Connect with us

Chandigarh

ਪੰਜਾਬ ਸਰਕਾਰ ਨੇ 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਕਮ ਦੀਆਂ ਪੈਨਸ਼ਨਾਂ ਵੰਡੀਆਂ : ਡਾ. ਬਲਜੀਤ ਕੌਰ

Published

on

ਚੰਡੀਗੜ੍ਹ, 5 ਮਾਰਚ (ਸ.ਬ) ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ 2022 ਤੋਂ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਆਰਥਿਕ ਤੌਰ ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕਰਕੇ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ਸੋਧ ਕਰਦਿਆਂ ਸਰਕਾਰ ਵਲੋਂ ਪੈਨਸ਼ਨ ਸਬੰਧੀ ਰਿਕਾਰਡਾਂ ਦੀ ਵਿਆਪਕ ਤਸਦੀਕ ਕਰਨ ਦੌਰਾਨ 1.9 ਲੱਖ ਤੋਂ ਵੱਧ ਉਨ੍ਹਾਂ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਾਂ ਜਿਹੜੇ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਰਿਕਾਰਡਾਂ ਤੋਂ ਹਟਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਦੌਰਾਨ ਇਹ ਵੀ ਪਾਇਆ ਗਿਆ ਕਿ ਪੈਨਸ਼ਨ ਰਾਸ਼ੀ ਪਿਛਲੇ ਕਈ ਸਾਲਾਂ ਤੋਂ ਅਨੇਕਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਰਹੀ ਹੈ ਜਦੋਂ ਕਿ ਇਹ ਵਿਅਕਤੀ ਹੁਣ ਜ਼ਿੰਦਾ ਨਹੀਂ ਹਨ ਜਾਂ ਪੈਨਸ਼ਨ ਲੈਣ ਯੋਗ ਨਹੀਂ ਸਨ।

ਉਹਨਾਂ ਦੱਸਿਆ ਕਿ ਸਰਕਾਰ ਵਲੋਂ 2 ਕਰੋੜ ਰੁਪਏ ਦੀ ਲਾਗਤ ਨਾਲ 72 ਬੈਡਾਂ ਵਾਲਾ ਸਰਕਾਰੀ ਬਿਰਧ ਆਸ਼ਰਮ ਸਥਾਪਤ ਕੀਤਾ ਅਤੇ 14 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਚਲਾਉਣ ਵਾਲੇ ਗੈਰ-ਸਰਕਾਰੀ ਸੰਗਠਨਾਂ ਨੂੰ ਲਗਭਗ 7 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦਿੱਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਡੇਅ ਕੇਅਰ ਸੈਂਟਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਸਰਕਾਰ ਵਲੋਂ ਕੰਮਕਾਜੀ ਔਰਤਾਂ ਦੀ ਸਹਾਇਤਾ ਲਈ ਮੁਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਲਗਭਗ 150 ਕਰੋੜ ਦੀ ਕੁੱਲ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ ਬਣਾਏ ਜਾ ਰਹੇ ਹਨ। ਕ੍ਰੈਚ ਸਹੂਲਤਾਂ ਨਾਲ ਲੈਸ ਇਹ ਹੋਸਟਲ ਇੱਕ ਸਾਲ ਦੇ ਅੰਦਰ ਤਿਆਰ ਹੋ ਜਾਣਗੇ ਅਤੇ ਔਰਤਾਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਸੰਤੁਲਿਤ ਕਰਦੇ ਹੋਏ ਆਪਣੇ ਘਰਾਂ ਤੋਂ ਦੂਰ ਕਰੀਅਰ ਬਣਾਉਣ ਦੇ ਯੋਗ ਬਣਾਉਣਗੇ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending