Mohali
ਕਿਸਾਨਾਂ ਦੀਆਂ ਸਮੱਸਿਅਵਾਂ ਦਾ ਹਲ ਕਰੇ ਸਰਕਾਰ : ਸੰਯੁਕਤ ਕਿਸਾਨ ਮੋਰਚਾ
ਡਿਪਟੀ ਕਮਿਸ਼ਨਰ ਰਾਂਹੀ ਮੁੱਖ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ
ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੇ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੂੰ ਮਿਲ ਕੇ ਉਹਨਾਂ ਰਾਂਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜਿਆ ਹੈ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕੀਤਾ ਜਾਵੇ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਲੱਗਭੱਗ 59 ਇਨਸਾਨਾਂ ਦੀ ਜਾਨ ਚਲੀ ਗਈ, ਘਰ ਢਹਿ ਗਏ, ਪਸ਼ੂ ਰੁੜ੍ਹ ਗਏ, ਜ਼ਮੀਨਾਂ ਖੁਰਦ ਬੁਰਦ ਹੋ ਗਈਆਂ, ਖੇਤਾਂ ਵਿੱਚ ਗਾਰ ਭਰ ਗਈ ਅਤੇ ਫਸਲਾਂ ਤਬਾਹ ਹੋ ਗਈਆਂ ਹਨ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਪੱਕੇ ਤੌਰ ਤੇ ਰੋਕਣ ਅਤੇ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ਤੇ ਲਿਆਉਣ ਲਈ ਠੋਸ ਵਿਉਂਤਬੰਦੀ ਅਤੇ ਲੋੜੀਂਦਾ ਮੁਆਵਜ਼ਾ ਦੇਣ ਦੀ ਥਾਂ ਸਿਰਫ ਦਰਸ਼ਨੀ ਕਾਰਵਾਈਆਂ ਹੀ ਕੀਤੀਆਂ ਗਈਆਂ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਵਾਰ ਬਾਰਿਸ਼ ਤੋਂ ਇਲਾਵਾ ਝੋਨੇ ਤੇ ਹਲਦੀ ਰੋਗ ਅਤੇ ਬੌਨਾ ਰੋਗ ਦਾ ਹਮਲਾ ਹੋਣ ਕਾਰਨ ਝੋਨੇ ਦਾ ਝਾੜ ਪ੍ਰਤੀ ਏਕੜ 8 ਤੋਂ 10 ਕੁਇੰਟਲ ਤੱਕ ਘਟ ਗਿਆ। ਸਰਕਾਰ ਵਲੋਂ ਪਰਾਲੀ ਦਾ ਪ੍ਰਬੰਧ ਕਰਨ ਲਈ ਨਾ ਤਾਂ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਮਸ਼ੀਨਰੀ ਦਿੱਤੀ ਗਈ ਅਤੇ ਨਾ ਹੀ ਕੋਈ ਨਕਦ ਸਹਾਇਤਾ। ਇਹਨਾਂ ਪ੍ਰਬੰਧਾਂ ਦੀ ਅਣਹੋਂਦ ਵਿੱਚ ਜਦੋਂ ਕਿਸਾਨ ਮਜ਼ਬੂਰੀ ਵੱਸ ਪਰਾਲ਼ੀ ਸਾੜਦੇ ਹਨ ਤਾਂ ਉਹਨਾਂ ਦੇ ਖਿਲਾਫ ਕੇਸ ਦਰਜ਼ ਕੀਤੇ ਜਾ ਰਹੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀ. ਏ. ਪੀ. ਖਾਦ ਦੀ ਭਾਰੀ ਘਾਟ ਕਾਰਨ ਕਿਸਾਨ ਕਣਕ ਬੀਜਣ ਤੋਂ ਲੇਟ ਹੋ ਰਹੇ ਹਨ। ਜੇਕਰ ਡੀ ਏ ਪੀ ਖਾਦ ਮਿਲ ਰਹੀ ਹੈ ਤਾਂ ਉਸਦੇ ਨਾਲ ਨੈਨੋ ਯੂਰੀਆ ਅਤੇ ਹੋਰ ਗੈਰ ਜ਼ਰੂਰੀ ਵਸਤਾਂ ਕਿਸਾਨਾਂ ਨੂੰ ਜਬਰੀ ਮੜ੍ਹੀਆਂ ਜਾ ਰਹੀਆਂ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 8 ਅਕਤੂਬਰ ਨੂੰ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਹੜ੍ਹ ਪੀੜਤਾਂ ਦੀਆਂ ਮੰਗਾਂ ਅਤੇ ਕੁਝ ਹੋਰ ਮਸਲਿਆਂ ਬਾਰੇ ਮੰਗ ਪੱਤਰ ਭੇਜੇ ਗਏ ਸਨ ਪਰੰਤੂ ਕੁੱਝ ਨਹੀਂ ਹੋਇਆ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਅੱਠ ਅਕਤੂਬਰ ਵਾਲੇ ਮੰਗ ਪੱਤਰ ਵਿੱਚ ਦਿੱਤੀਆਂ ਗਈਆਂ ਮੰਗਾਂ ਅਤੇ ਹੇਠਲੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰਕੇ ਲੋੜੀਂਦੀ ਠੋਸ ਕਾਰਵਾਈ ਕੀਤੀ ਜਾਵੇ।
ਮੋਰਚੇ ਵਲੋਂ ਮੰਗ ਕੀਤੀ ਗਈ ਹੜ੍ਹਾਂ ਦੀ ਪੱਕੇ ਤੌਰ ਤੇ ਰੋਕਥਾਮ ਕੀਤੀ ਜਾਵੇ ਅਤੇ ਮੁਆਵਜ਼ੇ ਵਗੈਰਾ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਬਿਜਲੀ ਸੋਧ ਬਿੱਲ 2025 ਦੀ ਤਜਵੀਜ਼ ਨੂੰ ਰੱਦ ਕਰਨ ਲਈ ਅੱਠ ਨਵੰਬਰ ਤੋਂ ਪਹਿਲਾਂ ਪਹਿਲਾਂ ਕੇਂਦਰ ਸਰਕਾਰ ਨੂੰ ਲਿਖਿਆ ਜਾਵੇ, ਹਲਦੀ ਰੋਗ ਅਤੇ ਮਧਰਾ/ ਬੌਨਾ ਰੋਗ ਕਾਰਨ ਝੋਨੇ ਦੇ ਘਟੇ ਹੋਏ ਝਾੜ ਦੀ ਪੂਰਤੀ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਜਿੱਥੇ ਇਸ ਰੋਗ ਕਾਰਨ ਫਸਲ ਵਾਹੁਣੀ ਪਈ ਹੈ, ਉੱਥੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ ।
ਇਹ ਵੀ ਮੰਗ ਕੀਤੀ ਗਈ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲ਼ੀ ਦੇ ਨਿਪਟਾਰੇ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਤਹਿਤ ਕਿਸਾਨਾਂ ਨੂੰ 200/- ਰੁਪਏ ਪ੍ਰਤੀ ਕੁਇੰਟਲ ਜਾਂ 7,000/- ਰੁਪਏ ਪ੍ਰਤੀ ਏਕੜ ਨਕਦ ਸਹਾਇਤਾ ਦਿੱਤੀ ਜਾਵੇ ਅਤੇ ਇਸਦੀ ਅਣਹੋਂਦ ਕਾਰਨ ਮਜ਼ਬੂਰੀ ਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੀਤੀ ਜਾਣ ਵਾਲੀ ਹਰ ਕਿਸਮ ਦੀ ਕਾਰਵਾਈ ਬੰਦ ਕੀਤੀ ਜਾਵੇ, ਡੀਏਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਡੀਏਪੀ ਅਤੇ ਯੂਰੀਆ ਖਾਦ ਦੇ ਨਾਲ ਬੇਲੋੜੀਆਂ ਖਾਦਾਂ ਅਤੇ ਦਵਾਈਆਂ ਜਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ, ਝੋਨੇ ਵਿੱਚ ਨਮੀ ਦੀ ਮਾਤਰਾ 17 ਦੀ ਥਾਂ 22 ਕੀਤੀ ਜਾਵੇ। ਨਮੀ ਅਤੇ ਬਦਰੰਗ ਦਾਣੇ ਦੇ ਬਹਾਨੇ ਮੰਡੀਆਂ ਵਿੱਚ ਕਿਸਾਨਾਂ ਦੀ ਲੱਟ/ਝੋਨੇ ਤੇ ਕਾਟ ਲੱਗਣੀ ਬੰਦ ਕੀਤੀ ਜਾਵੇ, ਕਿਸਾਨਾਂ ਵੱਲੋਂ ਮਿੱਲਾਂ ਨੂੰ ਵੇਚੇ ਗਏ ਗੰਨੇ ਦਾ ਸਹਿਕਾਰੀ ਮਿਲਾਂ ਵੱਲ 109 ਕਰੋੜ ਰੁਪਏ ਚੋ ਬਾਕੀ ਰਹਿੰਦੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਕਿਸਾਨਾਂ ਨੂੰ ਜਾਰੀ ਕੀਤੀ ਜਾਵੇ ਅਤੇ ਗੰਨੇ ਦਾ ਭਾਅ ਵਧਾ ਕੇ 470 ਪ੍ਰਤੀ ਕਇੰਟਲ ਕੀਤਾ ਜਾਵੇ।
ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਰੇਲ ਰੋਕੋ ਅੰਦੋਲਨਾਂ ਦੌਰਾਨ ਕਿਸਾਨਾਂ ਤੇ ਬਣੇ ਸਾਰੇ ਕੇਸ ਰੱਦ ਕੀਤੇ ਜਾਣ।
ਵਫਦ ਵਿੱਚ ਹੋਰਨਾਂ ਤੋਂ ਇਲਾਵਾ ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ, ਪਰਮਦੀਪ ਸਿੰਘ ਬੈਦਵਾਨ, ਜਗਜੀਤ ਸਿੰਘ ਕਰਾਲਾ, ਕਮਲਜੀਤ ਲਾਂਡਰਾਂ, ਦਵਿੰਦਰ ਸਿੰਘ ਦੇਹ ਕਲਾਂ, ਦਰਸ਼ਨ ਸਿੰਘ ਦੁਰਾਲੀ, ਅੰਗਰੇਜ਼ ਸਿੰਘ ਭਦੌੜ, ਮਨਪ੍ਰੀਤ ਸਿੰਘ ਅਮਲਾਲਾ, ਸ਼ੇਰ ਸਿੰਘ, ਦਰਸ਼ਨ ਸਿੰਘ ਦੁਰਾਲੀ, ਸੰਦੀਪ ਰਾਣਾ, ਕੁਲਦੀਪ ਸਿੰਘ ਸਰਸੀਣੀ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਜੜੌਤ ਵੀ ਹਾਜਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
