Punjab
ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਕੌਮੀ ਤਿਉਹਾਰ ਹੋਲਾ ਮਹੱਲਾ
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਸ.ਬ.) ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਜਾਹੋ-ਜਲਾਲ ਦਾ ਪ੍ਰਤੀਕ ਸਲਾਨਾ ਛੇ ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲੇ ਦਾ ਪਹਿਲਾ ਪੜ੍ਹਾਅ ਅੱਜ ਤੋਂ ਪੁਰਾਤਨ ਸਿੱਖ ਰੀਤੀ ਰਵਾਇਤਾਂ ਅਨੁਸਾਰ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ ”ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਗਿਆ ਹੈ।
ਖਾਲਸਾਈ ਰਵਾਇਤਾਂ ਅਨੁਸਾਰ ਅੱਜ ਅੱਧੀ ਰਾਤ 12 ਵਜੇ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਚ ਸਥਾਪਿਤ ਪੰਜ ਪ੍ਰਾਚੀਨ ਨਗਾਰਿਆਂ ਨੂੰ ਵਜਾ ਕੇ ਸਮਾਗਮ ਦੀ ਸ਼ੁਰੂਆਤ ਹੋਈ ਅਤੇ ਸਵੇਰੇ ਗੁਰਦੁਆਰਾ ਪਾਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਮੇਲੇ ਦਾ ਪਹਿਲਾ ਤਿੰਨ ਰੋਜ਼ਾ ਪੜਾਅ ਸ਼ੁਰੂ ਹੋਇਆ, ਜੋਕਿ 1 ਮਾਰਚ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ 2 ਮਾਰਚ ਤੋਂ 4 ਮਾਰਚ ਤੱਕ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲਾ-ਮਹੱਲਾ ਮਨਾਇਆ ਜਾਵੇਗਾ।
ਹੋਲਾ-ਮਹੱਲਾ ਦੋ ਪੜਾਵਾਂ ਵਿੱਚ ਮਨਾਇਆ ਜਾਂਦਾ ਹੈ, ਜਿਸ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਅਤੇ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਪਹਿਲੇ ਪੜਾਅ ਦੀ ਆਰੰਭਤਾ ਕਰਨ ਤੋਂ ਪਹਿਲਾਂ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ 12 ਵਜੇ ਕੌਮ ਦੇ ਜਥੇਦਾਰ ਅਤੇ ਹੋਰ ਪੰਥ ਦੀਆਂ ਮਹਾਨ ਸ਼ਖਸੀਅਤਾਂ ਕਾਰ ਸੇਵਾ ਵਾਲੇ ਮੁਖੀ ਪੰਜ ਪੁਰਾਤਨ ਨਗਾਰੇ ਅਤੇ ਨਰਸਿੰਗ ਵਜਾ ਕੇ ਜੈਕਾਰਿਆਂ ਦੀ ਗੂੰਜ ਵਿੱਚ ਹੋਲੇ-ਮਹੱਲੇ ਦੀ ਆਰੰਭਤਾ ਕਰਦੇ ਹਨ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਮੁੱਖਵਾਕ ਲਿਆ ਗਿਆ ਅਤੇ ਮੇਲੇ ਦੀ ਚੜ੍ਹਦੀ ਕਲਾ, ਸੁਖ-ਸ਼ਾਂਤੀ ਅਤੇ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਬਾਬਾ ਟੇਕ ਸਿੰਘ ਸਿੰਘ ਸਾਹਿਬ ਤਖਤ ਸ੍ਰੀ ਦਮਦਮਾ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਐਸ. ਜੀ. ਪੀ. ਸੀ, ਭਾਈ ਮਲਕੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਤਲਵਿੰਦਰ ਸਿੰਘ ਰਸੀਆਂ ਅਤੇ ਭਾਈ ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁਰਦੁਆਰਾ ਪਾਤਾਲਪੁਰੀ ਸਾਹਿਬ, ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਐਸ. ਜੀ. ਪੀ. ਸੀ. ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਾਂਝੇ ਤੌਰ ਤੇ ਹੋਲਾ-ਮਹੱਲਾ ਦੇ ਇਤਿਹਾਸ ਤੇ ਰੌਸ਼ਨੀ ਪਾਉਂਦੇ ਹੋਏ ਦੱਸਿਆ ਕਿ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਨੂੰ ਵੱਖਰੀ ਪਹਿਚਾਣ ਦੇਣ ਅਤੇ ਜਬਰ ਜ਼ੁਲਮ ਦਾ ਟਾਕਰਾ ਕਰਨ ਲਈ ਲਈ 1699 ਈਸਵੀਂ ਵਿੱਚ ਖਾਲਸਾ ਪੰਥ ਦੀ ਸਥਾਪਨਾ ਕੀਤੀ। ਬਾਅਦ ਵਿੱਚ 1701 ਈਸਵੀਂ ਵਿੱਚ ਸਿੱਖਾਂ ਵਿੱਚ ਵੀਰ ਰਸ ਪੈਦਾ ਕਰਨ ਅਤੇ ਯੁੱਧ ਕਲਾ ਵਿੱਚ ਨਿਪੁੰਨ ਬਣਾਉਣ ਲਈ ਹੋਲੀ ਦੇ ਤਿਉਹਾਰ ਨੂੰ ਵੱਖਰੀ ਪਹਿਚਾਣ ਦਿੰਦਿਆਂ ਹੋਲਾ-ਮਹੱਲਾ ਸ਼ੁਰੂ ਕੀਤਾ ਗਿਆ।
ਇਸ ਮੌਕੇ ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੰਦਿਆਂ ਵੱਡੀ ਗਿਣਤੀ ਵਿੱਚ ਮੇਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਟਰੈਕਟਰ-ਟਰਾਲੀਆਂ ਅਤੇ ਵਾਹਨਾਂ ਤੇ ਉੱਚੀ ਆਵਾਜ਼ ਵਿੱਚ ਗੀਤ ਚਲਾਉਣ ਦੀ ਬਜਾਏ ਹੌਲੀ ਆਵਾਜ਼ ਵਿੱਚ ਗੁਰਬਾਣੀ, ਸ਼ਬਦ ਕੀਰਤਨ, ਕਥਾ, ਢਾਡੀ ਵਾਰਾਂ ਅਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨਾਲ ਸੰਬੰਧਤ ਕਵਿਤਾਵਾਂ ਚਲਾਉਣ।
ਉਨ੍ਹਾਂ ਨੇ ਮੋਟਰਸਾਈਕਲਾਂ ਦੇ ਸਾਇਲੈਂਸਰ ਖੋਲ੍ਹ ਕੇ ਸ਼ੋਰ ਮਚਾਉਣ, ਟਰੈਕਟਰਾਂ ਨਾਲ ਖ਼ਤਰਨਾਕ ਕਰਤੱਬ ਕਰਨ ਅਤੇ ਨਸ਼ੇ ਦੀ ਵਰਤੋਂ ਕਰਨ ਤੋਂ ਵੀ ਸਖ਼ਤ ਮਨਾਹੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਸ਼ਰਧਾ ਭਾਵ ਨਾਲ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾਣ।
ਉਨ੍ਹਾਂ ਨੇ ਪੜੋਸੀ ਰਾਜ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਤੇ ਨਿਸ਼ਾਨ ਸਾਹਿਬ ਲਗਾ ਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਸ਼ਾਨ ਸਾਹਿਬ ਸਾਡੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ, ਇਸ ਦਾ ਸਤਿਕਾਰ ਬਣਾਈ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੁਵਿਧਾ ਲਈ ਸ਼੍ਰੋਮਣੀ ਕਮੇਟੀ ਅਤੇ ਹੋਰ ਧਾਰਮਿਕ-ਸਮਾਜਸੇਵੀ ਸੰਸਥਾਵਾਂ ਵੱਲੋਂ ਮੇਲਾ ਖੇਤਰ ਵਿੱਚ 100 ਤੋਂ ਵੱਧ ਲੰਗਰ ਲਗਾਏ ਗਏ ਹਨ। ਲੰਗਰ ਸੇਵਾ ਲਈ ਰਸੋਈ ਗੈਸ, ਤੇਲ, ਬਾਲਣ ਅਤੇ ਹੋਰ ਲੋੜੀਂਦਾ ਸਮਾਨ ਵੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਕਰੀਬ 50 ਮੈਡੀਕਲ ਕੈਂਪ ਅਤੇ ਅਸਥਾਈ ਡਿਸਪੈਂਸਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਗੁਰਦੁਆਰਾ ਚਰਨ ਕਵਲ ਸਾਹਿਬ ਵਿਖੇ ਧਾਰਮਿਕ ਦੀਵਾਨ ਸ਼ੁਰੂ ਹੋ ਚੁੱਕੇ ਹਨ ਜੋ 1 ਮਾਰਚ ਤੱਕ ਜਾਰੀ ਰਹਿਣਗੇ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
