Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
2000 ਦੇ ਕਰੀਬ ਸ਼ਰਧਾਲੂਆਂ ਨੇ ਖੂਨ ਦਾਨ ਕੀਤਾ
ਐਸ ਏ ਐਸ ਨਗਰ, 3 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਪਾਰਸ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੁਣਾਉਂਦੇ ਹੋਏ ਦੱਸਿਆ ਕਿ ਉਨਾਂ ਦਾ ਜਨਮ 1755 ਈ. ਵਿੱਚ ਪਿਤਾ ਗਰਜਾ ਸਿੰਘ ਬਾਠ ਦੇ ਗ੍ਰਹਿ ਵਿਖੇ ਮਾਤਾ ਹਰਨਾਮ ਕੌਰ ਜੀ ਦੀ ਕੁੱਖੋਂ ਪਿੰਡ ਨਾਰੰਗਪੁਰ ਵਾਲਾ ਜਿਲ੍ਹਾ ਫਿਰੋਜ਼ਪੁਰ ਵਿੱਖੇ ਹੋਇਆ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜ੍ਹਗਜ਼ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਭਾਈ ਰਵਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸ਼ੁਭਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਸੁਣਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਤੋਂ ਇਲਾਵਾ ਬਾਬਾ ਬੰਤਾ ਸਿੰਘ ਭਾਈ ਬਿਧੀ ਚੰਦ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ, ਭਾਈ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਸੁਰਬਜੀਤ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ, ਭਾਈ ਅਮਰਜੀਤ ਸਿੰਘ ਖਾਲਸਾ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਅੱਖਾਂ ਦੇ ਫਰੀ ਚੈਕਅੱਪ ਅਤੇ ਆਪਰੇਸ਼ਨ ਕੈਂਪ ਵਿੱਚ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ, ਲੋੜਵੰਦ ਮਰੀਜਾਂ ਦੇ ਅੱਖਾਂ ਦੇ ਆਪਰੇਸ਼ਨ ਪ੍ਰਬੰਧਕ ਕਮੇਟੀ ਵਲੋ ਕਰਵਾਏ ਜਾਣਗੇ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਕਈ ਤਰ੍ਹਾਂ ਦੀਆਂ ਮਿਠਾਈਆਂ, ਪਕਵਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਕੌਂਸਲਰ ਹਰਜੀਤ ਸਿੰਘ ਭੋਲੂ, ਸਮਾਜਸੇਵੀ ਆਗੂ ਰੂਪਾ ਸੋਹਾਣਾ ਅਤੇ ਉਹਨਾਂ ਦੀ ਟੀਮ ਵਲੋਂ ਗੁਰੂਦੁਆਰਾ ਸਾਹਿਬ ਤੇ ਹੈਲੀਕਾਪਟਰ ਰਾਂਹੀ ਫੁੱਲਾ ਦੀ ਬਰਖਾ ਵੀ ਕਰਵਾਈ ਗਈ।
ਇਸ ਮੌਕੇ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਵਿੱਚ ਪੀ ਜੀ ਆਈ, ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੁਹਾਲੀ, ਸਿਵਲ ਹਸਪਤਾਲ ਖਰੜ, ਸਿਵਲ ਹਸਤਪਾਲ ਰੋਪੜ ਅਤੇ ਮੈਕਸ ਹਸਪਤਾਲ ਮੁਹਾਲੀ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਖੂਨ ਇਕੱਤਰ ਕੀਤਾ। ਖਬਰ ਲਿਖੇ ਜਾਣ ਤੱਕ 1600 ਦੇ ਕਰੀਬ ਸ਼ਰਧਾਲੂਆਂ ਵਲੋਂ ਖੁਨਦਾਨ ਕੀਤਾ ਜਾ ਚੁੱਕਿਆ ਸੀ ਅਤੇ ਖੂਨਦਾਨੀਆਂ ਦੀ ਗਿਣਤੀ 2000 ਤਕ ਪਹੁੰਚਣ ਦੀ ਸੰਭਾਵਨਾ ਸੀ।
ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਕਈ ਸੰਤਾਂ, ਮਹਾਂ ਪੁਰਸ਼ਾਂ ਨੇ ਖੂਨਦਾਨੀਆਂ ਨੂੰ ਆਪ ਆ ਕੇ ਆਸ਼ੀਰਵਾਦ ਦਿੱਤਾ। ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਨ ਲਈ ਕਈ ਉੱਘੇ ਸਿਆਸੀ ਆਗੂ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਇਸ ਪੁੱਜੇ ਹੋਏ ਸਨ। ਸਮੂਹ ਖੂਨਦਾਨੀਆਂ, ਡਾਕਟਰਾਂ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਭਾਈ ਜਗਮੋਹਣ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਸ ਪਰਵਿੰਦਰ ਸਿੰਘ ਸੋਹਾਣਾ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਅਤੇ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
ਪ੍ਰਬੰਧਕ ਕਮੇਟੀ ਦੇ ਮੁੱਖੀ ਸ. ਹਰਜਿੰਦਰ ਸਿੰਘ ਅਤੇ ਸ ਸਤਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਲੋੜ ਪੈਣ ਤੇ ਅਨਮੋਲ ਜਿੰਦਗੀਆਂ ਨੂੰ ਖੂਨ ਦੇ ਕੇ ਬਚਾਇਆ ਜਾ ਸਕੇ। ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਦਿਆਂ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਦੇ ਨਾਲ ਨਾਲ ਨਸ਼ਿਆਂ ਤੋਂ ਵੀ ਬਚਾਅ ਰੱਖਣਾ ਚਾਹੀਦਾ ਹੈ।
Mohali
ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।
ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।
ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
Mohali
ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Mohali
ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।
ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
National1 month agoਆਸਾਮ ਵਿੱਚ ਹੜ੍ਹ ਕਾਰਨ ਮ੍ਰਿਤਕਾਂ ਦੀ ਗਿਣਤੀ 100 ਤੇ ਪਹੁੰਚੀ, 1.4 ਲੱਖ ਲੋਕ ਪ੍ਰਭਾਵਿਤ
