Connect with us

Punjab

ਅਕਾਲੀ ਦਲ ਦੀ ਸਰਕਾਰ ਨੇ 15 ਸਾਲ ਪਹਿਲਾਂ ਆਨੰਦਪੁਰ ਸਾਹਿਬ ਨੂੰ ਐਲਾਨਿਆ ਸੀ ਪਵਿੱਤਰ ਸ਼ਹਿਰ : ਸੁਖਬੀਰ ਬਾਦਲ

Published

on

350ਵੇਂ ਸ਼ਹੀਦੀ ਸਮਾਗਮ ਮੌਕੇ ਸੁਖਬੀਰ ਬਾਦਲ ਵੱਲੋਂ ਪੰਥਕ ਏਕਤਾ ਦਾ ਸੱਦਾ

ਸ਼੍ਰੀ ਆਨੰਦਪੁਰ ਸਾਹਿਬ, 25 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਅਪੀਲ ਕਰਦਿਆਂ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਦੀ ਰਾਖੀ ਕਰਨ ਵਿੱਚ ਮਦਦ ਕਰ ਸਕਦੀ ਹੈ।

ਗੁਰਦੁਆਰਾ ਸੀਸ ਗੰਜ ਸਾਹਿਬ, ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਹ ਸਿੱਖ ਕੌਮ ਵਿੱਚ ਵੰਡ ਦੇਖ ਕੇ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਈਸਾਈ ਜਾਂ ਹਿੰਦੂ ਕਦੇ ਵੀ ਆਪਣੀਆਂ ਧਾਰਮਿਕ ਸੰਸਥਾਵਾਂ ਦੇ ਵਿਰੁੱਧ ਨਹੀਂ ਬੋਲਦੇ, ਪਰ ਸਿੱਖ ਖੁਦ ਹੀ ਆਪਣੀਆਂ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਿੱਖ ਹਿੱਤਾਂ ਦੀ ਰਾਖੀ ਲਈ ਬਣਾਇਆ ਗਿਆ ਸੀ ਅਤੇ ਅਸਲੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੀ ਹੈ। ਉਹਨਾਂ ਕਿਹਾ ਕਿ ਕਈ ਤਾਕਤਾਂ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਸਾਨੂੰ ਇਨ੍ਹਾਂ ਹਮਲਿਆਂ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣਾ ਚਾਹੀਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਭਰ ਵਿੱਚ ਸਿੱਖ ਸੰਸਥਾਵਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਖ਼ਤ ਹਜ਼ੂਰ ਸਾਹਿਬ ਕਮੇਟੀ ਵਿੱਚ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਹੁੰਦੇ ਸਨ, ਪਰ ਹੁਣ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਹਜ਼ੂਰ ਸਾਹਿਬ ਦਾ ਕੰਟਰੋਲ ਸੰਭਾਲ ਲਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਨੂੰ ਵੀ ਕੇਂਦਰ ਸਰਕਾਰ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਹ ਜਾਣਦੇ ਹਨ ਕਿ ਸਿੱਖ ਕੌਮ ਗੁਰਦੁਆਰਿਆਂ ਤੋਂ ਤਾਕਤ ਹਾਸਲ ਕਰਦੀ ਹੈ ਅਤੇ ਇਸੇ ਲਈ ਉਹ ਕੰਟਰੋਲ ਚਾਹੁੰਦੇ ਹਨ।

ਅਕਾਲ ਤਖ਼ਤ ਦੇ ਜਥੇਦਾਰ ਦੇ ਖ਼ਿਲਾਫ਼ ਬੋਲਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਨਿਖੇਧੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਕਿਸੇ ਦੀ ਅਜਿਹਾ ਕਰਨ ਦੀ ਹਿੰਮਤ ਨਹੀਂ ਹੁੰਦੀ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਲਈ ਸਿਆਸੀ ਤਾਕਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 15 ਸਾਲ ਪਹਿਲਾਂ ਹੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨ ਦਿੱਤਾ ਗਿਆ ਸੀ ਅਤੇ ਇਲਾਕੇ ਵਿੱਚ ਵੱਡਾ ਵਿਕਾਸ ਵੀ ਅਕਾਲੀ ਸਰਕਾਰਾਂ ਦੌਰਾਨ ਨਹੀਂ ਹੋਇਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂ ਵੀ ਮੌਜੂਦ ਸਨ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਨੂੰ ਉਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ 350 ਸਾਲ ਪਹਿਲਾਂ ਗੁਰੂ ਤੇਗ ਬਹਾਦਰ ਜੀ ਦੇ ਸਮੇਂ ਸਨ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਦੇ ਹੱਕਾਂ ਤੇ ਕਬਜ਼ਾ ਕਰ ਰਿਹਾ ਹੈ – ਪੰਜਾਬ ਯੂਨੀਵਰਸਿਟੀ ਦਾ ਮੁੱਦਾ, ਚੰਡੀਗੜ੍ਹ ਤੇ ਉਪ-ਰਾਜਪਾਲ ਦੀ ਨਿਯੁਕਤੀ, ਅਤੇ ਭਾਖੜਾ ਵਿੱਚ ਸੀਆਈਐਸਐਫ ਦੀ ਤਾਇਨਾਤੀ ਦਿੱਲੀ ਵੱਲੋਂ ਪੰਜਾਬ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੀਆਂ ਉਦਾਹਰਣਾਂ ਹਨ। ਧਾਮੀ ਨੇ ਕੇਂਦਰ ਸਰਕਾਰ ਤੇ ਸਿੱਖ ਪੰਥ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸਮਾਗਮਾਂ ਦੇ ਆਯੋਜਨ ਦਾ ਅਧਿਕਾਰ ਸਿਰਫ਼ ਸ਼੍ਰੋਮਣੀ ਕਮੇਟੀ ਕੋਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਹਰਿਆਣਾ ਕਮੇਟੀ ਬਣਾਉਣ ਅਤੇ ਸਿੱਖ ਸੰਸਥਾਵਾਂ ਵਿੱਚ ਦਖਲਅੰਦਾਜ਼ੀ ਦੀ ਕੋਸ਼ਿਸ਼ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੇ ਦੇਸ਼ ਭਰ ਵਿੱਚ ਸਿੱਖਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਮਜ਼ਬੂਤੀ ਨਾਲ ਖੜ੍ਹੇ ਹਨ।

 

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending