Connect with us

Chandigarh

ਤਰਨ ਤਾਰਨ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟਿੰਗ

Published

on

 

 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਚੌਕਸੀ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 7 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐਸ. ਐਸ. ਪੀ ਡਾ. ਰਵਜੋਤ ਗਰੇਵਾਲ ਅਤੇ ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ ਹਾਜ਼ਰ ਸਨ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ, ਸ਼ਰਾਬ ਅਤੇ ਕਿਸੇ ਵੀ ਤਰ੍ਹਾਂ ਦੇ ਮੁਫਤ ਸਮਾਨ ਵੰਡਣ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ 9 ਨਵੰਬਰ ਨੂੰ ਸ਼ਾਮ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਬਾਹਰੀ ਵਿਅਕਤੀ ਤਰਨ ਤਾਰਨ ਹਲਕੇ ਵਿੱਚ ਨਾ ਹੋਵੇ।

ਮੁੱਖ ਚੋਣ ਅਧਿਕਾਰੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਨੇ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਹਾਲ ਵਿੱਚ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਅਤੇ ਚੋਣ ਅਮਲੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਕਾਰਵਾਈ ਕੀਤੀ ਜਾਵੇ।

ਉਹਨਾਂ ਕਿਹਾ ਕਿ ਪੁਲੀਸ ਨਾਕਿਆਂ ਉੱਤੇ ਸੀਸੀਟੀਵੀ ਅਤੇ ਪੈਟਰੋਲਿੰਗ ਟੀਮਾਂ ਰਾਹੀਂ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਰੋਕੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਐਸ.ਐਸ.ਪੀ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰੇਕ ਪ੍ਰਕਾਰ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਮੁਤਾਬਕ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਹਲਕੇ ਵਿੱਚ ਵੋਟਿੰਗ ਲਈ ਕੁੱਲ 114 ਥਾਵਾਂ ਉੱਤੇ 222 (ਸ਼ਹਿਰੀ 60 ਅਤੇ ਪੇਂਡੂ 162) ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 100 ਪੋਲਿੰਗ ਬੂਥਾਂ ਦੀ ਪਛਾਣ ਸੰਵੇਦਨਸ਼ੀਲ ਪੋਲਿੰਗ ਬੂਥਾਂ ਵਜੋਂ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਮਾਡਲ ਪੋਲਿੰਗ ਬੂਥ ਅਤੇ ਮਹਿਲਾਵਾਂ ਨੂੰ ਸਮਰਪਿਤ 3 ਪੋਲਿੰਗ ਬੂਥ ਬਣਾਏ ਗਏ ਹੈ। ਜਦਕਿ ਦਿਵਿਆਂਗ ਵੋਟਰਾਂ ਅਤੇ ਨੌਜਵਾਨ ਵੋਟਰਾਂ ਲਈ 1-1 ਪੋਲਿੰਗ ਬੂਥ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ 100 ਫੀਸਦੀ ਵੈਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੌਰਾਨ ਪੁਲੀਸ ਅਤੇ ਐਕਸਾਇਜ਼ ਵਿਭਾਗ ਦੀਆਂ ਟੀਮਾਂ ਗੈਰ ਕਾਨੂੰਨੀ ਸ਼ਰਾਬ ਦੀ ਆਮਦ ਉੱਤੇ ਨਜ਼ਰ ਰੱਖਣ ਲਈ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਦੇ 768 ਅਤੇ ਪੰਜਾਬ ਪੁਲੀਸ ਦੇ 876 ਜਵਾਨ ਤਾਇਨਾਤ ਕੀਤੇ ਗਏ ਹਨ। ਸਾਰੇ 114 ਪੋਲਿੰਗ ਸਥਾਨਾਂ ਤੇ 480 ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ ਗੈਰ-ਸਮਾਜਿਕ ਅਨਸਰਾਂ ਉੱਤੇ ਨਜ਼ਰ ਰੱਖਣ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਬ, ਨਕਦੀ ਤੇ ਨਸ਼ੀਲੇ ਪਦਾਰਥਾਂ ਦੀ ਆਮਦ ਉੱਤੇ ਨੱਥ ਪਾਉਣ ਲਈ ਨਾਲ ਲੱਗਦੇ ਜ਼ਿਲ੍ਹਿਆਂ ਦੀ ਸਰਹੱਦ ਉੱਤੇ ਛੇ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਵੋਟਿੰਗ ਤੋਂ 72 ਘੰਟੇ ਪਹਿਲਾਂ 22 ਪੈਟਰੋਲਿੰਗ ਪਾਰਟੀਆਂ ਵੱਲੋਂ ਹਲਕੇ ਦੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਗਸ਼ਤ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਅਮਨਦੀਪ ਬਾਂਸਲ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ ਤੋਂ ਇਲਾਵਾ ਸੀਈਓ ਦਫ਼ਤਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਹੋਰ ਅਧਿਕਾਰੀ ਹਾਜ਼ਰ ਸਨ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending