Mohali
ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਕਾਵਿ-ਸੰਗ੍ਰਹਿ ਅਦਭੁਤ ਦੀ ਵਾਪਸੀ ਤੇ ਵਿਚਾਰ-ਚਰਚਾ
ਐਸ ਏ ਐਸ ਨਗਰ, 23 ਫ਼ਰਵਰੀ (ਸ.ਬ.) ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ, ਐਸ. ਏ. ਐਸ. ਨਗਰ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੇ ਮੌਕੇ ਤੇ ਅਮਰਜੀਤ ਗਰੇਵਾਲ ਦੇ ਕਾਵਿ-ਸੰਗ੍ਰਹਿ ‘ਅਦਭੁਤ ਦੀ ਵਾਪਸੀ’ ਤੇ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰੋ. ਯੋਜਨਾ ਰਾਵਤ, ਡੀ.ਯੂ.ਆਈ. ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਵਿਚਾਰ ਚਰਚਾ ਦੀ ਪ੍ਰਧਾਨਗੀ ਚਿੰਤਕ ਅਤੇ ਆਲੋਚਕ ਡਾ. ਮਨਮੋਹਨ ਵੱਲੋਂ ਕੀਤੀ ਗਈ। ਸਮਾਗਮ ਦਾ ਆਰੰਭ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤਾ ਗਿਆ।
ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਸਮੂਹ ਹਾਜ਼ਰੀਨ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਸਮਾਗਮ ਦੀ ਰੂਪਰੇਖਾ ਸਾਂਝੀ ਕੀਤੀ ਅਤੇ ‘ਅਦਭੁਤ ਦੀ ਵਾਪਸੀ’ ਪੁਸਤਕ ਨੂੰ ਮਨੁੱਖ ਦੇ ਅੰਦਰ ਚੱਲ ਰਹੀ ਮੌਨ ਯਾਤਰਾ ਦਾ ਦਸਤਾਵੇਜ਼ ਆਖਿਆ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਮਨਮੋਹਨ ਨੇ ਕਿਹਾ ਕਿ ‘ਅਦਭੁਤ ਦੀ ਵਾਪਸੀ’ ਕਾਵਿ-ਸੰਗ੍ਰਹਿ ਨੂੰ ਉਤਰ-ਆਧੁਨਿਕ ਸਮਿਆਂ ਵਿਚ ਉਤਰ-ਮਾਨਵੀ ਪਹਿਲੂ ਤੋਂ ਸਮਝਣਾ ਬਹੁਤ ਜ਼ਰੂਰੀ ਹੈ। ਇਹ ਸਮੂਰਤ ਦਾ ਨਿਰੂਪਣ ਕਰਦੀ ਹੋਈ ਕਵਿਤਾ ਹੈ ਜੋ ਮੈਟਾ- ਨੈਰੇਟਿਵ ਸਿਰਜਦੀ ਹੈ। ਪ੍ਰੋ. ਯੋਜਨਾ ਰਾਵਤ ਨੇ ਕਿਹਾ ਕਿ ਹਥਲੀ ਪੁਸਤਕ ਇਕ ਅਦਭੁਤ ਪ੍ਰਯੋਗ ਹੈ ਜਿਸ ਵਿਚ ਮਾਨਵੀ ਜੀਵਨ ਦੀਆਂ ਅਨੰਤ ਸੰਭਾਵਨਾਵਾਂ ਦੀ ਗੱਲ ਕੀਤੀ ਗਈ ਹੈ। ਇਸ ਵਿਚ ਕਵੀ ਰੂੜ੍ਹ ਹੋ ਚੁੱਕੇ ਢਾਂਚਿਆਂ ਨੂੰ ਨਵੇਂ ਆਯਾਮ ਦਿੰਦਾ ਹੋਇਆ ਵਿਲੱਖਣ ਅਰਥ ਸਿਰਜਦਾ ਹੈ।
ਪ੍ਰੋ. ਪ੍ਰਵੀਨ ਕੁਮਾਰ ਨੇ ਪਰਚਾ ਪੜ੍ਹਦਿਆਂ ਕਿਹਾ ਕਿ ਇਹ ਪੁਸਤਕ ਸੁਪਰ-ਪੋਜ਼ੀਸ਼ਨ ਦਾ ਡਾਇਲੌਗ ਲੈ ਕੇ ਆਈ ਹੈ। ਉਨ੍ਹਾਂ ਅਨੁਸਾਰ ਇਹ ਕਵਿਤਾ ਅਜੋਕੇ ਸੁੱਤੇ ਮੁਨੱਖ ਨੂੰ ਹਲੂਣਦੀ ਹੋਈ ਆਖਦੀ ਹੈ ਕਿ ਸੰਸਾਰ ਭਾਸ਼ਾ ਤੋਂ ਪਰ੍ਹੇ ਹੈ। ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਇਸ ਪੁਸਤਕ ਵਿਚ ਬਿਰਤਾਂਤ ਨੂੰ ਲਗਾਤਾਰ ਤੋੜਨ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਭੁਤ ਦੀ ਵਾਪਸੀ ਉਸ ਅੰਦਰੂਨੀ ਜਾਗਰੂਕਤਾ ਦਾ ਪ੍ਰਗਟਾਵਾ ਹੈ ਜੋ ਆਪਣੇ-ਆਪ ਨੂੰ ਖੋਰਨ ਤੋਂ ਬਾਅਦ ਬਚਦੀ ਹੈ।
ਡਾ. ਹਰਦੀਪ ਸਿੰਘ ਨੇ ‘ਪੂਰਨ ਭਗਤ’ ਕਵਿਤਾ ਦੇ ਹਵਾਲੇ ਨਾਲ ਕਿਹਾ ਕਿ ਕਵੀ ਵਿਚਾਰ-ਦ੍ਰਿਸ਼ ਸਿਰਜਦਾ ਹੈ ਅਤੇ ਦ੍ਰਿਸ਼ ਦੇ ਸਿਰਜਣ ਨਾਲ ਅਰਥ ਵੀ ਬਦਲ ਦਿੰਦਾ ਹੈ। ਇਸ ਮੌਕੇ ਸ. ਮਨਮੋਹਨ ਸਿੰਘ ਦਾਊਂ ਵੱਲੋਂ ਕਾਵਿ-ਚਿੱਤਰ ‘ਸਫ਼ੈਦ ਰੰਗ ਵਿਚ ਸੂਹੇ ਰੰਗ ਦੀ ਆਭਾ: ਅਮਰਜੀਤ ਗਰੇਵਾਲ’ ਸ੍ਰੋਤਿਆਂ ਨਾਲ ਸਾਂਝਾ ਕੀਤਾ। ਕਵੀ ਅਮਰਜੀਤ ਗਰੇਵਾਲ ਹਥਲੀ ਪੁਸਤਕ ਵਿਚ ਦਰਜ ਕਵਿਤਾਵਾਂ ‘ਸੰਗਤ’ ਅਤੇ ‘ਪ੍ਰੇਮ’ ਨਾਲ ਸ੍ਰੋਤਿਆਂ ਦੇ ਰੂ-ਬ-ਰੂ ਹੋਏ।
ਸਮਾਗਮ ਦੇ ਅੰਤ ਵਿੱਚ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਦਾ ਸੰਚਾਲਨ ਮੈਡਮ ਦਿਲਪ੍ਰੀਤ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਵਿਚਾਰ ਚਰਚਾ ਵਿੱਚ ਡਾ. ਕਮਲਦੀਪ ਕੌਰ, ਸ਼੍ਰੀਮਤੀ ਮਨਜੀਤ ਮੀਤ, ਧਿਆਨ ਸਿੰਘ ਕਾਹਲੋਂ, ਵਰਿੰਦਰ ਸਿੰਘ ਚੱਠਾ, ਸੁਧਾ ਜੈਨ, ਕੇਵਲਜੀਤ ਸਿੰਘ ਕੰਵਲ, ਡਾ. ਮੇਘਾ ਸਿੰਘ, ਪ੍ਰਿੰ. ਗੁਰਮੀਤ ਖਰੜ, ਗੁਰਚਰਨ ਸਿੰਘ, ਮਨਜੀਤ ਸਿੰਘ ਅਤੇ ਸਟੈਨੋਗ੍ਰਾਫ਼ੀ ਦੇ ਸਿਖਿਆਰਥੀ ਵੀ ਸ਼ਾਮਲ ਹੋਏ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
