣਗੇ ਸ਼ਾਮਿਲ, 15 ਦਿਨਾਂ ਵਿੱਚ ਇਤਰਾਜ ਮੰਗੇ

ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਨਿਗਮ ਐਸ ਏ ਐਸ ਨਗਰ ਦੀ ਹਦਬੰਦੀ ਵਧਾਉਣ ਲਈ ਨੋਟਿਫਿਕੇਸ਼ਨ ਜਾਰੀ ਕਰਦਿਆਂ ਇਸ ਸੰਬੰਧੀ 15 ਦਿਨਾਂ ਵਿੱਚ ਇਤਰਾਜ ਮੰਗੇ ਹਨ। ਜਿਹਨਾਂ ਇਲਾਕਿਆਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੀ ਤਜਵੀਜ ਹੈ ਉਹਨਾਂ ਵਿੱਚ ਸੈਕਟਰ 66 ਅਲਫਾ, ਸੈਕਟਰ 66 ਬੀਟਾ, ਏਅਰੋ ਸਿਟੀ, ਆਈ ਟੀ ਸਿਟੀ, ਸੈਕਟਰ 81, 82, 83, 85, 86, 88-89, 90-91, 94, ਸੈਕਟਰ 74 ਦਾ ਖੇਤਰ ਸ਼ਾਮਿਲ ਕੀਤਾ ਗਿਆ ਹੈ। ਹਾਲਾਂਕਿ ਇਸ ਸੰਬੰਧੀ 28 ਜੂਨ 2021 ਨੂੰ ਹੋਈ ਵਿੱਚ ਨਗਰ ਨਿਗਮ ਦੀ ਮੀਟਿੰਗ ਦੌਰਾਨ ਨਗਰ ਨਿਗਮ ਦੀ ਹਦਬੰਦੀ ਵਿੱਚ ਵਾਧੇ ਸੰਬੰਧੀ ਜਿਹੜਾ ਮਤਾ ਪਾਸ ਕੀਤਾ ਗਿਆ ਸੀ ਉਸ ਵਿੱਚ ਪਿੰਡ ਬਲੌਂਗੀ, ਬੜ ਮਾਜਰਾ, ਬੱਲੋ ਮਾਜਰਾ, ਟੀ ਡੀ ਆਈ ਸੈਕਟਰ 117-118 ਅਤੇ ਪਿੰਡ ਬਲਿਆਲੀ ਨੂੰ ਵੀ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੀ ਤਜਵੀਜ ਦਿੱਤੀ ਗਈ ਸੀ ਪਰੰਤੂ ਮੌਜੂਦਾ ਨੋਟਿਫਿਕੇਸ਼ਨ ਦੌਰਾਨ ਇਹਨਾਂ ਖੇਤਰਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸz ਤੇਜਵੀਰ ਸਿੰਘ ਦੇ ਦਸਤਖਤ ਤਹਿਤ ਜਾਰੀ ਹੋਏ ਇਸ ਨੋਟਿਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ, ਐਸ.ਏ.ਐਸ. ਨਗਰ ਦੇ ਹਾਊਸ ਵੱਲੋਂ ਮਤਾ ਨੰ. 25, ਮਿਤੀ: 28-6-2021 ਰਾਹੀਂ ਨਗਰ ਨਿਗਮ ਐਸ.ਏ.ਐਸ ਨਗਰ ਦੀਆਂ ਹੱਦਾਂ ਦੇ ਨਾਲ ਲਗਦੇ ਏਰੀਏ/ਪਿੰਡਾਂ/ਸੈਕਟਰਾਂ ਨੂੰ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨਗਰ ਨਿਗਮ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਲੈਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਨੂੰ ਵਿਚਾਰਨ ਤੋਂ ਬਾਅਦ ਸਰਕਾਰ ਵੱਲੋਂ ਅਧਿਸੂਚਨਾ ਨੰਬਰ: 06/11/2021 2ਸਸ1 /1603-1605 ਮਿਤੀ 13/12/ 2021 ਜਾਰੀ ਕਰਦੇ ਹੋਏ ਆਮ ਜਨਤਾ ਪਾਸੋਂ ਇਤਰਾਜ ਮੰਗੇ ਗਏ ਸਨ। ਇਸਤੇ ਕਾਰਵਾਈ ਦੌਰਾਨ ਕਮਿਸ਼ਨਰ ਨਗਰ ਨਿਗਮ, ਐਸ. ਏ. ਐਸ ਨਗਰ, ਮੁੱਖ ਪ੍ਰਸ਼ਾਸ਼ਕ ਗਮਾਡਾ ਅਤੇ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਤੋਂ ਪ੍ਰਾਪਤ ਤਾਜਾ ਸਥਿਤੀ ਦੀ ਰਿਪੋਰਟ ਨੂੰ ਵਿਚਾਰਦੇ ਹੋਏ ਨਗਰ ਨਿਗਮ ਐਸ. ਏ. ਐਸ. ਨਗਰ ਦੀ ਨਵੀਂ ਹੱਦ ਸ਼ਡਿਊਲ ਆਫ ਬਾਊਂਡਰੀ ਵਿੱਚ ਦਰਸਾਏ ਅਨੁਸਾਰ ਨਗਰ ਨਿਗਮ, ਐਸ.ਏ.ਐਸ. ਨਗਰ ਦੀਆਂ ਹੱਦਾਂ ਵਿਚ ਵਾਧਾ ਕਰਨਾ ਵਿਚਾਰ ਅਧੀਨ ਹੈ।

ਨੋਟਿਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਬਦਲਾਂ ਤੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਪ੍ਰਭਾਵਿਤ ਆਮ ਜਨਤਾ ਤੋਂ ਇਤਰਾਜ/ਸੁਝਾਅ ਮੰਗਣੇ ਉਚਿਤ ਹੋਣਗੇ, ਇਸ ਲਈ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 03(6) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ, ਸਥਾਨਕ ਸਰਕਾਰ ਵਿਭਾਗ ਵੱਲੋਂ ਅਧਿਸੂਚਨਾ ਨੰਬਰ: 06/11/2021-2ਸਸ1/1603-1605 ਮਿਤੀ 13/12/2021 ਦੀ ਅਧਿਲੰਘਣਾ ਵਿੱਚ ਮੌਜੂਦਾ ਅਧਿਸੂਚਨਾ ਰਾਹੀਂ ਅਜਿਹਾ ਕਰਨ ਤੋਂ ਪਹਿਲਾਂ ਆਮ ਜਨਤਾ ਤੋਂ ਇਸ ਸਬੰਧੀ ਇਤਰਾਜ/ਸੁਝਾਓ ਮੰਗੇ ਜਾਂਦੇ ਹਨ, ਜਿਹੜੇ ਇਸ ਅਧਿਸੂਚਨਾ ਦੇ ਜਾਰੀ ਹੋਣ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ-ਅੰਦਰ ਕਮਿਸ਼ਨਰ ਨਗਰ ਨਿਗਮ ਐਸ.ਏ.ਐਸ. ਨਗਰ ਕੋਲ ਪੁੱਜਦੇ ਕੀਤੇ ਜਾਣ। ਇਨ੍ਹਾਂ ਇਤਰਾਜਾਂ ਨੂੰ ਵਿਚਾਰਨ ਉਪਰੰਤ ਹੱਦਾਂ ਵਿੱਚ ਵਾਧੇ ਸਬੰਧੀ ਅੰਤਿਮ ਫੈਸਲਾ ਕੀਤਾ ਜਾਵੇਗਾ।

ਇਸ ਨੋਨਿਫਿਕੇਸ਼ਨ ਦੀਆਂ ਕਾਪੀਆਂ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੰਜਾਬ, ਚੰਡੀਗੜ੍ਹ, ਡਾਇਰੈਕਟਰ ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ, ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੰਜਾਬ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਮੁਹਾਲੀ, ਪ੍ਰੀਖਿਅਕ, ਲੋਕਲ ਫੰਡ ਅਕਾਉਟ, ਪੰਜਾਬ, ਚੰਡੀਗੜ੍ਹ, ਉਪ ਮੰਡਲ ਮੈਜਿਸਟਰੇਟ, ਐਸ.ਏ.ਐਸ. ਨਗਰ ਮੁਹਾਲੀ ਨੂੰ ਵੀ ਭੇਜੀਆਂ ਗਈਆਂ ਹਨ। ਇਸਦੇ ਨਾਲ ਹੀ ਜਿਲਾ ਵਿਕਾਸ ਤੇ ਪੰਚਾਇਤ ਅਫਸਰ, ਐਸ. ਏ.ਐਸ. ਨਗਰ ਨੂੰ ਲਿਖਿਆ ਗਿਆ ਹੈ ਕਿ ਸਬੰਧਤ ਗ੍ਰਾਮ ਪੰਚਾਇਤਾਂ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਸੰਬੰਧੀ ਨਗਰ ਨਿਗਮ, ਐਸ. ਏ.ਐਸ. ਨਗਰ ਦੇ ਕਮਿਸ਼ਨਰ ਨੂੰ ਨੋਟਿਫਿਕੇਸ਼ਨ ਦੀ ਕਾਪੀ ਭੇਜ ਕੇ ਹਦਾਇਤ ਕੀਤੀ ਗਈ ਹੈ ਕਿ ਇਸ ਅਧਿਸੂਚਨਾ ਸਬੰਧੀ ਖੁੱਲੀ ਪਬਲੀਸਿਟੀ ਕਰਵਾਈ ਜਾਵੇ ਅਤੇ ਇਸ ਦੀਆਂ ਕਾਪੀਆਂ ਜਿਲ੍ਹਾ ਕੋਰਟ, ਤਹਿਸੀਲ ਕੋਰਟ ਅਤੇ ਨਗਰ ਨਿਗਮ ਦੇ ਨੋਟਿਸ ਬੋਰਡ ਤੇ ਲਗਵਾਈਆਂ ਜਾਣ। ਇਸਦੇ ਨਾਲ ਹੀ ਢੋਲ/ਸਪੀਕਰ ਰਾਂਹੀ ਮੁਸਤਵੀ ਮੁਨਿਆਦੀ ਕਰਵਾਕੇ ਇਸਦਾ ਲੋਕ ਪ੍ਰਚਾਰ ਕੀਤਾ ਜਾਵੇ ਅਤੇ ਇਹ ਅਧਿਸੂਚਨਾ ਪ੍ਰਚਿਲਤ ਦੇ ਅਖਬਾਰਾਂ (ਅੰਗਰੇਜੀ ਅਤੇ ਪੰਜਾਬੀ) ਵਿੱਚ ਛਪਵਾਈ ਜਾਵੇ, (ਅਖਬਾਰ ਦੀਆਂ ਕਾਪੀਆਂ ਇਸ ਦਫਤਰ ਨੂੰ ਭੇਜੀਆਂ ਜਾਣ)। ਕਮਿਸ਼ਨਰ ਨੂੰ ਮਿਥੇ ਸਮੇਂ ਦੇ ਅੰਦਰ ਪ੍ਰਾਪਤ ਇਤਰਾਜਾਂ ਤੇ ਟਿੱਪਣੀ ਦਿੰਦੇ ਹੋਏ ਇਸ ਦਫਤਰ ਨੂੰ ਦਸਤੀ ਭੇਜਣ ਲਈ ਵੀ ਲਿਖਿਆ ਗਿਆ ਹੈ।

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending