Connect with us

Punjab

ਆਉਣ ਵਾਲੇ ਸਾਲਾਂ ਵਿੱਚ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣੇਗਾ ਪੰਜਾਬ : ਮੁੱਖ ਮੰਤਰੀ

Published

on

ਪਟਿਆਲਾ, 20 ਦਸੰਬਰ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਹਵਾਬਾਜ਼ੀ ਖੇਤਰ ਵਿਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ।

ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ।

ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿਚ ਪ੍ਰਵੇਸ਼ ਹੋ ਰਹੇ ਹਨ। ਉਹਨਾਂ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫੀਸ ਵਿਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ।

ਉਹਨਾਂ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ‘ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ। ਉਹਨਾਂ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ। ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈਬਸਾਈਟ ਵੀ ਲਾਂਚ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿਚ ਸੱਤਵੇਂ ਸਥਾਨ ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇਕ ਟੈਕਨਾਮ ਪੀ 2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ ਰੁਪਏ ਵਿਚ ਖਰੀਦਿਆ ਗਿਆ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਵਿਚ ਪਟਿਆਲਾ ਏਅਰਫੀਲਡ ਤੇ ਰਾਤ ਨੂੰ ਲੈਂਡਿੰਗ ਸਮਰੱਥਾ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸਿਖਲਾਈ ਦਾ ਤਜਰਬਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਹਵਾਬਾਜ਼ੀ ਸੈਕਟਰ ਵਿੱਚ ਕਰੀਅਰ ਸਿਰਫ ਪਾਇਲਟ ਬਣਨ ਤੱਕ ਸੀਮਿਤ ਨਹੀਂ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਹਵਾਬਾਜ਼ੀ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਪਾਇਲਟ ਵਜੋਂ ਕੰਮ ਕਰਨ ਦੀ ਇੱਛਾ ਰੱਖਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ (ਏਐਮਈ) ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਦੀ ਹੈ, ਜੋ ਕਿ ਭਾਰਤ ਦੇ ਸਭ ਤੋਂ ਕਿਫਾਇਤੀ ਏ.ਐਮ.ਈ. ਤੇ ਬੀਐਸਸੀ (ਆਨਰਜ਼) ਪ੍ਰੋਗਰਾਮ ਚਲਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾ ਬੀ ਐਸ ਸੀ (ਆਨਰਜ਼) + 3 ਸਾਲਾ ਡੀਜੀਸੀਏ ਦੁਆਰਾ ਪ੍ਰਵਾਨਿਤ ਏ.ਐਮ.ਈ. ਪ੍ਰੋਗਰਾਮ ਦੀ ਕੁੱਲ ਫੀਸ ਸਿਰਫ 3 ਲੱਖ ਰੁਪਏ ਹੈ ਜਦੋਂ ਕਿ ਦੂਜੇ ਸੂਬਿਆਂ ਵਿਚ ਇਸੇ ਕੋਰਸ ਦੀ ਫੀਸ 5-8 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ 33 ਫੀਸਦੀ ਸੀਟਾਂ ਐਸ. ਸੀ. ਤੇ ਬੀ. ਸੀ. ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਇਸ ਖੇਤਰ ਵਿਚ ਆਮ ਘਰਾਂ ਦੇ ਬੱਚਿਆਂ ਨੂੰ ਵੀ ਮੌਕੇ ਹਾਸਲ ਹੋਣ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending