Connect with us

Editorial

ਨਸ਼ਿਆਂ ਦੇ ਕੋਹੜ ਤੋਂ ਅਲ੍ਹੜ ਬੱਚਿਆਂ ਨੂੰ ਬਚਾਉਣ ਲਈ ਸਮਰਥ ਕਾਰਵਾਈ ਦੀ ਲੋੜ

Published

on

ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਉਪਰਾਲੇ ਕੀਤੇ ਜਾਣ ਦੇ ਦਾਅਵੇ ਵੀ ਕੀਤੇ ਜਾਂਦੇ ਹਨ, ਪਰੰਤੂ ਅਸਲੀਅਤ ਇਹੀ ਹੈ ਕਿ ਦੇਸ਼ ਭਰ ਵਿੱਚ ਨਸ਼ਾਖੋਰਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਹ ਆਦਤ ਸਿਰਫ ਵੱਡੀ ਉਮਰ ਦੇ ਲੋਕਾਂ ਤਕ ਹੀ ਸੀਮਿਤ ਨਹੀਂ ਹੈ ਬਲਕਿ ਸਾਡੇ ਦੇਸ਼ ਦੇ ਅਲ੍ਹੜ ਉਮਰ (12 ਤੋਂ 17 ਸਾਲ) ਦੇ ਬੱਚਿਆਂ ਦਾ ਇੱਕ ਵੱਡਾ ਹਿੱਸਾ ਅਜਿਹਾ ਹੈ ਜਿਹੜਾ ਵੱਖ ਵੱਖ ਤਰ੍ਹਾਂ ਦੇ ਨਸ਼ਿਆਂ ਦਾ ਆਦੀ ਬਣ ਗਿਆ ਹੈ। ਇਹ ਗਿਣਤੀ ਕਿੰਨੀ ਵੱਧ ਹੈ ਇਸਦਾ ਅੰਦਾਜਾ ਕੇਂਦਰ ਸਰਕਾਰ ਵਲੋਂ ਤਿੰਨ ਸਾਲ ਪਹਿਲਾਂ (ਦਸੰਬਰ 2022 ਵਿੱਚ) ਮਾਣਯੋਗ ਸੁਪਰੀਮ ਕੋਰਟ ਵਿੱਚ ਦਾਖਿਲ ਕੀਤੇ ਗਏ ਇੱਕ ਹਲਫਨਾਮੇ ਤੋਂ ਲਗਾਇਆ ਜਾ ਸਕਦਾ ਹੈ ਜਿਸ ਵਿੱਚ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਦੇਸ਼ ਦੇ ਲਗਭਗ ਡੇਢ ਕਰੋੜ ਬੱਚੇ ਅਜਿਹੇ ਹਨ ਜਿਹੜੇ ਵੱਖ- ਵੱਖ ਤਰ੍ਹਾਂ ਦੇ ਨਸ਼ਿਆਂ ਜਾਂ ਨਸ਼ੀਲੀਆਂ ਦਵਾਈਆਂ ਦੇ ਆਦੀ ਹਨ।

ਛੋਟੀ ਉਮਰ ਦੇ ਬੱਚਿਆਂ ਵਿੱਚ ਨਸ਼ਿਆਂ ਦੀ ਲਗਾਤਰ ਵੱਧਦੀ ਸਮੱਸਿਆ ਦਾ ਇਹ ਅੰਕੜਾ ਦੱਸਦਾ ਹੈ ਕਿ ਇਹ ਸਮੱਸਿਆ ਕਿੰਨੀ ਜਿਆਦਾ ਗੰਭੀਰ ਹੈ। ਇਹਨਾਂ ਵਿੱਚ ਆਮ ਸਕੂਲੀ ਬੱਚਿਆਂ ਦੇ ਨਾਲ ਉਹ ਬੱਚੇ ਵੀ ਸ਼ਾਮਲ ਕੀਤੇ ਗਏ ਸਨ ਜਿਹੜੇ ਸੜਕਾਂ ਅਤੇ ਫੁੱਟਪਾਥਾਂ ਤੇ ਰਹਿੰਦੇ ਹਨ ਅਤੇ ਭੀਖ ਮੰਗ ਕੇ ਜਾਂ ਕੋਈ ਛੋਟਾ ਮੋਟਾ ਕੰਮ ਕਰਕੇ ਆਪਣੇ ਨਸ਼ੇ ਦੀ ਖੁਰਾਕ ਦਾ ਪ੍ਰਬੰਧ ਕਰਦੇ ਹਨ। ਇਹ ਹਾਲਾਤ ਦੱਸਦੇ ਹਨ ਕਿ ਦੇਸ਼ ਦਾ ਬਚਪਨ ਕਿਹਨਾਂ ਹਾਲਾਤਾਂ ਤੋਂ ਲੰਘ ਰਿਹਾ ਹੈ। ਮਾਪੇ ਆਪਣੇ ਬੱਚਿਆਂ ਨੂੰ ਵੱਡੀਆਂ ਉਮੀਦਾਂ ਨਾਲ ਸਕੂਲਾਂ, ਕਾਲਜਾਂ ਵਿੱਚ ਪੜ੍ਹਣ ਭੇਜਦੇ ਹਨ ਅਤੇ ਉਹਨਾਂ ਨੇ ਕਦੇ ਸੋਚਿਆ ਤਕ ਨਹੀਂ ਹੁੰਦਾ ਕਿ ਉਹਨਾਂ ਦਾ ਬੱਚਾ ਆਪਣੇ ਸਾਥੀ ਬੱਚਿਆਂ ਦੀ ਦੇਖਾ ਦੇਖੀ ਜਾਂ ਕਿਸੇ ਲਾਲਚ ਵਿੱਚ ਆ ਕੇ ਨਸ਼ੇ ਦਾ ਸ਼ਿਕਾਰ ਬਣ ਸਕਦਾ ਹੈ। ਨਸ਼ੇ ਦੇ ਸੌਦਾਗਰ ਅਕਸਰ ਸਕੂਲਾਂ ਕਾਲਜਾਂ ਦੇ ਆਸਪਾਸ ਆਪਣੇ ਟਿਕਾਣੇ ਬਣਾ ਕੇ ਰੱਖਦੇ ਹਨ ਅਤੇ ਇਹਨਾਂ ਦੇ ਗੁਰਗੇ ਭੋਲੇ ਭਾਲੇ ਬੱਚਿਆਂ ਨੂੰ ਕਈ ਤਰ੍ਹਾਂ ਦਾ ਲਾਲਚ ਦੇ ਕੇ ਨਸ਼ੇ ਦੀ ਆਦਤ ਦਾ ਸ਼ਿਕਾਰ ਬਣਾਉਂਦੇ ਹਨ। ਇਸ ਦੌਰਾਨ ਪਹਿਲਾਂ ਤੋਂ ਹੀ ਨਸ਼ਿਆਂ ਦਾ ਸ਼ਿਕਾਰ ਵਿਦਿਆਰਥੀ ਨਵੇਂ ਸ਼ਿਕਾਰਾਂ ਨੂੰ ਮੁਫਤ ਵਿੱਚ ਨਸ਼ਾ ਦਿੰਦੇ ਹਨ ਅਤੇ ਜਦੋਂ ਬੱਚਾ ਨਸ਼ੇ ਦਾ ਆਦੀ ਹੋ ਜਾਂਦਾ ਹੈ, ਫਿਰ ਉਸ ਤੋਂ ਮੁੂੰਹ ਮੰਗੀ ਕੀਮਤ ਲੈ ਕੇ ਉਸਨੂੰ ਨਸ਼ੇ ਦੀ ਖੁਰਾਕ ਦਿੱਤੀ ਜਾਂਦੀ ਹੈ। ਇਹ ਚੱਕਰ ਇਸੇ ਤਰ੍ਹਾਂ ਚਲਦਾ ਰਹਿੰਦਾ ਹੈ ਅਤੇ ਨਸ਼ੇ ਦੀ ਗ੍ਰਿਫਤ ਵਿੱਚ ਆਉਣ ਵਾਲੇ ਬੱਚਿਆਂ ਦੀ ਗਿਣਤੀ ਲਗਾਤਾਰ ਵੱਧਦੀ ਰਹਿੰਦੀ ਹੈ।

ਛੋਟੀ ਉਮਰ ਦੇ ਇਹਨਾਂ ਬੱਚਿਆਂ ਕੋਲ ਕਮਾਈ ਦਾ ਕੋਈ ਸਾਧਨ ਨਹੀਂ ਹੁੰਦਾ, ਜਿਸ ਕਾਰਨ ਉਹ ਘਰ ਵਿੱਚ ਅਤੇ ਹੋਰ ਥਾਵਾਂ ਤੇ ਪੈਸੇ ਅਤੇ ਹੋਰ ਸਮਾਨ ਚੋਰੀ ਕਰਦੇ ਹਨ ਅਤੇ ਨਸ਼ੇ ਦੀ ਇਸ ਦਲਦਲ ਵਿੱਚ ਫਸ ਕੇ ਆਪਣਾ ਪੂਰਾ ਜੀਵਨ ਬਰਬਾਦ ਕਰ ਲੈਂਦੇ ਹਨ। ਕਈ ਨਸ਼ੇ ਤਾਂ ਅਜਿਹੇ ਹਨ, ਜਿਹਨਾਂ ਦੀ ਇਕ ਵਾਰ ਵਰਤੋਂ ਕਰਨ ਤੋਂ ਬਾਅਦ ਵਿਅਕਤੀ ਉਸਦਾ ਗੁਲਾਮ ਬਣ ਜਾਂਦਾ ਹੈ ਅਤੇ ਹਰ ਵਕਤ ਨਸ਼ੇ ਦਾ ਜੁਗਾੜ ਕਰਨ ਵਿੱਚ ਹੀ ਲੱਗਿਆ ਰਹਿਦਾ ਹੈ ਅਤੇ ਸਾਡੇ ਦੇਸ਼ ਦੇ ਹਰ ਸ਼ਹਿਰ ਅਤੇ ਕਸਬੇ ਤਕ ਵਿੱਚ ਛੋਟੀ ਉਮਰ ਦੇ ਬੱਚੇ ਨਸ਼ਿਆਂ ਦੀ ਦਲ ਦਲ ਵਿੱਚ ਫਸਦੇ ਜਾ ਰਹੇ ਹਨ।

ਨਸ਼ਿਆਂ ਦੀ ਇਸ ਸਮੱਸਿਆ ਵਿੱਚ ਹੁੰਦੇ ਲਗਾਤਾਰ ਵਾਧੇ ਦਾ ਇੱਕ ਪੱਖ ਇਹ ਵੀ ਹੈ ਕਿ ਕਈ ਵਾਰ ਲੋਕ ਖੁਦ ਹੀ (ਅਣਜਾਣ ਪੁਣੇ ਵਿੱਚ) ਆਪਣੇ ਬੱਚੇ ਨੂੰ ਨਸ਼ੇ ਦੀ ਲਤ ਲਗਾ ਦਿੰਦੇ ਹਨ। ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਇਹ ਗੱਲ ਆਮ ਹੈ ਕਿ ਜਦੋਂ ਬਿਲਕੁਲ ਛੋਟਾ ਬੱਚਾ ਰੋ ਰਿਹਾ ਹੋਵੇ ਤਾਂ ਉਸਨੂੰ ਕਣਕ ਦੇ ਦਾਣੇ ਜਿੰਨੀ ਅਫੀਮ ਦੇ ਕੇ ਗਹਿਰੀ ਨੀਂਦ ਸੁਲਾ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਇਹਨਾਂ ਛੋਟੇ ਛੋਟੇ ਬੱਚਿਆਂ ਨੂੰ ਛੋਟੇ ਹੁੰਦਿਆਂ ਹੀ ਅਫੀਮ ਦੇ ਨਸ਼ੇ ਦਾ ਸਵਾਦ ਪੈ ਜਾਂਦਾ ਹੈ, ਜੋ ਬੱਚੇ ਦੇ ਵੱਡੇ ਹੋਣ ਦੌਰਾਨ ਆਪਣਾ ਰੂਪ ਦਿਖਾਉਣ ਲੱਗ ਪੈਂਦਾ ਹੈ ਅਤੇ ਬੱਚੇ ਨੂੰ ਨਸ਼ਾ ਕਰਨ ਦੀ ਆਦਤ ਪੈ ਜਾਂਦੀ ਹੈ। ਇਸੇ ਤਰ੍ਹਾਂ ਛੋਟੇ ਬੱਚਿਆਂ ਨੂੰ ਢਿੱਡ ਪੀੜ ਜਾਂ ਕੋਈ ਹੋਰ ਛੋਟੀ ਮੋਟੀ ਬਿਮਾਰੀ ਹੋਣ ਤੇ ਅਕਸਰ ਲੋਕ ਮਾਹਿਰ ਡਾਕਟਰ ਤੋਂ ਦਵਾਈ ਦਿਵਾਉਣ ਦੀ ਥਾਂ ਅਫੀਮ ਜਾਂ ਹੋਰ ਨਸ਼ਾ ਦੇ ਕੇ ਖੁਦ ਹੀ ਉਸ ਬਿਮਾਰੀ ਦਾ ਇਲਾਜ ਕਰਨ ਲੱਗ ਜਾਂਦੇ ਹਨ।

ਇਹ ਬੱਚੇ ਹੀ ਦੇਸ਼ ਦਾ ਭਵਿੱਖ ਹਨ ਅਤੇ ਛੋਟੀ ਉਮਰ ਦੇ ਇਹਨਾਂ ਅਲ੍ਹੜਾਂ ਨੂੰ ਨਸ਼ੇ ਦੀ ਇਸ ਦਲਦਲ ਵਿੱਚ ਫਸਣ ਦੀ ਤੋਂ ਬਚਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸਦੇ ਤਹਿਤ ਜਿੱਥੇ ਸਰਕਾਰਾਂ ਵਲੋਂ ਛੋਟੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਅਤੇ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਉੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਲਈ ਵੀ ਯੋਜਨਾਬੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ ਅਤੇ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਨਸ਼ੇ ਦੀ ਦਲਦਲ ਵਿੱਚ ਫਸਣ ਤੋਂ ਬਚਾ ਕੇ ਰੱਖਣ ਲਈ ਸਹੀ ਸੇਧ ਦੇ ਕੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਇਹ ਕੰਮ ਸਿਰਫ ਸਰਕਾਰਾਂ ਦੇ ਵਸ ਦਾ ਨਹੀਂ ਹੈ ਅਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣਾ ਫਰਜ਼ ਸਮਝਣਾ ਪੈਣਾ ਹੈ।

Continue Reading

Editorial

ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦੀ ਸਮੱਸਿਆ ਤੇ ਕਾਬੂ ਕਰਨ ਲਈ ਜੰਗੀ ਪੱਧਰ ਤੇ ਕੰਮ ਕਰਨ ਦੀ ਲੋੜ

Published

on

By

ਪਿਛਲੇ ਦਹਾਕਿਆਂ ਦੌਰਾਨ ਧਰਤੀ ਦੇ ਵਾਤਾਵਰਨ ਵਿਚਲੇ ਤਾਪਮਾਨ ਵਿੱਚ ਹੋਣ ਵਾਲੇ ਲਗਾਤਾਰ ਵਾਧੇ ਦੇ ਖਤਰਨਾਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦਾ ਮੁੱਦਾ ਇਸ ਵੇਲੇ ਪੂਰੀ ਦੁਨੀਆ ਲਈ ਵੱਡੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਗਲੋਬਲ ਵਾਰਮਿੰਗ ਕਾਰਨ ਜਿੱਥੇ ਪੂਰੀ ਦੁਨੀਆਂ ਵਿੱਚ ਰੁੱਤਾਂ ਅਤੇ ਮੌਸਮ ਆਪਣਾ ਸਮਾਂ ਬਦਲ ਰਹੇ ਹਨ ਉੱਥੇ ਕਈ ਤਰ੍ਹਾਂ ਦੇ ਵਾਤਾਵਰਨ ਵਿਗਾੜ ਵੀ ਸਾਹਮਣੇ ਆ ਰਹੇ ਹਨ। ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦੀ ਇਸ ਸਮੱਸਿਆ ਕਾਰਨ ਜਿੱਥੇ ਧਰਤੀ ਦੀ ਸਤਹਿ ਦਾ ਤਾਪਮਾਨ ਵਧ ਰਿਹਾ ਹੈ ਉੱਥੇ ਇਸ ਕਾਰਨ ਪੂਰੀ ਦੁਨੀਆ ਦਾ ਮੌਸਮ ਪ੍ਰਭਾਵਿਤ ਹੋਇਆ ਹੈ।

ਇਸ ਦੌਰਾਨ ਜਿੱਥੇ ਗਰਮੀਆਂ ਦੇ ਮੌਸਮ ਦੌਰਾਨ ਇੰਤਹਾ ਗਰਮੀ ਪੈਣ ਲੱਗ ਗਈ ਹੈ ਉੱਥੇ ਸਰਦੀ ਦੇ ਮੌਸਮ ਵਿੱਚ ਪਹਿਲਾਂ ਦੇ ਮੁਕਾਬਲੇ ਠੰਡ ਵੀ ਜਿਆਦਾ ਪੈਂਦੀ ਹੈ। ਇਸੇ ਤਰ੍ਹਾਂ ਕਦੇ ਬਹੁਤ ਜਿਆਦਾ ਬਰਸਾਤ ਹੋ ਜਾਂਦੀ ਹੈ ਅਤੇ ਕਦੇ ਸੋਕੇ ਦੀ ਨੌਬਤ ਆ ਜਾਂਦੀ ਹੈ। ਵਿਗਿਆਨੀ ਪਹਿਲਾਂ ਹੀ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਗਲੋਬਲ ਵਾਰਮਿੰਗ ਵਿੱਚ ਇਸੇ ਤਰ੍ਹਾਂ ਵਾਧਾ ਹੁੰਦਾ ਰਿਹਾ ਤਾਂ ਸਮੁੰਦਰ ਦੇ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਸਮੁੰਦਰ ਨੇੜਲੇ ਇਲਾਕੇ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਜਾਣਗੇ ਅਤੇ ਅਜਿਹਾ ਹੋਣਾ ਸ਼ੁਰੂ ਵੀ ਹੋ ਚੁੱਕਿਆ ਹੈ। ਜਾਹਿਰ ਹੈ ਕਿ ਜੇਕਰ ਅਸੀਂ ਹੁਣੇ ਵੀ ਨਾ ਸੰਭਲੇ ਤਾਂ ਲਗਾਤਾਰ ਵੱਧਦੀ ਇਸ ਗਲੋਬਲ ਵਾਰਮਿੰਗ ਨੇ ਦੁਨੀਆ ਦੇ ਜੀਵਨ ਚੱਕਰ ਨੂੰ ਹੀ ਖਤਮ ਕਰ ਦੇਣਾ ਹੈ।

ਹਾਲਾਂਕਿ ਇਹ ਵੀ ਅਸਲੀਅਤ ਹੈ ਕਿ ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਦੀ ਇਸ ਸਮੱਸਿਆ ਲਈ ਅੱਜ ਦਾ ਇਨਸਾਨ ਹੀ ਸਭ ਤੋਂ ਵੱਧ ਜਿੰਮੇਵਾਰ ਹੈ ਜਿਸਨੇ ਆਪਣੇ ਨਿਜੀ ਲਾਲਚ ਅਤੇ ੁਸਵਾਰਥ ਦੀ ਪੂਰਤੀ ਲਈ ਕੁਦਰਤ ਨਾਲ ਬੁਰੀ ਤਰ੍ਹਾਂ ਖਿਲਵਾੜ ਕੀਤਾ ਹੈ। ਸਾਡੀਆਂ ਇਹਨਾਂ ਕਾਰਵਾਈਆਂ ਨੇ ਧਰਤੀ ਤੋਂ ਦਰਖਤਾਂ ਦੇ ਪੂਰੇ ਦੇ ਪੂਰੇ ਜੰਗਲ ਗਾਇਬ ਕਰ ਦਿਤੇ ਹਨ ਅਤੇ ਹਾਲਾਤ ਇਹ ਹਨ ਕਿ ਜਿੱਥੇ ਇੱਕ ਪਾਸੇ ਸੰਸਾਰ ਭਰ ਵਿੱਚ ਜੰਗਲਾਂ ਹੇਠਲਾ ਰਕਬਾ ਲਗਾਤਾਰ ਘੱਟ ਰਿਹਾ ਹੈ ਉੱਥੇ ਦੂਜੇ ਪਾਸੇ ਮਨੁੱਖ ਵਲੋਂ ਚਲਾਏ ਜਾ ਰਹੇ ਉਦਯੋਗਾਂ ਅਤੇ ਸੜਕਾਂ ਤੇ ਚਲਦੇ ਵਾਹਨਾਂ ਵਿੱਚੋਂ ਨਿਕਲਣ ਵਾਲਾ ਜਹਿਰੀਲਾ ਧੂੰਆਂ ਸਾਡੇ ਵਾਤਾਵਰਨ ਵਿੱਚ ਫੈਲ ਕੇ ਪੂਰੇ ਵਾਤਾਵਰਨ ਨੂੰ ਗੰਧਲਾ ਕਰ ਰਿਹਾ ਹੈ।

ਇਸੇ ਦਾ ਨਤੀਜਾ ਹੈ ਕਿ ਸੂਰਜ ਦੀਆਂ ਪਰਾਬੈਂਗਨੀ ਕਿਰਨਾਂ ਤੋਂ ਧਰਤੀ ਦੇ ਵਾਤਾਵਰਨ ਵਿੱਚ ਆਉਣ ਤੋਂ ਰੋਕਣ ਵਾਲੀ ਓਜੋਨ ਪਰਤ ਦਾ ਛੇਦ ਵੀ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਸਾਡੇ ਆਲੇ ਦੁਆਲੇ ਪ੍ਰਦੂਸ਼ਨ ਇੰਨਾ ਜਿਆਦਾ ਵੱਧ ਚੁੱਕਿਆ ਹੈ ਕਿ ਕੁਝ ਦੂਰੀ ਤੋਂ ਬਾਅਦ ਅਕਸਰ ਧੂੰਦਲਾ ਦਿਖਾਈ ਦਿੰਦਾ ਹੈ। ਪਾਠਕਾਂ ਨੂੰ ਯਾਦ ਹੋਵੇਗਾ ਕਿ 2020 ਵਿੱਚ ਆਈ ਕੋਰੋਨਾ ਦੀ ਮਹਾਮਾਰੀ ਤੇ ਕਾਬੂ ਕਰਨ ਲਈ ਜਦੋਂ ਦੇਸ਼ ਭਰ ਵਿੱਚ ਲਾਕਡਾਊਨ ਅਤੇ ਕਰਫਿਊ ਲਗਾਇਆ ਗਿਆ ਸੀ ਅਤੇ ਸਭ ਕੁਝ ਬੰਦ ਹੋ ਗਿਆ ਸੀ ਉਸ ਵੇਲੇ ਵਾਤਾਵਰਨ ਵਿੱਚ ਕਾਫੀ ਸੁਧਾਰ ਹੋਇਆ ਸੀ ਅਤੇ ਪੰਜਾਬ ਵਾਸੀਆਂ ਨੂੰ ਦੂਰ ਦੇ ਪਹਾੜ ਵੀ ਬਹੁਤ ਸਾਫ ਸੁਥਰੇ ਨਜਰ ਆਉਣ ਲੱਗ ਪਏ ਸਨ। ਪਰੰਤੂ ਬਾਅਦ ਵਿੱਚ ਜਿਵੇਂ ਜਿਵੇਂ ਜੀਵਨ ਆਮ ਵਾਂਗ ਹੁੰਦਾ ਗਿਆ, ਪ੍ਰਦੂਸ਼ਨ ਦਾ ਪੱਧਰ ਵੀ ਲਗਾਤਾਰ ਵੱਧਦਾ ਗਿਆ ਅਤੇ ਹੁਣ ਫਿਰ ਹਾਲ ਹੋ ਗਿਆ ਹੈ ਕਿ ਹਰ ਪਾਸੇ ਸਾਨੂੰ ਧੂੰਆਂ ਅਤੇ ਧੂੜ ਮਿੱਟੀ ਉੱਡਦੀ ਦਿਖਦੀ ਹੈ।

ਵਾਤਾਵਰਨ ਵਿੱਚ ਲਗਾਤਾਰ ਵੱਧਦੇ ਇਸ ਪ੍ਰਦੂਸ਼ਣ ਵਾਸਤੇ ਖੁਦ ਮਨੁੱਖ ਹੀ ਜਿੰਮੇਵਾਰ ਹੈ ਜਿਸਨੇ ਆਪਣੇ ਲਾਲਚ ਅਤੇ ਦੁਨੀਆਵੀ ਸੁਖਾਂ ਲਈ ਕੁਦਰਤੀ ਸਰੋਤਾਂ ਦਾ ਦੋਹਨ ਕਰਕੇ ਵਾਤਾਵਰਨ ਨੂੰ ਤਬਾਹ ਕਰਨ ਦਾ ਕੰਮ ਕੀਤਾ ਹੈ। ਮੈਦਾਨੀ ਇਲਾਕਿਆਂ ਵਿੱਚ ਜਿਥੇ ਮਨੁੱਖ ਵਲੋਂ ਫੈਕਟਰੀਆਂ ਅਤੇ ਵਾਹਨਾਂ ਰਾਹੀਂ ਵਾਤਾਵਰਨ ਵਿੱਚ ਜਹਿਰੀਲਾ ਧੂਆਂ ਅਤੇ ਕਈ ਤਰ੍ਹਾਂ ਦੇ ਕੈਮੀਕਲ ਛੱਡ ਕੇ ਵਾਤਾਵਰਨ ਵਿੱਚ ਜਹਿਰ ਘੋਲਿਆ ਜਾ ਰਿਹਾ ਹੈ, ਉਥੇ ਪਹਾੜੀ ਇਲਾਕਿਆਂ ਵਿੱਚ ਪਹਾੜਾਂ ਦੀਆਂ ਜੜਾਂ ਵਿਚੋਂ ਖਣਿਜ ਪਦਾਰਥਾਂ ਦਾ ਦੋਹਨ ਕਰਕੇ ਪਹਾੜ ਵੀ ਖੋਖਲੇ ਕਰ ਦਿੱਤੇ ਗਏ ਹਨ, ਜਿਸ ਕਰਕੇ ਅਕਸਰ ਪਹਾੜ ਟੁੱਟ ਕੇ ਡਿੱਗਣ ਲੱਗ ਪਏ ਹਨ ਅਤੇ ਇਸ ਕਾਰਨ ਵੀ ਭਾਰੀ ਨੁਕਸਾਨ ਹੋ ਰਿਹਾ ਹੈ।

ਲਗਾਤਾਰ ਵੱਧਦੀ ਗਲੋਬਲ ਵਾਰਮਿੰਗ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਪੂਰੇ ਸੰਸਾਰ ਵਿੱਚ ਪ੍ਰਦੂਸ਼ਨ ਨੂੰ ਰੋਕਣ ਲਈ ਸਾਂਝੇ ਉਪਰਾਲੇ ਤਹਿਤ ਵੱਧ ਤੋਂ ਵੱਧ ਦਰਖਤ ਲਗਾਏ ਜਾਣ ਅਤੇ ਇਹਨਾਂ ਦਰਖਤਾਂ ਦੀ ਸਾਂਭ ਸੰਭਾਲ ਵੀ ਕੀਤੀ ਜਾਵੇ ਅਤੇ ਇਸ ਵਾਸਤੇ ਜੰਗੀ ਪੱਧਰ ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਪ੍ਰਦੂਸ਼ਨ ਦੇ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਗਲੋਬਲ ਵਾਰਮਿੰਗ ਤੋਂ ਬਚਣ ਲਈ ਹਰ ਮਨੁੱਖ ਨੂੰ ਅੱਗੇ ਆ ਕੇ ਪਹਿਲ ਕਰਨੀ ਪੈਣੀ ਹੈ ਤਾਂ ਹੀ ਅਸੀਂ ਆਪਣੀ ਇਸ ਦੁਨੀਆ ਨੂੰ ਬਚਾ ਸਕਦੇ ਹਾਂ।

Continue Reading

Editorial

ਸਿਆਸੀ ਪਾਰਟੀਆਂ ਦੀ ਕਾਰਗੁਜਾਰੀ ਨੂੰ ਚੰਗੀ ਤਰ੍ਹਾਂ ਘੋਖ ਰਹੇ ਹਨ ਪੰਜਾਬੀ

Published

on

By

ਪੰਜਾਬੀਆਂ ਦੀ ਕਸੌਟੀ ਤੇ ਖਰੀ ਨਹੀਂ ਉਤਰ ਰਹੀ ਕੋਈ ਵੀ ਸਿਆਸੀ ਪਾਰਟੀ

ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ ਦੇ ਵੱਖ ਵੱਖ ਧੜੇ ਅਤੇ ਬਸਪਾ ਸਰਗਰਮ ਹਨ ਜੋ ਕਿ ਸਿਆਸੀ ਸਰਗਰਮੀਆਂ ਕਰ ਰਹੇ ਹਨ। ਸੱਤਾਧਾਰੀ ਹੋਣ ਕਰਕੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਸਭ ਤੋਂ ਵਧੇਰੇ ਸਰਗਰਮ ਹੈ। ਦੂਜੇ ਪਾਸੇ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਕੋਲ ਇਸ ਸਮੇਂ ਬਿਲਕੁਲ ਵੀ ਵਿਹਲ ਨਹੀਂ ਹੈ ਕਿਉਂਕਿ ਵੱਡੀ ਗਿਣਤੀ ਪੰਜਾਬੀਆਂ ਦਾ ਮੁੱਖ ਕਿੱਤਾ ਖੇਤੀਬਾੜੀ ਅਤੇ ਇਸ ਦੇ ਸਹਾਇਕ ਧੰਦੇ ਹਨ। ਜਿਸ ਕਰਕੇ ਇਹਨਾਂ ਲੋਕਾਂ ਦਾ ਹਾੜੀ ਦਾ ਸੀਜਨ ਚੱਲ ਰਿਹਾ ਹੈ। ਕਿਸਾਨ ਇਸ ਸਮੇਂ ਕਣਕ ਦੀ ਫਸਲ ਦੀ ਕਟਾਈ ਅਤੇ ਫਸਲ ਵੇਚਣ ਲਈ ਮੰਡੀਆਂ ਵਿੱਚ ਬੈਠੇ ਹਨ ਅਤੇ ਇਹਨਾਂ ਲੋਕਾਂ ਕੋਲ ਖਾਣ ਪੀਣ ਲਈ ਵੀ ਵਿਹਲ ਨਹੀਂ ਹੈ, ਫਿਰ ਉਹ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਕਿਸ ਤਰ੍ਹਾਂ ਜਾ ਸਕਦੇ ਹਨ। ਇਸ ਕਰਕੇ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਤੇ ਵੀ ਸਵਾਲ ਉਠ ਰਹੇ ਹਨ ਅਤੇ ਸਿਆਸੀ ਆਗੂ ਇਕ ਦੂਜੇ ਤੇ ਕਿਰਾਏ ਤੇ ਜਾਂ ਦਿਹਾੜੀ ਤੇ ਮਜਦੂਰ ਲਿਆ ਕੇ ਰੈਲੀਆਂ ਵਿੱਚ ਇਕੱਠ ਕਰਨ ਦਾ ਦੋਸ਼ ਲਗਾ ਰਹੇ ਹਨ।

ਪੰਜਾਬ ਦੇ ਆਮ ਲੋਕਾਂ ਨਾਲ ਕੀਤੀ ਗਈ ਗੱਲਬਾਤ ਤੋਂ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਪੰਜਾਬੀ ਇਸ ਸਮੇਂ ਕਿਸੇ ਵੀ ਸਿਆਸੀ ਪਾਰਟੀ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਨਹੀਂ ਹਨ। ਭਾਵੇਂ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਮਤ ਨਾਲ ਜਿਤਾਇਆ ਸੀ ਪਰ ਇਸ ਪਾਰਟੀ ਵੱਲੋਂ ਦਿੱਲੀ ਦੇ ਆਗੂਆਂ ਨੂੰ ਅੱਗੇ ਰੱਖਣ ਕਾਰਨ ਅਨੇਕਾਂ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ।

ਇਸ ਸਮੇਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੱਖ ਵੱਖ ਇਲਾਕਿਆਂ ਵਿੱਚ ਵਿਚਰ ਰਹੇ ਹਨ, ਜਿਸ ਦਾ ਕਿ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ। ਕੁਝ ਲੋਕ ਕੇਜਰੀਵਾਲ ਦੇ ਪੰਜਾਬ ਵਿੱਚ ਸਰਗਰਮ ਹੋਣ ਨੂੰ ਸਹੀ ਨਹੀਂ ਸਮਝ ਰਹੇ। ਉਹਨਾਂ ਦਾ ਕਹਿਣਾ ਹੈ ਕਿ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਵਖਰੇਵਾਂ ਹੈ। ਦਿੱਲੀ ਦੇ ਆਗੂਆਂ ਨੂੰ ਦਿੱਲੀ ਤਕ ਸੀਮਿਤ ਰਹਿਣਾ ਚਾਹੀਦਾ ਹੈ ਅਤੇ ਦਿੱਲੀ ਦੀਆਂ ਨੀਤੀਆਂ ਪੰਜਾਬ ਵਿੱਚ ਲਾਗੂ ਕਰਨ ਦੇ ਯਤਨ ਨਹੀਂ ਕਰਨੇ ਚਾਹੀਦੇ।

ਦੂਜੇ ਪਾਸੇ ਕਾਂਗਰਸੀ ਆਗੂਆਂ ਦੀ ਕਾਰਗੁਜਾਰੀ ਨੂੰ ਵੀ ਪੰਜਾਬ ਦੇ ਲੋਕ ਧਿਆਨ ਨਾਲ ਵੇਖ ਰਹੇ ਹਨ। ਕਾਂਗਰਸ ਦੇ ਕੁਝ ਆਗੂ ਤਾਂ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਕਾਹਲੇ ਪਏ ਹੋਏ ਹਨ ਅਤੇ ਉਹ ਅਕਸਰ ਖੁਦ ਨੂੰ ਆਪਣੀ ਪਾਰਟੀ ਦਾ ਅਗਲਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਹੋਣ ਦਾਅਵਾ ਕਰਨ ਦਾ ਯਤਨ ਕਰਦੇ ਹਨ ਅਤੇ ਇਸ ਤਰ੍ਹਾਂ ਪ੍ਰਭਾਵ ਦਿੰਦੇਹਨ ਕਿ ਕਾਂਗਰਸ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੂੰ ਹੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਜਾਵੇਗਾ। ਕਾਂਗਰਸ ਵਿੱਚ ਇਸ ਤਰ੍ਹਾਂ ਦੀ ਸੋਚ ਰੱਖਣ ਵਾਲੇ ਆਗੂਆਂ ਦੀ ਗਿਣਤੀ ਕਾਫੀ ਹੈ। ਕਾਂਗਰਸ ਦੇ ਕਈ ਆਗੂ ਤਾਂ ਹਰ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕਰਨ ਤੋਂ ਹੀ ਆਪਣੇ ਦਿਨ ਦੀ ਸ਼ੁਰੂਆਤ ਕਰਦੇ ਹਨ।

ਇਸ ਦੌਰਾਨ ਭਾਜਪਾ ਵੀ ਆਪਣੀਆਂ ਸਰਗਰਮੀਆਂ ਚਲਾ ਰਹੀ ਹੈ ਅਤੇ ਆਪਣੇ ਆਧਾਰ ਨੂੰ ਮਜਬੂਤ ਕਰਨ ਦੇ ਯਤਨ ਕਰ ਰਹੀ ਹੈ। ਜੇ ਹੁਣ ਅਕਾਲੀ ਦਲ ਬਾਦਲ ਦੀ ਗੱਲ ਕੀਤੀ ਜਾਵੇ ਤਾਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਕਸਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਖੇਧੀ ਕਰਨ ਲੱਗਿਆਂ ਉਹਨਾਂ ਉਪਰ ਨਿੱਜੀ ਦੂਸ਼ਣਬਾਜੀ ਕਰਨ ਲੱਗ ਜਾਂਦੇ ਹਨ। ਜਿਸ ਨੂੰ ਪੰਜਾਬ ਦੇ ਲੋਕ ਚੰਗਾ ਨਹੀਂ ਸਮਝਦੇ। ਸੁਖਬੀਰ ਬਾਦਲ ਕਈ ਵਾਰ ਜਨਤਕ ਤੌਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਰਾਬੀ ਵੀ ਕਹਿ ਚੁੱਕੇ ਹਨ ਅਤੇ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਆਹ ਕਰਵਾਉਣ ਤੇ ਵੀ ਕਿੰਤੂ ਪ੍ਰੰਤੂ ਕਰ ਚੁੱਕੇ ਹਨ। ਜਿਸ ਦਾ ਜਵਾਬ ਆਮ ਆਦਮੀ ਪਾਰਟੀ ਦੇ ਆਗੂੁ ਤਾਂ ਦਿੰਦੇ ਹੀ ਹਨ ਪਰ ਸੁਖਬੀਰ ਬਾਦਲ ਦੀ ਅਜਿਹੀ ਬਿਆਨਬਾਜੀ ਨੂੰ ਪੰਜਾਬ ਦੇ ਵੱਡੀ ਗਿਣਤੀ ਲੋਕ ਚੰਗਾ ਨਹੀਂ ਸਮਝ ਰਹੇ।

ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੀ ਸਰਗਰਮ ਹੈ, ਜਿਸ ਦੇ ਦੋ ਸਾਂਸਦ ਹਨ। ਇਹ ਜਥੇਬੰਦੀ ਵੀ ਆਪਣੇ ਆਧਾਰ ਨੂੰ ਮਜਬੂਤ ਕਰਨ ਦਾ ਯਤਨ ਕਰ ਰਹੀ ਹੈ। ਇਸੇ ਤਰ੍ਹਾਂ ਬਸਪਾ ਵੱਲੋਂ ਵੀ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਦੇ ਵੱਡੀ ਗਿਣਤੀ ਲੋਕ ਹੁਣ ਸਿਆਸੀ ਤੌਰ ਤੇ ਸੁਚੇਤ ਹੋ ਗਏ ਹਨ ਅਤੇ ਉਹਨਾਂ ਨਾਲ ਗੱਲਬਾਤ ਕਰਨ ਤੇ ਇਹ ਗੱਲ ਉਭਰ ਕੇ ਸਾਹਮਣੇ ਆਉਂਦੀ ਹੈ ਕਿ ਇਸ ਸਮੇਂ ਕੋਈ ਵੀ ਸਿਆਸੀ ਪਾਰਟੀ ਪੰਜਾਬੀਆਂ ਦੀ ਕਸੌਟੀ ਤੇ ਖਰੀ ਨਹੀਂ ਉਤਰ ਰਹੀ।

ਬਿਊਰੋ

Continue Reading

Editorial

ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦੇਣ ਲਈ ਯਤਨ ਕਰਨ ਮਾਪੇ

Published

on

By

ਪਿਛਲੇ ਦਿਨੀਂ ਸੀ ਬੀ ਐਸ ਈ ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਹੈ। ਜਿਹੜੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ, ਉਹ ਖੁਸ਼ੀ ਵਿੱਚ ਫੁੱਲੇ ਨਹੀਂ ਸਮਾ ਰਹੇ। ਸੀ ਬੀ ਐਸ ਈ ਵਾਂਗ ਹੀ ਪੰਜਾਬ ਸਕੂਲ ਸਿੱਖਿਆ ਬੋਰਡ, ਅਨੇਕਾਂ ਹੋਰ ਸਿੱਖਿਆ ਬੋਰਡ ਅਤੇ ਯੂਨੀਵਰਸਿਟੀਆਂ ਵੱਲੋਂ ਵੱਖ ਵੱਖ ਜਮਾਤਾਂ ਦੇ ਨਤੀਜੇ ਵੀ ਐਲਾਨੇ ਜਾ ਰਹੇ ਹਨ। ਵੱਡੀ ਗਿਣਤੀ ਵਿਦਿਆਰਥੀ ਇਹਨਾਂ ਨਤੀਜਿਆਂ ਵਿੱਚ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ ਪਰ ਇਹਨਾਂ ਪਾਸ ਹੋਏ ਵਿਦਿਆਰਥੀਆਂ ਖਾਸ ਕਰਕੇ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਅੱਗੇ ਹੁਣ ਉਲਝਣ ਇਹ ਆਣ ਖੜੀ ਹੋਈ ਹੈ ਕਿ ਉਹ ਦਸਵੀਂ ਤੋਂ ਬਾਅਦ ਕੀ ਕਰਨ ਅਤੇ ਕਿਹੜੇ ਵਿਸ਼ਿਆਂ ਦੀ ਪੜਾਈ ਕਰਨ।

ਕਈ ਹੁਸ਼ਿਆਰ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਕਰਨਾ ਚਾਹੁੰਦੇ ਹਨ ਪਰ ਉਹਨਾਂ ਦੇ ਘਰੇਲੂ ਆਰਥਿਕ ਹਾਲਾਤ ਇਸ ਦੀ ਇਜਾਜਤ ਨਹੀਂ ਦਿੰਦੇ, ਕਿਉਂਕਿ ਭਾਰਤ ਵਿੱਚ ਮੈਡੀਕਲ ਦੀ ਪੜਾਈ ਬਹੁਤ ਮਹਿੰਗੀ ਹੈ। ਦੂਜੇ ਪਾਸੇ ਕਈ ਵਿਦਿਆਰਥੀ ਕਾਮਰਸ ਅਤੇ ਹੋਰ ਵਿਸ਼ਿਆਂ ਦੀ ਪੜਾਈ ਕਰਨ ਨੂੰ ਤਰਜੀਹ ਦੇ ਰਹੇ ਹਨ।

ਹਰ ਇਨਸਾਨ ਦੀ ਜ਼ਿੰਦਗੀ ਵਿੱਚ ਵਿਦਿਆਰਥੀ ਜੀਵਨ ਬਹੁਤ ਮਹੱਤਵਪੂਰਨ ਹੁੰਦਾ ਹੈ। ਵਿਦਿਆਰਥੀਆਂ ਨੇ ਹੀ ਵੱਡੇ ਹੋ ਕੇ ਇੰਜਨੀਅਰ, ਡਾਕਟਰ, ਅਧਿਆਪਕ, ਨੇਤਾ ਅਤੇ ਹੋਰ ਬਹੁਤ ਕੁਝ ਬਣਨਾ ਹੁੰਦਾ ਹੈ। ਸਾਰੇ ਵਿਦਿਆਰਥੀ ਹੀ ਬਹੁਤ ਮਿਹਨਤ ਕਰਦੇ ਹਨ ਪਰ ਕਈ ਵਾਰ ਸਫਲਤਾ ਸਾਰੇ ਵਿਦਿਆਰਥੀਆਂ ਨੂੰ ਨਹੀਂ ਮਿਲਦੀ। ਇਸ ਦਾ ਕਾਰਨ ਇਹ ਵੀ ਹੈ ਕਿ ਕੁਝ ਵਿਦਿਆਰਥੀ ਪੜਾਈ ਵੱਲ ਧਿਆਨ ਦਿੰਦੇ ਹਨ। ਦੂਜੇ ਪਾਸੇ ਕਈ ਵਿਦਿਆਰਥੀ ਮਿਹਨਤ ਤਾਂ ਸਖਤ ਕਰਦੇ ਹਨ ਪਰ ਉਹਨਾਂ ਨੂੰ ਸਫਲਤਾ ਇਸ ਕਾਰਨ ਨਹੀਂ ਮਿਲਦੀ ਕਿਉਂਕਿ ਉਹਨਾਂ ਨੂੰ ਸਹੀ ਮਾਰਗ ਦਰਸ਼ਨ ਨਹੀਂ ਮਿਲਦਾ। ਸਹੀ ਮਾਰਗ ਦਰਸ਼ਨ ਦੀ ਘਾਟ ਕਾਰਨ ਕਈ ਵਾਰ ਹੁਸ਼ਿਆਰ ਵਿਦਿਆਰਥੀ ਵੀ ਪੜਾਈ ਅੱਧ ਵਿਚਾਲੇ ਜਾਂ ਦਸਵੀਂ ਤੋਂ ਬਾਅਦ ਛੱਡ ਜਾਂਦੇ ਹਨ।

ਦਸਵੀਂ ਤੋਂ ਬਾਅਦ ਵਿਦਿਆਰਥੀਆਂ ਅੱਗੇ ਇਹ ਮੁਸ਼ਕਿਲ ਪੈਦਾ ਹੁੰਦੀ ਹੈ ਕਿ ਉਹ ਅਗਲੀ ਪੜਾਈ ਕਿਹੜੇ ਵਿਸ਼ਿਆਂ ਵਿੱਚ ਕਰਨ। ਇਸ ਸਮੇਂ ਵਿਦਿਆਰਥੀਆਂ ਨੂੰ ਚੰਗੇ ਮਾਰਗ ਦਰਸ਼ਨ ਦੀ ਲੋੜ ਹੁੰਦੀ ਹੈ। ਪੰਜਾਬ ਵਿੱਚ ਤਾਂ ਅੱਜ ਕੱਲ੍ਹ ਦਸਵੀਂ ਜਾਂ ਬਾਰਵੀਂ ਕਰਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਰੁਝਾਨ ਹੈ। ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਚੰਗੇ ਮਾਰਗ ਦਰਸ਼ਨ ਦੀ ਲੋੜ ਹੁੰਦੀ ਹੈ। ਪੜਾਈ ਕਰਨ ਲਈ ਕਿਹੜੇ ਦੇਸ਼ ਜਾਣਾ ਚਾਹੀਦਾ ਹੈ ਅਤੇ ਉਥੇ ਕਿਹੜੇ ਕਾਲਜ ਵਿੱਚ ਪੜਾਈ ਕਰਨੀ ਚਾਹੀਦੀ ਹੈ। ਇਸ ਲਈ ਵੀ ਵਿਦਿਆਰਥੀਆਂ ਨੂੰ ਚੰਗੇ ਮਾਰਗ ਦਰਸ਼ਨ ਦੀ ਲੋੜ ਪੈਂਦੀ ਹੈ।

ਵਿਦਿਆਰਥੀਆਂ ਲਈ ਭਾਵੇਂ ਕਿ ਸਿੱਖਿਆ ਪ੍ਰਾਪਤ ਕਰਨ ਦੇ ਸਾਰੇ ਵਰ੍ਹੇ ਹੀ ਮਹੱਤਵਪੂਰਨ ਹੁੰਦੇ ਹਨ ਪਰ ਇਹਨਾਂ ਲਈ ਸਭ ਤੋਂ ਮਹੱਤਵਪੂਰਨ ਦਸਵੀਂ ਅਤੇ ਉਸ ਤੋਂ ਬਾਅਦ ਕਾਲਜ/ਯੂਨੀਵਰਸਿਟੀ ਦੀ ਪੜ੍ਹਾਈ ਦੇ ਸਾਲ ਹੁੰਦੇ ਹਨ। ਜਿਹੜੇ ਵਿਦਿਆਰਥੀ ਦਸਵੀਂ ਅਤੇ ਕਾਲਜ/ਯੂਨੀਵਰਸਿਟੀ ਦੀ ਪੜ੍ਹਾਈ ਦੇ ਪੰਜ ਸਾਲਾਂ ਵਿੱਚ ਸਖ਼ਤ ਮਿਹਨਤ ਕਰ ਲੈਂਦੇ ਹਨ, ਉਹ ਅਗਲੇ ਪੰਜਾਹ ਸਾਲ ਜ਼ਿੰਦਗੀ ਦਾ ਹਰ ਆਨੰਦ ਮਾਣਦੇ ਹਨ ਕਿਉਂਕਿ ਪੜ੍ਹਾਈ ਵੇਲੇ ਪੰਜ ਸਾਲ ਕੀਤੀ ਸਖ਼ਤ ਮਿਹਨਤ ਨਾਲ ਉਹਨਾਂ ਨੂੰ ਚੰਗੀ ਨੌਕਰੀ/ਚੰਗਾ ਰੁਜ਼ਗਾਰ ਅਤੇ ਚੰਗਾ ਕਾਰੋਬਾਰ ਮਿਲ ਜਾਂਦੇ ਹਨ ਜਿਸ ਕਰਕੇ ਉਹ ਜ਼ਿੰਦਗੀ ਵਿੱਚ ਸਫ਼ਲ ਮਨੁੱਖ ਕਹਾਉਣ ਦੇ ਹੱਕਦਾਰ ਹੋ ਜਾਂਦੇ ਹਨ। ਦੂਜੇ ਪਾਸੇ ਜਿਹੜੇ ਵਿਦਿਆਰਥੀ ਕਾਲਜ/ਯੂਨੀਵਰਸਿਟੀ ਦੇ ਪੜ੍ਹਾਈ ਦੇ ਪੰਜ ਸਾਲਾਂ ਦੌਰਾਨ ਮਿਹਨਤ ਕਰਨ ਦੀ ਥਾਂ ਕਾਲਜ/ਯੂਨੀਵਰਸਿਟੀ ਦੀਆਂ ਕੰਟੀਨਾਂ ਵਿੱਚ, ਘੁੰਮਣ ਵਿੱਚ, ਗੱਲਾਂ ਬਾਤਾਂ ਕਰਨ ਵਿੱਚ, ਫ਼ਿਲਮਾਂ ਵੇਖਣ ਵਿੱਚ, ਨਸ਼ੇ ਕਰਨ ਵਿੱਚ ਜਾਂ ਵਿਦਿਆਰਥੀ ਰਾਜਨੀਤੀ ਵਿੱਚ ਵਧੇਰੇ ਸਮਾਂ ਬਤੀਤ ਕਰਦੇ ਹਨ, ਉਹ ਪੜ੍ਹਾਈ ਵਿੱਚ ਅਕਸਰ ਪਿੱਛੜ ਜਾਂਦੇ ਹਨ ਅਤੇ ਅਜਿਹੇ ਵਿਦਿਆਰਥੀ ਉਚੇਰੀਆਂ ਜਮਾਤਾਂ ਦੀ ਪੜ੍ਹਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਾਰਨ ਇਹਨਾਂ ਨੂੰ ਚੰਗੀਆਂ ਨੌਕਰੀਆਂ ਅਤੇ ਚੰਗੇ ਰੁਜ਼ਗਾਰ ਨਹੀਂ ਮਿਲਦੇ।

ਅਜਿਹੇ ਵਿਦਿਆਰਥੀਆਂ ਨੂੰ ਆਪਣੇ ਘਰ ਚਲਾਉਣ ਲਈ ਅਗਲੇ ਪੰਜਾਹ ਸਾਲ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਇਸੇ ਕਰਕੇ ਸਿਆਣੇ ਕਹਿੰਦੇ ਹਨ ਕਿ ਵਿਦਿਆਰਥੀ ਜੀਵਨ ਦੌਰਾਨ ਪੰਜ ਸਾਲ ਕੀਤੀ ਗਈ ਸਖ਼ਤ ਮਿਹਨਤ ਵਿਦਿਆਰਥੀਆਂ ਦੀ ਜ਼ਿੰਦਗੀ ਬਣਾ ਦਿੰਦੀ ਹੈ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਹਰ ਸੁੱਖ ਸਹੂਲਤ ਨੂੰ ਮਾਣਦੇ ਹਨ। ਜਿਹੜੇ ਵਿਦਿਆਰਥੀਆਂ ਨੂੰ ਚੰਗੇ ‘ਰਾਹ ਦਸੇਰੇ’ ਮਿਲ ਜਾਂਦੇ ਹਨ, ਉਹ ਵਿਦਿਆਰਥੀ ਜ਼ਿੰਦਗੀ ਵਿੱਚ ਵਧੇਰੇ ਸਫ਼ਲ ਹੋ ਜਾਂਦੇ ਹਨ। ਦੂਜੇ ਪਾਸੇ ਕੁਝ ਵਿਦਿਆਰਥੀਆਂ ਨੂੰ ਉਹਨਾਂ ਦੇ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਵੱਲੋਂ ਪੜ੍ਹਾਈ ਤੋਂ ਹਟਾਉਣ ਅਤੇ ਉਹਨਾਂ ਦਾ ਧਿਆਨ ਹੋਰ ਪਾਸੇ ਲਗਾਉਣ ਦੇ ਯਤਨ ਵੀ ਕੀਤੇ ਜਾਂਦੇ ਹਨ।

ਵਿਦਿਆਰਥੀ ਅਕਸਰ ਭੋਲੇ ਹੁੰਦੇ ਹਨ ਅਤੇ ਉਹਨਾਂ ਨੂੰ ਆਪਣੇ ਭਲੇ ਬੁਰੇ ਦੀ ਸਮਝ ਨਹੀਂ ਹੁੰਦੀ। ਕਈ ਚੁਸਤ ਚਲਾਕ ਕਿਸਮ ਦੇ ਆਦਮੀ ਮੂੰਹ ਦੇ ਮਿੱਠੇ ਬਣ ਕੇ ਵਿਦਿਆਰਥੀਆਂ ਨਾਲ ਨੇੜਤਾ ਬਣਾ ਲੈਂਦੇ ਹਨ ਅਤੇ ਉਹਨਾਂ ਨੂੰ ਪੜ੍ਹਾਈ ਦੀ ਥਾਂ ਨਕਲ ਮਾਰਨ ਜਾਂ ਗਲਤ ਪਾਸੇ ਪਾਉਣ ਦਾ ਯਤਨ ਕਰਦੇ ਹਨ। ਅਜਿਹੇ ਲੋਕਾਂ ਤੋਂ ਵਿਦਿਆਰਥੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ ਤਾਂ ਕਿ ਉਹ ਜ਼ਿੰਦਗੀ ਵਿੱਚ ਧੋਖਾ ਨਾ ਖਾਣ। ਕਈ ਵਿਦਿਆਰਥੀ ਅਜਿਹੇ ਵੀ ਹੁੰਦੇ ਹਨ ਜੋ ਕਿ ਸਖ਼ਤ ਮਿਹਨਤ ਕਰਦੇ ਹਨ ਪਰ ਹਾਲਾਤ ਉਹਨਾਂ ਨੂੰ ਅੱਗੇ ਨਹੀਂ ਵਧਣ ਦਿੰਦੇ। ਕਿਸੇ ਨਾ ਕਿਸੇ ਕਾਰਨ ਉਹਨਾਂ ਦੀ ਪੜ੍ਹਾਈ ਅੱਧ ਵਿਚਾਲੇ ਰਹਿ ਜਾਂਦੀ ਹੈ ਅਤੇ ਉਹ ਪੜ੍ਹਾਈ ਵਿੱਚ ਹੁਸ਼ਿਆਰ ਹੋਣ ਦੇ ਬਾਵਜੂਦ ਪਿੱਛੇ ਰਹਿ ਜਾਂਦੇ ਹਨ।

ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੜਾਈ ਸਬੰਧੀ ਸਹੀ ਮਾਰਗ ਦਰਸ਼ਨ ਦੇਣ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਮਨ ਮਰਜੀ ਨਾਲ ਪੜਾਈ ਕਰਨ ਦੀ ਥਾਂ ਆਪਣੇ ਮਾਪਿਆਂ ਦੀ ਸਲਾਹ ਨਾਲ ਪੜਾਈ ਕਰਨ। ਮਾਪੇ ਹਮੇਸ਼ਾ ਆਪਣੇ ਬੱਚਿਆਂ ਦਾ ਭਲਾ ਚਾਹੁੰਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਤੋਂ ਵੀ ਸੇਧ ਲੈ ਲੈਣੀ ਚਾਹੀਦੀ ਹੈ।

ਬਿਊਰੋ

Continue Reading

Latest News

Trending