Mohali
ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਐਲਾਨ
ਐਸ ਏ ਐਸ ਨਗਰ, 12 ਦਸੰਬਰ (ਸ.ਬ.) ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਵੱਲੋਂ ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਫੈਸਲੇ ਵਿਰੁੱਧ 12 ਦਸੰਬਰ ਨੂੰ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਅਰਥੀਆਂ ਸਾੜਣ ਅਤੇ ਰੈਲੀਆਂ ਕਰਨ ਦੇ ਫੈਸਲੇ ਦੇ ਤਹਿਤ ਟੈਕਨੀਕਲ ਸਰਵਿਸਜ਼ ਯੂਨੀਅਨ ਮੁਹਾਲੀ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਵਿਰੋਧ ਵਿੱਚ ਰੈਲੀ ਕੀਤੀ ਗਈ ਅਤੇ ਅਰਥੀਆਂ ਸਾੜੀਆਂ ਗਈਆਂ।
ਟੈਕਨੀਕਲ ਸਰਵਿਸਜ਼ ਯੂਨੀਅਨ ਮੁਹਾਲੀ ਦੇ ਸਰਕਲ ਪ੍ਰਧਾਨ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਪ੍ਰਧਾਨ ਵਿਜੇ ਕੁਮਾਰ, ਡਵੀਜ਼ਨ ਪ੍ਰਧਾਨ ਜ਼ੋਰਾਵਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਬਿਜਲੀ ਐਕਟ 2003 ਵਿੱਚ ਲਗਾਤਾਰ ਸੋਧਾਂ ਕਰਦਿਆਂ ਹੁਣ ਬਿਜਲੀ ਸੋਧ ਬਿੱਲ 2025 ਨੂੰ ਪਾਸ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਰੂਪ ਵਿੱਚ ਨਿੱਜੀਕਰਨ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਇਸੇ ਨੀਤੀ ਤਹਿਤ ਹੀ ਕੀਤੇ ਜਾ ਰਹੇ ਹਨ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨੀਤੀਆਂ ਨੂੰ ਲਾਗੂ ਕਰਦਿਆਂ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ਵਿੱਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇਹਨਾਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਣ ਦਾ ਹੱਲ ਤੇਜ਼ ਕੀਤਾ ਹੋਇਆ ਹੈ।
ਇਸ ਮੌਕੇ ਬੁਲਾਰਿਆਂ ਨੇ ਕੇਂਦਰ ਵੱਲੋਂ ਲਿਆਂਦੇ ਗਏ ਕਿਸਾਨਾਂ ਵਿਰੋਧੀ ਸੀਡ ਬਿਲ 2025 ਨੂੰ ਰੱਦ ਕਰਨ ਅਤੇ ਕਿਰਤ ਕਾਨੂੰਨਾਂ ਨੂੰ ਬਹਾਲ ਕਰਣ ਦੀ ਮੰਗ ਕਰਦਿਆਂ ਕਿਹਾ ਕਿ ਲੋਕ ਵਿਰੋਧੀ ਨਿਜੀਕਰਨ ਦੀ ਨੀਤੀ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ। ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਣ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ, ਸਾਂਝੇ, ਲੰਬੇ ਅਤੇ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ, ਕਿਉਂਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਕਦਮ ਲੈ ਰਹੀਆਂ ਹਨ, ਉਸ ਨਾਲ ਸਪੱਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਨਿੱਜੀਕਰਣ ਦੀ ਲੋੜ ਵਜੋਂ ਲਏ ਜਾ ਰਹੇ ਇਹ ਕਦਮ ਬੜੇ ਸਾਜਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ, ਜਿਸ ਨੂੰ ਅਸਫਲ ਬਣਾ ਕੇ ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਲੋੜ ਹੈ। ਇਸ ਹਾਲਤ ਵਿੱਚ ਸਭ ਤੋਂ ਪਹਿਲੀ ਲੋੜ ਵੱਖ ਵੱਖ ਜਥੇਬੰਦੀਆਂ ਵਿੱਚ ਵੰਡੇ ਹੋਏ ਬਿਜਲੀ ਮੁਲਾਜ਼ਮਾਂ ਨੂੰ ਤੇ ਭਰਾਤਰੀ ਜਥੇਬੰਦੀਆਂ ਨੂੰ ਇੱਕ ਸਾਂਝੇ ਸੰਘਰਸ਼ ਦੇ ਪਲੇਟਫਾਰਮ ਤੇ ਇਕੱਠੇ ਕਰਨ ਦੀ ਅਹਿਮ ਲੋੜ ਹੈ। ਇਸ ਹਾਲਤ ਵਿੱਚ ਸਮੁੱਚੇ ਬਿਜਲੀ ਮੁਲਾਜ਼ਮਾਂ ਲਈ ਇਹੀ ਇੱਕੋ ਇੱਕ ਠੀਕ ਰਾਹ ਹੈ ਜਿਸ ਤੇ ਚੱਲ ਕੇ ਅਸੀਂ ਬਿਜਲੀ ਵਿਭਾਗ ਨੂੰ ਬਚਾਅ ਕੇ ਆਪਣੇ ਰੁਜ਼ਗਾਰ ਨੂੰ ਬਚਾਉਣ ਵਿੱਚ ਸਫਲ ਹੋ ਸਕਾਂਗੇ।
ਆਗੂਆਂ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦੀ ਨੀਤੀ ਤਹਿਤ ਬਠਿੰਡਾ ਥਰਮਲ ਕਲੌਨੀ ਦੀ ਜਮੀਨ ਵੇਚਣ ਦੇ ਵਿਰੋਧ ਵਿੱਚ ਹੋ ਰਹੇ ਪ੍ਰਦਰਸ਼ਨਾਂ ਵਿੱਚ ਜਿੱਥੇ ਵੀ ਸੰਭਵ ਹੋ ਸਕੇ ਸ਼ਮੂਲੀਅਤ ਕੀਤੀ ਜਾਵੇ। ਆਗੂਆਂ ਨੇ ਬਿਜਲੀ ਖੇਤਰ ਅੰਦਰ ਕੰਮ ਕਰਦੀਆਂ ਸਮੂਹ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਫੈਸਲੇ ਵਿਰੁੱਧ ਸਾਂਝੇ ਸੰਘਰਸ਼ਾਂ ਦੀ ਨੀਤੀ ਨੂੰ ਲਾਗੂ ਕਰਦਿਆਂ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਪਰਮਜੀਤ ਸਿੰਘ, ਐਸ.ਸੀ.ਓ. ਸੰਦੀਪ ਨਾਗਪਾਲ, ਸੋਹਣ ਸਿੰਘ, ਸਤਵੰਤ ਸਿੰਘ, ਸੁਰਿੰਦਰ ਮੱਲੀ, ਸੀ.ਐਚ.ਬੀ. ਠੇਕਾ ਕਾਮਿਆਂ ਦੀ ਜੱਥੇਬੰਦੀ ਆਗੂ ਏਕਮ ਸਿੱਧੂ ਅਤੇ ਸਰਕਲ ਸਕੱਤਰ ਨੇ ਵੀ ਸੰਬੋਧਨ ਕੀਤਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
