Chandigarh
ਪੰਜਾਬ ਯੂਨੀਵਰਸਿਟੀ ਸੈਨੇਟ ਦੀ ਰਾਖੀ ਲਈ ਵਿਦਿਆਰਥੀਆਂ ਦੇ ਸੰਘਰਸ਼ ਨੂੰ ਮਿਲੀ ਭਾਰੀ ਹਿਮਾਇਤ
ਵੱਖ ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਨੇ ਕੀਤੀ ਸ਼ਮੂਲੀਅਤ
ਚੰਡੀਗੜ੍ਹ, 10 ਨਵੰਬਰ (ਸ.ਬ.) ਪੰਜਾਬ ਦੀਆਂ ਵੱਖ ਵੱਖ ਸਿਆਸੀ ਧਿਰਾਂ, ਕਿਸਾਨ ਜਥੇਬੰਦੀਆਂ, ਵੱਖ ਵੱਖ ਸਮਾਜਿਕ ਜਥੇਬੰਦੀਆਂ ਵਲੋਂ ਪੰਜਾਬ ਯੂਨੀਵਰਸਿਟੀ ਦਾ ਲੋਕਤਾਂਤਰਿਕ ਢਾਂਚਾ ਬਹਾਲ ਰੱਖਣ ਲਈ ਵਿਦਿਆਰਥੀਆਂ ਦੀ ਹਮਾਇਤ ਵਿੱਚ ਆਉਣ ਅਤੇ ਅੱਜ ਦੇ ਧਰਨੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤੇ ਜਾਣ ਕਾਰਨ ਅੱਜ ਯੂਨੀਵਰਸਿਟੀ ਵਿੱਚ ਪੁਲੀਸ ਵਲੋਂ ਖਾਸ ਸੁਰਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਉੱਥੇ ਪਹੁੰਚਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਯੂਨੀਵਰਸਿਟੀ ਵਿੱਚ ਦਾਖਿਲ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਰਿਹਾ ਸੀ।
ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੀਯੂ ਬੰਦ’ ਦੇ ਸੱਦੇ ਦੌਰਾਨ ਕੈਂਪਸ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਜੂਮ ਨੂੰ ਕਾਬੂ ਕਰਨ ਲਈ ਵਾਧੂ ਪੁਲੀਸ ਫੋਰਸ ਸੱਦੀ ਗਈ ਸੀ। ਪੁਲੀਸ ਦੀ ਤਾਇਨਾਤੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਗੇਟ ਨੰ. 1 ਤੋਂ ਪੰਜਾਬ ਯੂਨੀਵਰਸਿਟੀ ਕੈਂਪਸ ਵਿਚ ਦਾਖ਼ਲ ਹੋਣ ਵਿੱਚ ਸਫ਼ਲ ਰਹੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਮੁਲਾਜ਼ਮਾਂ ਦੀਆਂ ਡਾਂਗਾਂ ਖੋਹ ਲਈਆਂ ਤੇ ਪੁਲੀਸ ਅਮਲੇ ਨਾਲ ਧੱਕਾਮੁੱਕੀ ਵੀ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉਨ੍ਹਾਂ ਤੇ ਹਲਕਾ ਲਾਠੀਚਾਰਜ ਕੀਤਾ।
ਪੁਲੀਸ ਨੇ ਮਗਰੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਬੱਸਾਂ ਵਿਚ ਬਿਠਾ ਕੇ ਲੈ ਗਏ। ਚੰਡੀਗੜ੍ਹ ਦੀ ਐਸ ਐਸ ਪੀ ਕੰਵਰਦੀਪ ਕੌਰ ਵੀ ਮੌਕੇ ਤੇ ਪੁੱਜ ਗਏ ਹਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਵੀ ਕੀਤੀ। ਐਸਐਸਪੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿਚ ਆਉਣ ਤੋਂ ਨਹੀਂ ਰੋਕ ਰਹੇ, ਪਰ ਕਿਸੇ ਬਾਹਰੀ ਵਿਅਕਤੀ ਨੂੰ ਕੈਂਪਸ ਵਿੱਚ ਦਾਖ਼ਲੇ ਲਈ ਇਜਾਜ਼ਤ ਲੈਣੀ ਹੋਵੇਗੀ।
ਇਸ ਦੌਰਾਨ ਉਪ ਕੁਲਪਤੀ ਦਫ਼ਤਰ ਨੇੜੇ ਲੱਗੀ ਸਟੇਜ ਤੇ ਪਹੁੰਚੇ ਸਿਆਸੀ ਆਗੂਆਂ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ‘ਆਪ’ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਕਈ ਸੀਨੀਅਰ ਆਗੂ ਧਰਨੇ ਵਾਲੀ ਥਾਂ ਪਹੁੰਚੇ।
ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਉਪ-ਪ੍ਰਧਾਨ ਅਸ਼ਮੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸੈਨੇਟ ਚੋਣਾਂ ਦੇ ਸ਼ਡਿਊਲ ਦਾ ਐਲਾਨ ਹੋਣ ਤੱਕ ਅੰਦੋਲਨ ਜਾਰੀ ਰਹੇਗਾ।
ਯੂਨੀਵਰਸਿਟੀ ਕੈਂਪਸ ਦੇ ਗੇਟਾਂ ਤੇ ਚੰਡੀਗੜ੍ਹ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਭਾਰੀ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਸੀ। ਗੇਟਾਂ ਨੂੰ ਵਾਧੂ ਬੈਰੀਕੇਡਿੰਗ ਤੇ ਬੱਸਾਂ ਖੜ੍ਹਾ ਕੇ ਬੰਦ ਕਰ ਦਿੱਤਾ ਗਿਆ।
ਇਸ ਦੌਰਾਨ ਚੰਡੀਗੜ੍ਹ ਪੁਲੀਸ ਵਲੋਂ ਧਰਨੇ ਵਿੱਚ ਸ਼ਾਮਿਲ ਹੋਣ ਪਹੁੰਚੇ ਵਿਅਕਤੀਆਂ ਨੂੰ ਬਸਾਂ ਵਿੱਚ ਭਰ ਕੇ ਅਣਦੱਸੀ ਥਾਂ ਤੇ ਲਿਜਾਇਆ ਗਿਆ। ਧਰਨੇ ਵਿੱਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਹੋਰ ਕਿਸਾਨ ਯੂਨੀਅਨਾਂ ਵਲੋਂ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਵਿੱਚ ਇਕੱਠ ਕਰਕੇ ਚੰਡੀਗੜ੍ਹ ਵੱਲ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਹਨਾਂ ਨੂੰ ਪੁਲੀਸ ਵਲੋਂ ਚੰਡੀਗੜ੍ਹ ਬਾਰਡਰ ਤੇ ਰੋਕ ਲਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਥੋੜ੍ਹੀ ਜੋਰ ਅਜਮਾਈਸ਼ ਵੀ ਹੋਈ ਅਤੇ ਕਿਸਾਨ ਬੈਰੀਕੇਡ ਤੋੜ ਕੇ ਹੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਅਤੇ ਪੈਦਲ ਹੀ ਯੂਨੀਵਰਸਿਟੀ ਵੱਲ ਤੁਰ ਪਏ ।
ਇਸ ਦੌਰਾਨ ਟ੍ਰੈਫਿਕ ਜਾਮ ਹੋਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਲੋਕਾਂ ਨੂੰ ਬੁਰੀ ਤਰ੍ਹਾਂ ਖੱਜਲ ਖੁਆਰ ਹੋਣਾ ਪਿਆ। ਇਸ ਦੌਰਾਨ ਜਿੱਥੇ ਸਕੂਲਾਂ ਤੋਂ ਘਰ ਆਉਣ ਵਾਲੇ ਬੱਚਿਆਂ ਨੂੰ ਪਰੇਸ਼ਾਨ ਹੋਣ ਪਿਆ ਉੱਥੇ ਬਿਮਾਰ ਵਿਅਕਤੀਆਂ ਨੂੰ ਵੀ ਪਰੇਸ਼ਾਨ ਹੋਣਾ ਪਿਆ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
