Connect with us

Mohali

ਫੇਜ਼-11 ਦੀ ਹਾਲਤ ਤਰਸਯੋਗ

Published

on

 

ਸੜਕਾਂ ਦੇ ਕਿਨਾਰੇ ਲੱਗੇ ਹਨ ਮਿੱਟੀ ਦੇ ਢੇਰ, ਥਾਂ -ਥਾਂ ਤੇ ਪਿਆ ਹੈ ਕੂੜਾ ਕਚਰਾ

ਐਸ ਏ ਐਸ ਨਗਰ, 25 ਅਕਤੂਬਰ (ਭਗਵੰਤ ਸਿੰਘ ਬੇਦੀ) ਸਥਾਨਕ ਫੇਜ਼ 11 ਦੀ ਹਾਲਤ ਦਿਨੋ ਦਿਨ ਮਾੜੀ ਹੁੰਦੀ ਜਾ ਰਹੀ ਹੈ ਅਤੇ ਅਜਿਹਾ ਲੱਗਦਾ ਹੈ ਕਿ ਫੇਜ਼-11 ਦਾ ਕੋਈ ਵਾਲੀ ਵਾਰਸ ਨਹੀਂ ਹੈ। ਜੇਕਰ ਇੱਥੋਂ ਦੀਆਂ ਪੁੱਟੀਆਂ ਸੜਕਾਂ, ਥਾਂ ਥਾਂ ਪਏ ਕੂੜੇ ਕਚਰੇ ਦੇ ਢੇਰਾਂ ਅਤੇ ਸਫਾਈ ਦੇ ਬਦਤਾਰ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ ਸ਼ਾਇਦ ਪੂਰੇ ਮੁਹਾਲੀ ਵਿੱਚੋਂ ਫੇਜ਼ 11 ਦੀ ਹਾਲਤ ਸਭ ਤੋਂ ਵੱਧ ਤਰਸਯੋਗ ਹੈ।

ਬਰਸਾਤਾਂ ਤੋਂ ਪਹਿਲਾਂ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਕੋਲ ਡਰੇਨ ਨੂੰ ਜੋੜਨ ਵਾਸਤੇ ਜਿਹੜੀ ਪੁਟਾਈ ਕੀਤੀ ਗਈ ਸੀ, ਉਥੋਂ ਹੁਣ ਤੱਕ ਟਰੈਫਿਕ ਸੁਚਾਰੂ ਨਹੀਂ ਹੋਈ ਅਤੇ ਸੜਕ ਕਿਨਾਰੇ ਮਿੱਟੀ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ। ਮੰਦਰ ਤੋਂ 50 ਕੁ ਗਜ ਪਿੱਛੇ ਡਿਸਪੈਂਸਰੀ ਦੇ ਕੋਲ ਇੱਕ ਖੁੱਲਾ ਪਲਾਟ ਵੱਡਾ ਕੂੜੇਦਾਨ ਬਣ ਚੁੱਕਿਆ ਹੈ, ਜਿੱਥੇ ਹਰ ਰੋਜ ਵੱਡੀ ਗਿਣਤੀ ਵਿੱਚ ਕਚਰਾ ਸੁੱਟਿਆ ਜਾ ਰਿਹਾ ਹੈ।

ਸਥਾਨਕ ਵਸਨੀਕਾਂ ਅਤੇ ਲੋਕਲ ਕੌਂਸਲਰਾਂ ਵੱਲੋਂ ਰੌਲਾ ਪਾਉਣ ਤੇ ਉੱਥੇ ਇੱਕ ਟਰਾਲੀ ਜਰੂਰ ਖੜੀ ਕੀਤੀ ਗਈ ਸੀ ਜੋ ਹੁਣ ਉਥੋਂ ਗਾਇਬ ਹੋ ਚੁੱਕੀ ਹੈ ਅਤੇ ਕਚਰੇ ਦੇ ਢੇਰ ਦੇ ਵਿੱਚੋਂ ਸਾਰੇ ਪਾਸੇ ਬਦਬੂ ਫੈਲ ਰਹੀ ਹੈ, ਜਿਸ ਨਾਲ ਰਾਹਗੀਰਾਂ ਨੂੰ ਮੁਸ਼ਕਿਲ ਹੁੰਦੀ ਹੈ ਅਤੇ ਇਸ ਥਾਂ ਤੇ ਪਿੱਛੇ ਪੈਂਦੀਆਂ ਕੋਠੀਆਂ ਦੇ ਵਾਸੀਆਂ ਦਾ ਵੀ ਜਿਊਣਾ ਹਰਾਮ ਹੋਇਆ ਪਿਆ ਹੈ।

ਇਸ ਤੋਂ ਇਲਾਵਾ ਸੀਵਰੇਜ ਦੀਆਂ ਵੱਡੀਆਂ ਪਾਈਪਾਂ ਪਾਉਣ ਲਈ ਜੋ ਖੁਦਾਈ ਕੀਤੀ ਗਈ ਸੀ ਉਸਦੇ ਇੱਕ ਹਿੱਸੇ ਵਿੱਚ ਤਾਂ ਪਾਈਪਾਂ ਪਾ ਦਿੱਤੀਆਂ ਗਈਆਂ ਹਨ ਪਰ ਮਿੱਟੀ ਦੇ ਢੇਰ ਅੱਜ ਵੀ ਉੱਥੇ ਮੌਜੂਦ ਹਨ। ਫੇਜ਼ 11 ਦੇ ਮੇਨ ਰੋਡ ਤੋਂ ਪੈਟਰੋਲ ਪੰਪ ਵੱਲ ਜਾਂਦੀ ਸੜਕ (ਜਿਸ ਤੇ ਸਭ ਤੋਂ ਵੱਧ ਐਲ ਆਈ ਜੀ ਅਤੇ ਐਮ ਆਈ ਜੀ ਮਕਾਨ ਹਨ) ਲੰਮੇ ਸਮੇਂ ਤੋਂ ਬੰਦ ਹੈ ਅਤੇ ਇਨ੍ਹਾਂ ਘਰਾਂ ਦੇ ਵਸਨੀਕਾਂ ਨੂੰ ਆਪਣੇ ਘਰ ਜਾਣ ਲਈ ਬਦਲਵੇਂ ਰਸਤੇ ਲੱਭਣੇ ਪੈਂਦੇ ਹਨ। ਇਹਨਾਂ ਵਿੱਚੋਂ ਕੁਝ ਲੋਕ 2500 ਵਾਲੇ ਘਰਾਂ ਦੇ ਕੋਲੋਂ ਬੀ ਰੋਡ ਤੋਂ ਮੁੜਦੇ ਹਨ। ਕੁਝ ਲੋਕ ਸੈਕਟਰ ਅਤੇ 11 ਫੇਜ਼ ਨੂੰ ਵੰਡਦੀ ਸੜਕ ਤੋਂ ਥਾਣੇ ਦੇ ਕੋਲੋਂ ਆਉਂਦੇ ਹਨ ਅਤੇ ਚੰਡੀਗੜ੍ਹ ਤੋਂ ਆਉਣ ਵਾਲੇ ਬਾਵਾ ਵਾਈਟ ਹਾਊਸ ਦੀਆਂ ਲਾਈਟਾਂ ਤੋਂ ਸੱਜੇ ਮੁੜ ਕੇ ਫਿਰ ਥਾਣੇ ਦੇ ਕੋਲੋਂ ਹੀ 11 ਫੇਜ਼ ਵਿੱਚ ਪ੍ਰਵੇਸ਼ ਕਰਦੇ ਹਨ।

ਵੱਡੀ ਗੱਲ ਇਹ ਵੀ ਹੈ ਕਿ ਇਹਨਾਂ ਐਲ ਆਈ ਜੀ ਤੇ ਐਮ ਆਈ ਜੀ ਘਰਾਂ ਵਿੱਚ ਕਈ ਸਿਆਸੀ ਆਗੂਆਂ ਦੇ ਦਫਤਰ ਹਨ ਅਤੇ ਉਹਨਾਂ ਨੂੰ ਵੀ ਆਪਣੇ ਦਫਤਰਾਂ ਤੱਕ ਘੁੰਮ ਕੇ ਹੀ ਜਾਣਾ ਪੈਂਦਾ ਹੈ। ਲੋਕਾਂ ਨੂੰ ਆਸ ਸੀ ਕਿ ਦਿਵਾਲੀ ਦੇ ਤਿਉਹਾਰਾਂ ਦੌਰਾਨ ਇਹ ਸੜਕ ਖੁੱਲ ਜਾਵੇਗੀ ਪਰੰਤੂ ਅਜਿਹਾ ਨਹੀਂ ਹੋਇਆ ਅਤੇ ਲੋਕਾਂ ਨੂੰ ਹੁਣ ਵੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।

