Mohali
ਡਿਪਟੀ ਕਮਿਸ਼ਨਰ ਵਲੋਂ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ, ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਏਅਰ ਫੋਰਸ ਸਟੇਸ਼ਨ ਦੇ ਨੇੜਲੇ ਖੇਤਰ ਵਿੱਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ਉਤੇ ਪਾਬੰਦੀ ਲਾਗੂ, ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ
ਐਸ ਏ ਐਸ ਨਗਰ, 19 ਦਸੰਬਰ (ਸ.ਬ.) ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਜਿਲ੍ਹੇ ਵਿੱਚ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। 11 ਦਸੰਬਰ ਤੋਂ ਲਾਗੂ ਕੀਤੇ ਗਏ ਇਹ ਹੁਕਮ 10 ਫਰਵਰੀ 2026 ਤਕ ਲਾਗੂ ਰਹਿਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਜਿਲ੍ਹਾ ਮੈਜਿਸਟ੍ਰੇਟ ਵਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵਲੋਂ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ,ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ ਅਤੇ ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ, ਰੈਲੀਆਂ ਕਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ, ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ ਅਤੇ ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲੀਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ. ਏ. ਐਸ. ਨਗਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਯੂਨੀਅਨਾਂ, ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ ਜਾਂ ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਕੋਮਲ ਮਿੱਤਲ ਵਲੋਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂਹੰਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਇਸਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲੀਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲੀਸ ਨੂੰ ਨਹੀਂ ਦਿੱਤਾ ਹੈ।
ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ ਅਤੇ ਕੰਮ ਕਾਰ ਵਗੈਰਾ ਲਈ ਆਉਂਦੇ ਹਨ। ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ, ਵੱਖ-ਵੱਖ ਕਿੱਤਿਆਂਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲੀਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਗਿਆ ਹੈ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਰਹੇਗੀ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
