Chandigarh
ਅਦਾਲਤ ਵਲੋਂ 15 ਸਾਲ ਪੁਰਾਣੇ ਨੇਹਾ ਅਹਿਲਾਵਤ ਕਤਲ ਮਾਮਲੇ ਵਿੱਚ ਟੈਕਸੀ ਡਰਾਈਵਰ ਦੋਸ਼ੀ ਕਰਾਰ, ਸ਼ੁੱਕਰਵਾਰ ਨੂੰ ਹੋਵੇਗਾ ਸਜ਼ਾ ਦਾ ਐਲਾਨ
ਚੰਡੀਗੜ੍ਹ, 27 ਨਵੰਬਰ (ਸ.ਬ.) ਸਥਾਨਕ ਅਦਾਲਤ ਨੇ 21 ਸਾਲਾ ਵਿਦਿਆਰਥਣ ਨੇਹਾ ਅਹਿਲਾਵਤ ਦੇ 15 ਸਾਲ ਪੁਰਾਣੇ ਕਤਲ ਮਾਮਲੇ ਵਿਚ ਟੈਕਸੀ ਡਰਾਈਵਰ ਮੋਨੂ ਕੁਮਾਰ ਵਾਸੀ ਸ਼ਾਹਪੁਰ ਕਲੋਨੀ ਸੈਕਟਰ 38 ਵੈਸਟ ਚੰਡੀਗੜ੍ਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਵੱਲੋਂ ਸਜ਼ਾ ਦਾ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।
ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲੀਸ ਨੇ 30 ਜੁਲਾਈ, 2010 ਨੂੰ ਸੈਕਟਰ 38 ਚੰਡੀਗੜ੍ਹ ਦੇ ਜੰਗਲੀ ਖੇਤਰ ਵਿੱਚੋਂ ਲੜਕੀ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਉਪਰੰਤ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਸੀ। ਲੜਕੀ ਦੇ ਪਿਤਾ ਵਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ 30 ਜੁਲਾਈ, 2010 ਦੀ ਸ਼ਾਮ ਨੂੰ 6 ਵਜੇ ਦੇ ਕਰੀਬ ਉਹਨਾਂ ਦੀ 21 ਸਾਲਾ ਧੀ ਨੇਹਾ ਆਪਣੇ ਘਰੋਂ ਸਕੂਟਰ ਤੇ ਸੈਕਟਰ-15 ਵਿਚ ਇੰਗਲਿਸ਼ ਸਪੀਕਿੰਗ ਕਲਾਸ ਲਈ ਨਿਕਲੀ ਸੀ। ਜਦੋਂ ਨੇਹਾ ਰਾਤ 9 ਵਜੇ ਤੱਕ ਵਾਪਸ ਨਹੀਂ ਆਈ, ਤਾਂ ਉਹਨਾਂ ਨੇ ਨੇਹਾ ਦੇ ਦੋਸਤ ਨੂੰ ਫ਼ੋਨ ਕੀਤਾ ਅਤੇ ਨੇਹਾ ਬਾਰੇ ਪੁੱਛਿਆ ਪਰ ਉਸ ਨੇ ਦੱਸਿਆ ਕਿ ਨੇਹਾ ਉਸ ਦੇ ਘਰ ਨਹੀਂ ਆਈ।
ਇਸ ਤੋਂ ਬਾਅਦ ਨੇਹਾ ਦੀ ਇੱਕ ਹੋਰ ਦੋਸਤ ਉਹਨਾਂ ਦੇ ਘਰ ਆਈ ਅਤੇ ਦੱਸਿਆ ਕਿ ਨੇਹਾ ਸ਼ਾਮ 7.30 ਵਜੇ ਦੇ ਕਰੀਬ ਉਸ ਨੂੰ ਮਿਲੀ ਤੇ ਪੰਦਰਾਂ ਮਿੰਟਾਂ ਬਾਅਦ ਉਥੋਂ ਚਲੀ ਗਈ। ਉਪਰੰਤ ਉਨ੍ਹਾਂ ਸਾਰਿਆਂ ਨੇ ਨੇਹਾ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਇਸ ਦੌਰਾਨ ਉਹਨਾਂ ਨੂੰ ਉਸਦੀ ਸਹੇਲੀ ਦਾ ਫੋਨ ਆਇਆ ਕਿ ਨੇਹਾ ਦਾ ਸਕੂਟਰ ਟੈਕਸੀ ਸਟੈਂਡ, ਸੈਕਟਰ-38 ਵੈਸਟ ਖੜ੍ਹਾ ਹੈ ਤੇ ਉਸ ਤੇੇ ਖੂਨ ਦੇ ਧੱਬੇ ਹਨ। ਜਦੋਂ ਉਹ ਕਰਨ ਟੈਕਸੀ ਸਟੈਂਡ ਪਹੁੰਚੇ ਤਾਂ ਦੇਖਿਆ ਕਿ ਸੜਕ ਦੇ ਦੂਜੇ ਪਾਸੇ ਨੇਹਾ ਅਰਧ ਨਗਨ ਹਾਲਤ ਵਿਚ ਝਾੜੀਆਂ ਵਿੱਚ ਖੂਨ ਵਿਚ ਲਥਪਥ ਪਈ ਸੀ। ਉਸ ਨੂੰ ਤੁਰੰਤ ਪੀਜੀਆਈ ਲਿਜਾਇਆ ਗਿਆ ਜਿੱਥੇ ਇੱਕ ਡਿਊਟੀ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਪੁਲੀਸ ਸਾਲਾਂ ਤੱਕ ਮੁਲਜ਼ਮ ਨੂੰ ਲੱਭਣ ਵਿੱਚ ਅਸਫਲ ਰਹੀ ਅਤੇ 2020 ਵਿੱਚ ਜਾਂਚ ਬੰਦ ਕਰ ਦਿੱਤੀ। ਅਖੀਰ ਇਹ ਮਾਮਲਾ ਉਦੋਂ ਹੱਲ ਹੋਇਆ ਜਦੋਂ ਮੁਲਜ਼ਮ ਨੂੰ 2022 ਵਿੱਚ ਇਸੇ ਇਲਾਕੇ ਵਿੱਚ ਹੋਏ ਇੱਕ ਹੋਰ ਔਰਤ ਦੇ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਵਿੱਚ ਵੀ ਔਰਤ ਮਨਦੀਪ ਦੀ ਲਾਸ਼ ਜੰਗਲੀ ਖੇਤਰ ਵਿੱਚੋਂ ਮਿਲੀ। ਪੁਲੀਸ ਨੇ ਦਾਅਵਾ ਕੀਤਾ ਕਿ ਮੁਲਜ਼ਮ ਨੇ ਔਰਤ ਨੂੰ ਮਾਰਨ ਤੋਂ ਪਹਿਲਾਂ ਉਸ ਨਾਲ ਬਲਾਤਕਾਰ ਕੀਤਾ ਸੀ।
ਇਸ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੇ ਇਲਾਕੇ ਦੇ ਅਪਰਾਧਿਕ ਰਿਕਾਰਡ ਵਾਲੇ ਸ਼ੱਕੀ ਵਿਅਕਤੀਆਂ ਦੇ ਡੀ ਐਨ ਏ ਨਮੂਨੇ ਲਏ। ਮੁਲਜ਼ਮ ਮੋਨੂੰ ਦਾ ਡੀ ਐਨ ਏ ਨਮੂਨਾ ਮ੍ਰਿਤਕ ਤੋਂ ਇਕੱਠੇ ਕੀਤੇ ਨਮੂਨਿਆਂ ਨਾਲ ਮੇਲ ਖਾ ਗਿਆ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਦਾਅਵਾ ਕੀਤਾ ਕਿ ਮੁਲਜ਼ਮ ਨੇ ਹਿਰਾਸਤ ਦੌਰਾਨ ਨੇਹਾ ਅਹਿਲਾਵਤ ਦੇ ਕਤਲ ਦਾ ਵੀ ਇਕਬਾਲ ਕੀਤਾ ਹੈ। ਇਸ ਮਾਮਲੇ ਵਿੱਚ ਵੀ ਮੁਲਜ਼ਮ ਦਾ ਡੀ ਐਨ ਏ ਨਮੂਨਾ ਨੇਹਾ ਅਹਿਲਾਵਤ ਨਾਲ ਮੇਲ ਖਾਂਦਾ ਹੈ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