ਫੇਜ਼ 11 ਦੀਆਂ ਸੜਕਾਂ ਦੀ ਸਫਾਈ ਦਾ ਵੀ ਮੰਦਾ ਹਾਲ ਹੈ। ਸਫਾਈ ਸੇਵਕਾਂ ਵੱਲੋਂ ਜੋ ਕੂੜਾ ਇਕੱਠਾ ਕੀਤਾ ਜਾਂਦਾ ਹੈ ਉਹ ਕਿਸੇ ਨਾ ਕਿਸੇ ਘਰ ਦੇ ਨੇੜੇ ਇਕੱਠਾ ਕਰ ਦਿੱਤਾ ਜਾਂਦਾ ਹੈ ਜੋ ਉਹਨਾਂ ਘਰਾਂ ਵਾਸਤੇ ਪਰੇਸ਼ਾਨੀ ਦਾ ਸਬੱਬ ਬਣਦਾ ਹੈ। ਜੋ ਹਾਲਤ ਐਲ ਆਈ ਜੀ ,ਐਮ ਆਈ ਜੀ ਘਰਾਂ ਦੀ ਹੈ ਉਹੀ ਹਾਲਤ ਐਚ ਆਈ ਜੀ ਅਤੇ ਨਾਲ ਲੱਗਦੀਆਂ ਕੋਠੀਆਂ ਦੀ ਹੈ। ਇਹੀ ਹਾਲਤ ਕਨਾਲ ਅਤੇ 16 ਮਰਲੇ ਦੀ ਕੋਠੀਆਂ ਦੀ ਹੈ ਜਿੱਥੇ ਕਈ ਵੀ ਆਈ ਪੀ ਲੋਕ ਵੀ ਰਹਿੰਦੇ ਹਨ। ਇੱਥੇ ਥਾਂ ਥਾਂ ਤੇ ਕੂੜੇ ਦੇ ਢੇਰ ਆਮ ਦਿਖਾਈ ਦਿੰਦੇ ਹਨ। ਸਥਾਨਕ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਲੋਕਾਂ ਵੱਲੋਂ ਰੌਲਾ ਪਾਉਣ ਤੇ ਇਹ ਕੂੜੇ ਦੇ ਢੇਰ ਚੁੱਕ ਲਏ ਜਾਂਦੇ ਹਨ ਅਤੇ ਫਿਰ ਦੁਬਾਰਾ ਉੱਥੇ ਹੀ ਉਸੇ ਤਰ੍ਹਾਂ ਢੇਰ ਲੱਗ ਜਾਂਦੇ ਹਨ।

ਇਸ ਸਬੰਧੀ ਨਗਰ ਨਿਗਮ ਦੀ ਕਾਰਗੁਜ਼ਾਰੀ ਤੇ ਸਵਾਲ ਖੜੇ ਕਰਦਿਆਂ ਸਮਾਜ ਸੇਵੀ ਕੈਪਟਨ ਕਰਨੈਲ ਸਿੰਘ ਨੇ ਮੰਗ ਕੀਤੀ ਹੈ ਕਿ 11 ਫੇਜ਼ ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ। ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ ਅਤੇ ਜਿੱਥੇ ਪਾਈਪਾਂ ਪੈ ਚੁੱਕੀਆਂ ਹਨ ਉਥੋਂ ਮਿੱਟੀ ਚੁੱਕ ਕੇ ਥਾਂ ਨੂੰ ਪੱਧਰਾ ਕੀਤਾ ਜਾਵੇ ਤਾਂ ਕਿ ਲੋਕ ਪਾਰਕਿੰਗ ਕਰ ਸਕਣ।

ਇਸ ਦੌਰਾਨ 16 ਮਰਲੇ ਦੀ ਬੈਲਟ ਵਿੱਚ ਰਹਿੰਦੇ ਸਟੇਟ ਬੈਂਕ ਆਫ ਇੰਡੀਆ ਦੇ ਸਾਬਕਾ ਮੈਨੇਜਰ ਹਰੀ ਮਿੱਤਰ ਮਹਾਜਨ ਵੀ ਪ੍ਰਸ਼ਾਸਨ ਦੀ ਬੇਰੁਖੀ ਤੋਂ ਦੁਖੀ ਹਨ। ਉਹਨਾਂ ਕਿਹਾ ਕਿ ਸਫਾਈ ਦੀ ਇੰਨੀ ਦੁਰਦਸ਼ਾ ਪਹਿਲਾਂ ਕਦੇ ਨਹੀਂ ਹੋਈ ਜਿੰਨੀ ਹੁਣ ਹੋ ਰਹੀ ਹੈ। ਉਹਨਾਂ ਮੰਗ ਕੀਤੀ ਕਿ ਇਕੱਠਾ ਕੀਤਾ ਹੋਇਆ ਕੂੜਾ ਨਾਲ ਦੀ ਨਾਲ ਚੁੱਕਿਆ ਜਾਵੇ ਅਤੇ ਕਨਾਲ ਅਤੇ 16 ਮਰਲੇ ਦੇ ਪਾਰਕਾਂ ਦੀ ਦੇਖਭਾਲ ਚੰਗੀ ਤਰ੍ਹਾਂ ਕੀਤੀ ਜਾਵੇ ਤਾਂ ਕਿ ਵਸਨੀਕ ਉਥੇ ਸੈਰ ਕਰ ਸਕਣ ਅਤੇ ਉਹਨਾਂ ਨੂੰ ਕੋਈ ਮੁਸ਼ਕਲਾ ਪੇਸ਼ ਨਾ ਹੋਣ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending