International
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਵਿਰੁੱਧ ਖੁੱਲ੍ਹੀ ਜੰਗ ਦਾ ਐਲਾਨ
ਇਸਲਾਮਾਬਾਦ, 27 ਫਰਵਰੀ (ਸ.ਬ.) ਪਾਕਿਸਤਾਨ ਨੇ ਅਫਗਾਨ ਤਾਲਿਬਾਨ ਦੇ ਕਥਿਤ ਸਰਹੱਦੀ ਹਮਲਿਆਂ ਦੇ ਜਵਾਬ ਵਿੱਚ ਇੱਕ ਫੌਜੀ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਸ ਕਾਰਵਾਈ ਵਿੱਚ 130 ਤੋਂ ਵੱਧ ਤਾਲਿਬਾਨ ਲੜਾਕੇ ਮਾਰੇ ਗਏ ਹਨ। ‘ਆਪ੍ਰੇਸ਼ਨ ਗਜ਼ਬ ਲਿਲ ਹੱਕ’ ਬੀਤੀ ਦੇਰ ਰਾਤ ਸ਼ੁਰੂ ਕੀਤਾ ਗਿਆ ਜਦੋਂ ਅਫਗਾਨ ਤਾਲਿਬਾਨ ਨੇ ਕਥਿਤ ਤੌਰ ਤੇ ਕਈ ਸਰਹੱਦੀ ਚੌਕੀਆਂ ਤੇ ਹਮਲਾ ਕੀਤਾ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਪੁਸ਼ਟੀ ਕੀਤੀ ਕਿ ਕਾਰਵਾਈ ਜਾਰੀ ਹੈ ਅਤੇ ਕਿਹਾ ਕਿ ਹਥਿਆਰਬੰਦ ਬਲ ਅਫਗਾਨ ਤਾਲਿਬਾਨ ਦੇ ਹਮਲੇ ਦਾ ਸਖ਼ਤ ਜਵਾਬ ਦੇ ਰਹੇ ਹਨ। ਕਾਰਵਾਈ ਬਾਰੇ ਵੇਰਵੇ ਦਿੰਦੇ ਹੋਏ, ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਕਿਹਾ ਕਿ ਘੱਟੋ-ਘੱਟ 133 ਅਫਗਾਨ ਤਾਲਿਬਾਨ ਲੜਾਕੇ ਮਾਰੇ ਗਏ ਅਤੇ 200 ਤੋਂ ਵੱਧ ਜ਼ਖਮੀ ਹੋਏ ਹਨ। ਉਸ ਨੇ ਦੱਸਿਆ ਕਿ ਕਾਬੁਲ, ਪਕਤੀਆ ਅਤੇ ਕੰਧਾਰ ਵਿੱਚ ਅਫਗਾਨ ਤਾਲਿਬਾਨ ਰੱਖਿਆ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਜਾਨੀ ਨੁਕਸਾਨ ਵਧਣ ਦੀ ਉਮੀਦ ਹੈ। ਉਸਦੇ ਅਨੁਸਾਰ ਅਫਗਾਨ ਤਾਲਿਬਾਨ ਸ਼ਾਸਨ ਦੀਆਂ ਘੱਟੋ-ਘੱਟ 27 ਚੌਕੀਆਂ ਨੂੰ ਤਬਾਹ ਕਰ ਦਿੱਤਾ ਗਿਆ, ਜਦੋਂ ਕਿ ਨੌਂ ਹੋਰਾਂ ਨੂੰ ਫੜ ਲਿਆ ਗਿਆ।
ਮੰਤਰੀ ਨੇ ਅੱਗੇ ਕਿਹਾ ਕਿ ਇਸ ਕਾਰਵਾਈ ਵਿੱਚ ਦੋ ਕੋਰ ਹੈਡਕੁਆਰਟਰ, ਤਿੰਨ ਬ੍ਰਿਗੇਡ ਹੈਡਕੁਆਰਟਰ, ਦੋ ਗੋਲਾ ਬਾਰੂਦ ਡਿਪੂ, ਇੱਕ ਲੌਜਿਸਟਿਕ ਬੇਸ, ਤਿੰਨ ਬਟਾਲੀਅਨ ਹੈਡਕੁਆਰਟਰ, ਦੋ ਸੈਕਟਰ ਹੈਡਕੁਆਰਟਰ, ਅਤੇ 80 ਤੋਂ ਵੱਧ ਟੈਂਕ, ਤੋਪਖਾਨਾ ਅਤੇ ਬਖਤਰਬੰਦ ਵਾਹਨ ਤਬਾਹ ਹੋ ਗਏ। ਪਾਕਿਸਤਾਨੀ ਹਵਾਈ ਸੈਨਾ ਨੇ ਕਾਬੁਲ, ਕੰਧਾਰ ਅਤੇ ਪਕਤੀਆ ਵਿੱਚ ਮੁੱਖ ਅਫਗਾਨ ਤਾਲਿਬਾਨ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਹਮਲਿਆਂ ਵਿੱਚ ਕਾਬੁਲ ਵਿੱਚ ਦੋ ਬ੍ਰਿਗੇਡ ਹੈਡਕੁਆਰਟਰ, ਅਤੇ ਕੰਧਾਰ ਵਿੱਚ ਇੱਕ ਕੋਰ ਹੈਡਕੁਆਰਟਰ ਅਤੇ ਇੱਕ ਬ੍ਰਿਗੇਡ ਹੈਡਕੁਆਰਟਰ ਤਬਾਹ ਹੋ ਗਏ। ਇੱਕ ਬਿਆਨ ਵਿੱਚ, ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਅਫਗਾਨ ਤਾਲਿਬਾਨ ਨੂੰ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਲਈ ਨਿੰਦਾ ਕੀਤੀ। ਗ੍ਰਹਿ ਮੰਤਰਾਲੇ ਨੇ ਐਕਸ ਤੇ ਇੱਕ ਪੋਸਟ ਵਿੱਚ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਨੇ ਅਫਗਾਨ ਤਾਲਿਬਾਨ ਦੇ ਖੁੱਲ੍ਹੇ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਇਰ ਦੁਸ਼ਮਣ ਨੇ ਰਾਤ ਦੇ ਹਨੇਰੇ ਵਿੱਚ ਹਮਲਾ ਕੀਤਾ। ਅਫਗਾਨ ਤਾਲਿਬਾਨ ਨੇ ਮਾਸੂਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੀ ਨਿੰਦਣਯੋਗ ਕੋਸ਼ਿਸ਼ ਕੀਤੀ। ਪੂਰਾ ਦੇਸ਼ ਹਥਿਆਰਬੰਦ ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਇਸ ਹਮਲੇ ਦੇ ਗੰਭੀਰ ਨਤੀਜੇ ਨਿਕਲਣਗੇ।
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਸ਼ਾਂਤੀ ਅਤੇ ਆਪਣੀ ਖੇਤਰੀ ਅਖੰਡਤਾ ਨਾਲ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ਦਾ ਜਵਾਬ ਵਿਆਪਕ ਅਤੇ ਫੈਸਲਾਕੁੰਨ ਹੈ। ਜੋ ਲੋਕ ਸਾਡੀ ਸ਼ਾਂਤੀ ਨੂੰ ਕਮਜ਼ੋਰੀ ਸਮਝਦੇ ਹਨ, ਉਨ੍ਹਾਂ ਨੂੰ ਸਖ਼ਤ ਜਵਾਬ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੇ ਲੋਕ ਅਤੇ ਹਥਿਆਰਬੰਦ ਸੈਨਾਵਾਂ ਦੇਸ਼ ਦੀ ਸੁਰੱਖਿਆ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਹਮੇਸ਼ਾ ਤਿਆਰ ਹਨ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾਵਾਂ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣ ਦੇਣਗੀਆਂ। ਉਨ੍ਹਾਂ ਕਿਹਾ ਕਿ ਸਾਡੀਆਂ ਫੌਜਾਂ ਕਿਸੇ ਵੀ ਹਮਲਾਵਰ ਮਨਸੂਬਿਆਂ ਨੂੰ ਕੁਚਲਣ ਦੇ ਪੂਰੀ ਤਰ੍ਹਾਂ ਸਮਰੱਥ ਹਨ। ਸਾਡੇ ਪਿਆਰੇ ਦੇਸ਼ ਦੀ ਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਅਤੇ ਹਰ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਇੱਕ ਹੋਰ ਪੋਸਟ ਵਿੱਚ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਅਫਗਾਨਿਸਤਾਨ ਤੋਂ ਨਾਟੋ ਫੌਜਾਂ ਦੀ ਵਾਪਸੀ ਤੋਂ ਬਾਅਦ, ਇਹ ਉਮੀਦ ਕੀਤੀ ਗਈ ਸੀ ਕਿ ਉੱਥੇ ਸ਼ਾਂਤੀ ਸਥਾਪਿਤ ਹੋਵੇਗੀ ਅਤੇ ਤਾਲਿਬਾਨ ਅਫਗਾਨ ਲੋਕਾਂ ਦੇ ਵਿਕਾਸ ਅਤੇ ਖੇਤਰੀ ਸਥਿਰਤਾ ਤੇ ਧਿਆਨ ਕੇਂਦਰਿਤ ਕਰੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪਰ ਤਾਲਿਬਾਨ ਨੇ ਅਫਗਾਨਿਸਤਾਨ ਨੂੰ ਭਾਰਤ ਦੀ ਬਸਤੀ ਵਿੱਚ ਬਦਲ ਦਿੱਤਾ ਹੈ ਅਤੇ ਦੁਨੀਆ ਭਰ ਤੋਂ ਅੱਤਵਾਦੀਆਂ ਨੂੰ ਇਕੱਠਾ ਕਰਕੇ ਅੱਤਵਾਦ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਸਬੰਧਾਂ ਨੂੰ ਆਮ ਬਣਾਉਣ ਲਈ ਸਿੱਧੇ ਅਤੇ ਦੋਸਤਾਨਾ ਦੇਸ਼ਾਂ ਰਾਹੀਂ ਕਈ ਕੋਸ਼ਿਸ਼ਾਂ ਕੀਤੀਆਂ ਪਰੰਤੂ ਤਾਲਿਬਾਨ ਭਾਰਤ ਦਾ ਮੋਹਰਾ ਬਣ ਗਿਆ ਹੈ। ਆਸਿਫ ਨੇ ਕਿਹਾ ਕਿ ਪਾਕਿਸਤਾਨ ਨੇ ਪਹਿਲਾਂ ਅਫਗਾਨ ਸ਼ਰਨਾਰਥੀਆਂ ਨੂੰ ਪਨਾਹ ਦੇ ਕੇ ਸਕਾਰਾਤਮਕ ਭੂਮਿਕਾ ਨਿਭਾਈ ਸੀ, ਪਰ ਹੁਣ ਸਾਡਾ ਸਬਰ ਖਤਮ ਹੋ ਗਿਆ ਹੈ। ਹੁਣ ਜੰਗ ਛਿੜ ਗਈ ਹੈ।
International
ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।
ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
International
ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।
ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।
ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।
International
ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ
ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।
ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।
ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
