Connect with us

Chandigarh

ਪੰਜਾਬ ਵਿਧਾਨ ਸਭਾ ਵਿੱਚ ਗੈਸ ਦੀ ਕਿੱਲਤ ਤੇ ਹੰਗਾਮਾ

Published

on

ਚੰਡੀਗੜ੍ਹ, 16 ਮਾਰਚ (ਸ.ਬ.) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖ਼ਰੀ ਦਿਨ ਅੱਜ ਕਾਫ਼ੀ ਹੰਗਾਮੇ ਭਰਿਆ ਰਿਹਾ। ਇਸ ਦੌਰਾਨ ਗੈਸ ਸਿਲੰਡਰਾਂ ਦੀ ਕਿੱਲਤ ਦੇ ਮੁੱਦੇ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ।

ਸਿਫ਼ਰ ਕਾਲ ਦੌਰਾਨ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿੱਚ ਰਸੋਈ ਗੈਸ ਦੀ ਭਾਰੀ ਕਿੱਲਤ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਆਮ ਲੋਕਾਂ ਨੂੰ ਤੁਰੰਤ ਸਿਲੰਡਰ ਮੁਹੱਈਆ ਕਰਵਾਏ ਜਾਣ। ਇਸ ਮੁੱਦੇ ਤੇ ਚਰਚਾ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਵੱਧ ਵਿਦੇਸ਼ ਦੌਰੇ ਕੀਤੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪਤਾ ਨਹੀਂ ਪ੍ਰਧਾਨ ਮੰਤਰੀ ਕਿਹੜੀਆਂ ਫਾਈਲਾਂ ਦੇ ਦਬਾਅ ਹੇਠ ਅਮਰੀਕਾ ਅੱਗੇ ਝੁਕੇ ਹਨ।

ਇਸ ਦੌਰਾਨ ‘ਆਪ’ ਵਿਧਾਇਕਾਂ ਨੇ ਸਦਨ ਦੇ ਅੰਦਰ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਵਾਰ ਵਾਰ ਸ਼ਾਂਤ ਹੋਣ ਅਤੇ ਆਪਣੀਆਂ ਸੀਟਾਂ ਤੇ ਬੈਠਣ ਦੀ ਅਪੀਲ ਕੀਤੀ। ਵਿਧਾਇਕਾਂ ਵੱਲੋਂ ਪ੍ਰਦਰਸ਼ਨ ਜਾਰੀ ਰੱਖਣ ਅਤੇ ਲਗਾਤਾਰ ਹੋ ਰਹੀ ਨਾਅਰੇਬਾਜ਼ੀ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਅੱਜ ਪ੍ਰਸ਼ਨ ਕਾਲ ਦੌਰਾਨ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ ਤੇ ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਬਾਜਵਾ ਨੇ ਸਦਨ ਦਾ ਧਿਆਨ ਖਿੱਚਦਿਆਂ ਦੱਸਿਆ ਕਿ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ ਕਰੀਬ ਡੇਢ ਸਾਲ ਤੋਂ 400 ਫੁੱਟ ਉੱਚੇ ਟਾਵਰ ਤੇ ਚੜ੍ਹੇ ਹੋਏ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਕਰੀਬ ਅੱਠ ਮਹੀਨੇ ਪਹਿਲਾਂ ਇਹ ਮਾਮਲਾ ‘ਸਿਲੈਕਟ ਕਮੇਟੀ’ ਨੂੰ ਸੌਂਪਿਆ ਗਿਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਹਾਲੇ ਤੱਕ ਇਸ ਬਾਰੇ ਕੋਈ ਪ੍ਰਗਤੀ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਨੂੰਨ ਨੂੰ ਲੈ ਕੇ ਮਾਮਲਾ ਅਜੇ ਤੱਕ ‘ਤਨ-ਪਤਣ’ ਨਹੀਂ ਲੱਗਿਆ। ਬਾਜਵਾ ਨੇ ਪੁਰਜ਼ੋਰ ਮੰਗ ਕੀਤੀ ਕਿ ਅੱਜ ਸੈਸ਼ਨ ਦੀ ਸਮਾਪਤੀ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਇਸ ਪ੍ਰਸਤਾਵਿਤ ਕਾਨੂੰਨ ਦੀ ਮੌਜੂਦਾ ਸਥਿਤੀ ਬਾਰੇ ਸਦਨ ਵਿੱਚ ਸਥਿਤੀ ਸਪੱਸ਼ਟ ਕਰੇ।

ਪੰਜਾਬ ਵਿਧਾਨ ਸਭਾ ਵੱਲੋਂ ਬਾਬੂ ਕਾਂਸੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲਾ ਮਤਾ ਪਾਸ ਕੀਤਾ ਗਿਆ ਹੈ। ਬਹਿਸ ਦੌਰਾਨ ਪ੍ਰਤਾਪ ਬਾਜਵਾ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਵੀ ਭਾਰਤ ਰਤਨ ਦੇਣ ਦੀ ਸਿਫਾਰਿਸ ਲਈ ਮਤਾ ਪਾਸ ਕਰਨ ਦੀ ਮੰਗ ਕੀਤੀ।

ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਆਸਾਮੀਆਂ ਦਾ ਮੁੱਦਾ ਉਠਾਇਆ। ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਵਿਧਾਇਕ ਢੋਸ ਨੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਪਾਵਰਕੌਮ ਵਰਗੇ ਅਹਿਮ ਵਿਭਾਗ ਵਿੱਚ ਲਾਈਨਮੈਨਾਂ ਦੀਆਂ 80 ਫੀਸਦੀ, ਸਹਾਇਕ ਲਾਈਨਮੈਨਾਂ ਦੀਆਂ 63 ਫੀਸਦੀ ਅਤੇ ਜੇ. ਈ. ਦੀਆਂ 65 ਫੀਸਦੀ ਪੋਸਟਾਂ ਖਾਲੀ ਹਨ, ਜਿਸ ਕਾਰਨ ਬਿਜਲੀ ਸਪਲਾਈ ਅਤੇ ਮੁਰੰਮਤ ਦੇ ਕੰਮਾਂ ਵਿੱਚ ਵੱਡੀ ਦਿੱਕਤ ਆ ਰਹੀ ਹੈ। ਮਾਲ ਵਿਭਾਗ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਟਵਾਰੀਆਂ ਦੀਆਂ 190 ਆਸਾਮੀਆਂ ਵਿੱਚੋਂ ਸਿਰਫ਼ 78 ਪਟਵਾਰੀ ਹੀ ਕੰਮ ਕਰ ਰਹੇ ਹਨ, ਜਦੋਂਕਿ 112 ਪੋਸਟਾਂ ਖਾਲੀ ਪਈਆਂ ਹਨ। ਹਲਕੇ ਵਿੱਚ ਡਾਕਟਰਾਂ ਦੀ ਕਮੀ ਦਾ ਜ਼ਿਕਰ ਕਰਦਿਆਂ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਖਾਲੀ ਅਹੁਦਿਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਸਰਕਾਰੀ ਸੇਵਾਵਾਂ ਸੁਚਾਰੂ ਰੂਪ ਵਿੱਚ ਚੱਲ ਸਕਣ।

ਸਦਨ ਵਿੱਚ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਜ਼ (ਸੋਧ) ਬਿਲ, 2026’ ਨੂੰ ਪਾਸ ਕਰ ਦਿੱਤਾ ਗਿਆ। ਇਸ ਬਿੱਲ ਦੇ ਪਾਸ ਹੋਣ ਨਾਲ ਹੁਣ ਕਰੱਸ਼ਰ ਮਾਲਕਾਂ ਲਈ ਆਪਣੇ ਕੱਚੇ ਮਾਲ ਦੇ ਸਰੋਤਾਂ ਦੀ ਜਾਣਕਾਰੀ ਦੇਣੀ ਅਤੇ ‘ਮਿਨਰਲ ਪ੍ਰੋਸੈਸਿੰਗ ਫੀਸ’ ਭਰਨੀ ਲਾਜ਼ਮੀ ਹੋਵੇਗੀ। ਨਵੇਂ ਕਾਨੂੰਨ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਅਤੇ ਭਾਰੀ ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਸਦਨ ਨੇ ਕੁਝ ਹੋਰ ਅਹਿਮ ਵਿਧਾਨਕ ਕੰਮਕਾਜ ਵੀ ਨਿਪਟਾਏ।

ਇਜਲਾਸ ਦੌਰਾਨ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਦਾ ਮੁੱਦਾ ਚੁੱਕਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਸੂਬੇ ਭਰ ਵਿੱਚ ਲੱਗੇ ਬੋਰਡਾਂ ਤੇ ਪੰਜਾਬੀ ਨੂੰ ਪਹਿਲਾ ਸਥਾਨ ਦਵਾਉਣ ਦੀ ਵੱਡੀ ਮੁਹਿੰਮ ਚਲਾਈ ਹੈ, ਪਰ ਦੂਜੇ ਪਾਸੇ, ਨੈਸ਼ਨਲ ਹਾਈਵੇਅ (ਕੌਮੀ ਸੜਕ ਮਾਰਗਾਂ) ਤੇ ਲੱਗੇ ਬੋਰਡਾਂ ਤੇ ਪੰਜਾਬੀ ਦੀ ਬੁਰੀ ਹਾਲਤ ਹੈ। ਉਹਨਾਂ ਕਿਹਾ ਕਿ ਹਾਈਵੇਅ ਤੇ ਲੱਗੇ ਦਿਸ਼ਾ-ਸੂਚਕ ਬੋਰਡਾਂ ਤੇ ਪੰਜਾਬੀ ਲਿਖਤਾਂ ਵਿੱਚ ਗ਼ਲਤੀਆਂ ਦੀ ਭਰਮਾਰ ਹੈ, ਜੋ ਮਾਂ ਬੋਲੀ ਦਾ ਨਿਰਾਦਰ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਗੰਭੀਰ ਮਾਮਲੇ ਨੂੰ ਤੁਰੰਤ ਕੇਂਦਰੀ ਸੜਕ ਅਥਾਰਿਟੀ ਕੋਲ ਉਠਾਏ ਤਾਂ ਜੋ ਇਨ੍ਹਾਂ ਗ਼ਲਤੀਆਂ ਨੂੰ ਸੁਧਾਰਿਆ ਜਾ ਸਕੇ ਅਤੇ ਹਾਈਵੇਅ ਤੇ ਪੰਜਾਬੀ ਭਾਸ਼ਾ ਨੂੰ ਸ਼ੁੱਧ ਅਤੇ ਸਹੀ ਰੂਪ ਵਿੱਚ ਪਹਿਲੇ ਸਥਾਨ ਤੇ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ।

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending