Chandigarh
ਕੇਂਦਰ ਦੀਆਂ ਪੰਜਾਬ ਵਿਰੋਧੀ ਸਾਜਿਸ਼ਾਂ ਦਾ ਇਕਜੁੱਟ ਹੋ ਕੇ ਮੁਕਾਬਲਾ ਕਰਨ ਪੰਜਾਬੀ : ਪਾਸਲਾ
ਚੰਡੀਗੜ੍ਹ, 26 ਫਰਵਰੀ (ਭਗਵੰਤ ਸਿੰਘ ਬੇਦੀ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪੰਜਾਬ ਰਾਜ ਕਮੇਟੀ ਵਲੋਂ ਸੈਕਟਰ 25 ਵਿੱਚ ਵਿਸ਼ਾਲ ਰੈਲੀ ਕੀਤੀ ਗਈ ਜਿਸ ਦੌਰਾਨ ਪੰਜਾਬ ਦੇ ਸਮੂਹ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਫੈਡਰਲ ਅਧਿਕਾਰਾਂ ਦੇ ਨਿਰੰਤਰ ਘਾਣ, ਪੰਜਾਬ ਨਾਲ ਕੀਤੇ ਜਾ ਰਹੇ ਧੱਕੇ-ਵਿਤਕਰੇ ਅਤੇ ਪੰਜਾਬ ਦੇ ਅਮਨ-ਚੈਨ ਨੂੰ ਲਾਂਬੂ ਲਾਉਣ ਦੀਆਂ ਏਜੰਸੀਆਂ ਤੇ ਕੱਟੜਪੰਥੀਆਂ ਦੀਆਂ ਚਾਲਾਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਅਤੇ ਪ੍ਰਾਂਤ ਵਾਸੀਆਂ ਦੀ ਅਪਰਾਧੀ ਗਰੋਹਾਂ ਤੋਂ ਰਾਖੀ ਕਰਨ ਪੱਖੋਂ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਇਸ ਮੌਕੇ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਪੰਜਾਬ ਸਮੇਤ ਸਾਰੇ ਦੇਸ਼ ਵਿੱਚ ਬਿਨਾਂ ਮੁਕੱਦਮਾ ਚਲਾਏ ਜੇਲ੍ਹੀਂ ਡੱਕੇ ਤੇ ਸਜ਼ਾਵਾਂ ਪੂਰੀਆਂ ਕਰ ਚੁਕੇ ਸਿਆਸੀ ਕੈਦੀ, ਬੁੱਧੀਜੀਵੀ ਤੇ ਮਨੁੱਖੀ ਅਧਿਕਾਰ ਕਾਰਕੁੰਨ ਫੌਰੀ ਰਿਹਾ ਕੀਤੇ ਜਾਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਫੌਰੀ ਪੰਜਾਬ ਦੇ ਹਵਾਲੇ ਕੀਤਾ ਜਾਵੇ, ਦਰਿਆਈ ਪਾਣੀਆਂ ਦੀ ਰਿਪੇਅਰੀਨ ਸਿਧਾਂਤ ਮੁਤਾਬਕ ਵੰਡ ਕੀਤੀ ਜਾਵੇ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕੀਤੇ ਜਾਣ, ਪੰਜਾਬੀ ਬੋਲੀ ਨੂੰ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ, ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦਾ ਰੁਤਬਾ ਬਹਾਲ ਕੀਤਾ ਜਾਵੇ, ਬਾਰਡਰ ਖੋਲ੍ਹ ਕੇ ਭਾਰਤ-ਪਾਕ ਦੁਵੱਲਾ ਵਪਾਰ ਸ਼ੁਰੂ ਕੀਤਾ ਜਾਵੇ, ਪੰਜਾਬ ਨੂੰ ਬਰਬਾਦ ਕਰਨ ਦੀਆਂ ਸਾਜ਼ਿਸ਼ਾਂ ਤੁਰੰਤ ਬੰਦ ਕੀਤੀਆਂ ਜਾਣ।
ਇਸ ਮੌਕੇ ਐਲਾਨ ਕੀਤਾ ਗਿਆ ਕਿ ਉਕਤ ਮੰਗਾਂ ਦੀ ਪ੍ਰਾਪਤੀ ਲਈ ਧਰਮਾਂ-ਜਾਤਾਂ ਦੇ ਵਖਰੇਵਿਆਂ ਤੋਂ ਉੱਤੇ ਉੱਠ ਕੇ ਸਮੂਹ ਪੰਜਾਬੀਆਂ ਦਾ ਸਰਬ ਸਾਂਝਾ ਘੋਲ ਵਿੱਢਿਆ ਜਾਵੇਗਾ। ਰੈਲੀ ਨੂੰ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਰਾਜ ਕਮੇਟੀ ਦੇ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ, ਸੂਬਾ ਸਕੱਤਰੇਤ ਦੇ ਮੈਂਬਰਾਨ ਕੁਲਵੰਤ ਸਿੰਘ ਸੰਧੂ, ਸੱਜਣ ਸਿੰਘ, ਡਾਕਟਰ ਸਤਨਾਮ ਸਿੰਘ ਅਜਨਾਲਾ, ਦਰਸ਼ਨ ਨਾਹਰ, ਧਰਮਿੰਦਰ ਸਿੰਘ ਮੁਕੇਰੀਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਆਪਣੇ ਸਿਆਸੀ ਵਿੰਗ ਭਾਜਪਾ ਰਾਹੀਂ ਦੇਸ਼ ਦੀ ਕੇਂਦਰੀ ਸੱਤਾ ਤੇ ਕਾਬਜ ਹੋ ਚੁੱਕਾ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਸਿੱਖ ਗੁਰੂ ਸਾਹਿਬਾਨ ਵਲੋਂ ਰਚੀ ਮਾਨਵ ਹਿਤੈਸ਼ੀ ਬਾਣੀ, ਭਗਤੀ ਲਹਿਰ ਦੇ ਮਹਾਨ ਰਹਿਬਰਾਂ ਦੇ ਤਰਕਵਾਦੀ ਗਿਆਨ, ਗਦਰੀ ਸੂਰਬੀਰਾਂ ਅਤੇ ਸ਼ਹੀਦ-ਇ-ਆਜ਼ਮ ਭਗਤ ਸਿੰਘ ਤੇ ਸਾਥੀਆਂ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਨਾਲ ਪ੍ਰਗਤੀਸ਼ੀਲ ਸੋਚ ਤੇ ਵਿਗਿਆਨਕ ਨਜਰੀਏ ਤੋਂ ਬੇਮੁੱਖ ਕਰਨ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਘ ਪਰਿਵਾਰ, ਪੰਜਾਬੀਆਂ ਦੇ ਨਾਬਰੀ ਦੇ ਸੁਭਾਅ ਅਤੇ ਹਰ ਕਿਸਮ ਦੇ ਅਨਿਆਂ ਖਿਲਾਫ ਜੂਝ ਮਰਨ ਤੇ ਪੀੜਤਾਂ ਦੇ ਹੱਕ ਵਿੱਚ ਡੱਟ ਕੇ ਖਲੋਣ ਦੇ ਇਸ ਖਿੱਤੇ ਦੇ ਨਰੋਏ ਵਿਰਸੇ ਨੂੰ ਆਪਣੀ ਪਿਛਾਖੜੀ ਵਿਚਾਰਧਾਰਾ ਦੇ ਪ੍ਰਚਾਰ-ਪਸਾਰ ਤੇ ਧਰਮ ਆਧਾਰਿਤ ਹਿੰਦੂਤਵੀ-ਮਨੂੰਵਾਦੀ ਰਾਸ਼ਟਰ ਕਾਇਮ ਕਰਨ ਦਾ ਆਪਣਾ ਘਾਤਕ ਏਜੰਡਾ ਲਾਗੂ ਕਰਨ ਦੇ ਰਾਹ ਦਾ ਸਭ ਤੋਂ ਵੱਡਾ ਅੜਿੱਕਾ ਸਮਝਦਾ ਹੈ ਅਤੇ ਪੰਜਾਬ ਵਾਸੀਆਂ ਨੂੰ ਸੰਘ ਪਰਿਵਾਰ ਦੀਆਂ ਵੰਡਵਾਦੀ ਸਾਜਿਸ਼ਾਂ ਤੋਂ ਸੁਚੇਤ ਹੋਣ ਤੇ ਇਸ ਦੇ ਮਨਸੂਬੇ ਫੇਲ੍ਹ ਕਰਨ ਦੀ ਲੋੜ ਹੈ।
ਬੁਲਾਰਿਆਂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਪੰਜਾਬ ਦੀ ਰਾਜ ਸੱਤਾ ਤੇ ਕਾਬਜ਼ ਹੋਈ ‘ਆਪ’ ਸਰਕਾਰ ਲੋਕਾਂ ਨੂੰ ਕੰਗਾਲ ਕਰਕੇ ਧਨਾਢਾਂ ਦੇ ਖਜ਼ਾਨੇ ਭਰਪੂਰ ਕਰਨ ਵਾਲੀਆਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੇ ਹੂਬਹੂ ਅਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਾਰੋਬਾਰੀ, ਅਪਰਾਧੀ ਗ੍ਰੋਹ ਤੇ ਰੇਤ-ਬੱਜ਼ਰੀ ਮਾਫੀਆ ਰਾਜ ਕਰਦੀ ਧਿਰ ਦੇ ਨੰਗੇ-ਚਿਟੇ ਥਾਪੜੇ ਨਾਲ ਸੂਬੇ ਭਰ ਵਿੱਚ ਚੰਮ ਦੀਆਂ ਚਲਾ ਰਹੇ ਹਨ। ਕਤਲਾਂ, ਲੁੱਟਾਂ-ਖੋਹਾਂ, ਝਪਟਮਾਰੀ, ਫਿਰੌਤੀ ਵਸੂਲੀ, ਨਸ਼ਿਆਂ ਨਾਲ ਮੌਤਾਂ ਰੋਜ਼ ਦਾ ਵਰਤਾਰਾ ਬਣ ਗਿਆ ਹੈ। ਮਾਨ ਸਰਕਾਰ ਇਸ਼ਤਿਹਾਰਾਂ ਰਾਹੀਂ ਕਰੋੜਾਂ ਰੁਪਏ ਫੂਕ ਕੇ ਲੋਕਾਂ ਦੇ ਅੱਖੀਂ ਘੱਟਾ ਪਾ ਰਹੀ ਹੈ ਤੇ ਸੰਘਰਸ਼ੀ ਧਿਰਾਂ ਤੇ ਜਬਰ ਢਾਹ ਰਹੀ ਹੈ। ਵੀ ਆਈ ਪੀ ਕਲਚਰ ਤੇ ਭ੍ਰਿਸ਼ਟਾਚਾਰ ਹੱਦਾਂ-ਬੰਨੇ ਪਾਰ ਕਰ ਗਿਆ ਹੈ। ਸਰਕਾਰ ਆਪਣੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਲਈ ਫਰਜੀ ਪੁਲੀਸ ਮੁਕਾਬਲਿਆਂ ਤੇ ਮੋਦੀ ਮਾਰਕਾ ਬੁਲਡੋਜ਼ਰ ਕਾਰਵਾਈ ਦਾ ਸਹਾਰਾ ਲੈ ਰਹੀ ਹੈ।
ਆਗੂਆਂ ਨੇ ਸੂਬਾ ਸਰਕਾਰ ਦੇ ਲੋਕ ਵਿਰੋਧੀ ਨੀਤੀ ਕਦਮਾਂ ਤੇ ਨਖਿੱਧ ਕਾਰਗੁਜਾਰੀ ਖ਼ਿਲਾਫ਼ ਤੱਕੜੀ ਜਦੋਜਹਿਦ ਵਿੱਢਣ ਦਾ ਐਲਾਨ ਕੀਤਾ। ਰੈਲੀ ਤੋਂ ਬਾਅਦ ਵਿਸ਼ਾਲ ਜਨਤਕ ਮਾਰਚ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਤੇ ਰਾਜ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜੇ ਗਏ। ਰੈਲੀ ਦੀ ਪ੍ਰਧਾਨਗੀ ਰਤਨ ਸਿੰਘ ਰੰਧਾਵਾ, ਗੁਰਨਾਮ ਸਿੰਘ ਦਾਊਦ, ਨੱਥਾ ਸਿੰਘ ਡਢਵਾਲ, ਸੁਰਿੰਦਰ ਗਿੱਲ ਜੈਪਾਲ ਨੇ ਕੀਤੀ। ਮੰਚ ਸੰਚਾਲਕ ਦੀ ਜਿੰਮੇਵਾਰੀ ਰਾਜ ਕਮੇਟੀ ਦੇ ਖਜ਼ਾਨਚੀ ਪ੍ਰੋਫੈਸਰ ਜੈਪਾਲ ਸਿੰਘ ਨੇ ਨਿਭਾਈ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
